‘ਆਪ’ ਵਿਧਾਇਕ ਤੇ ਮੇਅਰ ਦੀ ਲੜਾਈ ਦਾ ਖ਼ਮਿਆਜ਼ਾ ਭੁਗਤ ਰਹੇ ਹਨ ਮੁਹਾਲੀ ਦੇ ਲੋਕ: ਪਰਵਿੰਦਰ ਸੋਹਾਣਾ

ਬਰਸਾਤੀ ਪਾਣੀ, ਕੂੜਾ ਪ੍ਰਬੰਧਨ ਤੇ ਸਫ਼ਾਈ ਕਾਮਿਆਂ ਦੀ ਹੜਤਾਲ ਨਾਲ ਸ਼ਹਿਰ ਦੇ ਹਾਲਾਤ ਬਦਤਰ ਬਣੇ

ਨਬਜ਼-ਏ-ਪੰਜਾਬ, ਮੁਹਾਲੀ, 3 ਜੁਲਾਈ:
ਸ਼੍ਰੋਮਣੀ ਅਕਾਲੀ ਦਲ, ਮੁਹਾਲੀ ਦੇ ਹਲਕਾ ਇੰਚਾਰਜ ਪਰਵਿੰਦਰ ਸਿੰਘ ਸੋਹਾਣਾ ਨੇ ਕਿਹਾ ਹੈ ਕਿ ਮੁਹਾਲੀ ਦੇ ‘ਆਪ’ ਵਿਧਾਇਕ ਕੁਲਵੰਤ ਸਿੰਘ ਅਤੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਦੀ ਸਿਆਸੀ ਲੜਾਈ ਨੇ ਸ਼ਹਿਰ ਦਾ ਬੇੜਾ ਗਰਕ ਕਰਕੇ ਰੱਖ ਦਿੱਤਾ ਹੈ ਅਤੇ ਇਨ੍ਹਾਂ ਦੀ ਲੜਾਈ ਦਾ ਖ਼ਮਿਆਜ਼ਾ ਮੁਹਾਲੀ ਦੇ ਲੋਕਾਂ ਨੂੰ ਭੁਗਤਣਾ ਪੈ ਰਿਹਾ ਹੈ। ਅੱਜ ਇੱਥੇ ਅਕਾਲੀ ਆਗੂ ਪਰਵਿੰਦਰ ਸਿੰਘ ਸੋਹਾਣਾ ਨੇ ਕਿਹਾ ਕਿ ਅਸਲੀਅਤ ਇਹ ਹੈ ਕਿ ਇਹ ਦੋਵੇੱ ਹੀ ਆਗੂ ਆਪੋ ਆਪਣਾ ਵਪਾਰ ਚਮਕਾਉਣ ਵਿੱਚ ਲੱਗੇ ਹੋਏ ਹਨ ਅਤੇ ਲੋਕਾਂ ਦੀਆਂ ਦੁੱਖ ਤਕਲੀਫਾਂ ਨਾਲ ਇਹਨਾਂ ਦਾ ਕੋਈ ਲੈਣਾ ਦੇਣਾ ਨਹੀਂ ਹੈ।
ਕੁੱਝ ਦਿਨ ਪਹਿਲਾਂ ਹੋਈ ਅੱਧੇ ਘੰਟੇ ਦੀ ਬਰਸਾਤ ਨਾਲ ਮੁਹਾਲੀ ਵਾਸੀਆਂ ਦੇ ਘਰਾਂ ਵਿੱਚ ਦਾਖ਼ਲ ਹੋਏ ਪਾਣੀ ਦੀ ਗੱਲ ਕਰਦਿਆਂ ਕਿਹਾ ਕਿ ਨਗਰ ਨਿਗਮ ਜਾਂ ਪੰਜਾਬ ਸਰਕਾਰ ਬਰਸਾਤੀ ਪਾਣੀ ਦੀ ਨਿਕਾਸੀ ਦਾ ਕੋਈ ਵੀ ਢੁਕਵਾਂ ਉਪਾਅ ਨਹੀਂ ਕਰ ਰਹੀ ਜਿਸ ਕਾਰਨ ਲੋਕਾਂ ਦਾ ਨੁਕਸਾਨ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਸੈਕਟਰ-71 ਦਾ ਖੇਤਰ (ਜਿੱਥੇ ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ ਸੋਮਲ ਅਤੇ ਹਲਕਾ ਵਿਧਾਇਕ ਦੇ ਪੁੱਤਰ ਸਰਬਜੀਤ ਸਿੰਘ ਸਮਾਣਾ ਦੇ ਵਾਰਡ ਪੈਂਦੇ ਹਨ), ਅਤੇ ਫੇਜ਼-3ਬੀ-2 (ਜੋ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੇ ਵਾਰਡ ਅਧੀਨ ਹੈ) ਸਮੇਤ ਕਈ ਇਲਾਕਿਆਂ ਵਿੱਚ ਲੋਕਾਂ ਦੇ ਘਰਾਂ ਵਿੱਚ ਪਾਣੀ ਦਾਖਲ ਹੋਇਆ।
ਉਨ੍ਹਾਂ ਕਿਹਾ ਕਿ ਮੇਅਰ 200 ਕਰੋੜ ਰੁਪਏ ਦੇ ਪ੍ਰੋਜੈਕਟ ਦੀਆਂ ਗੱਲਾਂ ਤਾਂ ਬਹੁਤ ਕਰਦੇ ਹਨ ਪਰ ਇਹ ਪ੍ਰੋਜੈਕਟ ਕਿੱਥੇ ਹੈ ਇਸ ਦਾ ਕਿਸੇ ਨੂੰ ਕੋਈ ਪਤਾ ਨਹੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਪਤਨੀ ਨਗਰ ਨਿਗਮ ਵਿੱਚ ਕੌਂਸਲਰ ਹੈ ਅਤੇ ਅੱਜ ਤੱਕ ਇਹ ਮੁੱਦਾ ਨਗਰ ਕਾਰਪੋਰੇਸ਼ਨ ਵਿੱਚ ਮੇਅਰ ਨੇ ਕਿਸੇ ਨਾਲ ਸਾਂਝਾ ਨਹੀਂ ਕੀਤਾ ਤੇ ਨਾ ਹੀ ਇਸ ਨੂੰ ਮੀਟਿੰਗ ਵਿੱਚ ਲਿਆਂਦਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਮੁਹਾਲੀ ਵਿੱਚ ਕੂੜੇ ਦੀ ਨਿਕਾਸੀ ਨਹੀਂ ਹੋ ਰਹੀ ਜਦੋਂਕਿ ਮੇਅਰ ਅਤੇ ਵਿਧਾਇਕ ਆਪਸੀ ਲੜਾਈ ਵਿੱਚ ਉਲਝੇ ਹੋਏ ਹਨ। ਉਨ੍ਹਾਂ ਕਿਹਾ ਕਿ ਉੱਪਰੋੱ ਸਫਾਈ ਸੇਵਕਾਂ ਦੀ ਹੜਤਾਲ ਚੱਲ ਰਹੀ ਹੈ ਜਿਸ ਕਾਰਨ ਪੂਰਾ ਸ਼ਹਿਰ ਤਰਾਹੀ ਤਰਾਹੀ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਛੇਤੀ ਇਸ ਪੂਰੇ ਦੀ ਸਮੱਸਿਆ ਦਾ ਹੱਲ ਨਾ ਕੀਤਾ ਗਿਆ ਤਾਂ ਸ਼ਹਿਰ ਵਿੱਚ ਗੰਭੀਰ ਬਿਮਾਰੀਆਂ ਫੈਲ ਸਕਦੀਆਂ ਹਨ।
ਅਕਾਲੀ ਆਗੂ ਨੇ ਕਿਹਾ ਕਿ ਮੁਹਾਲੀ ਦੇ ਲੋਕ ਇਨ੍ਹਾਂ ਦੋਵੇਂ ਆਗੂਆਂ ਦੀ ਸਿਆਸੀ ਖਾਨਾਜੰਗੀ ਤੋਂ ਤੰਗ ਆ ਚੁੱਕੇ ਹਨ। ਉਨ੍ਹਾਂ ਇਨ੍ਹਾਂ ਦੋਵੇਂ ਆਗੂਆਂ ਨੂੰ ਅਪੀਲ ਕੀਤੀ ਕਿ ਆਪੋ ਆਪਣੀ ਨੈਤਿਕ ਜ਼ਿੰਮੇਵਾਰੀ ਨੂੰ ਸਮਝਦੇ ਹੋਏ ਸ਼ਹਿਰ ਦੀ ਬਿਹਤਰੀ ਲਈ ਕੰਮ ਕਰਨ ਕਿਉਂਕਿ ਲੋਕਾਂ ਨੇ ਇਨ੍ਹਾਂ ਨੂੰ ਵੋਟਾਂ ਪਾ ਕੇ ਆਪਣਾ ਨੁਮਾਇੰਦਾ ਚੁਣਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਇਹ ਸਮੱਸਿਆਵਾਂ ਹੱਲ ਨਹੀਂ ਹੁੰਦੀਆਂ ਤਾਂ ਅਕਾਲੀ ਦਲ ਸੰਘਰਸ਼ ਲਈ ਸੜਕਾਂ ’ਤੇ ਉੱਤਰ ਆਵੇਗਾ ਅਤੇ ਲੋੜ ਪਈ ਤਾਂ ਅਦਾਲਤ ਦਾ ਬੂਹਾ ਖੜਕਾਇਆ ਜਾਵੇਗਾ।

Load More Related Articles
Load More By Nabaz-e-Punjab
Load More In Politics

Check Also

ਸਾਬਕਾ ਗ੍ਰਹਿ ਮੰਤਰੀ ਸਵਰਗੀ ਬੂਟਾ ਸਿੰਘ ਪ੍ਰਤੀ ਵਰਤੀ ਭੱਦੀ ਸ਼ਬਦਾਵਲੀ ਦੀ ਨਿਖੇਧੀ

ਸਾਬਕਾ ਗ੍ਰਹਿ ਮੰਤਰੀ ਸਵਰਗੀ ਬੂਟਾ ਸਿੰਘ ਪ੍ਰਤੀ ਵਰਤੀ ਭੱਦੀ ਸ਼ਬਦਾਵਲੀ ਦੀ ਨਿਖੇਧੀ ਨਬਜ਼-ਏ-ਪੰਜਾਬ, ਮੁਹਾਲੀ, 4…