ਤੱਗੜ ਮਾਮਲਾ: ਪੱਤਰਕਾਰ, ਵਕੀਲ, ਕਿਸਾਨ, ਮਜ਼ਦੂਰ ਤੇ ਹੋਰ ਜਥੇਬੰਦੀਆਂ ਦੇ ਮੈਂਬਰ ਸੜਕਾਂ ’ਤੇ ਉਤਰੇ

ਐਸਐਸਪੀ ਦਫ਼ਤਰ ਦੇ ਬਾਹਰ ਧਰਨਾ ਲਗਾ ਕੇ ਪੰਜਾਬ ਸਰਕਾਰ ਤੇ ਪੁਲੀਸ ਖ਼ਿਲਾਫ਼ ਕੀਤੀ ਨਾਅਰੇਬਾਜ਼ੀ

ਨਬਜ਼-ਏ-ਪੰਜਾਬ, ਮੁਹਾਲੀ, 29 ਅਪਰੈਲ:
ਸੀਨੀਅਰ ਪੱਤਰਕਾਰ ਰਜਿੰਦਰ ਸਿੰਘ ਤੱਗੜ ਨੂੰ ਝੂਠੇ ਕੇਸ ਵਿੱਚ ਫਸਾਉਣ ਵਿਰੁੱਧ ਪੱਤਰਕਾਰ ਭਾਈਚਾਰਾ, ਵਕੀਲ, ਕਿਸਾਨ, ਮਜ਼ਦੂਰ ਅਤੇ ਹੋਰ ਸਮਾਜਿਕ ਜਥੇਬੰਦੀਆਂ ਦੇ ਨੁਮਾਇੰਦੇ ਸੜਕਾਂ ’ਤੇ ਉਤਰ ਆਏ। ਉਪਰੋਕਤ ਜਥੇਬੰਦੀਆਂ ਦੇ ਆਗੂ ਅਤੇ ਮੈਂਬਰ ਪਹਿਲਾਂ ਸਵੇਰੇ 11 ਵਜੇ ਮੁਹਾਲੀ ਅਦਾਲਤ ਦੇ ਬਾਹਰ ਇਕੱਠੇ ਹੋਏ ਉਪਰੰਤ ਮਾਰਚ ਕਰਦੇ ਹੋਏ ਐੱਸਐੱਸਪੀ ਦਫ਼ਤਰ ਪਹੁੰਚੇ। ਜਿੱਥੇ ਉਹ ਸਾਰੇ ਧਰਨਾ ਲਗਾ ਕੇ ਬੈਠ ਗਏ ਅਤੇ ਪੰਜਾਬ ਸਰਕਾਰ ਅਤੇ ਪੁਲੀਸ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਬੁਲਾਰਿਆਂ ਨੇ ਮੰਗ ਕੀਤੀ ਕਿ ਪੱਤਰਕਾਰ ਤੱਗੜ ਨੂੰ ਫੌਰੀ ਰਿਹਾਅ ਕੀਤਾ ਜਾਵੇ ਅਤੇ ਇਸ ਮਾਮਲੇ ਦੀ ਮੁਹਾਲੀ ਤੋਂ ਬਾਹਰ ਕਿਸੇ ਹੋਰ ਜ਼ਿਲ੍ਹੇ ਵਿੱਚ ਉੱਚ ਅਧਿਕਾਰੀ ਦੀ ਨਿਗਰਾਨੀ ਹੇਠ ਸਿੱਟ ਦਾ ਗਠਨ ਕਰਕੇ ਜਾਂਚ ਕਰਵਾਈ ਜਾਵੇ।

ਪੰਜਾਬ ਅਗੇਂਸਟ ਕੁਰੱਪਸ਼ਨ ਦੇ ਪ੍ਰਧਾਨ ਸਤਨਾਮ ਸਿੰਘ ਦਾਊਂ, ਜ਼ਿਲ੍ਹਾ ਪ੍ਰੈਸ ਕਲੱਬ ਐਸਏਐਸ ਨਗਰ (ਮੁਹਾਲੀ) ਦੇ ਚੇਅਰਮੈਨ ਦਰਸ਼ਨ ਸਿੰਘ ਸੋਢੀ, ਜਨਰਲ ਸਕੱਤਰ ਕੁਲਦੀਪ ਸਿੰਘ ਰਾਜੂ, ਮੁਹਾਲੀ ਪ੍ਰੈੱਸ ਕਲੱਬ ਦੇ ਪ੍ਰਧਾਨ ਸੁਖਦੇਵ ਸਿੰਘ ਪਟਵਾਰੀ, ਜਨਰਲ ਸਕੱਤਰ ਗੁਰਮੀਤ ਸਿੰਘ ਸਾਹੀ, ਪ੍ਰੈੱਸ ਕਲੱਬ ਬਨੂੜ ਦੇ ਸਰਪ੍ਰਸਤ ਕਰਮਜੀਤ ਸਿੰਘ ਚਿੱਲਾ ਅਤੇ ਜਨਰਲ ਸਕੱਤਰ ਅਵਤਾਰ ਸਿੰਘ, ਵਕੀਲਾਂ ਦੀ ਜਥੇਬੰਦੀ ਦੇ ਆਗੂ ਜਸਪਾਲ ਸਿੰਘ ਦੱਪਰ, ਦਰਸ਼ਨ ਸਿੰਘ ਧਾਲੀਵਾਲ, ਕਿਸਾਨ ਯੂਨੀਅਨ ਦੇ ਆਗੂ ਪਰਮਦੀਪ ਸਿੰਘ ਬੈਦਵਾਨ, ਕਿਰਪਾਲ ਸਿੰਘ ਸਿਆਊ, ਬਲਵੰਤ ਸਿੰਘ ਨੰਡਿਆਲੀ, ਪੁਆਧੀ ਮੰਚ ਦੇ ਆਗੂ ਗੁਰਪ੍ਰੀਤ ਸਿੰਘ ਨਿਆਮੀਆਂ, ਹਰਨਾਮ ਸਿੰਘ ਡੱਲਾ ਅਤੇ ਹੋਰਨਾਂ ਨੇ ਪੱਤਰਕਾਰ ਤੱਗੜ ਨੂੰ ਗ੍ਰਿਫ਼ਤਾਰ ਕਰਨ ਦੀ ਨਿਖੇਧੀ ਕਰਦਿਆਂ ਇਸ ਨੂੰ ਨਿਰਪੱਖ ਪੱਤਰਕਾਰਤਾ ਅਤੇ ਪ੍ਰੈੱਸ ਦੀ ਆਜ਼ਾਦੀ ’ਤੇ ਸਿੱਧਾ ਹਮਲਾ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਜਲਦੀ ਹੀ ਇੱਕ ਸਾਂਝਾ ਵਫ਼ਦ ਮੁੱਖ ਮੰਤਰੀ ਅਤੇ ਡੀਜੀਪੀ ਨੂੰ ਮਿਲੇਗਾ ਅਤੇ ਉਨ੍ਹਾਂ ਨੂੰ ਨਿੱਜੀ ਦਖ਼ਲ ਦੇ ਕੇ ਸਮੁੱਚੇ ਮਾਮਲੇ ਦੀ ਨਿਰਪੱਖ ਜਾਂਚ ਕਰਵਾਉਣ ਅਤੇ ਪੱਤਰਕਾਰ ਨੂੰ ਰਿਹਾਅ ਕਰਨ ਦੀ ਮੰਗ ਕੀਤੀ ਜਾਵੇਗੀ।

ਬਾਅਦ ਵਿੱਚ ਪੰਜਾਬ-ਚੰਡੀਗੜ੍ਹ ਯੂਨੀਅਨ ਆਫ਼ ਜਰਨਲਿਸਟ ਦੇ ਪ੍ਰਧਾਨ ਬਲਬੀਰ ਸਿੰਘ ਜੰਡੂ ਅਤੇ ਪ੍ਰੈਸ ਕੌਂਸਲ ਦੇ ਮੈਂਬਰ ਬਲਵਿੰਦਰ ਸਿੰਘ ਜੰਮੂ ਨੇ ਵੀ ਮੁਹਾਲੀ ਪਹੁੰਚ ਕੇ ਪੱਤਰਕਾਰ ਨੂੰ ਗ੍ਰਿਫ਼ਤਾਰ ਕਰਨ ਦੀ ਨਿਖੇਧੀ ਕੀਤੀ ਅਤੇ ਪੱਤਰਕਾਰਾਂ ਅਤੇ ਸਮਾਜਿਕ ਜਥੇਬੰਦੀਆਂ ਦੇ ਕਾਰਕੁਨਾਂ ਨੂੰ ਸਾਂਝੇ ਤੌਰ ’ਤੇ ਸੰਘਰਸ਼ ਵਿੱਢਣ ਲਈ ਪ੍ਰੇਰਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਪੱਤਰਕਾਰ, ਕਿਸਾਨ, ਵਕੀਲ, ਮਜ਼ਦੂਰ ਅਤੇ ਹੋਰ ਜਥੇਬੰਦੀਆਂ ਦੇ ਨੁਮਾਇੰਦੇ ਮੌਜੂਦ ਸਨ। ਐਸਪੀ ਮਨਪ੍ਰੀਤ ਸਿੰਘ ਅਤੇ ਏਡੀਸੀ ਵਿਰਾਜ ਐਸ ਤਿੜਕੇ ਨੇ ਮੰਗ ਪੱਤਰ ਹਾਸਲ ਕੀਤਾ ਅਤੇ ਮਾਮਲਾ ਪੰਜਾਬ ਸਰਕਾਰ ਅਤੇ ਸੀਨੀਅਰ ਅਧਿਕਾਰੀ ਦੇ ਧਿਆਨ ਵਿੱਚ ਲਿਆਉਣ ਦਾ ਭਰੋਸਾ ਦਿੱਤਾ।

Load More Related Articles
Load More By Nabaz-e-Punjab
Load More In General News

Check Also

ਪਹਿਲੇ ਮੁੱਖ ਗ੍ਰੰਥੀ ਗਿਆਨੀ ਬਲਵੰਤ ਸਿੰਘ ਦੀ 39ਵੀਂ ਬਰਸੀ ਸ਼ਰਧਾ ਨਾਲ ਮਨਾਈ

ਪਹਿਲੇ ਮੁੱਖ ਗ੍ਰੰਥੀ ਗਿਆਨੀ ਬਲਵੰਤ ਸਿੰਘ ਦੀ 39ਵੀਂ ਬਰਸੀ ਸ਼ਰਧਾ ਨਾਲ ਮਨਾਈ ਨਬਜ਼-ਏ-ਪੰਜਾਬ, ਮੁਹਾਲੀ, 15 ਮਈ:…