ਪਿੰਡ ਮਾਣਕਪੁਰ ਕੱਲਰ ਦੇ ਸ਼ਮਸ਼ਾਨਘਾਟ ’ਤੇ ਕਬਜ਼ੇ ਦਾ ਮਾਮਲਾ ਵਿਧਾਇਕ ਕੋਲ ਪੁੱਜਾ

ਨਸ਼ਿਆਂ ਵਿਰੁੱਧ ਜਾਗਰੂਕਤਾ ਦਾ ਹੋਕਾ ਦੇਣ ਤੇ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਲਈ ਵਿਧਾਇਕ ਦਾ ਸਨਮਾਨ

ਨਬਜ਼-ਏ-ਪੰਜਾਬ, ਮੁਹਾਲੀ, 11 ਜੂਨ:
ਮੁਹਾਲੀ ਹਲਕੇ ਦੇ ਪਿੰਡ ਮਾਣਕਪੁਰ ਕੱਲਰ ਦੇ ਅਨੁਸੂਚਿਤ ਜਾਤੀ ਵਰਗ ਦੇ ਸ਼ਮਸ਼ਾਨਘਾਟ ’ਤੇ ਕਬਜ਼ਾ ਕਰਨ ਦਾ ਮਾਮਲਾ ‘ਆਪ’ ਵਿਧਾਇਕ ਕੁਲਵੰਤ ਸਿੰਘ ਦੇ ਕੋਲ ਪਹੁੰਚ ਗਿਆ ਹੈ। ਕੁੱਝ ਪਿੰਡ ਵਾਸੀਆਂ ਨੇ ਅੱਜ ਸੈਕਟਰ-79 ਸਥਿਤ ਆਮ ਆਦਮੀ ਪਾਰਟੀ (ਆਪ) ਦੇ ਦਫ਼ਤਰ ਵਿੱਚ ਵਿਧਾਇਕ ਕੁਲਵੰਤ ਸਿੰਘ ਨਾਲ ਮੁਲਾਕਾਤ ਕੀਤੀ ਅਤੇ ਕੁੱਝ ਵਿਅਕਤੀਆਂ ਵੱਲੋਂ ਦਲਿਤਾਂ ਦੇ ਸ਼ਮਸ਼ਾਨਘਾਟ ’ਤੇ ਕਬਜ਼ਾ ਕਰਨ ਬਾਰੇ ਲਿਖਤੀ ਸ਼ਿਕਾਇਤ ਦੇ ਕੇ ਕਾਨੂੰਨੀ ਕਾਰਵਾਈ ਕਰਨ ਅਤੇ ਨਾਜਾਇਜ਼ ਕਬਜ਼ਾ ਹਟਾਉਣ ਦੀ ਗੁਹਾਰ ਲਗਾਈ। ਵਿਧਾਇਕ ਨੇ ਮੌਕੇ ’ਤੇ ਹੀ ਸੋਹਾਣਾ ਪੁਲੀਸ ਨੂੰ ਹਦਾਇਤ ਕੀਤੀ ਕਿ ਇਸ ਸਬੰਧੀ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ।
ਇਸੇ ਤਰ੍ਹਾਂ ਕਈ ਹੋਰ ਸੰਸਥਾਵਾਂ ਦੇ ਨੁਮਾਇੰਦਿਆਂ ਨੇ ਵੀ ਵਿਧਾਇਕ ਕੁਲਵੰਤ ਸਿੰਘ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਸ਼ਹਿਰੀ ਤੇ ਪੇਂਡੂ ਖੇਤਰ ਵਿੱਚ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਦਾ ਹੋਕਾ ਦੇਣ ਅਤੇ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਲਈ ਫੁੱਲਾਂ ਦੇ ਗੁਲਦਸਤੇ ਭੇਟ ਕਰਕੇ ਉਨ੍ਹਾਂ ਦਾ ਸਨਮਾਨ ਕੀਤਾ। ਸੰਸਥਾਵਾਂ ਦੇ ਆਗੂਆਂ ਨੇ ਨਸ਼ਿਆਂ ਖ਼ਿਲਾਫ਼ ਮੁਹਿੰਮ ਵਿੱਚ ਪੂਰਾ ਸਹਿਯੋਗ ਦੇਣ ਦਾ ਭਰੋਸਾ ਵੀ ਦਿੱਤਾ।
ਇਸ ਤੋਂ ਇਲਾਵਾ ਕਈ ਵਿਅਕਤੀਆਂ ਨੇ ਵਿਧਾਇਕ ਦੇ ਧਿਆਨ ਵਿੱਚ ਲਿਆਂਦਾ ਕਿ ਜਿਵੇਂ-ਜਿਵੇਂ ਗਰਮੀ ਵਧ ਰਹੀ ਹੈ, ਓਵੇਂ-ਓਵੇਂ ਬਿਜਲੀ ਦੇ ਅਣਐਲਾਨੇ ਕੱਟ ਲੱਗਣੇ ਸ਼ੁਰੂ ਹੋ ਗਏ ਅਤੇ ਬਿਜਲੀ ਕੱਟ ਦੌਰਾਨ ਪੀਣ ਵਾਲੇ ਪਾਣੀ ਦੀ ਸਪਲਾਈ ਵੀ ਪ੍ਰਭਾਵਿਤ ਰਹਿੰਦੀ ਹੈ। ਜਿਸ ਕਾਰਨ ਲੋਕਾਂ ਨੂੰ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਲਿੰਕ ਸੜਕਾਂ ਦੀ ਮੁਰੰਮਤ ਦੇ ਮੁੱਦੇ ’ਤੇ ਵਿਧਾਇਕ ਨੇ ਦੱਸਿਆ ਕਿ ਮੁਹਾਲੀ ਹਲਕੇ ਦੇ ਪਿੰਡਾਂ ਦੀਆਂ ਲਿੰਕ ਸੜਕਾਂ ਲਈ ਕਰੀਬ 15 ਕਰੋੜ ਦਾ ਐਸਟੀਮੇਟ ਤਿਆਰ ਕਰਕੇ ਸਰਕਾਰ ਨੂੰ ਭੇਜਿਆ ਗਿਆ ਹੈ ਅਤੇ ਆਉਂਦੇ ਦਿਨਾਂ ਵਿੱਚ ਲਿੰਕ ਸੜਕਾਂ ਨੂੰ ਮਜ਼ਬੂਤ ਤੇ ਚੌੜਾ ਕਰਨ ਦਾ ਕੰਮ ਸ਼ੁਰੂ ਕੀਤਾ ਜਾਵੇਗਾ।

Load More Related Articles
Load More By Nabaz-e-Punjab
Load More In General News

Check Also

ਕਿਸਾਨਾਂ ਦੀ ਸਹਿਮਤੀ ਨਾਲ ਹੀ ਜ਼ਮੀਨਾਂ ਐਕਵਾਇਰ ਕੀਤੀਆਂ ਜਾਣਗੀਆਂ: ਕੁਲਵੰਤ ਸਿੰਘ

ਕਿਸਾਨਾਂ ਦੀ ਸਹਿਮਤੀ ਨਾਲ ਹੀ ਜ਼ਮੀਨਾਂ ਐਕਵਾਇਰ ਕੀਤੀਆਂ ਜਾਣਗੀਆਂ: ਕੁਲਵੰਤ ਸਿੰਘ ਭਾਰਤੀ ਕਿਸਾਨ ਮਜ਼ਦੂਰ ਸੰਘਰਸ਼…