ਮੁਹਾਲੀ ਜ਼ਿਲ੍ਹੇ ਨੂੰ ਅਪਰਾਧ ਮੁਕਤ ਬਣਾਉਣ ਲਈ ਰੋਡ ਮੈਪ ਤਿਆਰ ਕੀਤਾ ਜਾਵੇਗਾ: ਦੀਪਕ ਪਾਰਿਕ

ਪੁਲੀਸ ਨੂੰ ਲੋਕਾਂ ਪ੍ਰਤੀ ਪੂਰੀ ਤਰ੍ਹਾਂ ਜਵਾਬਦੇਹ ਬਣਾਇਆ ਜਾਵੇਗਾ: ਐੱਸਐੱਸਪੀ

ਨਬਜ਼-ਏ-ਪੰਜਾਬ, ਮੁਹਾਲੀ, 6 ਅਗਸਤ:
ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਵਿੱਚ ਕਾਨੂੰਨ ਵਿਵਸਥਾ ਦੀ ਹਾਲਤ ਵਿੱਚ ਸੁਧਾਰ ਕਰਕੇ ਅਪਰਾਧ ਮੁਕਤ ਅਤੇ ਲੋਕਾਂ ਨੂੰ ਲੋੜੀਂਦੀਆਂ ਸਹੂਲਤਾਂ ਪ੍ਰਦਾਨ ਕਰਨ ਲਈ ਰੋਡ ਮੈਪ ਤਿਆਰ ਕੀਤਾ ਜਾ ਰਿਹਾ ਹੈ ਅਤੇ ਪੁਲੀਸ ਨੂੰ ਲੋਕਾਂ ਪ੍ਰਤੀ ਪੂਰੀ ਤਰ੍ਹਾਂ ਜਵਾਬਦੇਹ ਬਣਾਇਆ ਜਾਵੇਗਾ। ਇਹ ਪ੍ਰਗਟਾਵਾ ਮੁਹਾਲੀ ਦੇ ਨਵੇਂ ਐੱਸਐੱਸਪੀ ਦੀਪਕ ਪਾਰਿਕ ਨੇ ਅੱਜ ਪਲੇਠੀ ਪ੍ਰੈਸ ਕਾਨਫ਼ਰੰਸ ਦੌਰਾਨ ਕੀਤਾ।
ਉਨ੍ਹਾਂ ਕਿਹਾ ਕਿ ਉਹ ਮੁਹਾਲੀ ਵਿੱਚ ਪਹਿਲੀ ਵਾਰ ਆਏ ਹਨ ਅਤੇ ਉਨ੍ਹਾਂ ਵੱਲੋਂ ਬੀਤੇ ਦਿਨੀਂ ਅਹੁਦਾ ਸੰਭਾਲਣ ਤੋਂ ਤੁਰੰਤ ਬਾਅਦ ਮੌਜੂਦਾ ਹਾਲਾਤਾਂ ਦੀ ਸਮੀਖਿਆ ਕਰਕੇ ਰੋਡ ਮੈਪ ਤਿਆਰ ਕੀਤਾ ਜਾ ਰਿਹਾ ਹੈ। ਇਸ ਸਬੰਧੀ ਉਨ੍ਹਾਂ ਨੂੰ ਜੋ ਸੁਝਾਅ ਮਿਲ ਰਹੇ ਹਨ ਜਾਂ ਮਿਲਣਗੇ ਉਨ੍ਹਾਂ ਨੂੰ ਵੀ ਰੋਡ ਮੈਪ ਵਿੱਚ ਸ਼ਾਮਲ ਕੀਤਾ ਜਾਵੇਗਾ ਤਾਂ ਜੋ ਆਮ ਲੋਕਾਂ ਨੂੰ ਬਿਹਤਰ ਪੁਲੀਸ ਸਹੂਲਤਾਂ ਮਿਲ ਸਕਣ। ਸ਼ਹਿਰ ਵਿੱਚ ਟਰੈਫ਼ਿਕ ਸਮੱਸਿਆ ਦੀ ਮਾੜੀ ਹਾਲਤ ਅਤੇ ਚੌਂਕਾਂ ’ਤੇ ਭਿਖਾਰੀਆਂ ਕਾਰਨ ਆਉਂਦੀਆਂ ਮੁਸ਼ਕਲਾਂ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਟਰੈਫ਼ਿਕ ਸਮੱਸਿਆ ਦੇ ਹੱਲ ਲਈ ਲੋੜੀਂਦੇ ਕਦਮ ਚੁੱਕੇ ਜਾਣਗੇ ਅਤੇ ਲੋਕਾਂ ਦੀ ਪ੍ਰੇਸ਼ਾਨੀ ਹੱਲ ਕੀਤੀ ਜਾਵੇਗੀ। ਭਿਖਾਰੀਆਂ ਬਾਰੇ ਉਨ੍ਹਾਂ ਕਿਹਾ ਕਿ ਉਹ ਇਸ ਸਬੰਧੀ ਅਦਾਲਤ ਦੀਆਂ ਹਦਾਇਤਾਂ ਦੀ ਜਾਣਕਾਰੀ ਲੈ ਰਹੇ ਹਨ ਅਤੇ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਐੱਸਐੱਸਪੀ ਦੀਪਕ ਪਾਰਿਕ ਨੇ ਕਿਹਾ ਕਿ ਮੁਹਾਲੀ ਜ਼ਿਲ੍ਹੇ ਦੀਆਂ ਹੱਦਾਂ ਚੰਡੀਗੜ੍ਹ ਸਮੇਤ ਗੁਆਂਢੀ ਸੂਬਿਆਂ ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਨਾਲ ਲੱਗਦੀਆਂ ਹਨ। ਇਨ੍ਹਾਂ ਸੂਬਿਆਂ ਦੇ ਉੱਚ ਅਧਿਕਾਰੀਆਂ ਨਾਲ ਤਾਲਮੇਲ ਕਰਕੇ ਅਪਰਾਧਾਂ ਦੇ ਖ਼ਾਤਮੇ ਲਈ ਸਾਂਝੀ ਮੁਹਿੰਮ ਚਲਾਉਣ ਬਾਰੇ ਵਿਚਾਰ ਕੀਤਾ ਜਾਵੇਗਾ। ਪੁਲੀਸ ਅਧਿਕਾਰੀਆਂ ਦੀਆਂ ਬਦਲੀਆਂ ਬਾਰੇ ਉਨ੍ਹਾਂ ਕਿਹਾ ਕਿ ਉਹ ਪੁਲੀਸ ਅਧਿਕਾਰੀਆਂ ਦੀ ਕਾਰਗੁਜ਼ਾਰੀ ਦੀ ਸਮੀਖਿਆ ਕਰ ਰਹੇ ਹਨ ਅਤੇ ਜੇਕਰ ਲੋੜ ਪਈ ਤਾਂ ਬਦਲੀਆਂ ਵੀ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਆਮ ਲੋਕਾਂ ਦੀਆਂ ਸ਼ਿਕਾਇਤਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਵਾਇਆ ਜਾਵੇਗਾ। ਜੇਕਰ ਕਿਸੇ ਅਧਿਕਾਰੀ ਜਾਂ ਮੁਲਾਜ਼ਮ ਖ਼ਿਲਾਫ਼ ਕੋਈ ਸ਼ਿਕਾਇਤ ਮਿਲੀ ਤਾਂ ਬਣਦੀ ਕਾਰਵਾਈ ਕੀਤੀ ਜਾਵੇਗੀ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ ਆਪ ਦੇ ਵਿਧਾਇਕ ਕੁਲਵੰਤ ਸ…