ਹਾਈ ਕੋਰਟ ਵੱਲੋਂ ਡੀਐਸਪੀ ਗੁਰਸ਼ੇਰ ਸੰਧੂ ਨੂੰ ਵੱਡੀ ਰਾਹਤ, ਮੁਹਾਲੀ ਅਦਾਲਤ ਦੇ ਹੁਕਮਾਂ ’ਤੇ ਲਗਾਈ ਰੋਕ

ਇਮੀਗਰੇਸ਼ਨ ਧੋਖਾਧੜੀ ਮਾਮਲੇ ਦੀ ਜਾਂਚ ਆਈਪੀਐਸ ਅਧਿਕਾਰੀ ਤੋਂ ਕਰਵਾਉਣ ਦੇ ਦਿੱਤੇ ਸੀ ਆਦੇਸ਼

ਅਦਾਲਤ ਨੇ ਡੀਐਸਪੀ ਗੁਰਸ਼ੇਰ ਸਿੰਘ ਸੰਧੂ ਵੱਲੋਂ ਕੀਤੀ ਜਾਂਚ ਨੂੰ ਕਥਿਤ ਤੌਰ ’ਤੇ ਦੱਸਿਆ ਸੀ ਸ਼ੱਕੀ

ਨਬਜ਼-ਏ-ਪੰਜਾਬ, ਮੁਹਾਲੀ, 29 ਜੁਲਾਈ:
ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਮੁਹਾਲੀ ਦੇ ਡੀਐਸਪੀ ਗੁਰਸ਼ੇਰ ਸਿੰਘ ਸੰਧੂ ਨੂੰ ਵੱਡੀ ਰਾਹਤ ਦਿੰਦਿਆਂ ਜ਼ਿਲ੍ਹਾ ਅਦਾਲਤ ਦੇ ਉਨ੍ਹਾਂ ਆਦੇਸ਼ਾਂ ’ਤੇ ਸਟੇਅ ਲਗਾ ਦਿੱਤੀ ਹੈ, ਜਿਨ੍ਹਾਂ ਵਿੱਚ ਡੀਐਸਪੀ ਸੰਧੂ ਦੀ ਜਾਂਚ ਨੂੰ ਸ਼ੱਕੀ ਦੱਸਿਆ ਗਿਆ ਸੀ। ਕਾਬਿਲੇਗੌਰ ਹੈ ਕਿ ਕੁੱਝ ਦਿਨ ਪਹਿਲਾਂ ਹੀ ਜ਼ਿਲ੍ਹਾ ਅਦਾਲਤ ਨੇ ਡੀਐਸਪੀ ਸੰਧੂ ਵੱਲੋਂ ਇਮੀਗਰੇਸ਼ਨ ਧੋਖਾਧੜੀ ਦੇ ਦੋ ਮਾਮਲਿਆਂ ਵਿੱਚ ਕੀਤੀ ਜਾਂਚ ਨੂੰ ਕਥਿਤ ਤੌਰ ’ਤੇ ਸ਼ੱਕੀ ਦੱਸਦਿਆਂ ਇਨ੍ਹਾਂ ਦੋਵੇਂ ਮਾਮਲਿਆਂ ਦੀ ਨਵੇਂ ਸਿਰਿਓਂ ਨਿਰਪੱਖ ਜਾਂਚ ਕਰਨ ਦੇ ਹੁਕਮ ਜਾਰੀ ਕੀਤੇ ਸਨ। ਮੁਹਾਲੀ ਦੇ ਵਧੀਕ ਜ਼ਿਲ੍ਹਾ ਤੇ ਸੈਸ਼ਨ ਅਦਾਲਤ ਜੱਜ ਹਰਸਿਮਰਨਜੀਤ ਸਿੰਘ ਦੀ ਅਦਾਲਤ ਨੇ ਇੱਕ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਪੰਜਾਬ ਦੇ ਡੀਜੀਪੀ ਨੂੰ ਹਦਾਇਤ ਕੀਤੀ ਸੀ ਕਿ ਇਨ੍ਹਾਂ ਮਾਮਲਿਆਂ ਦੀ ਜਾਂਚ ਕਿਸੇ ਸੀਨੀਅਰ ਆਈਪੀਐਸ ਅਧਿਕਾਰੀ ਤੋਂ ਕਰਵਾਈ ਜਾਵੇ। ਇਨ੍ਹਾਂ ਵਿੱਚ ਇੱਕ ਕੇਸ ਸੋਹਾਣਾ ਥਾਣਾ ਅਤੇ ਦੂਜਾ ਕੇਸ ਥਾਣਾ ਸਦਰ ਖਰੜ ਨਾਲ ਸਬੰਧਤ ਹੈ ਅਤੇ ਇਹ ਦੋਵੇਂ ਮਾਮਲੇ ਪਿਛਲੇ ਸਾਲ ਦੇ ਹਨ।
ਐਨਕਾਉਂਟਰ ਸਪੈਸ਼ਲਿਸਟ ਕਰਕੇ ਜਾਣੇ ਜਾਂਦੇ ਡੀਐਸਪੀ ਗੁਰਸ਼ੇਰ ਸਿੰਘ ਸੰਧੂ ਨੇ ਇਨਸਾਫ਼ ਪ੍ਰਾਪਤੀ ਲਈ ਹਾਈ ਕੋਰਟ ਦਾ ਬੂਹਾ ਖੜਕਾਇਆ ਸੀ। ਉਨ੍ਹਾਂ ਉੱਚ ਅਦਾਲਤ ਦੇ ਧਿਆਨ ਵਿੱਚ ਲਿਆਂਦਾ ਕਿ ਉਕਤ ਦੋਵੇਂ ਮਾਮਲਿਆਂ ਦੀ ਪੜਤਾਲ ਤੱਥਾਂ ਦੇ ਆਧਾਰ ’ਤੇ ਕੀਤੀ ਗਈ ਸੀ। ਹੇਠਲੀ ਅਦਾਲਤ ਦੇ ਤਤਕਾਲੀ ਫ਼ੈਸਲੇ ਨਾਲ ਉਸ ਦੇ ਮਨ ਨੂੰ ਭਾਰੀ ਠੇਸ ਪਹੁੰਚੀ ਹੈ। ਉੱਚ ਅਦਾਲਤ ਨੇ ਡੀਐਸਪੀ ਸੰਧੂ ਦੀਆਂ ਦਲੀਲਾਂ ਨਾਲ ਸਹਿਮਤ ਹੁੰਦਿਆਂ ਮੁਹਾਲੀ ਅਦਾਲਤ ਦੇ ਹੁਕਮਾਂ ’ਤੇ ਸਟੇਅ ਆਰਡਰ ਜਾਰੀ ਕਰਕੇ ਮਾਮਲੇ ਦੀ ਸੁਣਵਾਈ ਲਈ ਅਗਲੀ ਤਰੀਕ 25 ਅਕਤੂਬਰ ਨਿਰਧਾਰਿਤ ਕੀਤੀ ਹੈ।
ਮੁਹਾਲੀ ਅਦਾਲਤ ਨੇ ਕਿਹਾ ਸੀ ਕਿ ਦੋ ਇਮੀਗਰੇਸ਼ਨ ਮਾਮਲਿਆਂ ਵਿੱਚ ਡੀਐਸਪੀ ਸੰਧੂ ਵੱਲੋਂ ਕੀਤੀ ਗਈ ਪੜਤਾਲ ਸ਼ੱਕੀ ਜਾਪਦੀ ਹੈ। ਇਸ ਲਈ ਪੀੜਤਾਂ ਨੂੰ ਇਨਸਾਫ਼ ਦਿਵਾਉਣਾ ਬੇਹੱਦ ਜ਼ਰੂਰੀ ਹੈ। ਇਹ ਮਾਮਲਾ ਇਮੀਗਰੇਸ਼ਨ ਧੋਖਾਧੜੀ ਦੇ ਦੋ ਮਾਮਲਿਆਂ ਨਾਲ ਸਬੰਧਤ ਹੈ। ਜਿਨ੍ਹਾਂ ਦੀ ਪੜਤਾਲ ਡੀਐਸਪੀ ਗੁਰਸ਼ੇਰ ਸਿੰਘ ਸੰਧੂ ਵੱਲੋਂ ਕੀਤੀ ਗਈ ਸੀ। ਇਸ ਮਾਮਲੇ ਵਿੱਚ ਪੀੜਤਾਂ ਵੱਲੋਂ ਡੀਐਸਪੀ ਦੀ ਜਾਂਚ ਨੂੰ ਸ਼ੱਕੀ ਦੱਸਦਿਆਂ ਮੁਹਾਲੀ ਅਦਾਲਤ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਸੀ। ਜਿਸ ’ਤੇ ਸੁਣਵਾਈ ਕਰਦਿਆਂ ਅਦਾਲਤ ਨੇ ਡੀਜੀਪੀ ਨੂੰ ਇਨ੍ਹਾਂ ਮਾਮਲਿਆਂ ਦੀ ਨਿਰਪੱਖ ਜਾਂਚ ਕਿਸੇ ਸੀਨੀਅਰ ਆਈਪੀਐਸ ਅਧਿਕਾਰੀ ਤੋਂ ਕਰਵਾਉਣ ਲਈ ਕਿਹਾ ਗਿਆ ਸੀ।
ਕਾਬਿਲੇਗੌਰ ਹੈ ਕਿ ਡੀਐਸਪੀ ਗੁਰਸ਼ੇਰ ਸਿੰਘ ਸੰਧੂ ਐਨਕਾਉਂਟਰ ਸਪੈਸ਼ਲਿਸਟ ਹੈ ਅਤੇ ਉਸ ਨੇ ਆਪਣੀ ਜਾਨ ਦੀ ਪ੍ਰਵਾਹ ਨਾ ਕਰਦੇ ਹੋਏ ਹੁਣ ਤੱਕ ਕਈ ਪੁਲੀਸ ਮੁਕਾਬਲਿਆਂ ਦੌਰਾਨ ਕਈ ਗੈਂਗਸਟਰਾਂ ਸਮੇਤ ਹੋਰਨਾਂ ਅਪਰਾਧੀਆਂ ਨੂੰ ਨਾਜਾਇਜ਼ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ ਅਤੇ ਇਮੀਗਰੇਸ਼ਨ ਧੋਖਾਧੜੀ, ਮਨੁੱਖੀ ਤਸਕਰੀ ਅਤੇ ਲੁੱਟਾਂ-ਖੋਹਾਂ ਅਤੇ ਠੱਗੀਆਂ ਦੇ ਮਾਮਲਿਆਂ ਨੂੰ ਸੁਲਝਾਉਂਦੇ ਹੋਏ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਉਨ੍ਹਾਂ ਨੂੰ ਕੌਮੀ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ ਸੀ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ ਆਪ ਦੇ ਵਿਧਾਇਕ ਕੁਲਵੰਤ ਸ…