ਸਿਆਸੀ ਪਾਰਟੀਆਂ ਤੇ ਉਮੀਦਵਾਰਾਂ ਦੇ ਚੋਣ ਖਰਚੇ ’ਤੇ ਰੱਖੀ ਜਾਵੇਗੀ ਤਿੱਖੀ ਨਜ਼ਰ: ਅਨੁਪ੍ਰੀਤਾ ਜੌਹਲ

ਚੋਣ ਅਧਿਕਾਰੀ ਨੇ ਸਿਆਸੀ ਪਾਰਟੀਆਂ ਤੇ ਆਗੂਆਂ ਤੇ ਉਮੀਦਵਾਰ ਵਿਰੁੱਧ ਸ਼ਿਕੰਜਾ ਕੱਸਿਆ

ਬਿਨਾਂ ਅਗਾਊਂ ਪ੍ਰਵਾਨਗੀ ਤੋਂ ਸੋਸ਼ਲ ਮੀਡੀਆ ਦੇ ਪ੍ਰਯੋਗ ’ਤੇ ਲਗਾਈ ਮੁਕੰਮਲ ਰੋਕ, ਮੁਹਾਲੀ ਵਿੱਚ ਉਮੀਦਵਾਰਾਂ ਨੂੰ 4 ਨੋਟਿਸ ਜਾਰੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 13 ਜਨਵਰੀ:
ਮੁਹਾਲੀ ਵਿਧਾਨ ਸਭਾ ਹਲਕੇ ਦੀ ਰਿਟਰਨਿੰਗ ਅਫ਼ਸਰ-ਕਮ-ਐਸਡੀਐਮ ਅਨੁਪ੍ਰੀਤਾ ਜੌਹਲ ਨੇ ਅੱਜ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਸਥਿਤ ਆਪਣੇ ਦਫ਼ਤਰ ਵਿਖੇ ਪਲੇਠੀ ਪ੍ਰੈਸ ਮਿਲਣੀ ਦੌਰਾਨ ਦੱਸਿਆ ਕਿ ਚਾਰ ਫਰਵਰੀ ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਅਮਨ ਅਮਾਨ ਨਾਲ ਨੇਪਰੇ ਚੜ੍ਹਾਉਣ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਕੋਈ ਵੀ ਚੋਣ ਲੜਨ ਵਾਲਾ ਉਮੀਦਵਾਰ ਵਿਧਾਨ ਸਭਾ ਚੌਣਾਂ ਦੌਰਾਨ 28 ਲੱਖ ਰੁਪਏ ਦੀ ਰਾਸ਼ੀ ਤੋਂ ਵੱਧ ਨਹੀਂ ਖਰਚ ਕਰ ਸਕਦਾ ਹੈ। ਇਸ ਸਬੰਧੀ ਉਮੀਦਵਾਰਾਂ ਦੇ ਖਰਚੇ ’ਤੇ ਤਿੱਖੀ ਨਿਗਰਾਨੀ ਰੱਖੀ ਜਾਵੇਗੀ। ਇਸ ਸਬੰਧੀ ਵਿਸ਼ੇਸ਼ ਊਡਣ ਦਸਤੇ ਅਤੇ ਨਿਗਰਾਨ ਟੀਮਾਂ ਦਾ ਗਠਨ ਕੀਤਾ ਗਿਆ ਹੈ ਜੋ ਕਿ 24 ਘੰਟੇ ਨਿਗਰਾਨੀ ਕਰ ਰਹੀਆਂ ਹਨ। ਇਸ ਮੌਕੇ ਉਨ੍ਹਾਂ ਚੋਣਾਂ ਦੌਰਾਨ ਮੀਡੀਏ ਦੇ ਮੁਕੰਮਲ ਸਹਿਯੋਗ ਦੀ ਮੰਗ ਕਰਦਿਆਂ ਕਿਹਾ ਕਿ ਕਈ ਵਾਰ ਮੀਡੀਏ ਕੋਲ ਪ੍ਰਸ਼ਾਸਨ ਤੋਂ ਵੀ ਵੱਧ ਅਹਿਮ ਸੂਚਨਾਵਾਂ ਹੁੰਦੀਆਂ ਹਨ। ਜਿਨ੍ਹਾਂ ਨੂੰ ਉਨ੍ਹਾਂ ਨੇ ਆਪਣੇ ਨਾਲ ਸਾਝੀਆਂ ਕਰਨ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਕੋਈ ਵੀ ਪੱਤਰਕਾਰ ਚੋਣਾਂ ਸਬੰਧੀ ਕਿਸੇ ਕਿਸਮ ਦੀ ਜਾਣਕਾਰੀ ਉਨ੍ਹਾਂ ਦੇ ਮੋਬਾਈਲ ਨੰਬਰ 99141-03939 ਜਾਂ ਵਟਸਅਪ ਰਾਹੀਂ ਦੇ ਸਕਦਾ ਹੈ। ਜਿਸ ’ਤੇ ਤੁਰੰਤ ਕਾਰਵਾਈ ਕੀਤੀ ਜਾਵੇਗੀ।
ਪੰਜਾਬ ਵਿੱਚ 4 ਫਰਵਰੀ ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸਿਆਸੀ ਪਾਰਟੀਆਂ ਅਤੇ ਚੋਣ ਲੜ ਰਹੇ ਉਮੀਦਵਾਰਾਂ ਨੂੰ ਸੋਸ਼ਲ ਮੀਡੀਆ ’ਤੇ ਲੋਹੜੀ, ਮੱਘਰ ਸੰਗਰਾਂਦ ਅਤੇ ਗਣਤੰਤਰ ਦਿਵਸ ਦੇ ਜਸ਼ਨ ਮਨਾਉਣਾ ਅਤੇ ਵਧਾਈਆਂ ਦੇਣ ਕਾਫੀ ਮਹਿੰਗਾ ਪੈ ਸਕਦਾ ਹੈ। ਚੋਣ ਕਮਿਸ਼ਨ ਨੇ ਇਸ ਨੂੰ ਚੋਣ ਖ਼ਰਚੇ ਵਿੱਚ ਜੋੜਦਿਆਂ ਅਜਿਹਾ ਕਰਨ ਤੋਂ ਪਹਿਲਾਂ ਰਿਟਰਨਿੰਗ ਅਫ਼ਸਰ ਤੋਂ ਅਗਾਊਂ ਪ੍ਰਵਾਨਗੀ ਨਾ ਲੈਣਾ ਚੋਣ ਜ਼ਾਬਤੇ ਦੀ ਉਲੰਘਣਾ ਮੰਨਿਆ ਜਾਵੇਗਾ। ਚੋਣ ਕਮਿਸ਼ਨ ਦੇ ਇਸ ਸਖ਼ਤ ਰੁੱਖ ਨੇ ਉਮੀਦਵਾਰਾਂ ਦੀ ਨੀਂਦ ਉੱਡਾ ਦਿੱਤੀ ਹੈ।
ਸਿਆਸੀ ਪਾਰਟੀਆਂ ਵੱਲੋਂ ਚਲਾਏ ਜਾ ਰਹੇ ਸੋਸ਼ਲ ਮੀਡੀਆ ਗਰੁੱਪਾਂ ਉੱਤੇ ਵੀ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ। ਇਸ ਸਬੰਧੀ ਚੋਣ ਅਧਿਕਾਰੀ ਦੀ ਮੁੱਢਲੀ ਜਾਂਚ ਵਿੱਚ ਕੋਈ ਉਮੀਦਵਾਰ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਦਾ ਭਾਗੀਦਾਰ ਪਾਇਆ ਜਾਂਦਾ ਹੈ ਤਾਂ ਉਸ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਂਜ ਇਸ ਸਬੰਧੀ ਪਹਿਲਾਂ ਉਮੀਦਵਾਰ ਨੂੰ ਨੋਟਿਸ ਜਾਰੀ ਕਰਕੇ ਆਪਣਾ ਪੱਖ ਰੱਖਣ ਦੀ ਮੋਹਲਤ ਦਿੱਤੀ ਜਾਵੇਗੀ। ਪ੍ਰੰਤੂ ਤਸੱਲੀ ਬਖ਼ਸ਼ ਜਵਾਬ ਨਾ ਮਿਲਣ ਕਾਰਨ ਸਬੰਧਤ ਨੂੰ ਕਾਨੂੰਨ ਦੀ ਮਾਰ ਵੀ ਝੱਲਣੀ ਪੈ ਸਕਦੀ ਹੈ। ਸੂਤਰ ਦੱਸਦੇ ਹਨ ਕਿ ਵਾਰ ਵਾਰ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਨੂੰ ਚੋਣ ਲੜਨ ਤੋਂ ਵੀ ਹੱਥ ਧੋਣੇ ਪੈ ਸਕਦੇ ਹਨ।
ਜਾਣਕਾਰੀ ਅਨੁਸਾਰ ਅੱਜ ਮੁਹਾਲੀ ਅਤੇ ਆਸ ਪਾਸ ਦੇ ਹਲਕਿਆਂ ਵਿੱਚ ਸਿਆਸੀ ਪਾਰਟੀਆਂ ਅਤੇ ਉਮੀਦਵਾਰਾਂ ਨੇ ਚੋਣ ਪ੍ਰਚਾਰ ਕਰਨ ਦੀ ਆੜ ਵਿੱਚ ਦੇਰ ਸ਼ਾਮ ਲੋਹੜੀ ਮਨਾਈ ਗਈ ਹੈ। ਇਸ ਦੌਰਾਨ ਲੋਹੜੀ ਦੀਆਂ ਵਧਾਈਆਂ ਦੇ ਨਾਲ-ਨਾਲ ਚੋਣ ਪ੍ਰਚਾਰ ਵੀ ਕੀਤਾ ਗਿਆ ਹੈ। ਜਦੋਂ ਕਿ ਅਧਿਕਾਰੀਆਂ ਦਾ ਕਹਿਣਾ ਹੈ ਕਿ ਅਜਿਹਾ ਕਰਨ ਤੋਂ ਪਹਿਲਾਂ ਉਮੀਦਵਾਰਾਂ ਨੂੰ ਬਕਾਇਦਾ ਚੋਣ ਅਧਿਕਾਰੀ ਤੋਂ ਅਗਾਊਂ ਪ੍ਰਵਾਨਗੀ ਲੈਣੀ ਲਾਜ਼ਮੀ ਹੈ। ਲੇਕਿਨ ਹੁਣ ਦੇਖਣਾ ਇਹ ਹੈ ਕਿ ਅੱਜ ਹੋਏ ਲੋਹੜੀ ਸਮਾਗਮਾਂ ਬਾਰੇ ਰਾਜਸੀ ਪਾਰਟੀਆਂ ਨੇ ਅਗਾਊਂ ਪ੍ਰਵਾਨਗੀਆਂ ਲਈਆਂ ਹਨ ਜਾਂ ਨਹੀਂ? ਇਹੀ ਨਹੀਂ ਉਮੀਦਵਾਰਾਂ ਦੇ ਬਲਕ ਮੈਸਜ ਭੇਜਣ ’ਤੇ ਵੀ ਪਾਬੰਦੀ ਲਗਾਈ ਗਈ ਹੈ। ਸੂਤਰ ਦੱਸਦੇ ਹਨ ਕਿ ਪ੍ਰਸ਼ਾਸਨ ਨੇ ਉਮੀਦਵਾਰਾਂ ਦੀਆਂ ਸੋਸ਼ਲ ਮੀਡੀਆ ’ਤੇ ਚਲਾਈਆਂ ਜਾ ਰਹੀਆਂ ਗਤੀਵਿਧੀਆਂ ’ਤੇ ਨਜ਼ਰ ਰੱਖਣ ਲਈ ਸਾਈਬਰ ਦੇ ਮਾਹਰਾਂ ਵੱਲੋਂ ਕੜੀ ਨਜ਼ਰ ਰੱਖੀ ਜਾ ਰਹੀ ਹੈ। ਪਾਰਟੀਆਂ ਵੱਲੋਂ ਜਿਹੜੇ ਟੈਕਮੈਸਜ ਭੇਜੇ ਜਾ ਰਹੇ ਹਨ ਜਾਂ ਭੇਜੇ ਗਏ ਹਨ। ਉਨ੍ਹਾਂ ਦਾ ਵੀ ਪਤਾ ਲਗਾਇਆ ਜਾ ਰਿਹਾ ਹੈ। ਇਹ ਸਾਰਾ ਕੁੱਝ ਉਮੀਦਵਾਰ ਦੇ ਚੋਣ ਖ਼ਰਚੇ ਵਿੱਚ ਜੋੜਿਆ ਜਾਵੇਗਾ। ਜੇਕਰ ਕੋਈ ਵਿਅਕਤੀ/ਉਮੀਦਵਾਰ ਅਜਿਹੀ ਕੋਈ ਜਾਣਕਾਰੀ ਛੁਪਾਉਣ ਦੀ ਕੋਸ਼ਿਸ਼ ਕਰਦਾ ਹੈ ਤਾਂ ਸਬੰਧਤ ਦੇ ਮੋਬਾਈਲ ਕੰਪਨੀ ਤੋਂ ਸਾਰਾ ਡਾਟਾ ਇਕੱਠਾ ਕੀਤਾ ਜਾਵੇਗਾ।

Load More Related Articles
Load More By Nabaz-e-Punjab
Load More In Politics

Check Also

ਅਕਾਲੀ ਦਲ ਵੱਲੋਂ ਮੁਹਾਲੀ ਦੇ ਵਿਕਾਸ ਲਈ ਵਿਜ਼ਨ ਦਸਤਾਵੇਜ਼ ਜਾਰੀ

ਅਕਾਲੀ ਦਲ ਵੱਲੋਂ ਮੁਹਾਲੀ ਦੇ ਵਿਕਾਸ ਲਈ ਵਿਜ਼ਨ ਦਸਤਾਵੇਜ਼ ਜਾਰੀ ਨਬਜ਼-ਏ-ਪੰਜਾਬ, ਮੁਹਾਲੀ, 21 ਮਈ 2026: ਮੁਹ…