ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਠੱਗੀ ਕਰਨ ਵਾਲਾ ਟਰੈਵਲ ਏਜੰਟ ਗ੍ਰਿਫ਼ਤਾਰ, ਭਰਾ ਫ਼ਰਾਰ

ਨਬਜ਼-ਏ-ਪੰਜਾਬ, ਮੁਹਾਲੀ, 14 ਜੂਨ:
ਮੁਹਾਲੀ ਪੁਲੀਸ ਨੇ ਆਮ ਲੋਕਾਂ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਠੱਗੀ ਕਰਨ ਵਾਲੇ ਇੱਕ ਟਰੈਵਲ ਏਜੰਟ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਟਰੈਵਲ ਏਜੰਟ ਦੀ ਪਛਾਣ ਸਰਫਰਾਸ ਖਾਨ (ਅਸਲ ਨਾਮ ਸਰਫ਼ਰਾਜ਼ ਅਹਿਮਦ) ਵਾਸੀ ਜ਼ਿਲ੍ਹਾ ਸ਼ਾਮਲੀ (ਯੂਪੀ) ਵਜੋਂ ਹੋਈ ਹੈ, ਜੋ ਇਸ ਸਮੇਂ ਸੈਕਟਰ 45-ਏ, ਚੰਡੀਗੜ੍ਹ ਵਿੱਚ ਰਹਿ ਰਿਹਾ ਸੀ। ਜਦੋਂਕਿ ਉਸ ਦਾ ਭਰਾ ਸ਼ੋਇਬ ਸ਼ੇਖ਼ ਫਿਲਹਾਲ ਪੁਲੀਸ ਦੀ ਗ੍ਰਿਫ਼ਤ ਤੋਂ ਬਾਹਰ ਹੈ। ਇਸ ਸਬੰਧੀ ਟਰੈਵਲ ਏਜੰਟ ਤੇ ਉਸ ਦੇ ਭਰਾ ਖ਼ਿਲਾਫ਼ ਬੀਤੀ 15 ਮਈ ਨੂੰ ਫੇਜ਼-11 ਥਾਣਾ ਵਿੱਚ ਬੀਐਨਐਸ ਦੀ ਧਾਰਾ 316 (2), 318 (4) ਅਤੇ ਇਮੀਗਰੇਸ਼ਨ ਐਕਟ ਦੀ ਧਾਰਾ 24 ਤਹਿਤ ਪਰਚਾ ਦਰਜ ਕੀਤਾ ਗਿਆ ਹੈ।
ਅੱਜ ਇੱਥੇ ਮੁਹਾਲੀ ਦੇ ਡੀਐਸਪੀ (ਸਿਟੀ-2) ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਐੱਸਐੱਸਪੀ ਹਰਮਨਦੀਪ ਸਿੰਘ ਹਾਂਸ ਦੀਆਂ ਹਦਾਇਤਾਂ ’ਤੇ ਲੋਕਾਂ ਨਾਲ ਧੋਖਾਧੜੀ ਕਰਨ ਵਾਲੇ ਟਰੈਵਲ ਏਜੰਟਾਂ ਖ਼ਿਲਾਫ਼ ਵਿਸ਼ੇਸ਼ ਮੁਹਿੰਮ ਵਿੱਢੀ ਗਈ ਹੈ। ਇਸ ਦੌਰਾਨ ਥਾਣਾ ਫੇਜ਼-11 ਦੇ ਐਸਐਸਓ ਇੰਸਪੈਕਟਰ ਅਮਨ ਦੀ ਅਗਵਾਈ ਵਾਲੀ ਟੀਮ ਨੇ ਟਰੈਵਲ ਏਜੰਟ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਸ ਦੇ ਫ਼ਰਾਰ ਭਰਾ ਦੀ ਭਾਲ ਵਿੱਚ ਛਾਪੇਮਾਰੀ ਜਾਰੀ ਹੈ।
ਇਹ ਦੋਵੇਂ ਭਰਾ ਮਾਈਗਰੇਟ ਐਕਸਪਰਟ ਸੋਲੂਸ਼ਨ ਸੀਪੀ-67 ਮਾਲ ਵਿੱਚ ਇਮੀਗਰੇਸ਼ਨ ਦਾ ਨਾਜਾਇਜ਼ ਦਫ਼ਤਰ ਖੋਲ੍ਹ ਕੇ ਭੋਲੇ-ਭਾਲੇ ਲੋਕਾਂ ਨੂੰ ਵਿਦੇਸ਼ ਭੇਜਣ ਦੇ ਝਾਂਸਾ ਦੇ ਕੇ ਉਨ੍ਹਾਂ ਨਾਲ ਧੋਖਾਧੜੀ ਕਰਕੇ ਮੋਟੀ ਰਕਮ ਵਸੂਲ ਰਹੇ ਸਨ। ਕਾਬਿਲੇਗੌਰ ਹੈ ਕਿ ਪਿੱਛੇ ਜਿਹੇ ਪੰਜਾਬ ਅਗੇਂਸਟ ਕੁਰੱਸ਼ਨ ਦੇ ਪ੍ਰਧਾਨ ਸਤਨਾਮ ਸਿੰਘ ਦਾਊਂ ਨੇ ਮੀਡੀਆ ਵਿੱਚ ਇਹ ਮਾਮਲਾ ਚੁੱਕਿਆ ਸੀ। ਇਸ ਤੋਂ ਬਾਅਦ ਹੀ ਮੁਹਾਲੀ ਪੁਲੀਸ ਹਰਕਤ ਵਿੱਚ ਆਈ ਸੀ।
ਡੀਐਸਪੀ ਬੱਲ ਨੇ ਦੱਸਿਆ ਕਿ ਮੁਲਜ਼ਮ ਟਰੈਵਲ ਏਜੰਟ ਕੋਲੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਉਸ ਕੋਲੋਂ ਲੋਕਾਂ ਨਾਲ ਠੱਗੀਆਂ ਮਾਰ ਕੇ ਕਮਾਏ ਪੈਸੇ ਬਰਾਮਦ ਹੋਣ ਦੀ ਆਸ ਹੈ। ਪੁਲੀਸ ਅਨੁਸਾਰ ਟਰੈਵਲ ਏਜੰਟ ਸਰਫ਼ਰਾਜ਼ ਅਹਿਮਦ ਖ਼ਿਲਾਫ਼ ਪਹਿਲਾਂ ਵੀ ਥਾਣਾ ਫੇਜ਼-1 ਵਿੱਚ ਆਈਪੀਸੀ ਦੀ ਧਾਰਾ 406, 420 ਅਤੇ ਇਮੀਗਰੇਸ਼ਨ ਐਕਟ ਦੀ ਧਾਰਾ 24 ਤਹਿਤ 23 ਜਨਵਰੀ 2024 ਨੂੰ ਪਰਚਾ ਦਰਜ ਕੀਤਾ ਗਿਆ ਸੀ।

Load More Related Articles
Load More By Nabaz-e-Punjab
Load More In General News

Check Also

ਕਿਸਾਨਾਂ ਦੀ ਸਹਿਮਤੀ ਨਾਲ ਹੀ ਜ਼ਮੀਨਾਂ ਐਕਵਾਇਰ ਕੀਤੀਆਂ ਜਾਣਗੀਆਂ: ਕੁਲਵੰਤ ਸਿੰਘ

ਕਿਸਾਨਾਂ ਦੀ ਸਹਿਮਤੀ ਨਾਲ ਹੀ ਜ਼ਮੀਨਾਂ ਐਕਵਾਇਰ ਕੀਤੀਆਂ ਜਾਣਗੀਆਂ: ਕੁਲਵੰਤ ਸਿੰਘ ਭਾਰਤੀ ਕਿਸਾਨ ਮਜ਼ਦੂਰ ਸੰਘਰਸ਼…