ਸਹੁਰੇ ਪਰਿਵਾਰ ਤੋਂ ਤੰਗ ਆਈ ਮੁਟਿਆਰ ਨੇ ਫਾਹਾ ਲਗਾ ਕੇ ਕੀਤੀ ਖ਼ੁਦਕੁਸ਼ੀ, ਸਹੁਰਾ ਪਰਿਵਾਰ ਘਰੋਂ ਫ਼ਰਾਰ

ਪੀੜਤ ਪਰਿਵਾਰ ਨੇ ‘ਆਪ’ ਵਿਧਾਇਕ ਕੁਲਵੰਤ ਸਿੰਘ ਨੂੰ ਮਿਲ ਕੇ ਲਗਾਈ ਇਨਸਾਫ਼ ਦੀ ਗੁਹਾਰ

ਮੁਲਜ਼ਮਾਂ ਦੀ ਭਾਲ ਵਿੱਚ ਛਾਪੇਮਾਰੀ ਜਾਰੀ, ਘਰ ਨੂੰ ਤਾਲਾ ਲੱਗਿਆ ਮਿਲਿਆ: ਥਾਣਾ ਮੁਖੀ

ਨਬਜ਼-ਏ-ਪੰਜਾਬ, ਮੁਹਾਲੀ, 2 ਜੂਨ:
ਪਿੰਡ ਭਾਰਤਪੁਰ ਵਿੱਚ ਸਹੁਰੇ ਪਰਿਵਾਰ ਤੋਂ ਤੰਗ ਆਈ ਇੱਕ ਮੁਟਿਆਰ ਜਸਵੀਰ ਕੌਰ ਨੇ ਫਾਹਾ ਲੈ ਕੇ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਮ੍ਰਿਤਕਾ ਦੇ ਭਰਾ ਲਖਵੀਰ ਸਿੰਘ ਵਾਸੀ ਪਿੰਡ ਦੈੜੀ ਦੇ ਬਿਆਨਾਂ ’ਤੇ ਸੋਹਾਣਾ ਥਾਣੇ ਵਿੱਚ ਸਹੁਰੇ ਪਰਿਵਾਰ ਖ਼ਿਲਾਫ਼ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ, ਪ੍ਰੰਤੂ ਮ੍ਰਿਤਕਾ ਦਾ ਪਤੀ ਗੁਰਪ੍ਰੀਤ ਸਿੰਘ ਅਤੇ ਸੱਸ ਨਰਿੰਦਰ ਕੌਰ ਘਰੋਂ ਫ਼ਰਾਰ ਦੱਸੇ ਜਾ ਰਹੇ ਹਨ। ਪੀੜਤ ਪਰਿਵਾਰ ਨੇ ਅੱਜ ‘ਆਪ’ ਵਿਧਾਇਕ ਕੁਲਵੰਤ ਸਿੰਘ ਨਾਲ ਮੁਲਾਕਾਤ ਕੀਤੀ ਅਤੇ ਇਨਸਾਫ਼ ਦੀ ਗੁਹਾਰ ਲਗਾਈ। ਵਿਧਾਇਕ ਨੇ ਮੌਕੇ ’ਤੇ ਹੀ ਪੁਲੀਸ ਨੂੰ ਆਦੇਸ਼ ਦਿੱਤੇ ਕਿ ਮਾਮਲੇ ਦੀ ਉੱਚ ਪੱਧਰੀ ਨਿਰਪੱਖ ਜਾਂਚ ਕੀਤੀ ਜਾਵੇ ਅਤੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਜਾਵੇ।
ਲਖਵੀਰ ਸਿੰਘ ਨੇ ਪੁਲੀਸ ਕੋਲ ਦਰਜ ਕਰਵਾਏ ਬਿਆਨਾਂ ਵਿੱਚ ਕਿਹਾ ਕਿ ਉਸ ਦੀ ਸਭ ਤੋਂ ਛੋਟੀ ਭੈਣ ਜਸਵੀਰ ਕੌਰ ਦਾ ਵਿਆਹ 7 ਦਸੰਬਰ 2023 ਵਿੱਚ ਗੁਰਪ੍ਰੀਤ ਸਿੰਘ ਨਾਲ ਸਿੱਖ ਰੀਤੀ ਰਿਵਾਜ਼ਾਂ ਨਾਲ ਹੋਇਆ ਸੀ। ਕੁੱਝ ਸਮੇਂ ਬਾਅਦ ਉਸ ਦੀ ਭੈਣ ਨੂੰ ਉਸ ਦੇ ਪਤੀ ਗੁਰਪ੍ਰੀਤ ਸਿੰਘ ਅਤੇ ਸੱਸ ਨਰਿੰਦਰ ਕੌਰ ਨੇ ਤੰਗ ਪ੍ਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ। ਉਹ ਜਸਵੀਰ ਕੌਰ ਨਾਲ ਲੜਾਈ ਝਗੜਾ ਵੀ ਕਰਦੇ ਸਨ।
ਲਖਵੀਰ ਸਿੰਘ ਨੇ ਆਪਣੀ ਸ਼ਿਕਾਇਤ ਵਿੱਚ ਕਿਹਾ ਕਿ 30 ਮਈ ਨੂੰ ਸਵੇਰੇ 10 ਵਜੇ ਉਸ ਦੀ ਭੈਣ ਨੇ ਰੋਂਦੇ ਕੁਰਲਾਉਂਦੇ ਹੋਏ ਦੱਸਿਆ ਕਿ ਉਹ ਸਹੁਰੇ ਘਰ ਬਹੁਤ ਤੰਗ ਹੈ ਅਤੇ ਹੁਣ ਉਹ ਆਪਣੀ ਜੀਵਨ ਲੀਲਾ ਸਮਾਪਤ ਕਰ ਲਵੇਗੀ। ਜਿਸ ਨੂੰ ਗੱਲੀਬਾਤੀ ਸਮਝਾਇਆ ਗਿਆ ਪ੍ਰੰਤੂ ਦੁਪਹਿਰ ਸਵਾ ਇੱਕ ਵਜੇ ਜਵਾਈ ਗੁਰਪ੍ਰੀਤ ਸਿੰਘ ਨੇ ਫੋਨ ਕਰਕੇ ਸੂਚਨਾ ਦਿੱਤੀ ਕਿ ਜਸਵੀਰ ਕੌਰ ਨੇ ਫਾਹਾ ਲੈ ਕੇ ਆਤਮ ਹੱਤਿਆ ਕਰਨ ਦੀ ਕੋਸ਼ਿਸ਼ ਕੀਤੀ ਹੈ, ਉਹ ਉਸ ਨੂੰ ਸਰਕਾਰੀ ਹਸਪਤਾਲ ਫੇਜ਼-6 ਲੈ ਕੇ ਜਾ ਰਹੇ ਹਨ। ਜਦੋਂ ਉਹ ਆਪਣੇ ਭਰਾ ਜਸਵਿੰਦਰ ਸਿੰਘ ਨਾਲ ਹਸਪਤਾਲ ਪਹੁੰਚੇ ਤਾਂ ਡਾਕਟਰਾਂ ਨੇ ਉਨ੍ਹਾਂ ਦੀ ਭੈਣ ਨੂੰ ਮ੍ਰਿਤਕ ਐਲਾਨ ਦਿੱਤਾ। ਸ਼ਿਕਾਇਤਕਰਤਾ ਨੇ ਦੱਸਿਆ ਕਿ ਉਨ੍ਹਾਂ ਦਾ ਜਵਾਈ ਅਤੇ ਕੁੜੀ ਦੀ ਸੱਸ ਨਾ ਤਾਂ ਹਸਪਤਾਲ ਵਿੱਚ ਪਹੁੰਚੇ ਅਤੇ ਨਾ ਹੀ ਦਾਗਾਂ ’ਤੇ ਕੋਈ ਆਇਆ ਸਗੋਂ ਘਰ ਨੂੰ ਜਿੰਦਰਾ ਲਗਾ ਕੇ ਰੂਪੋਸ਼ ਹੋ ਗਏ ਹਨ।
ਲਖਵੀਰ ਸਿੰਘ ਅਤੇ ਜਸਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਜਵਾਈ ਗੁਰਪ੍ਰੀਤ ਸਿੰਘ ਅਤੇ ਉਸ ਦੀ ਮਾਂ ਨਰਿੰਦਰ ਕੌਰ ਉਨ੍ਹਾਂ ਦੀ ਭੈਣ ਜਸਵੀਰ ਕੌਰ ਨੂੰ ਅਕਸਰ ਤੰਗ ਪ੍ਰੇਸ਼ਾਨ ਕਰਦੇ ਸੀ। ਜਿਸ ਕਾਰਨ ਉਹ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਰਹਿਣ ਲੱਗ ਪਈ ਸੀ। ਜਿਸ ਕਰਕੇ ਉਸ ਨੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਉਨ੍ਹਾਂ ਮੰਗ ਕੀਤੀ ਕਿ ਜਸਵੀਰ ਕੌਰ ਦੇ ਸਹੁਰੇ ਪਰਿਵਾਰ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ। ਪੁਲੀਸ ਨੇ ਲਖਵੀਰ ਸਿੰਘ ਦੇ ਬਿਆਨਾਂ ਨੂੰ ਆਧਾਰ ਬਣਾ ਕੇ ਮ੍ਰਿਤਕ ਜਸਵੀਰ ਕੌਰ ਦੇ ਪਤੀ ਗੁਰਪ੍ਰੀਤ ਸਿੰਘ ਅਤੇ ਸੱਸ ਨਰਿੰਦਰ ਕੌਰ ਦੇ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ। ਮੁਹਾਲੀ ਦੇ ਸਰਕਾਰੀ ਹਸਪਤਾਲ ਵਿੱਚ ਪੋਸਟਮਾਰਟਮ ਤੋਂ ਬਾਅਦ ਪੁਲੀਸ ਨੇ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਹੈ। ਇਸ ਮਗਰੋਂ ਬੀਤੇ ਦਿਨੀਂ ਮ੍ਰਿਤਕਾ ਦਾ ਪੇਕੇ ਪਿੰਡ ਦੈੜੀ ਵਿੱਚ ਅੰਤਿਮ ਸਸਕਾਰ ਕੀਤਾ ਗਿਆ।
ਸੋਹਾਣਾ ਥਾਣਾ ਦੇ ਐਸਐਚਓ ਇੰਸਪੈਕਟਰ ਸਿਮਰਨ ਸਿੰਘ ਨੇ ਦੱਸਿਆ ਕਿ ਪੁਲੀਸ ਨੇ ਪਰਚਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ ਪ੍ਰੰਤੂ ਸਹੁਰਾ ਪਰਿਵਾਰ ਘਰ ਨੂੰ ਤਾਲਾ ਲਗਾ ਕੇ ਫ਼ਰਾਰ ਹੋ ਗਿਆ ਹੈ।

Load More Related Articles
Load More By Nabaz-e-Punjab
Load More In General News

Check Also

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ Nabaz-e-Punjab, ਲੁਧਿਆਣਾ, 24 ਅਪ੍ਰੈਲ, 20…