ਸਰਕਾਰੀ ਕਾਲਜਾਂ ਨੂੰ ਪ੍ਰਾਈਵੇਟ ਕਰਨ ਦੀ ਚਿੱਠੀ ਨੂੰ ਫ਼ੌਰੀ ਵਾਪਸ ਲਵੇ ਪੰਜਾਬ ਸਰਕਾਰ: ਬੇਦੀ

ਸਰਕਾਰੀ ਕਾਲਜ ਨੂੰ ਕਿਸੇ ਵੀ ਹਾਲਤ ਵਿੱਚ ਪ੍ਰਾਈਵੇਟ ਹੱਥਾਂ ਵਿੱਚ ਨਹੀਂ ਜਾਣ ਦਿੱਤਾ ਜਾਵੇਗਾ: ਡਿਪਟੀ ਮੇਅਰ

ਨਬਜ਼-ਏ-ਪੰਜਾਬ, ਮੁਹਾਲੀ, 13 ਅਗਸਤ:
ਮੁਹਾਲੀ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਪੰਜਾਬ ਸਰਕਾਰ ਵੱਲੋਂ ਚੁੱਪ-ਚੁਪੀਤੇ ਮੁਹਾਲੀ ਸਮੇਤ ਕੁਝ ਹੋਰ ਸ਼ਹਿਰਾਂ ਦੇ ਸਰਕਾਰੀ ਕਾਲਜਾਂ ਨੂੰ ਪ੍ਰਾਈਵੇਟ ਹੱਥਾਂ ਵਿੱਚ ਦੇਣ ਦੀ ਨੀਤੀ ਦਾ ਸਖ਼ਤ ਵਿਰੋਧ ਕਰਦਿਆਂ ਕਿਹਾ ਕਿ ਜੇਕਰ ਸਰਕਾਰ ਨੇ ਮੁਹਾਲੀ ਕਾਲਜ ਨੂੰ ਪ੍ਰਾਈਵੇਟ ਹੱਥਾਂ ਵਿੱਚ ਦੇਣ ਦਾ ਯਤਨ ਕੀਤਾ ਤਾਂ ਇਸ ਵਿਰੁੱਧ ਜ਼ਬਰਦਸਤ ਸੰਘਰਸ਼ ਵਿੱਢਿਆ ਜਾਵੇਗਾ ਅਤੇ ਲੋੜ ਪੈਣ ’ਤੇ ਅਦਾਲਤ ਦਾ ਬੂਹਾ ਖੜਕਾਉਣ ਤੋਂ ਵੀ ਗੁਰੇਜ਼ ਨਹੀਂ ਕੀਤਾ ਜਾਵੇਗਾ।
ਅੱਜ ਇੱਥੇ ਡਿਪਟੀ ਮੇਅਰ ਕੁਲਜੀਤ ਬੇਦੀ ਨੇ ਕਿਹਾ ਕਿ ਸਿੱਖਿਆ ਅਤੇ ਸਿਹਤ ਦੇ ਪੱਧਰ ਨੂੰ ਉੱਚਾ ਚੁੱਕਣ ਦੇ ਦਾਅਵੇ ਕਰਕੇ ਸੱਤਾ ਵਿੱਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਕਹਿਣੀ ਅਤੇ ਕਥਨੀ ਵਿੱਚ ਜ਼ਮੀਨ ਅਸਮਾਨ ਦਾ ਅੰਤਰ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਕਾਲਜਾਂ ਨੂੰ ਪ੍ਰਾਈਵੇਟ ਹੱਥਾਂ ਵਿੱਚ ਦੇਣ ਲਈ ਲਿਖੀ ਚਿੱਠੀ ਤੋਂ ਹੁਕਮਰਾਨਾਂ ਦਾ ਸੱਚ ਸਾਹਮਣੇ ਆ ਗਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਕਾਲਜ ਮੁਹਾਲੀ ਦੀ ਅਰਬਾਂ ਰੁਪਏ ਦੀ ਜ਼ਮੀਨ ਹੈ। ਇਸੇ ਤਰ੍ਹਾਂ ਅੰਮ੍ਰਿਤਸਰ ਅਤੇ ਪਟਿਆਲਾ ਦੇ ਸਰਕਾਰੀ ਕਾਲਜਾਂ ਦੀ ਪ੍ਰਾਈਵੇਟਾਈਜੇਸ਼ਨ ਦੀ ਚੁੱਪ ਚੁਪੀਤੇ ਲਿਆਂਦੀ ਨੀਤੀ ਪੰਜਾਬ ਵਾਸੀਆਂ ਨਾਲ ਵੱਡਾ ਧੋਖਾ ਹੈ।
ਡਿਪਟੀ ਮੇਅਰ ਨੇ ਕਿਹਾ ਕਿ ਸਰਕਾਰੀ ਕਾਲਜਾਂ ਵਿੱਚ ਜ਼ਿਆਦਾਤਰ ਪੇਂਡੂ ਨੌਜਵਾਨ ਪੜ੍ਹਦੇ ਹਨ, ਜੋ ਪ੍ਰਾਈਵੇਟ ਕਾਲਜਾਂ ਦੀਆਂ ਮਹਿੰਗੀਆਂ ਫੀਸਾਂ ਦੇਣ ਦੇ ਸਮਰੱਥ ਨਹੀਂ ਹਨ। ਲਿਹਾਜ਼ਾ ਉਹ ਪੜ੍ਹਾਈ ਛੱਡਣ ਲਈ ਮਜਬੂਰ ਹੋਣਗੇ। ਅਜਿਹਾ ਹੋਣ ਕਾਰਨ ਨੌਜਵਾਨ ਕੁਰਾਹੇ ਪੈਣ ਦਾ ਖ਼ਦਸ਼ਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ 64 ਸਰਕਾਰੀ ਕਾਲਜਾਂ ਵਿੱਚ ਪ੍ਰੋਫੈਸਰਾਂ ਸਮੇਤ ਹੋਰ ਅਮਲੇ ਦੀ ਵੱਡੀ ਘਾਟ ਹੈ, ਇਸ ਘਾਟ ਨੂੰ ਦੂਰ ਕਰਨ ਦੀ ਥਾਂ ਸਰਕਾਰ ਕਾਲਜਾਂ ਨੂੰ ਪ੍ਰਾਈਵੇਟ ਹੱਥਾਂ ’ਚ ਦੇਣ ਦੇ ਰਾਹ ਪੈ ਗਈ ਹੈ, ਜੋ ਸਰਾਸਰ ਗਲਤ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਕਾਲਜ ਮੁਹਾਲੀ ਦੀ ਅਰਬਾਂ ਰੁਪਏ ਦੀ ਜਾਇਦਾਦ ਨੂੰ ਕਿਸੇ ਸਾਜ਼ਿਸ਼ ਤਹਿਤ ਪ੍ਰਾਈਵੇਟ ਲੋਕਾਂ ਦੀ ਝੋਲੀ ਪਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਪਹਿਲਾਂ ਹੀ ਸਿੱਖਿਆ ਦਾ ਭੱਠਾ ਬੈਠਾ ਹੋਇਆ ਹੈ ਅਤੇ ਹੁਣ ਉੱਚ ਸਿੱਖਿਆ ਨੌਜਵਾਨਾਂ ਦੀ ਪਹੁੰਚ ਤੋਂ ਬਾਹਰ ਹੋ ਜਾਵੇਗੀ।

Load More Related Articles
Load More By Nabaz-e-Punjab
Load More In General News

Check Also

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ Nabaz-e-Punjab, ਲੁਧਿਆਣਾ, 24 ਅਪ੍ਰੈਲ, 20…