ਮੁਹਾਲੀ: ਆਈਟੀ ਸਿਟੀ ਦੇ ਵਸਨੀਕ ਬੁਨਿਆਦੀ ਸਹੂਲਤਾਂ ਨੂੰ ਤਰਸੇ

ਨਬਜ਼-ਏ-ਪੰਜਾਬ, ਮੁਹਾਲੀ, 26 ਮਈ:
ਆਈਟੀ ਸਿਟੀ ਸੈਕਟਰ-66-ਬੀ ਅਤੇ ਸੈਕਟਰ-82-ਏ ਦੇ ਵਸਨੀਕ ਪਿਛਲੇ ਇੱਕ ਦਹਾਕੇ ਤੋਂ ਵੀ ਵੱਧ ਸਮੇਂ ਤੋਂ ਬੁਨਿਆਦੀ ਸਹੂਲਤਾਂ ਨੂੰ ਤਰਸ ਰਹੇ ਹਨ। ਐਸੋਸੀਏਸ਼ਨ ਦੇ ਪ੍ਰਧਾਨ ਬਲਬੀਰ ਸਿੰਘ ਵਧਾਵਨ ਤੇ ਹੋਰਨਾਂ ਵਸਨੀਕਾਂ ਨੇ ਅੱਜ ਗਮਾਡਾ ਦੇ ਮੁੱਖ ਪ੍ਰਸ਼ਾਸਕ ਨੂੰ ਮੰਗ ਪੱਤਰ ਸੌਂਪ ਕੇ ਪਿਛਲੇ ਪੰਜ ਸਾਲਾਂ ਤੋਂ ਲਗਾਤਾਰ ਲਿਖੇ ਪੱਤਰਾਂ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਸੈਕਟਰ ਵਾਸੀਆਂ ਨੇ ਆਪਣੀ ਉਮਰ ਭਰ ਦੀ ਜਮ੍ਹਾਪੂੰਜੀ ਖ਼ਰਚ ਕਰਕੇ ਆਈਟੀ ਸਿਟੀ ਵਿੱਚ ਆਪਣੇ ਸੁਪਨਿਆਂ ਦੇ ਘਰ ਬਣਾਏ ਸਨ ਪ੍ਰੰਤੂ ਆਈਟੀ ਸਿਟੀ ਅਤੇ ਬਲਾਕ-ਏ ਦੀਆਂ ਮੰਗਾਂ ਨੂੰ ਸ਼ੁਰੂ ਤੋਂ ਅਣਗੌਲਿਆ ਕੀਤਾ ਜਾ ਰਿਹਾ ਹੈ। ਜਿਸ ਕਾਰਨ ਲੋਕਾਂ ਵਿੱਚ ਭਾਰੀ ਰੋਸ ਹੈ।
ਸੈਕਟਰ ਵਾਸੀਆਂ ਨੇ ਕਿਹਾ ਕਿ ਬਿਜਲੀ-ਪਾਣੀ ਲੋਕਾਂ ਦੀ ਮੁੱਢਲੀ ਲੋੜ ਹੈ ਪ੍ਰੰਤੂ ਸਥਾਨਕ ਵਸਨੀਕ ਅਧਿਕਾਰੀਆਂ ਦੇ ਤਰਲੇ ਕੱਢ ਕੇ ਥੱਕ ਚੁੱਕੇ ਹਨ ਲੇਕਿਨ ਹੁਣ ਤੱਕ ਮਸਲਾ ਹੱਲ ਨਹੀਂ ਹੋਇਆ। ਵਿਕਾਸ ਪੱਖੋਂ ਵੀ ਇਸ ਖੇਤਰ ਨੂੰ ਅਣਗੌਲਿਆ ਕੀਤਾ ਜਾ ਰਿਹਾ ਹੈ। ਸੈਕਟਰ-66-ਬੀ ਲਈ ਦੋ ਟਿਊਬਵੈੱਲ ਮਨਜ਼ੂਰ ਕੀਤੇ ਗਏ ਹਨ ਪਰ ਕੁੱਝ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਉਕਤ ਖੇਤਰ ਨੂੰ ਨਹਿਰੀ ਪਾਣੀ ਦੀ ਸਪਲਾਈ ਦਿੱਤੀ ਜਾਵੇ। ਬੰਦ ਪਈਆਂ ਸੀਵਰੇਜ ਲਾਈਨਾਂ ਦੀ ਸਫ਼ਾਈ ਕੀਤੀ ਜਾਵੇ ਤਾਂ ਜੋ ਓਵਰਫ਼ਲੋ ਹੋ ਰਹੇ ਗੰਦੇ ਪਾਣੀ ਦੀ ਸਮੱਸਿਆ ਤੋਂ ਨਿਜਾਤ ਮਿਲ ਸਕੇ। ਇੰਜ ਹੀ ਸੜਕਾਂ ਦੀ ਹਾਲਤ ਬਹੁਤ ਖਸਤਾ ਬਣੀ ਹੋਈ ਹੈ। ਬਰਸਾਤ ਦੇ ਦਿਨਾਂ ਵਿੱਚ ਲੋਕਾਂ ਨੂੰ ਕਾਫ਼ੀ ਮੁਸ਼ਕਲ ਹੁੰਦੀ ਹੈ। ਪਿਛਲੇ ਕਈ ਮਹੀਨਿਆਂ ਤੋਂ ਪਾਰਕਾਂ ਅਤੇ ਅੰਦਰੂਨੀ ਸੜਕਾਂ ’ਤੇ ਸਟਰੀਟ ਲਾਈਟਾਂ ਖ਼ਰਾਬ ਹਨ। ਜਿਸ ਕਾਰਨ ਸ਼ਾਮ ਢਲਦੇ ਹੀ ਹਨੇਰਾ ਪਸਰ ਜਾਂਦਾ ਹੈ। ਜਿਸ ਕਾਰਨ ਸੜਕ ਹਾਦਸੇ, ਚੋਰੀਆਂ, ਅਣਸੁਖਾਵੀਆਂ ਘਟਨਾਵਾਂ ਵਾਪਰਨ ਦਾ ਡਰ ਬਣਿਆ ਰਹਿੰਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਗਮਾਡਾ ਨੇ ਉਪਰੋਕਤ ਸਮੱਸਿਆਵਾਂ ਦਾ ਫੌਰੀ ਹੱਲ ਨਹੀਂ ਕੀਤਾ ਗਿਆ ਤਾਂ ਪੀੜਤ ਲੋਕ ਅਦਾਲਤ ਦਾ ਬੂਹਾ ਖੜਕਾਉਣ ਲਈ ਮਜਬੂਰ ਹੋਣਗੇ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਯੂਨੀਵਰਸਿਟੀ ਦੇ ਪੁਰਾਣੇ ਸੈਨੇਟ ਪ੍ਰਬੰਧ ਨੂੰ ਬਹਾਲ ਕਰਕੇ ਚੋਣਾਂ ਕਰਵਾਉਣ ਦੀ ਮੰਗ

ਪੰਜਾਬ ਯੂਨੀਵਰਸਿਟੀ ਦੇ ਪੁਰਾਣੇ ਸੈਨੇਟ ਪ੍ਰਬੰਧ ਨੂੰ ਬਹਾਲ ਕਰਕੇ ਚੋਣਾਂ ਕਰਵਾਉਣ ਦੀ ਮੰਗ ਨਬਜ਼-ਏ-ਪੰਜਾਬ, ਚੰਡ…