ਮੁੱਖ ਮੰਤਰੀ ਭਗਵੰਤ ਮਾਨ ਅਤੇ ਕਾਂਗਰਸ ਆਗੂ ਪ੍ਰਤਾਪ ਬਾਜਵਾ ਆਹਮੋ-ਸਾਹਮਣੇ

ਨਬਜ਼-ਏ-ਪੰਜਾਬ, ਚੰਡੀਗੜ੍ਹ, 14 ਜੁਲਾਈ:
ਪੰਜਾਬ ਸਰਕਾਰ ਵੱਲੋਂ ਸੋਮਵਾਰ ਨੂੰ ਪੰਜਾਬ ਵਿਧਾਨ ਸਭਾ ਵਿੱਚ ਪੇਸ਼ ਕੀਤੇ ਗਏ ਪਵਿੱਤਰ ਧਾਰਮਿਕ ਗੰ੍ਰਥਾਂ ਦੀ ਬੇਅਦਬੀ ਰੋਕੂ ਬਿੱਲ-2025 ’ਤੇ ਉਸਾਰੂ ਬਹਿਸ ਕਰਨ ਅਤੇ ਨਵੇਂ ਬਿੱਲ ਦਾ ਖਰੜਾ ਪਾਸ ਕਰਨ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਵਿਰੋਧੀ ਧਿਰ ਦੇ ਨੇਤਾ ਅਤੇ ਸੀਨੀਅਰ ਕਾਂਗਰਸ ਆਗੂ ਪ੍ਰਤਾਪ ਸਿੰਘ ਬਾਜਵਾ ਆਹਮੋ ਸਾਹਮਣੇ ਆ ਗਏ ਹਨ।
ਉਕਤ ਮਹੱਤਵਪੂਰਨ ਬਿੱਲ ’ਤੇ ਉਸਾਰੂ ਬਹਿਸ ਅਤੇ ਪਾਸ ਕਰਨ ਦੇ ਮੁੱਦੇ ’ਤੇ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਇਹ ਬਹੁਤ ਗੰਭੀਰ ਅਤੇ ਅਤਿ ਸੰਵੇਦਨਸ਼ੀਲ ਮਾਮਲਾ ਹੈ। ਇਸ ਸਬੰਧੀ ਸਖ਼ਤ ਕਾਨੂੰਨ ਬਣਾਉਣ ਦੀ ਲੋੜ ਹੈ, ਲਿਹਾਜ਼ਾ ਇਸ ਵਿੱਚ ਸੱਤਾਧਾਰੀ ਧਿਰ ਨੂੰ ਕੋਈ ਜਲਦਬਾਜੀ ਨਹੀਂ ਕਰਨੀ ਚਾਹੀਦੀ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਭਾਵਨਾਵਾਂ ਨਾਲ ਜੁੜੇ ਇਸ ਮਹੱਤਵਪੂਰਨ ਮਾਮਲੇ ’ਤੇ ਖੁੱਲ੍ਹ ਕੇ ਚਰਚਾ ਹੋਣੀ ਚਾਹੀਦੀ ਹੈ। ਇਸ ਲਈ ਉਨ੍ਹਾਂ ਨੂੰ ਸੋਚ ਵਿਚਾਰ ਕਰਨ ਲਈ ਸਮਾਂ ਦਿੱਤਾ ਜਾਵੇ। ਇਸ ’ਤੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਬੇਅਦਬੀ ਰੋਕੂ ਬਿੱਲ ਨੂੰ ਪਾਸ ਕਰਨ ਲਈ ਵਿਰੋਧੀ ਧਿਰ ਸਮੇਤ ਬਾਕੀ ਸਾਰੇ ਮੈਂਬਰਾਂ ਦੀ ਰਾਇ ਲੈਣ ਅਤੇ ਉਸਾਰੂ ਬਹਿਸ ਲਈ ਭਲਕੇ ਮੰਗਲਵਾਰ ਸਵੇਰੇ 10 ਵਜੇ ਤੱਕ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਮੁਲਤਵੀ ਕੀਤਾ ਗਿਆ।
ਇਸ ਬਾਰੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਸਹਿਮਤੀ ਜਤਾਈ ਹੈ ਪ੍ਰੰਤੂ ਨਾਲ ਹੀ ਉਨ੍ਹਾਂ ਇਹ ਵੀ ਕਿਹਾ ਕਿ ਬੜੀ ਹੈਰਾਨੀ ਦੀ ਗੱਲ ਹੈ ਕਿ 10 ਸਾਲ ਪਹਿਲਾਂ 2015 ਵਿੱਚ ਬੁਰਜ ਸਿੰਘ ਵਾਲਾ, ਬਰਗਾੜੀ ਅਤੇ ਬਹਿਬਲ ਕਲਾਂ ਵਿੱਚ ਬੇਅਦਬੀ ਦੀਆਂ ਘਟਨਾਵਾਂ ਵਾਪਰੀਆਂ ਸਨ ਅਤੇ ਗੋਲੀਬਾਰੀ ਦੀ ਘਟਨਾ ਵਾਪਰੀ ਸੀ ਪ੍ਰੰਤੂ ਵਿਰੋਧੀ ਧਿਰ ਦੇ ਆਗੂ ਇਸ ਮੁੱਦੇ ’ਤੇ ਚਰਚਾ ਕਰਨ ਲਈ ਹੋਰ ਸਮਾਂ ਮੰਗ ਰਹੇ ਹਨ। ਜਿਸ ਤੋਂ ਇੰਜ ਜਾਪਦਾ ਹੈ ਕਿ ਉਹ ਹੋਮ ਵਰਕ ਕਰਕੇ ਨਹੀਂ ਆਏ ਹਨ। ਮੁੱਖ ਮੰਤਰੀ ਨੇ ਵਿਰੋਧੀ ਧਿਰ ’ਤੇ ਤੰਜ ਕੱਸਦਿਆਂ ਕਿਹਾ ਕਿ ਚੱਲੋ ਠੀਕ ਹੈ ਕੱਲ੍ਹ ਤੱਕ ਦਾ ਸਮਾਂ ਦਿੱਤਾ, ਨਾਲ ਹੀ ਕਿਹਾ ਕਿ ਵਿਰੋਧੀ ਹੁਣ ਮੰਗਲਵਾਰ ਨੂੰ ਪੂਰੀ ਤਿਆਰੀ ਅਤੇ ਹੋਮ ਵਰਕ ਕਰਕੇ ਆਉਣ।
ਉਧਰ, ਵਿਧਾਨ ਸਭਾ ਤੋਂ ਬਾਹਰ ਆਉਂਦੇ ਹੋਏ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਇਸ ਅਤਿ ਸੰਵੇਦਨਸ਼ੀਲ ਮੁੱਦੇ ’ਤੇ ਮੁੱਖ ਮੰਤਰੀ ਨੂੰ ਟਿੱਚਰਾਂ ਕਰਨੀਆਂ ਸੋਭਾ ਨਹੀਂ ਦਿੰਦੀਆਂ। ਉਨ੍ਹਾਂ ਕਿਹਾ ਕਿ ਉਹ ਬੇਅਦਬੀ ਦੀਆਂ ਮੰਦਭਾਗੀਆਂ ਘਟਨਾਵਾਂ ਬਾਰੇ ਭਲੀਭਾਤ ਜਾਦੂ ਹਨ ਪ੍ਰੰਤੂ ਜਿਹੜਾ ਬਿੱਲ ਪੰਜਾਬ ਸਰਕਾਰ ਲਿਆ ਰਹੀ ਹੈ। ਉਸ ਬਾਰੇ ਉਨ੍ਹਾਂ ਸਮੇਤ ਵਿਰੋਧੀ ਧਿਰ ਦੇ ਕਿਸੇ ਮੈਂਬਰ ਨੂੰ ਬਹੁਤੀ ਜਾਣਕਾਰੀ ਨਹੀਂ ਹੈ ਕਿ ਨਵੇਂ ਬਿੱਲ ਵਿੱਚ ਦੋਸ਼ੀਆਂ ਨੂੰ ਸਜ਼ਾਵਾਂ ਦਾ ਕੀ ਪ੍ਰਬੰਧ ਹੈ। ਇਸ ਮੁੱਦੇ ’ਤੇ ਹਾਊਸ ਵਿੱਚ ਖੁੱਲ੍ਹ ਕੇ ਚਰਚਾ ਹੋਣੀ ਚਾਹੀਦੀ ਹੈ ਤਾਂ ਜੋ ਸਮੁੱਚੇ ਹਾਊਸ ਦੀ ਸਹਿਮਤੀ ਨਾਲ ਦੋਸ਼ੀਆਂ ਨੂੰ ਢੁਕਵੀਆਂ ਸਜ਼ਾਵਾਂ ਦੇਣ ਲਈ ਸਖ਼ਤ ਕਾਨੂੰਨ ਬਣਾਇਆ ਜਾ ਸਕੇ।

Load More Related Articles
Load More By Nabaz-e-Punjab
Load More In Vidhan Sabha/Rajya Sabha

Check Also

Leaving floodplains for rivers is necessary: Sant Seechewal

Leaving floodplains for rivers is necessary: Sant Seechewal Relief from floods will only c…