ਭਾਰਤ-ਪਾਕਿ ਤਣਾਅ: ਪੰਜਾਬ ਦੇ ਹਸਪਤਾਲ ਮੌਜੂਦਾ ਹੰਗਾਮੀ ਹਾਲਤਾਂ ਨਾਲ ਨਜਿੱਠਣ ਲਈ ਤਿਆਰ

ਨਬਜ਼-ਏ-ਪੰਜਾਬ, ਮੁਹਾਲੀ, 9 ਮਈ:
ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਸਿਹਤ ਵਿਭਾਗ ਦੇ ਡਾਕਟਰਾਂ, ਪੈਰਾ-ਮੈਡੀਕਲ ਵਰਕਰਾਂ, ਮਲਟੀਪਰਪਜ਼ ਹੈਲਥ ਵਰਕਰਾਂ ਅਤੇ ਆਸ਼ਾ ਵਰਕਰਾਂ ਨੂੰ ਸਿਹਤ ਵਿਭਾਗ ਦੇ ਅਹਿਮ ਅੰਗ ਦੱਸਦਿਆਂ ਕਿਹਾ ਕਿ ਉਨ੍ਹਾਂ ਦਾ ਕੰਮ ਦੇਸ਼ ਦੀਆਂ ਸਰਹੱਦਾਂ ’ਤੇ ਲੜ ਰਹੇ ਵੀਰ ਜਵਾਨਾਂ ਵਾਂਗ ਲੋਕਾਂ ਦੀ ਉਨ੍ਹਾਂ ਦੇ ਘਰਾਂ ਵਿੱਚ ਹੀ ਮੌਜੂਦ ਡੇਂਗੂ ਦੁਸ਼ਮਣ ਤੋਂ ਰੱਖਿਆ ਕਰਨ ਦਾ ਹੈ। ਜੇਕਰ ਅਸੀਂ ਆਪਣੀ ਜ਼ਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਅ ਲਈਏ ਤਾਂ ਡੇਂਗੂ ਦੇ ਕੇਸਾਂ ਵਿੱਚ ਕਮੀ ਲਿਆਉਣ ਦੇ ਨਾਲ-ਨਾਲ ਅਸੀਂ ਕੀਮਤੀ ਜਾਨਾਂ ਵੀ ਅਜਾਈਂ ਜਾਣ ਤੋਂ ਬਚਾਅ ਸਕਦੇ ਹਾਂ।
ਅੱਜ ਇੱਥੇ ‘ਹਰ ਸ਼ੁੱਕਰਵਾਰ ਡੇਂਗੂ ’ਤੇ ਵਾਰ’ ਮੁਹਿੰਮ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਦੇਸ਼ ਦੇ ਮੌਜੂਦਾ ਹਾਲਾਤਾਂ ਵਿੱਚ ਭਾਰਤੀ ਫੌਜ ਵੱਲੋਂ ਅੱਤਵਾਦੀ ਤਾਕਤਾਂ ਨੂੰ ਮੂੰਹ ਤੋੜ ਜਵਾਬ ਦੇਣ ਦੀ ਕਾਰਵਾਈ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਕਿਸੇ ਵੀ ਹੰਗਾਮੀ ਹਾਲਤ ਨਾਲ ਨਜਿੱਠਣ ਲਈ ਹਸਪਤਾਲਾਂ ਨੂੰ ਤਿਆਰ ਕੀਤਾ ਗਿਆ ਹੈ ਅਤੇ ਮੈਡੀਕਲ ਸਟਾਫ਼ ਦੀ ਰਾਤ ਸਮੇਂ ਡਿਊਟੀ ਵਧਾ ਦਿੱਤੀ ਗਈ ਹੈ। ਇਸ ਤੋਂ ਇਲਾਵਾ ਪ੍ਰਾਈਵੇਟ ਹਸਪਤਾਲਾਂ ਨੂੰ ਵੀ ਸਹਿਯੋਗ ਲਈ ਅੱਗੇ ਆਉਣ ਅਤੇ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਦੀ ਇੰਨ-ਬਿੰਨ ਪਾਲਣਾ ਕਰਨ ਦੀ ਹਦਾਇਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਸਾਡੀ ਫੌਜ ਦੇ ਬਹਾਦਰ ਜਵਾਨ ਦੇਸ਼ ਅਤੇ ਪੰਜਾਬ ’ਤੇ ਹੋਣ ਵਾਲੇ ਡਰੋਨ ਹਮਲਿਆਂ ਨੂੰ ਹਵਾ ਵਿੱਚ ਹੀ ਬੇਅਸਰ ਕਰ ਰਹੇ ਹਨ, ਉਸੇ ਤਰ੍ਹਾਂ ਸਿਹਤ ਵਿਭਾਗ ਦੇ ਡਾਕਟਰ, ਪੈਰਾ-ਮੈਡੀਕਲ ਅਤੇ ਹੋਰ ਸਟਾਫ਼ ਕਿਸੇ ਵੀ ਤਰ੍ਹਾਂ ਦੀ ਹੰਗਾਮੀ ਹਾਲਤ ਨੂੰ ਸੰਭਾਲਣ ਲਈ ਪੂਰੀ ਦਿਆਨਤਦਾਰੀ ਨਾਲ ਡਿਊਟੀ ਕਰਨ ਲਈ ਵਚਨਬੱਧ ਹਨ।
ਸਿਹਤ ਮੰਤਰੀ ਨੇ ਕਿਹਾ ਕਿ ਸਮੂਹ ਸਰਕਾਰੀ ਹਸਪਤਾਲਾਂ ਵਿੱਚ ਐਮਰਜੈਂਸੀ ਸੇਵਾਵਾਂ ਤੋਂ ਇਲਾਵਾ ਹੋਰ ਪੱਖੋਂ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਹਦਾਇਤਾਂ ’ਤੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਹਰ ਤਰ੍ਹਾਂ ਦੇ ਹਾਲਤਾਂ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਆਮ ਨਾਗਰਿਕਾਂ ਨੂੰ ਵੀ ਪੁਰਜ਼ੋਰ ਅਪੀਲ ਕੀਤੀ ਕਿ ਉਹ ਪੂਰੀ ਤਰ੍ਹਾਂ ਸੁਚੇਤ ਰਹਿਣ ਅਤੇ ਸਰਕਾਰ ਅਤੇ ਪ੍ਰਸ਼ਾਸਨ ਦੀਆਂ ਜ਼ਰੂਰੀ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਇੱਕ ਚੰਗੇ ਨਾਗਰਿਕ ਦਾ ਸਬੂਤ ਦੇਣ। ਕਿਉਂਕਿ ਕੋਈ ਜੰਗ ਆਮ ਲੋਕਾਂ ਦੇ ਸਹਿਯੋਗ ਤੋਂ ਬਿਨਾਂ ਨਹੀਂ ਜਿੱਤੀ ਜਾ ਸਕਦੀ ਹੈ।
ਇਸ ਮੌਕੇ ਏਡੀਸੀ (ਸ਼ਹਿਰੀ ਵਿਕਾਸ) ਅਨਮੋਲ ਸਿੰਘ ਧਾਲੀਵਾਲ, ਸਿਹਤ ਵਿਭਾਗ ਦੇ ਡਾਇਰੈਕਟਰ ਡਾ. ਹਤਿੰਦਰ ਕੌਰ, ਐਸਡੀਐਮ ਦਮਨਦੀਪ ਕੌਰ, ਸਿਵਲ ਸਰਜਨ ਡਾ. ਸੰਗੀਤਾ ਜੈਨ, ਐਸਐਮਓ ਡਾ. ਪ੍ਰੀਤ ਕੰਵਲ, ਡਾ. ਹਰਮਨਦੀਪ ਕੌਰ ਬਰਾੜ, ਸਾਬਕਾ ਕੌਂਸਲਰ ਆਰਪੀ ਸ਼ਰਮਾ, ਹਰਪਾਲ ਸਿੰਘ ਚੰਨਾ, ਆਪ ਵਲੰਟੀਅਰ ਹਰਮੇਸ਼ ਸਿੰਘ ਕੁੰਭੜਾ, ਅਰੁਣ ਗੋਇਲ, ਰਾਜੀਵ ਵਸ਼ਿਸ਼ਟ, ਤਰਲੋਚਨ ਸਿੰਘ ਲੋਚੀ, ਸਮੇਤ ਵੱਡੀ ਗਿਣਤੀ ਵਿੱਚ ਪਤਵੰਤੇ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ Nabaz-e-Punjab, ਲੁਧਿਆਣਾ, 24 ਅਪ੍ਰੈਲ, 20…