Share on Facebook Share on Twitter Share on Google+ Share on Pinterest Share on Linkedin ਕਈ ਕਿਸਾਨ ਆਗੂ ਨੂੰ ਘਰਾਂ ਵਿੱਚ ਨਜ਼ਰਬੰਦ ਤੇ ਕਈ ਆਗੂ ਹਿਰਾਸਤ ’ਚ ਲਏ ਨਬਜ਼-ਏ-ਪੰਜਾਬ, ਮੁਹਾਲੀ, 5 ਮਈ: ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ) ਦੇ ਸੱਦੇ ’ਤੇ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਅਤੇ ਕਿਸਾਨ ਯੂਨੀਅਨ (ਡੱਲੇਵਾਲ) ਵੱਲੋਂ ਭਲਕੇ 6 ਮਈ ਨੂੰ ਸ਼ੰਭੂ ਥਾਣੇ ਦਾ ਘਿਰਾਓ ਕਰਨ ਦੇ ਉਲੀਕੇ ਪ੍ਰੋਗਰਾਮ ਨੂੰ ਤਾਰਪੀਡੋ ਕਰਨ ਲਈ ਪੰਜਾਬ ਪੁਲੀਸ ਨੇ ਕਸਰ ਕੱਸ ਲਈ ਹੈ ਅਤੇ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੂੰ ਘਰਾਂ ਵਿੱਚ ਨਜ਼ਰਬੰਦ ਕਰਨ ਕੀਤਾ ਗਿਆ ਹੈ। ਇਹ ਧਰਨਾ ਪ੍ਰਦਰਸ਼ਨ ਪਿੱਛੇ ਜਿਹੇ ਪੰਜਾਬ ਸਰਕਾਰ ਵੱਲੋਂ ਵੱਡੇ ਕਿਸਾਨ ਆਗੂਆਂ ਨੂੰ ਗ੍ਰਿਫ਼ਤਾਰ ਕਰਨ ਅਤੇ ਪੁਲੀਸ ਫੋਰਸ ਦੀ ਮਦਦ ਨਾਲ ਧੱਕੇ ਨਾਲ ਸ਼ੰਭੂ ਬਾਰਡਰ ਅਤੇ ਖਨੌਰੀ ਬਾਰਡਰ ਤੋਂ ਕਿਸਾਨਾਂ ਵੱਲੋਂ ਲਾਏ ਪੱਕੇ ਮੋਰਚੇ ਚੁੱਕਣ ਅਤੇ ਇਸ ਕਾਰਵਾਈ ਦੌਰਾਨ ਕਿਸਾਨਾਂ ਦੀ ਮਿਸ਼ਨਰੀ, ਟਰੈਕਟਰ-ਟਰਾਲੀਆਂ ਅਤੇ ਹੋਰ ਸਮਾਨ ਚੁੱਕ ਕੇ ਲਿਜਾਉਣ ਦੇ ਰੋਸ ਵਜੋਂ ਕੀਤਾ ਜਾ ਰਿਹਾ ਹੈ। ਜਾਣਕਾਰੀ ਅਨੁਸਾਰ ਮੁਹਾਲੀ ਪੁਲੀਸ ਵੱਲੋਂ ਕਿਸਾਨ ਯੂਨੀਅਨ (ਰਾਜੇਵਾਲ) ਦੇ ਸੂਬਾ ਸਕੱਤਰ ਪਰਮਦੀਪ ਸਿੰਘ ਬੈਦਵਾਨ, ਜ਼ਿਲ੍ਹਾ ਪ੍ਰਧਾਨ ਕਿਰਪਾਲ ਸਿੰਘ ਸਿਆਊ, ਕਿਸਾਨ ਆਗੂ ਹਰਦੀਪ ਸਿੰਘ ਬਲਟਾਣਾ, ਕੁਲਦੀਪ ਸਿੰਘ ਕੁਰੜੀ, ਬਲਾਕ ਪ੍ਰਧਾਨ ਤਰਲੋਚਨ ਸਿੰਘ ਨੰਡਿਆਲੀ ਨੂੰ ਘਰਾਂ ਵਿੱਚ ਹਾਊਸ ਅਰੈਸਟ ਕੀਤਾ ਗਿਆ ਹੈ। ਇਸ ਤੋਂ ਇਲਾਵਾ ਕਈ ਹੋਰਨਾਂ ਕਿਸਾਨਾਂ ਆਗੂਆਂ ਦੇ ਘਰਾਂ ਵਿੱਚ ਵੀ ਪੁਲੀਸ ਟੀਮਾਂ ਨੇ ਦਸਤਕ ਦਿੱਤੀ ਹੈ ਅਤੇ ਕਿਸਾਨਾਂ ਨੂੰ ਸਾਫ਼ ਲਫ਼ਜ਼ਾਂ ਵਿੱਚ ਕਿਹਾ ਗਿਆ ਹੈ ਕਿ ਉਹ ਆਪਣੇ ਘਰਾਂ ਤੋਂ ਬਾਹਰ ਨਾ ਨਿਕਲਣ ਅਤੇ ਸ਼ੰਭੂ ਥਾਣੇ ਦੇ ਘਿਰਾਓ ਲਈ ਉਲੀਕੇ ਪ੍ਰੋਗਰਾਮ ਦਾ ਹਿੱਸਾ ਨਾ ਬਣਨ। ਪੰਜਾਬ ਸਰਕਾਰ ਦੀ ਇਸ ਕਾਰਵਾਈ ਤੋਂ ਕਿਸਾਨਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਧਰ, ਜ਼ਿਲ੍ਹਾ ਪੁਲੀਸ ਵੱਲੋਂ ਭਾਰਤੀ ਕਿਸਾਨ ਯੂਨੀਅਨ (ਏਕਤਾ-ਸਿੱਧੂਪੁਰ) ਦੇ ਸੂਬਾ ਪ੍ਰੈਸ ਸਕੱਤਰ ਮੇਹਰ ਸਿੰਘ ਥੇੜੀ, ਜ਼ਿਲ੍ਹਾ ਪ੍ਰਧਾਨ ਰਵਿੰਦਰ ਸਿੰਘ ਦੇਹਕਲਾਂ, ਜੱਸੀ ਘੜੂੰਆਂ, ਹਕੀਕਤ ਸਿੰਘ ਧਨੋਆ, ਬਲਜਿੰਦਰ ਸਿੰਘ ਘਨੌਲੀ, ਬੰਤ ਸਿੰਘ ਭੁੱਖੜੀ, ਹਰਿੰਦਰ ਸਿੰਘ ਪੋਪਨਾ, ਹਰੀ ਬਚਨ ਸਿੰਘ ਰੰਗੀਆ ਸਮੇਤ ਕਈ ਹੋਰਨਾਂ ਆਗੂਆਂ ਨੂੰ ਹਿਰਾਸਤ ਵਿੱਚ ਲੈਣ ਬਾਰੇ ਪਤਾ ਲੱਗਾ ਹੈ। ਕਾਬਿਲੇਗੌਰ ਹੈ ਕਿ ਬੀਤੀ 5 ਮਾਰਚ ਨੂੰ ਵੀ ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ’ਤੇ ਪੰਜਾਬ ਦੇ ਕਿਸਾਨਾਂ ਵੱਲੋਂ ਚੰਡੀਗੜ੍ਹ ਸਮੇਤ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰੀ ਕੋਠੀ ਘੇਰਨ ਲਈ ਉਲੀਕੇ ਸੰਘਰਸ਼ ਨੂੰ ਤਾਰਪੀਡੋ ਕਰਨ ਲਈ ਮੁਹਾਲੀ ਪੁਲੀਸ ਵੱਲੋਂ ਵੱਡੀ ਗਿਣਤੀ ਵਿੱਚ ਕਿਸਾਨਾਂ ਨੂੰ ਹਿਰਾਸਤ ਵਿੱਚ ਲਿਆ ਗਿਆ ਸੀ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ