Share on Facebook Share on Twitter Share on Google+ Share on Pinterest Share on Linkedin ਪਿੰਡ ਕੁੰਭੜਾ ਵਿੱਚ ਪੇਚਸ਼ ਤੇ ਹੈਜ਼ਾ ਪੀੜਤ ਮਰੀਜ਼ਾਂ ਦੀ ਗਿਣਤੀ ਵਧੀ, 26 ਹੋਰ ਨਵੇਂ ਮਾਮਲੇ ਸਾਹਮਣੇ ਆਏ ਕੁੰਭੜਾ ਵਿੱਚ ਹੈਜ਼ਾ ਫੈਲਣ ਤੋਂ ਬਾਅਦ ਜਾਗਿਆ ਮੁਹਾਲੀ ਪ੍ਰਸ਼ਾਸਨ, ਡੀਸੀ ਵੱਲੋਂ 15 ਰੈਪਿਡ ਰਿਸਪੌਂਡ ਟੀਮਾਂ ਬਣਾਉਣ ਦੇ ਹੁਕਮ ਪ੍ਰਭਾਵਿਤ ਮਰੀਜ਼ਾਂ ਦੀ ਦੇਖ ਭਾਲ ਅਤੇ ਖ਼ਬਰ-ਸਾਰ ਲਈ ਜ਼ਿਲ੍ਹਾ ਪੱਧਰ ’ਤੇ ਕਾਲ ਸੈਂਟਰ ਸ਼ੁਰੂ ਹੋਵੇਗਾ: ਏਡੀਸੀ ਸੋਨਮ ਚੌਧਰੀ ਨਬਜ਼-ਏ-ਪੰਜਾਬ, ਮੁਹਾਲੀ, 24 ਜੁਲਾਈ: ਇੱਥੋਂ ਦੇ ਸੈਕਟਰ-68 ਸਥਿਤ ਪਿੰਡ ਕੁੰਭੜਾ ਵਿੱਚ ਪੇਚਸ਼ ਅਤੇ ਹੈਜ਼ਾ ਪੀੜਤ ਮਰੀਜ਼ਾਂ ਦੀ ਗਿਣਤੀ ਅੱਜ ਹੋਰ ਜ਼ਿਆਦਾ ਵੱਧ ਗਈ ਹੈ। ਬੁੱਧਵਾਰ ਨੂੰ 26 ਹੋਰ ਨਵੇਂ ਕੇਸ ਸਾਹਮਣੇ ਆਏ ਹਨ। ਬੀਤੇ ਕੱਲ੍ਹ 20 ਪੀੜਤ ਮਰੀਜ਼ਾਂ ਬਾਰੇ ਰਿਪੋਰਟ ਨਸਰ ਹੋਈ ਸੀ। ਇਸ ਤਰ੍ਹਾਂ ਹੁਣ ਪੀੜਤਾਂ ਦੀ ਗਿਣਤੀ ਵਧ ਕੇ 46 ਹੋ ਗਈ ਹੈ। ਇਸ ਗੱਲ ਦੀ ਪੁਸ਼ਟੀ ਜ਼ਿਲ੍ਹਾ ਐਪੀਡੋਮੋਲੋਜਿਸਟ ਡਾ. ਹਰਮਨਦੀਪ ਕੌਰ ਬਰਾੜ ਨੇ ਕੀਤੀ। ਉਨ੍ਹਾਂ ਦੱਸਿਆ ਕਿ ਇਸ ਸਮੇਂ 12 ਪੀੜਤ ਮਰੀਜ਼ ਸਰਕਾਰੀ ਹਸਪਤਾਲ ਵਿੱਚ ਦਾਖ਼ਲ ਹਨ ਜਦੋਂਕਿ ਬਾਕੀ ਮਰੀਜ਼ਾਂ ਨੂੰ ਮੈਡੀਕਲ ਜਾਂਚ ਤੋਂ ਬਾਅਦ ਛੁੱਟੀ ਦੇ ਕੇ ਘਰ ਭੇਜ ਦਿੱਤਾ ਹੈ। ਐਸਐਮਓ ਡਾ. ਐਚਐਸ ਚੀਮਾ ਨੇ ਦੱਸਿਆ ਕਿ ਪੀੜਤ ਮਰੀਜ਼ਾਂ ਦਾ ਐਮਰਜੈਂਸੀ ਵਾਰਡ ਵਿੱਚ ਇਲਾਜ ਕੀਤਾ ਜਾ ਰਿਹਾ ਹੈ। ਜੇਕਰ ਲੋੜ ਪਈ ਤਾਂ 100 ਤੋਂ 150 ਬੈੱਡਾਂ ਦਾ ਵਿਸ਼ੇਸ਼ ਵਾਰਡ ਬਣਾਇਆ ਜਾਵੇਗਾ। ਉਧਰ, ਪਿੰਡ ਕੁੰਭੜਾ ਵਿੱਚ ਹੈਜ਼ਾ ਅਤੇ ਪੇਚਸ਼ ਫੈਲਣ ਤੋਂ ਬਾਅਦ ਜ਼ਿਲ੍ਹਾ ਪ੍ਰਸ਼ਾਸਨ ਦੀ ਵੀ ਨੀਂਦ ਖੁੱਲ੍ਹ ਗਈ ਹੈ। ਜਦੋਂਕਿ ਇਸ ਤੋਂ ਪਹਿਲਾਂ ਅਧਿਕਾਰੀ ਮਹਿਜ਼ ਖਾਨਾਪੂਰਤੀ ਤੱਕ ਹੀ ਸੀਮਤ ਸਨ। ਮੁਹਾਲੀ ਦੇ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਸਿਹਤ ਵਿਭਾਗ, ਨਗਰ ਨਿਗਮ ਅਤੇ ਹੋਰਨਾਂ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਮੌਜੂਦਾ ਸਥਿਤੀ ਦਾ ਜਾਇਜ਼ਾ ਲਿਆ ਅਤੇ ਜ਼ਿਲ੍ਹੇ ਵਿੱਚ ਪੇਚਸ਼ ਅਤੇ ਹੈਜ਼ੇ ਦੇ ਫੈਲਾਅ ਨੂੰ ਰੋਕਣ ਲਈ ਜ਼ਰੂਰੀ ਹਦਾਇਤਾਂ ਜਾਰੀ ਕੀਤੀਆਂ। ਡੀਸੀ ਨੇ ਸਿਹਤ ਵਿਭਾਗ ਨੂੰ 15 ਰੈਪਿਡ ਰਿਸਪਾਂਸ ਮੈਡੀਕਲ ਟੀਮਾਂ ਬਣਾਉਣ ਦੇ ਨਿਰਦੇਸ਼ ਵੀ ਦਿੱਤੇ ਜੋ ਹੌਟ ਸਪੌਟ ਖੇਤਰਾਂ ਦਾ ਦੌਰਾ ਕਰਨਗੀਆਂ ਤਾਂ ਜੋ ਘਰ-ਘਰ ਸਰਵੇ ਅਤੇ ਸੈਂਪਲਿੰਗ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਸਕੇ। ਇੰਜ ਹੀ ਏਡੀਸੀ (ਪੇਂਡੂ ਵਿਕਾਸ) ਸ੍ਰੀਮਤੀ ਸੋਨਮ ਚੌਧਰੀ ਅਤੇ ਏਡੀਸੀ (ਸ਼ਹਿਰੀ ਵਿਕਾਸ) ਦਮਨਜੀਤ ਸਿੰਘ ਮਾਨ ਨੇ ਵੀ ਪੇਚਸ਼, ਹੈਜ਼ਾ ਅਤੇ ਡੇਂਗੂ ਤੋਂ ਬਚਾਅ ਅਤੇ ਰੋਕਥਾਮ ਉਪਾਵਾਂ ਦਾ ਜਾਇਜ਼ਾ ਲੈਣ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਉਨ੍ਹਾਂ ਦੱਸਿਆ ਕਿ ਮੁਹਾਲੀ ਦੀ ਜੂਹ ਵਿੱਚ ਬਲੌਂਗੀ, ਆਜ਼ਾਦ ਨਗਰ, ਆਦਰਸ਼ ਨਗਰ, ਬੜਮਾਜਰਾ, ਜੁਝਾਰ ਨਗਰ, ਜਗਤਪੁਰਾ, ਮਦਨਪੁਰਾ, ਮੌਲੀ ਬੈਦਵਾਨ, ਸੰਤੇ ਮਾਜਰਾ, ਰਾਮਬਾਗ ਖਰੜ, ਸ਼ਿਵਜੋਤ ਐਨਕਲੇਵ ਖਰੜ, ਵਾਰਡ ਨੰਬਰ-18 ਰੌਣੀ ਮੁਹੱਲਾ, ਡੇਰਾਬੱਸੀ, ਸੈਣੀ ਨਗਰ ਡੇਰਾਬੱਸੀ, ਪਿੰਡ ਧੀਰੇਮਾਜਾਰਾ ਨੂੰ ਹੌਟ ਸਪੌਟ ਐਲਾਨਿਆ ਗਿਆ ਹੈ। ਸ੍ਰੀਮਤੀ ਚੌਧਰੀ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇੱਕ ਕਾਲ ਸੈਂਟਰ ਬਣਾਇਆ ਜਾ ਰਿਹਾ ਹੈ, ਜਿੱਥੋਂ ਪੀੜਤ ਮਰੀਜ਼ਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਰਾਬਤਾ ਕਾਇਤ ਕੀਤਾ ਜਾਵੇਗਾ ਅਤੇ ਪੀੜਤ ਮਰੀਜ਼ਾਂ ਨੂੰ ਲੋੜੀਂਦੀ ਮਦਦ ਦਵਾਈ ਦੀ ਵਿਵਸਥਾ ਦੇ ਨਾਲ-ਨਾਲ ਉਨ੍ਹਾਂ ਦੀ ਸਿਹਤਯਾਬੀ ਬਾਰੇ ਪਤਾ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਹੌਟ ਸਪੌਟ ਸਮੇਤ ਹੋਰ ਵੱਖ-ਵੱਖ ਥਾਵਾਂ ’ਤੇ ਮੈਡੀਕਲ ਕੈਂਪ ਲਾਏ ਜਾ ਰਹੇ ਹਨ। ਇਸ ਤੋਂ ਇਲਾਵਾ ਸਿਹਤ ਵਿਭਾਗ ਅਤੇ ਜਲ ਸਪਲਾਈ ਵਿਭਾਗ ਵੱਲੋਂ ਪਾਣੀ ਦੇ ਸੈਂਪਲ ਲੈ ਕੇ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਜ਼ਿਲ੍ਹੇ ਵਿੱਚ ਪੇਚਸ਼ ਅਤੇ ਹੈਜ਼ੇ ਦੀ ਸਥਿਤੀ ਕਾਬੂ ਹੇਠ ਹੈ ਅਤੇ ਪ੍ਰਸ਼ਾਸਨ ਵੱਲੋਂ ਪ੍ਰਭਾਵਿਤ ਇਲਾਕਿਆਂ ’ਤੇ ਨਜ਼ਰ ਰੱਖੀ ਜਾ ਰਹੀ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ