ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਦੇ ਝੂਠੇ ਲਾਰਿਆਂ ਦੀ ਪੰਡ ਫੂਕੀ

ਨਬਜ਼-ਏ-ਪੰਜਾਬ, ਮੁਹਾਲੀ, 24 ਅਗਸਤ:
ਇੱਥੋਂ ਦੇ ਫੇਜ਼-1 ਸਥਿਤ ਬਾਗ਼ਬਾਨੀ ਵਿਭਾਗ ਦੀ ਨਰਸਰੀ ਵਿੱਚ ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਨੇ ਅੱਜ ਪੰਜਾਬ ਸਰਕਾਰ ਦੇ ਝੂਠੇ ਲਾਰਿਆਂ ਦੀ ਪੰਡ ਫੂਕ ਕੇ ਰੋਸ ਮੁਜ਼ਾਹਰਾ ਕੀਤਾ। ‘ਆਪ’ ਸਰਕਾਰ ਦੇ ਲਾਰਿਆਂ ਦੀ ਪੰਡ ਨੂੰ ਅੱਗ ਸੂਬਾ ਕਨਵੀਨਰ ਕਰਮ ਸਿੰਘ ਧਨੋਆ ਨੇ ਲਗਾਈ। ਇਸ ਤੋਂ ਪਹਿਲਾਂ ਮੁਲਾਜ਼ਮ ਲਹਿਰ ਦੇ ਆਗੂ ਵੇਦ ਪ੍ਰਕਾਸ਼ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ ਜੋ ਅੱਜ ਸਵੇਰੇ ਹੀ ਸਦੀਵੀ ਵਿਛੋੜਾ ਦੇ ਗਏ ਹਨ।
ਇਸ ਮੌਕੇ ਫੈਡਰੇਸ਼ਨ ਆਗੂ ਕਰਮਾਪੁਰੀ, ਦਿਲਦਾਰ ਸਿੰਘ ਸੋਹਾਣਾ, ਤਰਸੇਮ ਲਾਲ ਦੱਪਰ, ਸੁਰੇਸ਼ ਠਾਕੁਰ, ਸ਼ਵਿੰਦਰ ਕੁਮਾਰ, ਹਨੂਮਾਨ, ਅਜਮੇਰ ਸਿੰਘ ਲੌਂਗੀਆਂ, ਦਰਸ਼ਨ ਬਾਬਾ ਚਨਾਲੋਂ, ਗੌਰਮਿੰਟ ਟੀਚਰਜ਼ ਯੂਨੀਅਨ (ਜੀਟੀਯੂ) ਦੇ ਸਾਬਕਾ ਪ੍ਰੈੱਸ ਸਕੱਤਰ ਹਰਨੇਕ ਸਿੰਘ ਮਾਵੀ, ਅਮਰੀਕ ਸਿੰਘ, ਜਗਦੀਸ਼ ਸਿੰਘ ਸਰਾਓ ਅਤੇ ਗੁਰਬਿੰਦਰ ਸਿੰਘ ਚੰਡੀਗੜ੍ਹ ਨੇ ਵੀ ਧਰਨਾ ਪ੍ਰਦਰਸ਼ਨ ਨੂੰ ਸੰਬੋਧਨ ਕੀਤਾ।
ਵੱਖ-ਵੱਖ ਬੁਲਾਰਿਆਂ ਨੇ ਮੁੱਖ ਮੰਤਰੀ ਵੱਲੋਂ ਵਾਰ-ਵਾਰ ਮੀਟਿੰਗਾਂ ਦਾ ਸਮਾਂ ਦੇ ਕੇ ਮੁਨਕਰ ਹੋਣ ’ਤੇ ਫਿਟਕਾਰ ਲਗਾਉਂਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਆਮ ਲੋਕਾਂ ਖਾਸ ਕਰਕੇ ਮੁਲਾਜ਼ਮ ਤੇ ਪੈਨਸ਼ਨਰ ਵਰਗ ਵਿੱਚ ਆਪਣੀਆਂ ਭਰੋਸੇਯੋਗਤਾ ਗਵਾ ਚੁੱਕੇ ਹਨ ਅਤੇ ਭਵਿੱਖ ਵਿੱਚ ਸਰਕਾਰ ਨੂੰ ਮੁਲਾਜ਼ਮਾਂ ਤੇ ਪੈਨਸ਼ਨਰਾਂ ਨਾਲ ਕੀਤੀ ਮੱਕਾਰੀ ਦੀ ਕੀਮਤ ਚੁਕਾਉਣੀ ਪਵੇਗੀ। ਉਨ੍ਹਾਂ ਐਲਾਨ ਕੀਤਾ ਕਿ ਜ਼ਿਮਨੀ ਚੋਣਾਂ ਵਿੱਚ ਪੰਜਾਬ ਦੇ ਲੋਕ ਇਸ ਝੂਠੀ ਤੇ ਬੇਈਮਾਨ ਸਰਕਾਰ ਨੂੰ ਸਬਕ ਸਿਖਾਉਣ ਲਈ ਸਬੰਧਤ ਹਲਕਿਆਂ ਵਿੱਚ ਭੰਡੀ ਪ੍ਰਚਾਰ ਕਰਨਗੇ।
ਬੁਲਾਰਿਆਂ ਨੇ ਕਿਹਾ ਕਿ ਸੂਬਾ ਸਰਕਾਰ ਨੇ ਚੋਣਾਂ ਮੌਕੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨਾਲ ਕੀਤੇ ਵਾਅਦੇ ਵਿਸਾਰ ਦਿੱਤੇ ਹਨ, ਜਿਸ ਵਿੱਚ ਹਰਿਆਣਾ ਪੈਟਰਨ ਦੇ ਬਰਾਬਰ ਮੁਲਾਜ਼ਮਾਂ ਨੂੰ ਸਨਮਾਨ ਜਨਕ ਮਾਣਭੱਤਾ ਦੇਣਾ ਅਤੇ ਵੱਖ-ਵੱਖ ਵਿਭਾਗਾਂ ਵਿੱਚ ਲੰਮੇ ਸਮੇਂ ਤੋਂ ਕੰਮ ਕਰਦੇ ਕਰਮਚਾਰੀਆਂ ਦੀਆਂ ਸੇਵਾਵਾਂ ਰੈਗੂਲਰ ਕਰਨਾ, ਪੁਰਾਣੀ ਪੈਨਸ਼ਨ ਬਹਾਲੀ, ਪੈਨਸ਼ਨਰਾਂ ਦੀ 2.59 ਦੇ ਗੁਣਾਂਕ ਨਾਲ ਪੈਨਸ਼ਨ ਦੀ ਦੁਹਰਾਈ ਕਰਨਾ, ਮਹਿੰਗਾਈ ਭੱਤੇ ਦੀਆਂ ਬਕਾਇਆ ਕਿਸ਼ਤਾਂ ਦੀ ਅਦਾਇਗੀ ਕਰਨਾ, ਤਨਖ਼ਾਹ ਕਮਿਸ਼ਨ ਦੇ ਬਕਾਇਆਂ ਦੀ ਅਦਾਇਗੀ ਸਮੇਤ ਹੋਰ ਜਾਇਜ਼ ਮੰਗਾਂ ਤੁਰੰਤ ਪ੍ਰਵਾਨ ਕੀਤੀਆਂ ਜਾਣ। ਆਗੂਆਂ ਨੇ ਤਿੰਨ ਸਤੰਬਰ ਨੂੰ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਕੀਤੇ ਜਾਣ ਵਾਲੇ ਰੋਸ ਮਾਰਚ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਦਾ ਫ਼ੈਸਲਾ ਕੀਤਾ ਗਿਆ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ ਆਪ ਦੇ ਵਿਧਾਇਕ ਕੁਲਵੰਤ ਸ…