Share on Facebook Share on Twitter Share on Google+ Share on Pinterest Share on Linkedin ਸਰਕਾਰੀ ਮੈਰੀਟੋਰੀਅਸ ਸਕੂਲਾਂ ਦੇ ਨਤੀਜਿਆਂ ਨੇ ਪੰਜਾਬ ਦੀ ਸਿੱਖਿਆ ਕ੍ਰਾਂਤੀ ਨੂੰ ਦਿੱਤਾ ਮੋਢਾ ਅਕਾਲੀ ਸਰਕਾਰ ਵੱਲੋਂ 12 ਸਾਲ ਪਹਿਲਾਂ ਸ਼ੁਰੂ ਕੀਤੇ ਸਕੂਲਾਂ ਵਿੱਚ ਸਟਾਫ਼ ਦੀ ਭਾਰੀ ਕਮੀ: ਬੈਦਵਾਨ ਨਬਜ਼-ਏ-ਪੰਜਾਬ, ਮੁਹਾਲੀ, 15 ਮਈ: ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਬੀਤੇ ਕੱਲ੍ਹ ਐਲਾਨੇ ਗਏ ਬਾਰ੍ਹਵੀਂ ਜਮਾਤ ਦੇ ਨਤੀਜਿਆਂ ਵਿੱਚ ਮੈਰੀਟੋਰੀਅਸ ਸਕੂਲਾਂ ਦੀ ਬਿਹਤਰ ਕਾਰਗੁਜ਼ਾਰੀ ਨੇ ਪੰਜਾਬ ਦੀ ਸਿੱਖਿਆ ਕ੍ਰਾਂਤੀ ਨੂੰ ਮੋਢਾ ਦੇਣ ਦਾ ਕੰਮ ਕੀਤਾ ਹੈ। ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ, ਮੁਹਾਲੀ ਦੇ ਹਲਕਾ ਇੰਚਾਰਜ ਪਰਵਿੰਦਰ ਸਿੰਘ ਬੈਦਵਾਨ ਅਤੇ ਬੁਲਾਰੇ ਸ਼ਮਸ਼ੇਰ ਪੁਰਖਾਲਵੀ ਨੇ ਕੀਤਾ। ਉਨ੍ਹਾਂ ਕਿਹਾ ਕਿ ਤਤਕਾਲੀ ਮੁੱਖ ਮੰਤਰੀ ਮਰਹੂਮ ਪ੍ਰਕਾਸ਼ ਸਿੰਘ ਬਾਦਲ ਨੇ ਪਹਿਲਕਦਮੀ ਕਰਦਿਆਂ ਅਕਾਲੀ ਸਰਕਾਰ ਦੌਰਾਨ ਮੁਹਾਲੀ ਸਮੇਤ ਵੱਖ-ਵੱਖ ਸ਼ਹਿਰਾਂ ਵਿੱਚ ਮੈਰੀਟੋਰੀਅਸ ਸਕੂਲ ਸਥਾਪਿਤ ਕੀਤੇ ਸਨ। ਜਿਨ੍ਹਾਂ ਵਿੱਚ ਹੋਣਹਾਰ ਵਿਦਿਆਰਥੀਆਂ ਨੂੰ ਮੁਫ਼ਤ ਮਿਆਰੀ ਸਿੱਖਿਆ ਪ੍ਰਦਾਨ ਕੀਤੀਆਂ ਜਾ ਰਹੀ ਹੈ। ਅਕਾਲੀ ਆਗੂਆਂ ਨੇ ਕਿਹਾ ਕਿ ਮੈਰੀਟੋਰੀਅਸ ਸਕੂਲ ਗਰੀਬ ਪਰਿਵਾਰਾਂ ਦੇ ਬੱਚਿਆਂ ਲਈ ਉੱਚ ਸਿੱਖਿਆ ਹਾਸਲ ਕਰਨ ਦਾ ਸਾਧਨ ਬਣ ਰਹੇ ਹਨ। ਇਹ ਸਕੂਲ ਮਰਹੂਮ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਦੂਰਅੰਦੇਸ਼ੀ ਨੀਤੀ ਦਾ ਨਤੀਜਾ ਹਨ, ਜਿਨ੍ਹਾਂ ਨੇ ਗਰੀਬ ਪਰਿਵਾਰਾਂ ਦੇ ਹੋਣਹਾਰ ਬੱਚਿਆਂ ਨੂੰ ਉੱਚ ਗੁਣਵੱਤਾ ਵਾਲੀ ਸਿੱਖਿਆ ਮੁਹੱਈਆ ਕਰਵਾਉਣ ਲਈ ਇਹ ਉਪਰਾਲਾ ਕੀਤਾ ਸੀ। ਉਨ੍ਹਾਂ ਕਿਹਾ ਕਿ ਮੈਰੀਟੋਰੀਅਸ ਸਕੂਲਾਂ ਵਿੱਚ ਸਟਾਫ਼ ਦੀ ਘਾਟ ਦੇ ਬਾਵਜੂਦ ਵਿਦਿਆਰਥੀਆਂ ਦੇ ਨਤੀਜੇ ਸ਼ਾਨਦਾਰ ਰਹੇ ਹਨ, ਇਸ ਦੇ ਬਾਵਜੂਦ ਸੂਬਾ ਸਰਕਾਰ ਕੱਚੇ ਅਧਿਆਪਕਾਂ ਨੂੰ ਰੈਗੂਲਰ ਕਰਨ ਤੋਂ ਭੱਜ ਰਹੀ ਹੈ। ਆਗੂਆਂ ਨੇ ਕਿਹਾ ਕਿ ਮੁਹਾਲੀ ਜ਼ਿਲ੍ਹੇ 13 ਵਿਦਿਆਰਥੀ ਮੈਰਿਟ ਵਿੱਚ ਆਏ ਹਨ, ਜਿਨ੍ਹਾਂ ’ਚੋਂ 11 ਮੈਰੀਟੋਰੀਅਸ ਸਕੂਲ ਸੈਕਟਰ-70 ਦੇ ਵਿਦਿਆਰਥੀ ਹਨ। ਬੀਤੇ ਦਿਨੀਂ ਹੋਈ ਜੇਈਈ ਦੀ ਪ੍ਰੀਖਿਆ ਵਿੱਚ ਵੀ ਇਸ ਸਕੂਲ ਦੇ 28 ਵਿਦਿਆਰਥੀਆਂ ਨੇ ਮੈਰਿਟ ਵਿੱਚ ਆਪਣੀ ਜਗ੍ਹਾ ਬਣਾਈ ਸੀ। ਇਨ੍ਹਾਂ ਸਕੂਲਾਂ ਪ੍ਰਤੀ ਪੰਜਾਬ ਸਰਕਾਰ ਦੀ ਬੇਰੁਖ਼ੀ ਦਾ ਜ਼ਿਕਰ ਕਰਦਿਆਂ ਅਕਾਲੀ ਆਗੂਆਂ ਨੇ ਕਿਹਾ ਕਿ ਪੰਜਾਬ ਭਰ ਵਿੱਚ ਟੀਚਿੰਗ ਸਟਾਫ਼ ਦੀਆਂ ਕਰੀਬ 20 ਫੀਸਦੀ ਸੀਟਾਂ ਖਾਲੀ ਪਈਆਂ ਹਨ। ਪੰਜਾਬੀ ਵਿਸ਼ਾ ਪੜ੍ਹਾਉਣ ਵਾਲੇ ਅਧਿਆਪਕਾਂ ਦੀ ਭਾਰੀ ਕਮੀ ਇਸ ਪਾਸੇ ਇੱਕ ਗੰਭੀਰ ਇਸ਼ਾਰਾ ਕਰਦੀ ਹੈ, ਜਿਸ ਦੇ ਸਿੱਟੇ ਵਜੋਂ ਬਾਰ੍ਹਵੀਂ ਦੇ 2913 ਵਿਦਿਆਰਥੀ ਪੰਜਾਬੀ ’ਚੋਂ ਫੇਲ੍ਹ ਹਨ, ਜੋ ਚਿੰਤਾ ਦਾ ਵਿਸ਼ਾ ਹੈ। ਅਕਾਲੀ ਆਗੂਆਂ ਨੇ ਸਰਕਾਰ ਦੇ ਸੁਪਨਮਈ ਪ੍ਰਾਜੈਕਟ ਸਕੂਲ ਆਫ਼ ਐਮੀਨੈਂਸ ਦੀ ਨਿਰਾਸ਼ਾਜਨਕ ਕਾਰਗੁਜ਼ਾਰੀ ’ਤੇ ਚਿੰਤਾ ਜ਼ਾਹਰ ਕਰਦਿਆਂ ਮੰਗ ਕੀਤੀ ਕਿ ਸਿੱਖਿਆ ਦੇ ਖੇਤਰ ਵਿੱਚ ਲਗਾਤਾਰ ਸ਼ਲਾਘਾਯੋਗ ਕਾਰਗੁਜ਼ਾਰੀ ਕਰਨ ਵਾਲੇ ਮੈਰਟੋਰੀਅਸ ਸਕੂਲਾਂ ਵਿੱਚ ਟੀਚਿੰਗ ਸਟਾਫ਼ ਦੀ ਘਾਟ ਨੂੰ ਤੁਰੰਤ ਪੂਰਾ ਕੀਤਾ ਜਾਵੇ ਅਤੇ ਕੱਚੇ ਅਧਿਆਪਕਾਂ ਦੀਆਂ ਸੇਵਾਵਾਂ ਰੈਗੂਲਰ ਕੀਤੀਆਂ ਜਾਣ। ਉਧਰ, ਇਸੇ ਦੌਰਾਨ ਪੰਜਾਬ ਬੋਰਡ ਵੱਲੋਂ ਐਲਾਨੇ ਬਾਰ੍ਹਵੀਂ ਦੇ ਨਤੀਜੇ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਰੈਜ਼ੀਡੈਂਸੀਅਲ ਸਕੂਲ ਫਾਰ ਮੈਰੀਟੋਰੀਅਸ ਸਟੂਡੈਂਟ ਮੁਹਾਲੀ ਦੇ ਵਿਦਿਆਰਥੀਆਂ ਨੇ ਬਾਜੀ ਮਾਰੀ ਹੈ। ਮੈਰੀਟੋਰੀਅਸ ਟੀਚਰਜ਼ ਯੂਨੀਅਨ ਦੀ ਸੂਬਾ ਪ੍ਰਧਾਨ ਡਾ. ਟੀਨਾ ਨੇ ਦੱਸਿਆ ਕਿ ਮੈਰੀਟੋਰੀਅਸ ਸਕੂਲਾਂ ਦੇ 37 ਵਿਦਿਆਰਥੀਆਂ ਨੇ ਪੰਜਾਬ ਦੀ ਮੈਰਿਟ ਵਿੱਚ ਆਪਣਾ ਨਾਂ ਦਰਜ ਕਰਵਾਇਆ ਹੈ। ਜਿਨ੍ਹਾਂ ਵਿੱਚ 11 ਵਿਦਿਆਰਥੀ ਮੁਹਾਲੀ ਸਕੂਲ ਦੇ ਹਨ। ਇਸ ਤੋਂ ਪਹਿਲਾਂ ਮੈਰੀਟੋਰੀਅਸ ਸਕੂਲਾਂ ਦਾ ਜੇਈਈ ਪ੍ਰੀਖਿਆਵਾਂ ਦਾ ਨਤੀਜੇ ਵੀ ਬਹੁਤ ਸ਼ਾਨਦਾਰ ਰਿਹਾ ਹੈ। ਡਾ. ਟੀਨਾ ਨੇ ਕਿਹਾ ਕਿ ਮੈਰੀਟੋਰੀਅਸ ਸਕੂਲਾਂ ਦਾ ਪੰਜਾਬ ਦੀ ਸਿੱਖਿਆ ਕ੍ਰਾਂਤੀ ਵਿੱਚ ਬਹੁਤ ਵੱਡਾ ਯੋਗਦਾਨ ਹੈ ਪ੍ਰੰਤੂ ਦੂਜੇ ਪਾਸੇ ਸਰਕਾਰ ਮੈਰੀਟੋਰੀਅਸ ਅਧਿਆਪਕਾਂ ਦੀਆਂ ਮੰਗਾਂ ਵੱਲ ਬਿਲਕੁਲ ਧਿਆਨ ਨਹੀਂ ਦੇ ਰਹੀ। ਉਹ ਲੰਮੇ ਸਮੇਂ ਤੋਂ ਰੈਗੂਲਰ ਕਰਨ ਦੀ ਮੰਗ ਕਰਦੇ ਆ ਰਹੇ ਹਨ ਪਰ ਹੁਣ ਤੱਕ ਝੂਠੇ ਲਾਰਿਆਂ ਤੋਂ ਬਿਨਾਂ ਕੁੱਝ ਪੱਲੇ ਨਹੀਂ ਪਿਆ। ਇਹੀ ਨਹੀਂ ਤਨਖ਼ਾਹ ’ਚ ਵਾਧਾ ਅਤੇ ਪਿਛਲੇ ਬਕਾਏ ਵੀ ਰੋਕੇ ਹੋਏ ਹਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ