ਲੋਕਾਂ ਦੇ ਸਹਿਯੋਗ ਨਾਲ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਲੋਕ ਲਹਿਰ ਬਣਾਇਆ ਜਾਵੇਗਾ: ਸਿਹਤ ਮੰਤਰੀ

ਪੰਜਾਬ ਸਰਕਾਰ 7 ਮਈ ਤੋਂ ਪਿੰਡ\ਵਾਰਡ ਪੱਧਰ ’ਤੇ ਨਸ਼ਾ ਮੁਕਤੀ ਯਾਤਰਾ ਸ਼ੁਰੂ ਕਰੇਗੀ: ਡਾ. ਬਲਬੀਰ ਸਿੰਘ

ਸੰਸਦ ਮੈਂਬਰ ਮਾਲਵਿੰਦਰ ਕੰਗ ਨੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਲੜਾਈ ਦੇ ਮੋਹਰੀ ਬਣਨ ਦਾ ਸੱਦਾ ਦਿੱਤਾ

ਨਬਜ਼-ਏ-ਪੰਜਾਬ, ਮੁਹਾਲੀ, 3 ਮਈ:
ਪੰਜਾਬ ਸਰਕਾਰ 7 ਮਈ ਤੋਂ ਪਿੰਡ ਅਤੇ ਵਾਰਡ ਪੱਧਰ ’ਤੇ ਨਸ਼ਾ ਮੁਕਤੀ ਯਾਤਰਾ ਸ਼ੁਰੂ ਕਰੇਗੀ ਤਾਂ ਜੋ ਪੰਜਾਬ ਦੀ ਪਵਿੱਤਰ ਧਰਤੀ ਤੋਂ ਨਸ਼ਿਆਂ ਨੂੰ ਖ਼ਤਮ ਕਰਨ ਲਈ ਲੋਕਾਂ ਦੇ ਸਹਿਯੋਗ ਨਾਲ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਲੋਕ ਲਹਿਰ ਬਣਾਇਆ ਜਾ ਸਕੇ। ਅੱਜ ਇੱਥੇ ਪਿੰਡ/ਵਾਰਡ ਰੱਖਿਆ ਕਮੇਟੀਆਂ (ਪੰਚਾਇਤਾਂ ਅਤੇ ਕੌਂਸਲਰਾਂ) ਦੀ ਨਸ਼ਿਆਂ ਵਿਰੁੱਧ ਜ਼ਿਲ੍ਹਾ ਪੱਧਰੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਦੋ-ਪੱਖੀ ਰਣਨੀਤੀ ’ਤੇ ਕੰਮ ਕਰਕੇ ਨਸ਼ਿਆਂ ਵਿਰੁੱਧ ਜੰਗ ਛੇੜੀ ਹੈ, ਪਹਿਲੇ ਪੜਾਅ ਵਿੱਚ ਨਸ਼ਾ ਤਸਕਰਾਂ ਦੁਆਲੇ ਸ਼ਿਕੰਜਾ ਕੱਸ ਕੇ ਨਸ਼ਾ ਤਸਕਰੀ ਦਾ ਨੈੱਟਵਰਕ ਖ਼ਤਮ ਕੀਤਾ ਜਾਵੇਗਾ ਅਤੇ ਦੂਜੇ ਪੜਾਅ ਵਿੱਚ ਨਸ਼ਾ ਪੀੜਤਾਂ ਦਾ ਇਲਾਜ, ਮੁੜ ਵਸੇਬੇ ਦੌਰਾਨ ਹੁਨਰ ਸਿਖਲਾਈ ਦੇਣਾ ਅਤੇ ਉਨ੍ਹਾਂ ਨੂੰ ਰੋਜ਼ੀ-ਰੋਟੀ ਕਮਾਉਣ ਲਈ ਸਵੈ-ਨਿਰਭਰ ਬਣਾਉਣ ਲਈ ਨੌਕਰੀਆਂ/ਕਰਜ਼ੇ ਪ੍ਰਦਾਨ ਕੀਤੇ ਜਾਣਗੇ।
ਉਨ੍ਹਾਂ ਕਿਹਾ ਕਿ ਪੰਜਾਬ ਪੁਲੀਸ ਨਸ਼ਾ ਤਸਕਰਾਂ ਦੀ ਗ੍ਰਿਫ਼ਤਾਰੀ ਦੇ ਨਾਲ-ਨਾਲ ਭਾਰੀ ਮਾਤਰਾ ਵਿੱਚ ਨਸ਼ੀਲੇ ਪਦਾਰਥ ਬਰਾਮਦ ਕਰਕੇ ਚੰਗਾ ਕੰਮ ਕਰ ਰਹੀ ਹੈ ਜਦੋਂਕਿ ਸਿਹਤ ਵਿਭਾਗ ਨਸ਼ਾ ਮੁਕਤੀ ਕੇਂਦਰਾਂ ਵਿੱਚ ਬਿਸਤਰਿਆਂ ਦੀ ਸਮਰੱਥਾ ਵਧਾਉਣ ਲਈ ਕੰਮ ਕਰ ਰਿਹਾ ਹੈ। ਮੌਜੂਦਾ ਸਮਰੱਥਾ ਨੂੰ ਤਿੰਨ ਗੁਣਾ ਵਧਾ ਦਿੱਤਾ ਹੈ ਅਤੇ ਹੁਣ ਸਾਡੇ ਕੋਲ ਨਸ਼ਾ ਪੀੜਤਾਂ ਦੇ ਇਲਾਜ ਲਈ 5000 ਬੈੱਡਾਂ ਦਾ ਪ੍ਰਬੰਧ ਹੈ।
ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਪੰਜਾਬ ਦੀ ਧਰਤੀ ਅਤੇ ਇਤਿਹਾਸ ਗਵਾਹ ਹੈ ਕਿ ਗੁਰੂ ਨਾਨਕ ਦੇਵ ਨੇ ਬਾਬਰ ਦੇ ਅੱਤਿਆਚਾਰਾਂ ਵਿਰੁੱਧ ਆਵਾਜ਼ ਬੁਲੰਦ ਕੀਤੀ, ਪੰਜਾਬ ਦੇ ਬਹਾਦਰ ਨਾਇਕਾਂ ਨੇ ਮੁਗਲਾਂ ਅਤੇ ਅਬਦਾਲੀ ਵਿਰੁੱਧ ਲੜਾਈ ਲੜੀ, ਉਸ ਤੋਂ ਬਾਅਦ ਪੰਜਾਬੀਆਂ ਨੇ ਭਾਰਤ ਦੀ ਆਜ਼ਾਦੀ ਦੇ ਸੰਘਰਸ਼ ਵਿੱਚ ਵੱਡਾ ਯੋਗਦਾਨ ਪਾਇਆ, ਫਿਰ ਇਹ ਕਿਵੇਂ ਹੋ ਸਕਦਾ ਹੈ ਕਿ ਪੰਜਾਬ ਦੇ ਲੋਕ ਨਸ਼ਾ ਤਸਕਰਾਂ ਵਿਰੁੱਧ ਨਾ ਲੜਨ। ਉਨ੍ਹਾਂ ਕਿਹਾ ਕਿ ਜੇਕਰ ਕੋਈ ਨਸ਼ਾ ਵੇਚਦਾ ਹੈ, ਤਾਂ ਤੁਰੰਤ ਪੁਲੀਸ ਕੋਲ ਸ਼ਿਕਾਇਤ ਦਰਜ ਕਰਵਾਉਣ ਅਤੇ ਸ਼ਿਕਾਇਤਕਰਤਾ ਦਾ ਨਾਮ ਅਤੇ ਪਤਾ ਗੁਪਤ ਰੱਖਿਆ ਜਾਵੇਗਾ।
ਇਸ ਤੋਂ ਪਹਿਲਾਂ ਡੀਸੀ ਕੋਮਲ ਮਿੱਤਲ ਨੇ ਕਿਹਾ ਕਿ ਇਹ ਕਮੇਟੀਆਂ ਪੁਲੀਸ ਅਤੇ ਪ੍ਰਸ਼ਾਸਨ ਨਾਲ ਸੰਪਰਕ ਕਰਕੇ ਨਸ਼ਿਆਂ ਨੂੰ ਠੱਲ੍ਹਣ ਅਤੇ ਪੀੜਤਾਂ ਦਾ ਨਸ਼ਾ ਛੁਡਾਉਣ ਵਿੱਚ ਅਹਿਮ ਭੂਮਿਕਾ ਨਿਭਾ ਸਕਦੀਆਂ ਹਨ। ਜੇਕਰ ਉਨ੍ਹਾਂ ਨੂੰ ਨਸ਼ਾ ਤਸਕਰਾਂ ਵਿਰੁੱਧ ਸ਼ਿਕਾਇਤਾਂ ਦੇ ਨਿਪਟਾਰੇ ਵਿੱਚ ਕੋਈ ਮੁਸ਼ਕਲ ਆਉਂਦੀ ਹੈ, ਤਾਂ ਉਹ ਡੀਸੀ ਦਫ਼ਤਰ ਨਾਲ ਸਿੱਧਾ ਤਾਲਮੇਲ ਕਰ ਸਕਦੇ ਹਨ।

ਐੱਸਐੱਸਪੀ ਦੀਪਕ ਪਾਰਿਕ ਨੇ ਕਿਹਾ ਕਿ ਮਾਨਵਤਾ ਦੇ ਦੋਖੀਆਂ ਨੂੰ ਬਚਾਉਣ ਲਈ ਕੋਈ ਸਿਫ਼ਾਰਸ਼ ਨਹੀਂ ਕੀਤੀ ਜਾਣੀ ਚਾਹੀਦੀ ਅਤੇ ਉਨ੍ਹਾਂ ਨੂੰ ਰਿਹਾਅ ਕਰਵਾਉਣ ਵਿੱਚ ਮਦਦ ਕਰਨ ਲਈ ਅਦਾਲਤਾਂ ਵਿੱਚ ਕੋਈ ਵੀ ਵਿਅਕਤੀ ਜ਼ਮਾਨਤੀ ਬਾਂਡ ਭਰਨ ਤੋਂ ਗੁਰੇਜ਼ ਕਰੇ।
ਇਸ ਮੌਕੇ ਸਿਹਤ ਮੰਤਰੀ ਵੱਲੋਂ ਪੰਜਾਬ ਜਲ ਸਪਲਾਈ ਤੇ ਸੀਵਰੇਜ ਬੋਰਡ ਦੇ ਚੇਅਰਮੈਨ ਡਾ. ਸੰਨੀ ਆਹਲੂਵਾਲੀਆ, ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਪ੍ਰਭਜੋਤ ਕੌਰ, ਮਿਲਕਫੈੱਡ ਦੇ ਚੇਅਰਮੈਨ ਨਰਿੰਦਰ ਸਿੰਘ ਸ਼ੇਰਗਿੱਲ, ਮਾਰਕੀਟ ਕਮੇਟੀ ਮੁਹਾਲੀ ਦੇ ਚੇਅਰਮੈਨ ਗੋਵਿੰਦਰ ਮਿੱਤਲ, ਡਿਪਟੀ ਮੇਅਰ ਪਟਿਆਲਾ ਅਤੇ ਮਾਲਵਾ ਜ਼ੋਨ ਕੋਆਰਡੀਨੇਟਰ, ਯੁੱਧ ਨਸ਼ਿਆਂ ਵਿਰੁੱਧ, ਜਗਦੀਪ ਸਿੰਘ ਜੱਗਾ, ਏਡੀਸੀ (ਪੇਂਡੂ ਵਿਕਾਸ) ਸੋਨਮ ਚੌਧਰੀ, ਐਸਡੀਐਮ ਦਮਨਦੀਪ ਕੌਰ, ਐਸਡੀਐਮ ਖਰੜ ਗੁਰਮੰਦਰ ਸਿੰਘ, ਐਸਡੀਐਮ ਡੇਰਾਬੱਸੀ ਅਮਿਤ ਗੁਪਤਾ ਅਤੇ ਸਿਵਲ ਸਰਜਨ ਡਾ. ਸੰਗੀਤਾ ਜੈਨ ਸਮੇਤ ਹਾਜ਼ਰ ਲੋਕਾਂ ਨੂੰ ਨਸ਼ਿਆਂ ਖ਼ਿਲਾਫ਼ ਫ਼ੈਸਲਾਕੁਨ ਜੰਗ ਲੜਨ ਦੀ ਸਹੁੰ ਵੀ ਚੁਕਾਈ।

Load More Related Articles
Load More By Nabaz-e-Punjab
Load More In General News

Check Also

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ Nabaz-e-Punjab, ਲੁਧਿਆਣਾ, 24 ਅਪ੍ਰੈਲ, 20…