ਜਾਸੂਸੀ ਮਾਮਲੇ ਵਿੱਚ ਯੂ-ਟਿਊਬਰ ਜਸਬੀਰ ਸਿੰਘ ਨੂੰ ਜੇਲ੍ਹ ਭੇਜਿਆ

ਨਬਜ਼-ਏ-ਪੰਜਾਬ, ਮੁਹਾਲੀ, 9 ਜੂਨ:
ਪੰਜਾਬ ਪੁਲੀਸ ਦੇ ਸਟੇਟ ਸਪੈਸ਼ਲ ਅਪਰੇਸ਼ਨ ਸੈੱਲ (ਐਸਐਸਓਸੀ) ਦੀ ਮੁਹਾਲੀ ਟੀਮ ਵੱਲੋਂ ਪਾਕਿਸਤਾਨ ਲਈ ਜਾਸੂਸੀ ਕਰਨ ਦੇ ਦੋਸ਼ ਵਿੱਚ ਗ੍ਰਿਫ਼ਤਾਰ ਯੂ-ਟਿਊਬਰ ਜਸਬੀਰ ਸਿੰਘ ਵਾਸੀ ਪਿੰਡ ਮੱਲਣ (ਰੂਪਨਗਰ) ਨੂੰ ਦੋ ਦਿਨ ਦਾ ਪੁਲੀਸ ਰਿਮਾਂਡ ਖ਼ਤਮ ਹੋਣ ’ਤੇ ਅੱਜ ਦੁਬਾਰਾ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਉਸ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ ਅਧੀਨ ਜੇਲ੍ਹ ਦਿੱਤਾ। ਉਸ ਦੇ ਖ਼ਿਲਾਫ਼ ਐਸਐਸਓਸੀ ਦੇ ਮੁਹਾਲੀ ਸਥਿਤ ਥਾਣੇ ਵਿੱਚ ਐਫ਼ਆਈਆਰ ਦਰਜ ਕੀਤੀ ਗਈ ਹੈ।
ਹਾਲਾਂਕਿ ਪਿਛਲੀ ਪੇਸ਼ੀ ’ਤੇ ਸਟੇਟ ਸਪੈਸ਼ਲ ਅਪਰੇਸ਼ਨ ਸੈਲ ਨੇ ਜਸਬੀਰ ਸਿੰਘ ਦਾ ਲੈਪਟਾਪ ਕੁੱਝ ਸਮਾਂ ਪਾਕਿਸਤਾਨ ਦੀ ਆਈਐਸਆਈ ਏਜੰਸੀ ਦੇ ਕਬਜ਼ੇ ਵਿੱਚ ਰਹਿਣ, ਮੁਲਜ਼ਮ ਦਾ ਲੈਪਟਾਪ ਬਰਾਮਦ ਕਰਕੇ ਜਾਂਚ ਕਰਨ ਅਤੇ ਇਹ ਪਤਾ ਲਗਾਉਣ ਕਿ ਉਸ ਨੇ ਗੁਆਂਢੀ ਮਲਕ ਨਾਲ ਕਿਹੜੀ ਕਿਹੜੀ ਖ਼ੁਫ਼ੀਆ ਜਾਣਕਾਰੀ ਸਾਂਝੀ ਕੀਤੀ ਹੈ, ਬਾਰੇ ਪੜਤਾਲ ਕਰਨ ਦੀ ਗੱਲ ਆਖੀ ਸੀ ਪਰ ਅੱਜ ਜਾਂਚ ਏਜੰਸੀ ਵੱਲੋਂ ਖ਼ੁਦ ਹੀ ਮੁਲਜ਼ਮ ਨੂੰ ਨਿਆਇਕ ਹਿਰਾਸਤ ਵਿੱਚ ਭੇਜਣ ਦੀ ਗੱਲ ਕਹੀ ਗਈ। ਅਦਾਲਤ ਨੇ ਮੁਲਜ਼ਮ ਨੂੰ ਨਿਆਇਕ ਹਿਰਾਸਤ ਅਧੀਨ ਰੂਪਨਗਰ ਜੇਲ੍ਹ ਭੇਜਿਆ ਹੈ। ਉਸ ਨੂੰ 23 ਜੂਨ ਨੂੰ ਦੁਬਾਰਾ ਅਦਾਲਤ ਵਿੱਚ ਪੇਸ਼ ਕਰਨ ਲਈ ਕਿਹਾ ਹੈ।
ਅਦਾਲਤ ’ਚੋਂ ਬਾਹਰ ਆਉਂਦੇ ਹੋਏ ਮੀਡੀਆ ਕਰਮੀਆਂ ਨੇ ਯੂ-ਟਿਊਬਰ ਜਸਬੀਰ ਸਿੰਘ ਨਾਲ ਗੱਲਬਾਤ ਕਰਨ ਦੀ ਬਹੁਤ ਕੋਸ਼ਿਸ਼ ਕੀਤੀ ਗਈ ਲੇਕਿਨ ਉਨ੍ਹਾਂ ਨੇ ਆਪਣੀ ਚੁੱਪੀ ਨਹੀਂ ਤੋੜੀ। ਜਦੋਂਕਿ ਉੱਥੇ ਮੌਜੂਦ ਜਸਬੀਰ ਸਿੰਘ ਦੇ ਵੱਡੇ ਭਰਾ ਪ੍ਰਸ਼ੋਤਮ ਸਿੰਘ ਨੇ ਸਾਰੇ ਦੋਸ਼ਾਂ ਨੂੰ ਬੇਬੁਨਿਆਦ ਦੱਸਦਿਆਂ ਕਿਹਾ ਕਿ ਪੰਜਾਬ ਪੁਲੀਸ ਜਾਣਬੁੱਝ ਕੇ ਉਸ ਦੇ ਭਰਾ ਨੂੰ ਝੂਠੇ ਕੇਸ ਵਿੱਚ ਫਸਾ ਰਹੀ ਹੈ। ਉਨ੍ਹਾਂ ਕਿਹਾ ਕਿ ‘ਮੇਰਾ ਭਰਾ ਜਸਬੀਰ ਸਿੰਘ ਬਿਲਕੁਲ ਬੇਕਸੂਰ ਹੈ’। ਉਨ੍ਹਾਂ ਕਿਹਾ ਕਿ ਪਿਛਲੇ 10 ਤੋਂ 15 ਦਿਨਾਂ ਲਗਾਤਾਰ ਜਸਬੀਰ ਸਿੰਘ ਲਗਾਤਾਰ ਪੁਲੀਸ ਦੇ ਸੰਪਰਕ ਵਿੱਚ ਰਿਹਾ ਹੈ, ਜਦੋਂ ਵੀ ਪੁਲੀਸ ਨੇ ਜਾਂਚ ਵਿੱਚ ਸ਼ਾਮਲ ਹੋਣ ਲਈ ਸੱਦਿਆ ਹੈ, ਉਹ ਪੁਲੀਸ ਅੱਗੇ ਪੇਸ਼ ਹੁੰਦਾ ਰਿਹਾ ਹੈ। ਪੁਲੀਸ ਲੋੜੀਂਦੀ ਪੁੱਛਗਿੱਛ ਕਰ ਚੁੱਕੀ ਸੀ ਅਤੇ ਉਸ ਦੇ ਲੈਪਟਾਪ ਦੀ ਜਾਂਚ ਕੀਤੀ ਜਾ ਚੁੱਕੀ ਹੈ ਪ੍ਰੰਤੂ ਇਸ ਦੇ ਬਾਵਜੂਦ ਪੁਲੀਸ ਨੇ ਗਲਤ ਤਰੀਕੇ ਨਾਲ ਉਸ ਦੇ ਭਰਾ ਨੂੰ ਗ੍ਰਿਫ਼ਤਾਰ ਕਰ ਲਿਆ ਅਤੇ ਉਸ ਨੂੰ ਇੱਕ ਵੱਡੇ ਅਪਰਾਧੀ ਵਾਂਗ ਪੇਸ਼ ਕੀਤਾ ਜਾ ਰਿਹਾ ਹੈ, ਜੋ ਸਰਾਸਰ ਗਲਤ ਹੈ। ਪ੍ਰਸ਼ੋਤਮ ਸਿੰਘ ਨੇ ਕਿਹਾ ਕਿ ਉਨ੍ਹਾਂ ਦੇ ਪਰਿਵਾਰ ਨੂੰ ਨਿਆਂਪਾਲਿਕਾ ’ਤੇ ਪੂਰਾ ਭਰੋਸਾ ਹੈ ਅਤੇ ਜਲਦੀ ਹੀ ਸਚਾਈ ਸਭ ਦੇ ਸਾਹਮਣੇ ਆਵੇਗੀ ਅਤੇ ਦੁੱਧ ਦਾ ਦੁੱਧ ਤੇ ਪਾਣੀ ਦਾ ਪਾਣੀ ਹੋ ਜਾਵੇਗਾ।

Load More Related Articles
Load More By Nabaz-e-Punjab
Load More In General News

Check Also

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ Nabaz-e-Punjab, ਲੁਧਿਆਣਾ, 24 ਅਪ੍ਰੈਲ, 20…