ਬੀਜ ਡੀਲਰਾਂ ਨੂੰ ਝੋਨੇ ਦੀ ਪੂਸਾ-44 ਤੇ ਹਾਈਬ੍ਰਿਡ ਕਿਸਮਾਂ ਦੀ ਵਿੱਕਰੀ ਨਾ ਕਰਨ ਦੇ ਆਦੇਸ਼, ਬੀਜਾਂ ਦੇ ਸੈਂਪਲ ਭਰੇ

ਕਿਸਾਨਾਂ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਸਿਫ਼ਾਰਸ਼ ਕੀਤੀਆਂ ਪੀਆਰ ਕਿਸਮਾਂ ਦੀ ਬਿਜਾਈ ਕਰਨ ਦੀ ਅਪੀਲ

ਨਬਜ਼-ਏ-ਪੰਜਾਬ, ਮੁਹਾਲੀ, 13 ਅਪਰੈਲ:
ਮੁਹਾਲੀ ਦੇ ਡਿਪਟੀ ਕਮਿਸ਼ਨਰ ਸ੍ਰੀਮਤੀ ਕੋਮਲ ਮਿੱਤਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਖੇਤੀਬਾੜੀ ਵਿਭਾਗ ਵੱਲੋਂ ਮੁਹਾਲੀ ਜ਼ਿਲ੍ਹੇ ਦੇ ਬੀਜ ਡੀਲਰਾਂ ਨੂੰ ਝੋਨੇ ਦੀ ਪੂਸਾ-44 ਅਤੇ ਹਾਈਬ੍ਰਿਡ ਕਿਸਮਾਂ ਦੀ ਵਿੱਕਰੀ ਨਾ ਕਰਨ ਦੀ ਹਦਾਇਤ ਕੀਤੀ ਗਈ ਹੈ। ਮੁੱਖ ਖੇਤੀਬਾੜੀ ਅਫ਼ਸਰ ਡਾ. ਗੁਰਮੇਲ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਾਉਣੀ ਸੀਜ਼ਨ-2025 ਲਈ ਝੋਨੇ ਦੀ ਪੂਸਾ-44 ਅਤੇ ਹਾਈਬ੍ਰਿਡ ਬੀਜਾਂ ਦੀ ਵਿੱਕਰੀ ’ਤੇ ਮੁਕੰਮਲ ਪਾਬੰਦੀ ਲਗਾਈ ਗਈ ਹੈ। ਇਸ ਲਈ ਬਕਾਇਦਾ ਤੌਰ ਇਨ੍ਹਾਂ ਕਿਸਮਾਂ ਦੀ ਬਿਜਾਈ ਨੂੰ ਰੋਕਣ ਦੇ ਮੰਤਵ ਤਹਿਤ ਖੇਤੀਬਾੜੀ ਵਿਭਾਗ ਵੱਲੋਂ ਵਿਸ਼ੇਸ਼ ਮੁਹਿੰਮ ਵਿੱਢੀ ਗਈ ਹੈ। ਇਸ ਮਾਮਲੇ ਵਿੱਚ ਅੱਜ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੇ ਅਧਿਕਾਰੀਆਂ ਵੱਲੋਂ ਵੱਖ-ਵੱਖ ਬੀਜ ਡੀਲਰਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ ਅਤੇ ਚੈਕਿੰਗ ਦੌਰਾਨ ਬੀਜਾਂ ਦੀ ਗੁਣਵੱਤਾ ਚੈੱਕ ਕਰਨ ਲਈ ਬੀਜਾਂ ਦੇ ਸੈਂਪਲ ਵੀ ਭਰੇ ਗਏ।
ਡਾ. ਗੁਰਮੇਲ ਸਿੰਘ ਨੇ ਦੱਸਿਆ ਕਿ ਚੈਕਿੰਗ ਦੌਰਾਨ ਬੀਜ ਡੀਲਰਾਂ ਨੂੰ ਸਖ਼ਤ ਹਦਾਇਤਾਂ ਕੀਤੀਆਂ ਗਈਆਂ ਹਨ ਕਿ ਕੋਈ ਵੀ ਬੀਜ ਡੀਲਰ ਝੋਨੇ ਦੀਆਂ ਪਾਬੰਦੀਸ਼ੁਦਾ ਕਿਸਮਾਂ ਦੀ ਵਿੱਕਰੀ ਨਾ ਕਰੇ। ਜੇਕਰ ਕੋਈ ਦੁਕਾਨਦਾਰ ਬੈਨ ਕੀਤੀਆਂ ਕਿਸਮਾਂ ਦੀ ਵਿੱਕਰੀ ਕਰਦਾ ਫੜਿਆ ਗਿਆ ਤਾਂ ਉਸ ਖ਼ਿਲਾਫ਼ ਬੀਜ ਐਕਟ 1966, ਬੀਜ ਨਿਯਮ 1968 ਅਤੇ ਬੀਜ ਕੰਟਰੋਲ ਆਦੇਸ਼ 1983 ਤਹਿਤ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਮੁੱਖ ਖੇਤੀਬਾੜੀ ਅਫ਼ਸਰ ਮੁਤਾਬਕ ਮੁਹਾਲੀ ਜ਼ਿਲ੍ਹੇ ਦੇ ਬੀਜ ਡੀਲਰਾਂ ਨੂੰ ਕਿਹਾ ਗਿਆ ਹੈ ਕਿ ਕਿਸਾਨਾਂ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵੱਲੋਂ ਸਿਫ਼ਾਰਸ਼ ਕੀਤੀਆਂ ਪੀਆਰ ਕਿਸਮਾਂ ਦੀ ਬਿਜਾਈ ਕਰਨ ਲਈ ਹੀ ਪ੍ਰੇਰਿਆ ਜਾਵੇ। ਉਨ੍ਹਾਂ ਕਿਹਾ ਕਿ ਧਰਤੀ ਹੇਠਲੇ ਪਾਣੀ ਦੇ ਡਿਗਦੇ ਪੱਧਰ ਨੂੰ ਧਿਆਨ ਵਿੱਚ ਰੱਖਦਿਆਂ ਸਾਰਿਆਂ ਦਾ ਫ਼ਰਜ਼ ਬਣਦਾ ਹੈ ਕਿ ਲੰਮੇ ਸਮੇਂ ਵਿੱਚ ਪੱਕਣ ਵਾਲੀਆਂ ਕਿਸਮਾਂ ਦੀ ਬਿਜਾਈ ਕਰਨ ਦੀ ਥਾਂ ਘੱਟ ਸਮੇਂ ਵਿੱਚ ਪੱਕਣ ਵਾਲੀ ਝੋਨੇ ਦੀਆਂ ਕਿਸਮਾਂ ਦੀ ਬਿਜਾਈ ਕਰਨ ਲਈ ਕਿਸਾਨਾਂ ਨੂੰ ਪਿੰਡ ਪੱਧਰ ’ਤੇ ਜਾਗਰੂਕ ਕੀਤਾ ਜਾਵੇ।

Load More Related Articles
Load More By Nabaz-e-Punjab
Load More In General News

Check Also

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ Nabaz-e-Punjab, ਲੁਧਿਆਣਾ, 24 ਅਪ੍ਰੈਲ, 20…