ਯੁੱਧ ਨਸ਼ਿਆਂ ਵਿਰੱੁਧ: ਨੌਜਵਾਨਾਂ ਦਾ ਭਵਿੱਖ ਤਬਾਹ ਕਰਨ ਵਾਲਿਆਂ ਨੂੰ ਬਖ਼ਸ਼ਿਆਂ ਨਹੀਂ ਜਾਵੇਗਾ: ਡੀਆਈਜੀ ਭੁੱਲਰ

ਡੀਆਈਜੀ ਹਰਚਰਨ ਸਿੰਘ ਭੁੱਲਰ ਨੇ ਘੜੂੰਆਂ ਵਿੱਚ ਇਲਾਕੇ ਦੇ ਲੋਕਾਂ ਨਾਲ ਕੀਤੀ ਭਰਵੀਂ ਮੀਟਿੰਗ

ਨਬਜ਼-ਏ-ਪੰਜਾਬ, ਮੁਹਾਲੀ, 25 ਜੁਲਾਈ:
ਰੂਪਨਗਰ ਰੇਂਜ ਦੇ ਡੀਆਈਜੀ ਹਰਚਰਨ ਸਿੰਘ ਭੁੱਲਰ ਨੇ ਨਸ਼ਿਆਂ ਤੋਂ ਪ੍ਰਭਾਵਿਤ ਨੌਜਵਾਨਾਂ ਦੇ ਮਨੋਬਲ ਨੂੰ ਵਧਾਉਣ ਅਤੇ ਉਨ੍ਹਾਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਵੱਲ ਸੇਧਿਤ ਕਰਨ ਦੀ ਫੌਰੀ ਲੋੜ ‘ਤੇ ਜ਼ੋਰ ਦਿੱਤਾ। ਉਹ ਗ੍ਰੈਂਡ ਕੈਸਲ ਪੈਲੇਸ, ਘੜੂੰਆਂ ਵਿਖੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਆਯੋਜਿਤ ਇੱਕ ਜਨਤਕ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ। ਪੰਜਾਬ ਪੁਲੀਸ ਦੀ ਵਚਨਬੱਧਤਾ ਦੀ ਗੱਲ ਕਰਦਿਆਂ ਡੀਆਈਜੀ ਭੁੱਲਰ ਨੇ ਕਿਹਾ, ’’ਅਸੀਂ ਮੁੱਖ ਮੰਤਰੀ ਭਗਵੰਤ ਮਾਨ ਅਤੇ ਡੀਜੀਪੀ ਗੌਰਵ ਯਾਦਵ ਦੇ ਪੰਜਾਬ ਦੀ ਪਵਿੱਤਰ ਧਰਤੀ ਤੋਂ ਨਸ਼ੇ ਖਤਮ ਕਰਨ ਦੇ ਵਾਅਦੇ ਨੂੰ ਪੂਰਾ ਕਰਨ ਲਈ ਸਮਰਪਿਤ ਹਾਂ। ਕਿਸੇ ਨੂੰ ਵੀ ਸਾਡੇ ਨੌਜਵਾਨਾਂ ਦਾ ਭਵਿੱਖ ਬਰਬਾਦ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।’’
ਮੁਹਿੰਮ ਦੀਆਂ ਪ੍ਰਾਪਤੀਆਂ ਨੂੰ ਉਜ਼ਾਗਰ ਕਰਦੇ ਹੋਏ, ਉਨ੍ਹਾਂ ਦੱਸਿਆ ਕਿ ਪਿਛਲੇ 145 ਦਿਨਾਂ ਦੌਰਾਨ ਇਸ ਮੁਹਿੰਮ ਦੇ ਹਿੱਸੇ ਵਜੋਂ ਸੂਬੇ ਭਰ ਵਿੱਚ ਕੁੱਲ 23,237 ਗ੍ਰਿਫ਼ਤਾਰੀਆਂ ਕੀਤੀਆਂ ਗਈਆਂ ਹਨ। ਉਨ੍ਹਾਂ ਨਾਗਰਿਕਾਂ ਨੂੰ ਇਸ ਮਿਸ਼ਨ ਵਿੱਚ ਪੁਲਿਸ ਨਾਲ ਹੱਥ ਮਿਲਾਉਣ ਦੀ ਅਪੀਲ ਕੀਤੀ, ਕਿਉਂ ਜੋ ਨਸ਼ੇ ਦੀ ਲਤ ਤੋਂ ਪ੍ਰਭਾਵਿਤ ਪਰਿਵਾਰਾਂ/ਪੀੜਤ ਨੌਜੁਆਨਾਂ ਦੇ ਵਿਸ਼ਵਾਸ ਨੂੰ ਮੁੜ ਬਣਾਉਣ ਲਈ ਜਨਤਕ ਭਾਗੀਦਾਰੀ ਬਹੁਤ ਜ਼ਰੂਰੀ ਹੈ। ਅਜਿਹੇ ਵਿਅਕਤੀਆਂ ਨੂੰ ਓਟ ਕਲੀਨਿਕਾਂ ਅਤੇ ਨਸ਼ਾ ਛੁਡਾਊ ਕੇਂਦਰਾਂ ਵੱਲ ਸੇਧਿਤ ਕਰਨ ਲਈ ਉਨ੍ਹਾਂ ਨੂੰ ਉਤਸ਼ਾਹਿਤ ਕਰਦੇ ਹੋਏ, ਉਨ੍ਹਾਂ ਭਰੋਸਾ ਦਿੱਤਾ ਕਿ ਸਥਾਨਕ ਸਟੇਸ਼ਨ ਹਾਊਸ ਅਫਸਰ ਸਮੇਂ ਸਿਰ ਇਲਾਜ ਲਈ ਹਰ ਸੰਭਵ ਸਹਾਇਤਾ ਪ੍ਰਦਾਨ ਕਰਨਗੇ।
ਐੱਸਐੱਸਪੀ ਹਰਮਨਦੀਪ ਸਿੰਘ ਹਾਂਸ ਨੇ ਲੋਕਾਂ ਨੂੰ ਨਸ਼ਾ ਤਸਕਰੀ ਦੀ ਰਿਪੋਰਟ ਕਰਨ ਜਾਂ ਨਸ਼ਾ-ਨਿਰਭਰ ਵਿਅਕਤੀਆਂ ਦੇ ਇਲਾਜ ਲਈ ਮਦਦ ਲੈਣ ਲਈ ਸੇਫ ਪੰਜਾਬ ਨਸ਼ਾ ਵਿਰੋਧੀ ਹੈਲਪਲਾਈਨ-97791-00200 (ਵਟਸਐਪ-ਅਧਾਰਤ ਚੈਟਬੋਟ) ਦੀ ਵਰਤੋਂ ਕਰਨ ਦੀ ਅਪੀਲ ਕੀਤੀ। ਉਨ੍ਹਾਂ ਭਰੋਸਾ ਦਿੱਤਾ ਕਿ ਸੂਚਨਾ ਦੇਣ ਵਾਲਿਆਂ ਦੀ ਪਛਾਣ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇਗੀ। ਉਨ੍ਹਾਂ ਕਿਹਾ ਕਿ ਚੱਲ ਰਹੀਆਂ ‘ਨਸ਼ਾ ਮੁਕਤੀ ਯਾਤਰਾਵਾਂ’ ਨੇ ਜਨਤਕ ਸਮਰਥਨ ਜੁਟਾਉਣ ਵਿੱਚ ਮੁੱਖ ਭੂਮਿਕਾ ਨਿਭਾਈ ਹੈ, ਹਜ਼ਾਰਾਂ ਲੋਕਾਂ ਨੇ ਨਸ਼ਿਆਂ ਦੀ ਵਰਤੋਂ ਨਾ ਕਰਨ ਅਤੇ ਨਾ ਹੀ ਤਸਕਰਾਂ ਦੀ ਮਦਦ ਕਰਨ ਦਾ ਪ੍ਰਣ ਲਿਆ ਹੈ। ਉਨ੍ਹਾਂ ਸਥਾਨਕ ਨਿਵਾਸੀਆਂ ਅਤੇ ਪੰਚਾਇਤਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਦੇ ਨੌਜਵਾਨਾਂ ਦੇ ਭਵਿੱਖ ਨੂੰ ਨਸ਼ਿਆਂ ਦੇ ਖ਼ਤਰੇ ਤੋਂ ਬਚਾਉਣ ਲਈ ਪੁਲਿਸ ਨੂੰ ਪੂਰਾ ਸਹਿਯੋਗ ਦੇਣ।

ਚੰਡੀਗੜ੍ਹ ਯੂਨੀਵਰਸਿਟੀ ਤੋਂ ਸੇਵਾਮੁਕਤ ਵਿੰਗ ਕਮਾਂਡਰ ਜੇ.ਐਸ. ਮਿਨਹਾਸ ਨੇ ਵੀ ਇਕੱਠ ਨੂੰ ਸੰਬੋਧਨ ਕੀਤਾ ਅਤੇ ਪੁਲੀਸ ਦੀ ਪਹਿਲਕਦਮੀ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਯੂਨੀਵਰਸਿਟੀ ਕੈਂਪਸ ਅਤੇ ਨੇੜਲੇ ਖੇਤਰ ਨੂੰ ਨਸ਼ਿਆਂ ਅਤੇ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ ਤੋਂ ਮੁਕਤ ਰੱਖਣ ਦਾ ਭਰੋਸਾ ਦਿੱਤਾ। ਇਸ ਸਮਾਗਮ ਵਿੱਚ ਘੜੂੰਆਂ, ਕੁਰਾਲੀ, ਖਰੜ, ਬਲੌਂਗੀ ਅਤੇ ਲਾਂਡਰਾਂ ਦੀਆਂ ਪ੍ਰਮੁੱਖ ਸਥਾਨਕ ਸ਼ਖ਼ਸੀਅਤਾਂ ਅਤੇ ਪੰਚਾਇਤ ਪ੍ਰਤੀਨਿਧੀਆਂ ਦੇ ਨਾਲ-ਨਾਲ ਐਸਪੀ ਦਿਹਾਤੀ ਮਨਪ੍ਰੀਤ ਸਿੰਘ ਤੇ ਐਸਪੀ ਮੋਹਿਤ ਅਗਰਵਾਲ, ਖਰੜ ਦੇ ਡੀਐਸਪੀ ਕਰਨ ਸਿੰਘ ਸੰਧੂ, ਪ੍ਰੋ. ਗੁਰਬਖ਼ਸ਼ੀਸ਼ ਸਿੰਘ ਅੰਟਾਲ ਅਤੇ ਸਥਾਨਕ ਐਸਐਚਓ ਸ਼ਾਮਲ ਹੋਏ।

Load More Related Articles
Load More By Nabaz-e-Punjab
Load More In Awareness/Campaigns

Check Also

ਯੁੱਧ ਨਸ਼ਿਆਂ ਵਿਰੁੱਧ: 6 ਤੇ 7 ਨਵੰਬਰ ਨੂੰ ਪਿੰਡ/ਵਾਰਡ ਰੱਖਿਆ ਕਮੇਟੀਆਂ ਦੇ ਮੈਂਬਰਾਂ ਲਈ ਲਾਏ ਜਾਣਗੇ ਸਿਖਲਾਈ ਕੈਂਪ

ਯੁੱਧ ਨਸ਼ਿਆਂ ਵਿਰੁੱਧ: 6 ਤੇ 7 ਨਵੰਬਰ ਨੂੰ ਪਿੰਡ/ਵਾਰਡ ਰੱਖਿਆ ਕਮੇਟੀਆਂ ਦੇ ਮੈਂਬਰਾਂ ਲਈ ਲਾਏ ਜਾਣਗੇ ਸਿਖਲਾਈ…