ਜਲ ਸਪਲਾਈ ਵਿਭਾਗ ਦੇ ਕਰਮਚਾਰੀ ਸੜਕਾਂ ’ਤੇ ਉੱਤਰੇ, ਮੁੱਖ ਦਫ਼ਤਰ ਦੇ ਬਾਹਰ ਭੁੱਖ ਹੜਤਾਲ ਸ਼ੁਰੂ

ਨਬਜ਼-ਏ-ਪੰਜਾਬ, ਮੁਹਾਲੀ, 29 ਮਈ:
ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਨਾਲ ਸਬੰਧਤ ਬਲਾਕ ਕੋਆਰਡੀਨੇਟਰ ਯੂਨੀਅਨ ਪੰਜਾਬ ਵੱਲੋਂ ਬੀਆਰਸੀ, ਸੀਡੀਐਸ ਅਤੇ ਆਈਈਸੀ ਸਪੈਸ਼ਲਿਸਟ (ਠੇਕਾ ਆਧਾਰਿਤ) ਕਰਮਚਾਰੀਆਂ ਦੀਆਂ ਹੱਕੀ ਮੰਗਾਂ ਦੇ ਮੁੱਦੇ ’ਤੇ ਮੁਹਾਲੀ ਵਿਖੇ ਮੁੱਖ ਦਫ਼ਤਰ ਦੇ ਬਾਹਰ ਲੜੀਵਾਰ ਧਰਨਾ ਸ਼ੁਰੂ ਕਰ ਦਿੱਤਾ ਹੈ। ਅੱਜ ਦੂਜੇ ਦਿਨ ਦੋ ਅੌਰਤਾਂ ਭੁੱਖ-ਹੜਤਾਲ ’ਤੇ ਬੈਠ ਗਈਆਂ। ਸੂਬਾ ਪ੍ਰਧਾਨ ਜਗਸੀਰ ਸਿੰਘ ਨੇ ਕਿਹਾ ਕਿ ਵਿਭਾਗੀ ਧੱਕੇਸ਼ਾਹੀ ਖ਼ਿਲਾਫ਼ ਅਣਮਿਥੇ ਸਮੇਂ ਲਈ ਧਰਨਾ ਸ਼ੁਰੂ ਕੀਤਾ ਗਿਆ ਹੈ ਅਤੇ ਜਦੋਂ ਤੱਕ ਕਰਮਚਾਰੀਆਂ ਦੀਆਂ ਸਾਰੀਆਂ ਜਾਇਜ਼ ਮੰਗਾਂ ਪ੍ਰਵਾਨ ਨਹੀਂ ਕੀਤੀਆਂ ਜਾਂਦੀਆਂ, ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ ਅਤੇ ਆਉਂਦੇ ਦਿਨਾਂ ਵਿੱਚ ਸੰਘਰਸ਼ ਨੂੰ ਤੇਜ਼ ਕੀਤਾ ਜਾਵੇਗਾ ਅਤੇ ਗੁਪਤ ਐਕਸ਼ਨ ਕੀਤੇ ਜਾਣਗੇ।
ਬੁਲਾਰਿਆਂ ਨੇ ਕਿਹਾ ਕਿ ਵਿਭਾਗ ਵੱਲੋਂ ਕਰਮਚਾਰੀਆਂ ਦੀਆਂ ਮੰਗਾਂ ਨੂੰ ਸ਼ੁਰੂ ਤੋਂ ਅਣਗੌਲਿਆ ਕੀਤਾ ਜਾ ਰਿਹਾ ਹੈ। ਮੁਲਾਜ਼ਮ ਮੰਗਾਂ ਸਬੰਧੀ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਸਮੇਤ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ, ਵਿਭਾਗ ਦੇ ਪ੍ਰਮੁੱਖ ਸਕੱਤਰ, ਡਾਇਰੈਕਟਰ, ਡਿਪਟੀ ਡਾਇਰੈਕਟਰ (ਪ੍ਰਸ਼ਾਸਨ) ਨਾਲ ਅਨੇਕਾਂ ਮੀਟਿੰਗਾਂ ਹੋ ਚੁੱਕੀਆਂ ਹਨ। ਜਿਨ੍ਹਾਂ ਵਿੱਚ ਹਰ ਵਾਰੀ ਜ਼ੁਬਾਨੀ ਤੌਰ ’ਤੇ ਜਾਇਜ਼ ਮੰਗਾਂ ਨੂੰ ਜਲਦੀ ਹੱਲ ਕਰਨ ਦਾ ਭਰੋਸਾ ਦਿੱਤਾ ਗਿਆ ਪ੍ਰੰਤੂ ਹੁਣ ਤੱਕ ਕੋਈ ਮਸਲਾ ਹੱਲ ਨਹੀਂ ਹੋਇਆ। ਸਾਲਾਨਾ ਇੰਕਰੀਮੈਂਟ ਸਮੇਤ ਦੁਰਘਟਨਾ ਬੀਮਾ, ਮੈਡੀਕਲ ਛੁੱਟੀ, ਤਨਖ਼ਾਹ, ਈਐਸਆਈ ਅਤੇ ਈਪੀਐਫ਼ ਸੁਵਿਧਾ, ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਅਤੇ ਪਿਛਲੇ ਸਮੇਂ ਦੌਰਾਨ ਨੌਕਰੀ ਤੋਂ ਫ਼ਾਰਗ ਕੀਤੇ ਸਾਰੇ ਬੀਆਰਸੀ ਅਤੇ ਆਈਈਸੀ ਕਰਮਚਾਰੀਆਂ ਦਾ ਕੰਟਰੈਕਟ ਜਾਰੀ ਰੱਖਦਿਆਂ ਉਨ੍ਹਾਂ ਸਾਰਿਆਂ ਦੀਆਂ ਸੇਵਾਵਾਂ ਬਹਾਲ ਕੀਤੀਆਂ ਜਾਣ। ਉਨ੍ਹਾਂ ਕਿਹਾ ਕਿ ਬੀਤੀ 22 ਮਈ ਤੋਂ ਫ਼ੀਲਡ ਕੰਮ ਬੰਦ ਕੀਤੇ ਗਏ ਹਨ ਲੇਕਿਨ ਹਫ਼ਤਾ ਬੀਤਣ ਦੇ ਬਾਵਜੂਦ ਜਦੋਂ ਸਰਕਾਰ ਦੇ ਕੰਨ ’ਤੇ ਜੂੰ ਨਹੀਂ ਸਰਕੀ ਤਾਂ ਉਨ੍ਹਾਂ ਨੂੰ ਮੁੱਖ ਦਫ਼ਤਰ ਦੇ ਬਾਹਰ ਪੱਕਾ ਮੋਰਚਾ ਲਗਾਉਣ ਲਈ ਮਜਬੂਰ ਹੋਣਾ ਪਿਆ ਹੈ।

Load More Related Articles
Load More By Nabaz-e-Punjab
Load More In General News

Check Also

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ Nabaz-e-Punjab, ਲੁਧਿਆਣਾ, 24 ਅਪ੍ਰੈਲ, 20…