ਕੇਂਦਰ ਸਰਕਾਰ ਦੀ ਅਣਗਹਿਲੀ ਕਾਰਨ ਮੰਡੀਆਂ ਵਿੱਚ ਕਣਕ ਦੇ ਅੰਬਾਰ ਲੱਗੇ: ਬਰਸਟ

ਸਪੈਸ਼ਲ ਟਰੇਨਾਂ ਲਗਾ ਕੇ ਪੰਜਾਬ ਦੀਆਂ ਮੰਡੀਆਂ ’ਚੋਂ ਫ਼ੌਰੀ ਕਣਕ ਦੀ ਲਿਫ਼ਟਿੰਗ ਕਰਵਾਏ ਕੇਂਦਰ:

ਪੰਜਾਬ ਦੀਆਂ ਮੰਡੀਆਂ ਵਿੱਚ 124.05 ਲੱਖ ਮੀਟਰਿਕ ਟਨ ਕਣਕ ਦੀ ਆਮਦ, 123.35 ਲੱਖ ਮੀਟਰਿਕ ਟਨ ਖਰੀਦੀ

ਨਬਜ਼-ਏ-ਪੰਜਾਬ, ਮੁਹਾਲੀ, 6 ਮਈ:
ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਅਤੇ ‘ਆਪ’ ਦੇ ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬੇ ਦੀਆਂ ਮੰਡੀਆਂ ਵਿੱਚ ਕਣਕ ਦੀ ਸਰਕਾਰੀ ਖ਼ਰੀਦ ਦੇ ਪੁਖ਼ਤਾ ਪ੍ਰਬੰਧਾਂ ਕੀਤੇ ਗਏ ਹਨ ਅਤੇ ਕਿਸਾਨਾਂ ਦੀ ਫ਼ਸਲ ਦਾ ਦਾਣਾ-ਦਾਣਾ ਖ਼ਰੀਦਿਆਂ ਜਾ ਰਿਹਾ ਹੈ ਅਤੇ ਕਿਸਾਨਾਂ ਨੂੰ ਫ਼ਸਲ ਦੀ ਅਦਾਇਗੀ ਵੀ ਨਾਲੋਂ-ਨਾਲ ਕੀਤੀ ਜਾ ਰਹੀ ਹੈ ਪ੍ਰੰਤੂ ਕੇਂਦਰ ਸਰਕਾਰ ਆਪਣੀ ਜ਼ਿੰਮੇਵਾਰੀ ਨੂੰ ਸਹੀ ਢੰਗ ਨਾਲ ਨਹੀਂ ਨਿਭਾ ਰਹੀ। ਜਿਸ ਕਾਰਨ ਮੰਡੀਆਂ ਵਿੱਚ ਕਣਕ ਦੇ ਅੰਬਾਰ ਲੱਗੇ ਹੋਏ ਹਨ।
ਸ੍ਰੀ ਬਰਸਟ ਨੇ ਕਿਹਾ ਕਿ ਖਰੀਦੀ ਗਈ ਕਣਕ ਦੀ ਲਿਫ਼ਟਿੰਗ ਕਰਵਾਉਣ ਦੀ ਜ਼ਿੰਮੇਵਾਰੀ ਕੇਂਦਰ ਸਰਕਾਰ ਦੀ ਹੈ ਪਰ ਕੇਂਦਰ ਅਤੇ ਐਫ਼ਸੀਆਈ ਵੱਲੋਂ ਮੰਡੀਆਂ ’ਚੋਂ ਕਣਕ ਦੀ ਲਿਫ਼ਟਿੰਗ ਵਿੱਚ ਕਥਿਤ ਅਣਗਹਿਲੀ ਵਰਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਪੰਜਾਬ ਦੀਆਂ ਮੰਡੀਆਂ ਵਿੱਚ 124.05 ਲੱਖ ਮੀਟਰਿਕ ਟਨ ਕਣਕ ਦੀ ਆਮਦ ਹੋ ਚੁੱਕੀ ਹੈ ਅਤੇ 123.35 ਲੱਖ ਮੀਟਰਿਕ ਟਨ ਕਣਕ ਦੀ ਖ਼ਰੀਦ ਹੋ ਚੁੱਕੀ ਹੈ, ਜਿਸ ’ਚੋਂ 79.36 ਲੱਖ ਮੀਟਰਿਕ ਟਨ ਕਣਕ ਦੀ ਲਿਫ਼ਟਿੰਗ ਹੋਈ ਹੈ ਜਦੋਂਕਿ 43.99 ਲੱਖ ਮੀਟਰਿਕ ਟਨ ਕਣਕ ਮੰਡੀਆਂ ਵਿੱਚ ਹੀ ਪਈ ਹੈ। ਉਨ੍ਹਾਂ ਦੱਸਿਆ ਕਿ 5 ਮਈ ਨੂੰ ਸੂਬੇ ਦੀਆਂ ਮੰਡੀਆਂ ਵਿੱਚ 1.10 ਲੱਖ ਮੀਟਰਿਕ ਟਨ ਕਣਕ ਦੀ ਆਮਦ ਹੋਈ, ਜਿਸ ’ਚੋਂ 1.19 ਲੱਖ ਮੀਟਰਿਕ ਟਨ ਕਣਕ ਖਰੀਦੀ ਗਈ ਹੈ। ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ 25821.71 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ।
‘ਆਪ’ ਆਗੂ ਨੇ ਕਿਹਾ ਕਿ ਸੂਬੇ ਵਿੱਚ ਮੌਸਮ ਖ਼ਰਾਬ ਹੋ ਰਿਹਾ ਹੈ ਅਤੇ ਲਿਫ਼ਟਿੰਗ ਘੱਟ ਹੋਣ ਕਾਰਨ ਮੰਡੀਆਂ ਵਿੱਚ ਕਣਕ ਦੇ ਢੇਰ ਲੱਗੇ ਹੋਏ ਹਨ। ਕੇਂਦਰ ਦੀ ਮਾੜੀ ਕਾਰਗੁਜ਼ਾਰੀ ਦੇ ਚੱਲਦਿਆਂ ਮੰਡੀਆਂ ਵਿੱਚ ਕਣਕ ਭਿੱਜ ਰਹੀ ਹੈ, ਹਾਲਾਂਕਿ ਪੰਜਾਬ ਸਰਕਾਰ ਵੱਲੋਂ ਮੰਡੀਆਂ ਵਿੱਚ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ ਪਰ ਮੌਸਮ ਖ਼ਰਾਬ ਹੋਣ ਕਰਕੇ ਜੇਕਰ ਖਰੀਦੀ ਕਣਕ ਭਿੱਜਦੀ ਹੈ, ਤਾਂ ਉਸਦੀ ਜ਼ਿੰਮੇਵਾਰੀ ਕੇਂਦਰ ਸਰਕਾਰ ਦੀ ਹੋਵੇਗੀ। ਉਨ੍ਹਾਂ ਕਿਹਾ ਕਿ ਕੇਂਦਰ ਨੂੰ ਮੰਡੀਆਂ ’ਚੋਂ ਕਣਕ ਦੀ ਲਿਫ਼ਟਿੰਗ ਲਈ ਪੁਖ਼ਤਾ ਪ੍ਰਬੰਧ ਕਰਨੇ ਚਾਹੀਦੇ ਹਨ। ਲੋਕਾਂ ਤੱਕ ਸਹੀ ਕਿਸਮ ਦਾ ਅਨਾਜ ਪਹੁੰਚਾਉਣ ਲਈ ਕੇਂਦਰ ਅਤੇ ਐਫ਼ਸੀਆਈ ਆਪਣੀ ਜ਼ਿੰਮੇਵਾਰੀ ਸਮਝੇ ਅਤੇ ਫ਼ੌਰੀ ਸਪੈਸ਼ਲ ਟਰੇਨਾਂ ਲਗਾ ਕੇ ਲਿਫ਼ਟਿੰਗ ਯਕੀਨੀ ਬਣਾਈ ਜਾਵੇ।
ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਸਰਕਾਰ ਵੱਲੋਂ ਮੰਡੀਆਂ ਵਿੱਚ ਸਾਫ਼-ਸਫ਼ਾਈ, ਬਿਜਲੀ-ਪਾਣੀ, ਬਾਥਰੂਮ, ਛਾਂ ਅਤੇ ਬੈਠਣ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਕਿਸਾਨਾਂ, ਆੜ੍ਹਤੀਆਂ, ਮਜ਼ਦੂਰਾਂ ਨੂੰ ਕਿਸੇ ਕਿਸਮ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। ਮੰਡੀ ਬੋਰਡ ਵੱਲੋਂ ਕਣਕ ਦੀ ਖ਼ਰੀਦ ਕਰਵਾਉਣ ਲਈ ਕੁੱਲ 1865 ਪੱਕੀਆਂ ਮੰਡੀਆਂ ਘੋਸ਼ਿਤ ਕੀਤੀਆਂ ਗਈਆਂ ਹਨ। ਜਿਨ੍ਹਾਂ ਵਿੱਚ 152 ਮੁੱਖ ਯਾਰਡ, 285 ਸਬ-ਯਾਰਡ ਅਤੇ 1428 ਖ਼ਰੀਦ ਕੇਂਦਰ ਆਉਂਦੇ ਹਨ। ਨਾਲ ਹੀ ਕਣਕ ਦੀ ਫ਼ਸਲ ਦੀ ਆਮਦ ਨੂੰ ਧਿਆਨ ਵਿੱਚ ਰੱਖਦਿਆਂ 1028 ਆਰਜ਼ੀ ਮੰਡੀਆਂ ਘੋਸ਼ਿਤ ਕੀਤੀਆਂ ਜਾ ਚੁੱਕੀਆਂ ਹਨ, ਜਿਨ੍ਹਾਂ ਵਿੱਚ ਕਣਕ ਦੀ ਖ਼ਰੀਦ ਜਾਰੀ ਹੈ।
ਕਿਸਾਨ ਯੂਨੀਅਨ (ਲੱਖੋਵਾਲ) ਦੇ ਜ਼ਿਲ੍ਹਾ ਜਨਰਲ ਸਕੱਤਰ ਜਸਪਾਲ ਸਿੰਘ ਨਿਆਮੀਆਂ ਨੇ ਕਿਹਾ ਕਿ ਮੁਹਾਲੀ ਜ਼ਿਲ੍ਹੇ ਦੀਆਂ ਜ਼ਿਆਦਾਤਰ ਮੰਡੀਆਂ ਵਿੱਚ ਕਣਕ ਦੀਆਂ ਬੋਰੀਆਂ ਦੇ ਵੱਡੇ-ਵੱਡੇ ਢੇਰ ਲੱਗੇ ਹੋਏ ਹਨ। ਸਰਕਾਰ ਅਤੇ ਐਫ਼ਸੀਆਈ ਵੱਲੋਂ ਸਹੀ ਤਰੀਕੇ ਨਾਲ ਮੰਡੀਆਂ ਵਿੱਚ ਖ਼ਰੀਦੀ ਗਈ ਕਣਕ ਦੀ ਲਿਫ਼ਟਿੰਗ ਨਹੀਂ ਕੀਤੀ ਜਾ ਰਹੀ। ਕਈ ਥਾਵਾਂ ’ਤੇ ਤਰਪਾਲਾਂ ਵੀ ਫਟੀਆਂ ਹੋਈਆਂ ਹਨ। ਉਨ੍ਹਾਂ ਮੌਸਮ ਵਿਭਾਗ ਦੀ ਸੂਚਨਾ ਦਾ ਹਵਾਲਾ ਦਿੰਦਿਆਂ ਕਿਹਾ ਕਿ ਇਸ ਹਫ਼ਤੇ ਪੰਜਾਬ ਵਿੱਚ ਹਨੇਰੀ, ਤੇਜ਼ ਹਵਾਵਾਂ ਚੱਲਣ ਅਤੇ ਬਾਰਸ਼ ਹੋਣ ਦਾ ਖ਼ਦਸ਼ਾ ਪ੍ਰਗਟ ਕੀਤਾ ਗਿਆ ਹੈ ਪ੍ਰੰਤੂ ਮੰਡੀਆਂ ਵਿੱਚ ਖੁੱਲ੍ਹੇ ਅਸਮਾਨ ਦੇ ਥੱਲੇ ਕਣਕ ਦੀਆਂ ਬੋਰੀਆਂ ਪਈਆਂ ਹਨ। ਉਨ੍ਹਾਂ ਨੇ ਖ਼ਰੀਦੀ ਗਈ ਫ਼ਸਲ ਦਾ ਨੁਕਸਾਨ ਹੋਣ ਦਾ ਖ਼ਦਸ਼ਾ ਜਤਾਇਆ ਹੈ। ਉਨ੍ਹਾਂ ਮੰਗ ਕੀਤੀ ਕਿ ਮੰਡੀਆਂ ’ਚੋਂ ਕਣਕ ਚੁੱਕ ਕੇ ਸੁਰੱਖਿਅਤ ਥਾਂ ’ਤੇ ਪਹੁੰਚਾਈ ਜਾਵੇ।

Load More Related Articles
Load More By Nabaz-e-Punjab
Load More In General News

Check Also

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ Nabaz-e-Punjab, ਲੁਧਿਆਣਾ, 24 ਅਪ੍ਰੈਲ, 20…