ਕੰਪਿਊਟਰ ਅਧਿਆਪਕਾਂ ਨੇ ਹੱਕੀ ਮੰਗਾਂ ਨੂੰ ਲੈ ਕੇ ਸਿੱਖਿਆ ਭਵਨ ਦਾ ਘਿਰਾਓ

ਸੂਬਾ ਪੱਧਰੀ ਰੈਲੀ ਕਰਕੇ ਪੰਜਾਬ ਦੇ ਹੁਕਮਰਾਨਾਂ ਤੇ ਅਫ਼ਸਰਸ਼ਾਹੀ, 20 ਫਰਵਰੀ ਨੂੰ ਪੈਨਲ ਮੀਟਿੰਗ ਦੇ ਭਰੋਸੇ ਮਗਰੋਂ ਰੈਲੀ ਖ਼ਤਮ ਕੀਤੀ

ਨਬਜ਼-ਏ-ਪੰਜਾਬ, ਮੁਹਾਲੀ, 17 ਫਰਵਰੀ:
ਕੰਪਿਊਟਰ ਅਧਿਆਪਕ ਭੁੱਖ-ਹੜਤਾਲ ਸੰਘਰਸ਼ ਕਮੇਟੀ ਵੱਲੋਂ ਅੱਜ ਇੱਥੇ ਸਿੱਖਿਆ ਭਵਨ ਦਾ ਘਿਰਾਓ ਕਰਕੇ ਪੰਜਾਬ ਦੇ ਹੁਕਮਰਾਨਾਂ ਅਤੇ ਅਫ਼ਸਰਸ਼ਾਹੀ ਨੂੰ ਰੱਜ ਕੇ ਕੋਸਿਆ। ਪੰਜਾਬ ਭਰ ’ਚੋਂ ਕੰਪਿਊਟਰ ਅਧਿਆਪਕ ਜਿਨ੍ਹਾਂ ਵਿੱਚ ਅੌਰਤਾਂ ਵੀ ਸ਼ਾਮਲ ਸਨ, ਸਵੇਰੇ 11 ਵਜੇ ਹੀ ਮੁਹਾਲੀ ਪਹੁੰਚਣੇ ਸ਼ੁਰੂ ਹੋ ਗਏ ਅਤੇ ਦੁਪਹਿਰ ਤੱਕ ਸਿੱਖਿਆ ਭਵਨ ਦੇ ਬਾਹਰ ਕੰਪਿਊਟਰ ਅਧਿਆਪਕਾਂ ਦ ਵੱਡੀ ਭੀੜ ਜਮ੍ਹਾ ਹੋ ਗਈ। ਉਨ੍ਹਾਂ ਨੇ ਸਿੱਖਿਆ ਭਵਨ ਦੇ ਬਾਹਰ ਸੂਬਾ ਪੱਧਰੀ ਰੈਲੀ ਕੀਤੀ।
ਸੰਘਰਸ਼ ਕਮੇਟੀ ਦੇ ਆਗੂ ਪਰਮਵੀਰ ਸਿੰਘ ਪੰਮੀ, ਊਧਮ ਸਿੰਘ ਡੋਗਰਾ, ਰਾਜਵੰਤ ਕੌਰ, ਨਰਦੀਪ ਸ਼ਰਮਾ, ਸੁਸ਼ੀਲ ਅੰਗੁਰਾਲ, ਜੋਨੀ ਸਿੰਗਲਾ, ਰਣਜੀਤ ਸਿੰਘ ਅਤੇ ਰਾਕੇਸ਼ ਸੈਣੀ ਨੇ ਕਿਹਾ ਕਿ ਕੰਪਿਊਟਰ ਅਧਿਆਪਕਾਂ ਨੂੰ ਛੇਵੇਂ ਤਨਖ਼ਾਹ-ਕਮਿਸ਼ਨ ਦਾ ਲਾਭ ਦਿੱਤਾ ਜਾਵੇ ਅਤੇ ਉਨ੍ਹਾਂ ਨੂੰ ਫੌਰੀ ਸਿੱਖਿਆ ਵਿਭਾਗ ਵਿੱਚ ਰੈਗੂਲਰ ਕੀਤਾ ਜਾਵੇ। ਉਨ੍ਹਾਂ ਦੱਸਿਆ ਕਿ ਬੀਤੀ 3 ਤੇ 4 ਫਰਵਰੀ ਨੂੰ ਵਿੱਤ ਵਿਭਾਗ ਦੇ ਪ੍ਰਮੁੱਖ ਸਕੱਤਰ ਨਾਲ ਹੋਈ ਮੀਟਿੰਗ ਵਿੱਚ ਪੰਜਾਬ ਸਰਕਾਰ ਨੇ ਮਹਿਜ਼ ਦੋ ਦਿਨਾਂ ਵਿੱਚ ਅਨਰਵਾਈਜ਼ਡ ਡੀਏ ਜਾਂ ਛੇਵੇਂ ਤਨਖ਼ਾਹ-ਕਮਿਸ਼ਨ ਲਾਗੂ ਕਰਨ ਦੀ ਗੱਲ ਕਹੀ ਸੀ ਪਰ ਹੁਣ ਤੱਕ ਕੋਈ ਨੋਟੀਫ਼ਿਕੇਸ਼ਨ ਜਾਰੀ ਨਹੀਂ ਹੋਇਆ। ਇਹੀ ਨਹੀਂ ਕੰਪਿਊਟਰ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿੱਚ ਮਰਜ਼ ਕਰਨ ਦਾ ਵਾਅਦਾ ਵੀ ਅਫ਼ਸਰਸ਼ਾਹੀ ਦੇ ਦਬਾਅ ਹੇਠ ਅਜੇ ਤੀਕ ਲਾਗੂ ਨਹੀਂ ਹੋਇਆ। ਜਿਸ ਕਾਰਨ ਕੰਪਿਊਟਰ ਅਧਿਆਪਕਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ।
ਬੁਲਾਰਿਆਂ ਨੇ ਸੂਬਾ ਸਰਕਾਰ ਵੱਲੋਂ ਵਾਰ-ਵਾਰ ਆਪਣੇ ਚੋਣ ਵਾਅਦਿਆਂ ਤੋਂ ਮੁਨਕਰ ਹੋਣ ਦੀ ਸਖ਼ਤ ਨਿਖੇਧੀ ਕਰਦਿਆਂ ਚਿਤਾਵਨੀ ਦਿੱਤੀ ਕਿ ਜੇਕਰ ਆਉਣ ਵਾਲੇ ਦਿਨਾਂ ਵਿੱਚ ਜਲਦੀ ਉਨ੍ਹਾਂ ਦੀਆਂ ਹੱਕੀ ਮੰਗਾਂ ਪ੍ਰਵਾਨ ਨਹੀਂ ਕੀਤੀਆਂ ਗਈਆਂ ਤਾਂ ਮੁਲਾਜ਼ਮ ਫੈਡਰੇਸ਼ਨ, ਵਿਦਿਆਰਥੀ, ਕਿਸਾਨ ਤੇ ਮਜ਼ਦੂਰ ਜਥੇਬੰਦੀਆਂ ਦੇ ਸਹਿਯੋਗ ਨਾਲ ਵੱਡੇ ਪੱਧਰ ’ਤੇ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।

ਉਧਰ, ਮੁਹਾਲੀ ਪ੍ਰਸ਼ਾਸਨ ਨੇ ਮੌਕੇ ਦੀ ਨਜ਼ਾਕਤ ਨੂੰ ਦੇਖਦੇ ਹੋਏ ਸੰਘਰਸ਼ ਕਮੇਟੀ ਦੇ ਮੋਹਰੀ ਆਗੂਆਂ ਦੀ ਮੀਟਿੰਗ ਸਿੱਖਿਆ ਵਿਭਾਗ ਅਤੇ ਵਿੱਤ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਕਰਵਾਈ। ਜਿਨ੍ਹਾਂ ਨੇ ਜਥੇਬੰਦੀ ਦੀ ਸਿੱਖਿਆ ਮੰਤਰੀ ਅਤੇ ਵਿੱਤ ਮੰਤਰੀ ਨਾਲ 20 ਫਰਵਰੀ ਨੂੰ ਪੈਨਲ ਮੀਟਿੰਗ ਕਰਵਾਉਣ ਦਾ ਭਰੋਸਾ ਦਿੱਤਾ। ਇਸ ਮਗਰੋਂ ਕੰਪਿਊਟਰ ਅਧਿਆਪਕਾਂ ਨੇ ਰੋਸ ਰੈਲੀ ਖ਼ਤਮ ਕਰਨ ਦਾ ਐਲਾਨ ਕੀਤਾ। ਉਂਜ ਉਨ੍ਹਾਂ ਕਿਹਾ ਕਿ ਜੇਕਰ ਪੈਨਲ ਮੀਟਿੰਗ ਵਿੱਚ ਮੰਗਾਂ ਨਾ ਮੰਨੀਆਂ ਮੰਗੀਆਂ ਤਾਂ ਮੁੜ ਤੋਂ ਸੜਕਾਂ ’ਤੇ ਆਉਣ ਲਈ ਮਜਬੂਰ ਹੋਣਗੇ।

Load More Related Articles
Load More By Nabaz-e-Punjab
Load More In General News

Check Also

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ Nabaz-e-Punjab, ਲੁਧਿਆਣਾ, 24 ਅਪ੍ਰੈਲ, 20…