ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਅਹੁਦੇ ਤੋਂ ਲਾਂਭੇ ਕਰਨ ਦਾ ਫ਼ੈਸਲਾ ਮੰਦਭਾਗਾ: ਜਥੇਦਾਰ ਅਮਰੀਕ ਸਿੰਘ

ਨਬਜ਼-ਏ-ਪੰਜਾਬ, ਮੁਹਾਲੀ, 10 ਮਾਰਚ:
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਰਿੰਗ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਨੂੰ ਅਹੁਦੇ ਤੋਂ ਲਾਂਭੇ ਕਰਨ ਤੋਂ ਸਿਆਸਤ ਭਖ ਗਈ ਹੈ। ਮੁਹਾਲੀ ਨਗਰ ਕੌਂਸਲ ਹੁਣ ਨਗਰ ਨਿਗਮ ਦੇ ਸਾਬਕਾ ਕਾਰਜਕਾਰੀ ਪ੍ਰਧਾਨ ਜਥੇਦਾਰ ਅਮਰੀਕ ਸਿੰਘ ਮੁਹਾਲੀ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਰਿੰਗ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਉਨ੍ਹਾਂ ਦੇ ਅਹੁਦੇ ਤੋਂ ਹਟਾਉਣ ਦਾ ਫ਼ੈਸਲਾ ਬੇਹੱਦ ਨਿੰਦਣਯੋਗ ਅਤੇ ਮੰਦਭਾਗਾ ਹੈ।
ਅੱਜ ਇੱਥੇ ਜਾਰੀ ਬਿਆਨ ਵਿੱਚ ਜਥੇਦਾਰ ਅਮਰੀਕ ਸਿੰਘ ਮੁਹਾਲੀ ਨੇ ਕਿਹਾ ਕਿ ਐਸਜੀਪੀਸੀ ਦੀ ਅੰਤਰਿੰਗ ਕਮੇਟੀ (ਜਿਸ ਦਾ ਕੋਈ ਮੁਖੀ ਹੀ ਨਹੀਂ ਹੈ) ਕੋਲ ਕੋਈ ਅਧਿਕਾਰ ਹੀ ਨਹੀਂ ਹੈ ਕਿ ਇਸ ਢੰਗ ਨਾਲ ਤਖ਼ਤਾਂ ਦੇ ਜਥੇਦਾਰਾਂ ਨੂੰ ਉਨ੍ਹਾਂ ਦੇ ਅਹੁਦੇ ਤੋਂ ਹਟਾਇਆ ਜਾਵੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਸਮਾਂ ਪੂਰਾ ਹੋਏ ਨੂੰ ਕਰੀਬ ਚਾਰ ਸਾਲ ਹੋ ਗਏ ਹਨ ਪ੍ਰੰਤੂ ਹੁਣ ਤੱਕ ਦੁਬਾਰਾ ਚੋਣਾਂ ਨਹੀਂ ਹੋਈਆਂ। ਉਂਜ ਵੀ ਐਸਜੀਪੀਸੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਅਸਤੀਫ਼ਾ ਦੇ ਚੁੱਕੇ ਹਨ। ਪ੍ਰਧਾਨ ਦੀ ਗੈਰਮੌਜੂਦਗੀ ਵਿੱਚ ਅਜਿਹੇ ਮਹੱਤਵਪੂਰਨ ਫ਼ੈਸਲੇ ਨਹੀਂ ਲਏ ਜਾ ਸਕਦੇ ਹਨ।
ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਰਿਆਦਾ ਕਿਸੇ ਵਿਅਕਤੀ ਵਿਸ਼ੇਸ਼ ਤੱਕ ਸੀਮਤ ਨਹੀਂ ਹੈ ਅਤੇ ਜੋ ਵੀ ਜਥੇਦਾਰ ਇਸ ਤਖ਼ਤ ’ਤੇ ਬਿਰਾਜਮਾਨ ਹਨ, ਉਨ੍ਹਾਂ ਦਾ ਸਤਿਕਾਰ ਕਰਨਾ ਅਤੇ ਉਨ੍ਹਾਂ ਦੇ ਹੁਕਮ ਦੀ ਪਾਲਣਾ ਕਰਨਾ ਸਾਡਾ ਸਾਰਿਆ ਦਾ ਮੁੱਢਲਾ ਫ਼ਰਜ਼ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਵੱਲੋਂ ਸ਼੍ਰੋਮਣੀ ਕਮੇਟੀ ਦੀ ਅੰਤਰਿੰਗ ਕਮੇਟੀ ਦੇ ਇਸ ਫ਼ੈਸਲੇ ਦੀ ਨਿਖੇਧੀ ਕਰਨਾ ਸਵਾਗਤਯੋਗ ਹੈ ਅਤੇ ਮਜੀਠੀਆ ਦੀ ਟਿੱਪਣੀ ਨਾਲ ਸਾਰੇ ਪੰਥ ਹਿਤੈਸ਼ੀ ਸਹਿਮਤ ਵੀ ਹਨ।
ਉਨ੍ਹਾਂ ਕਿਹਾ ਕਿ ਅੰਤਰਿੰਗ ਕਮੇਟੀ ਵੱਲੋਂ ਜੋ ਨਵੇਂ ਜਥੇਦਾਰ ਸਾਹਿਬਾਨ ਨਿਯੁਕਤ ਕੀਤੇ ਗਏ ਹਨ, ਉਨ੍ਹਾਂ ਨੂੰ ਵੀ ਇਸ ਗੱਲ ਦਾ ਖਿਆਲ ਰੱਖਣਾ ਚਾਹੀਦਾ ਹੈ ਕਿ ਅੱਜ ਜੋ ਕੁੱਝ ਜਥੇਦਾਰ ਗਿਆਨੀ ਰਘਬੀਰ ਸਿੰਘ ਅਤੇ ਹੋਰਨਾਂ ਜਥੇਦਾਰਾਂ ਨਾਲ ਵਾਪਰ ਰਿਹਾ ਹੈ, ਭਵਿੱਖ ਵਿੱਚ ਉਨ੍ਹਾਂ ਨਾਲ ਵੀ ਅਜਿਹਾ ਕੁੱਝ ਵਾਪਰ ਸਕਦਾ ਹੈ। ਲਿਹਾਜ਼ਾ ਨਵੇਂ ਜਥੇਦਾਰਾਂ ਨੂੰ ਅੰਤਰਿੰਗ ਕਮੇਟੀ ਦੇ ਇਸ ਫ਼ੈਸਲੇ ਵਿਰੁੱਧ ਆਪਣੀ ਆਵਾਜ਼ ਬੁਲੰਦ ਕਰਨੀ ਚਾਹੀਦੀ ਹੈ। ਉਨ੍ਹਾਂ ਸਮੁੱਚੇ ਪੰਥ ਨੂੰ ਅਪੀਲ ਕੀਤੀ ਕਿ ਅੰਤਰਿੰਗ ਕਮੇਟੀ ਵੱਲੋਂ ਲਏ ਗਏ ਗਲਤ ਫ਼ੈਸਲਿਆਂ ਵਿਰੁੱਧ ਡੱਟ ਕੇ ਪਹਿਰਾ ਦੇਣ ਲਈ ਅੱਗੇ ਆਉਣਾ ਚਾਹੀਦਾ ਹੈ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ ਆਪ ਦੇ ਵਿਧਾਇਕ ਕੁਲਵੰਤ ਸ…