ਡੀਸੀ ਵੱਲੋਂ ਸਰਕਾਰੀ ਨਸ਼ਾ ਮੁਕਤੀ ਕੇਂਦਰ ਦੀ ਚੈਕਿੰਗ, ਜ਼ਰੂਰੀ ਹਦਾਇਤਾਂ ਜਾਰੀ

ਡੀਸੀ ਨੇ ਮਰੀਜ਼ਾਂ ਨਾਲ ਕੀਤੀ ਸਿੱਧੀ ਗੱਲ, ਪੁਨਰਵਾਸ ਲਈ ਨਸ਼ਾ ਮੁਕਤ ਜੀਵਨ ਤੇ ਹੁਨਰ ਵਿਕਾਸ ’ਤੇ ਜ਼ੋਰ

ਨਬਜ਼-ਏ-ਪੰਜਾਬ, ਮੁਹਾਲੀ, 6 ਜੂਨ:
ਮੁਹਾਲੀ ਦੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਨਸ਼ਾ ਮੁਕਤੀ ਤੇ ਮੁੜ ਵਸੇਬਾ ਸੁਸਾਇਟੀ ਦੀ ਚੇਅਰਪਰਸਨ ਸ੍ਰੀਮਤੀ ਕੋਮਲ ਮਿੱਤਲ ਨੇ ਅੱਜ ਸਰਕਾਰੀ ਨਸ਼ਾ ਮੁਕਤੀ ਕੇਂਦਰ ਸੈਕਟਰ-66 ਦਾ ਦੌਰਾ ਕੀਤਾ ਅਤੇ ਜ਼ਰੂਰੀ ਹਦਾਇਤਾਂ ਜਾਰੀ ਕੀਤੀਆਂ। ਉਨ੍ਹਾਂ ਕਿਹਾ ਕਿ ਇਸ ਦੌਰੇ ਦਾ ਉਦੇਸ਼ ਕੇਂਦਰ ਦੇ ਕੰਮਕਾਜ ਦੀ ਸਮੀਖਿਆ ਕਰਨਾ ਅਤੇ ਮਰੀਜ਼ਾਂ ਨਾਲ ਸਿੱਧੀ ਗੱਲ ਕਰਕੇ ਫੀਡਬੈਕ ਲੈਣਾ ਸੀ। ਇਸ ਮੌਕੇ ਏਡੀਸੀ (ਪੇਂਡੂ ਵਿਕਾਸ) ਸ੍ਰੀਮਤੀ ਸੋਨਮ ਚੌਧਰੀ, ਸਿਵਲ ਸਰਜਨ ਡਾ. ਸੰਗੀਤਾ ਜੈਨ, ਐਸਪੀ (ਪੀਬੀਆਈ) ਸ੍ਰੀਮਤੀ ਦੀਪਿਕਾ ਸਿੰਘ ਅਤੇ ਡਿਪਟੀ ਡਾਇਰੈਕਟਰ (ਰੁਜ਼ਗਾਰ) ਹਰਪ੍ਰੀਤ ਸਿੰਘ ਮਾਨਸ਼ਾਹੀਆ ਵੀ ਸਨ।
ਮਰੀਜ਼ਾਂ ਨਾਲ ਗੱਲਬਾਤ ਕਰਦਿਆਂ ਡੀਸੀ ਸ੍ਰੀਮਤੀ ਮਿੱਤਲ ਨੇ ਉਨ੍ਹਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਤੇ ਸਿਹਤਮੰਦ ਅਤੇ ਜ਼ਿੰਮੇਵਾਰ ਜੀਵਨ ਮੁੜ ਹਾਸਲ ਕਰਨ ਲਈ ਸਹੀ ਇਲਾਜ ਕਰਵਾਉਣ ਲਈ ਉਤਸ਼ਾਹਿਤ ਕੀਤਾ। ਉਨ੍ਹਾਂ ਨੇ ਪੀੜਤਾਂ ਨੂੰ ਆਪਣੇ ਪਰਿਵਾਰਾਂ ਅਤੇ ਸਮਾਜ ਪ੍ਰਤੀ ਸੁਹਿਰਦ ਯੋਗਦਾਨ ਪਾਉਣ ਵਾਲੇ ਮੈਂਬਰ ਬਣਨ ਦੀ ਮਹੱਤਤਾ ਪ੍ਰਤੀ ਵੀ ਸੰਵੇਦਨਸ਼ੀਲ ਬਣਾਇਆ। ਉਨ੍ਹਾਂ ਮਰੀਜ਼ਾਂ ਨੂੰ ਅਪੀਲ ਕੀਤੀ ਕਿ ਉਹ ਕੇਂਦਰ ਵਿੱਚ ਕਰਵਾਏ ਜਾਣ ਵਾਲੇ ਹੁਨਰ ਵਿਕਾਸ ਕੋਰਸਾਂ-ਜਿਵੇਂ ਕਿ ਮੋਬਾਈਲ ਮੁਰੰਮਤ, ਖਾਣਾ ਪਕਾਉਣ ਅਤੇ ਕੰਪਿਊਟਰ ਸਿਖਲਾਈ ਵਿੱਚ ਹਿੱਸਾ ਲੈਣ ਤਾਂ ਜੋ ਉਨ੍ਹਾਂ ਦੇ ਪੁਨਰਵਾਸ ਅਤੇ ਭਵਿੱਖ ਵਿੱਚ ਰੁਜ਼ਗਾਰ ਯੋਗਤਾ ਨੂੰ ਬਿਹਤਰ ਬਣਾਇਆ ਜਾ ਸਕੇ।
ਇਸ ਮੌਕੇ ਡੀਸੀ ਨੇ ਡਿਪਟੀ ਡਾਇਰੈਕਟਰ (ਰੁਜ਼ਗਾਰ) ਹਰਪ੍ਰੀਤ ਸਿੰਘ ਮਾਨਸ਼ਾਹੀਆ ਨੂੰ ਆਦੇਸ਼ ਦਿੱਤੇ ਕਿ ਉਹ ਮਰੀਜ਼ਾਂ ਦੀ ਉਨ੍ਹਾਂ ਦੀਆਂ ਰੁਚੀਆਂ ਦੇ ਆਧਾਰ ’ਤੇ ਕੌਂਸਲਿੰਗ ਕਰਨ ਅਤੇ ਉਸ ਅਨੁਸਾਰ ਢੁਕਵੇਂ ਰੁਜ਼ਗਾਰ-ਮੁਖੀ ਕੋਰਸਾਂ ਦਾ ਪ੍ਰਬੰਧ ਕਰਨ। ਉਨ੍ਹਾਂ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਸਨ ਫਾਊਂਡੇਸ਼ਨ ਅਤੇ ਰੁਜ਼ਗਾਰ ਵਿਭਾਗ ਦੇ ਸਹਿਯੋਗ ਨਾਲ ਜ਼ਿਲ੍ਹਾ ਪ੍ਰਸ਼ਾਸਨ ਉਨ੍ਹਾਂ ਦੇ ਇਲਾਜ ਤੋਂ ਬਾਅਦ ਨੌਜਵਾਨਾਂ ਦੇ ਮੁੜ ਵਸੇਬੇ ਲਈ ਵਚਨਬੱਧ ਹੈ। ਡੀਸੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸਾਰੇ ਨੌਜਵਾਨਾਂ ਲਈ ਪੌਸ਼ਟਿਕ ਅਤੇ ਸੰਤੁਲਿਤ ਖ਼ੁਰਾਕ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਨਸ਼ਾ ਮੁਕਤੀ ਕੇਂਦਰ ਨਾ ਸਿਰਫ਼ ਸਵੈ-ਇੱਛਤ ਮਰੀਜ਼ਾਂ ਨੂੰ, ਸਗੋਂ ਐਨਡੀਪੀਐਸ ਮਾਮਲਿਆਂ ਅਧੀਨ ਅਦਾਲਤ ਵੱਲੋਂ ਭੇਜੇ ਗਏ ਵਿਅਕਤੀਆਂ ਨੂੰ ਵੀ ਮੁਫ਼ਤ ਨਸ਼ਾ ਛੁਡਾਊ ਇਲਾਜ ਪ੍ਰਦਾਨ ਕਰਦਾ ਹੈ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ ਆਪ ਦੇ ਵਿਧਾਇਕ ਕੁਲਵੰਤ ਸ…