Share on Facebook Share on Twitter Share on Google+ Share on Pinterest Share on Linkedin ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਸ਼ਹੀਦਾਂ ਦੇ ਸੁਪਨੇ ਸਾਕਾਰ ਕਰਨ ਦਾ ਸੰਕਲਪ ਲਿਆ ਮੁੱਖ ਮੰਤਰੀ ਨੇ ਮਹਾਨ ਸ਼ਹੀਦਾਂ ਅਤੇ ਦੇਸ਼ ਭਗਤਾਂ ਦੇ ਨਕਸ਼ੇ-ਕਦਮਾਂ ’ਤੇ ਚੱਲਣ ਲਈ ਵਚਨਬੱਧਤਾ ਦੁਹਰਾਈ ਨਬਜ਼-ਏ-ਪੰਜਾਬ, ਸੁਨਾਮ, 31 ਜੁਲਾਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਆਪਣੇ ਸੰਕਲਪ ਨੂੰ ਦੁਹਰਾਉਂਦਿਆਂ ਕਿਹਾ ਕਿ ਸਮਾਜ ਦੇ ਹਰੇਕ ਤਬਕੇ ਦੀ ਭਲਾਈ ਨੂੰ ਯਕੀਨੀ ਬਣਾ ਕੇ ਸ਼ਹੀਦਾਂ ਦੇ ਸਾਕਾਰ ਕੀਤੇ ਜਾਣਗੇ। ਅੱਜ ਇੱਥੇ ਸ਼ਹੀਦ ਊਧਮ ਸਿੰਘ ਵਾਲਾ ਨਗਰ ਦੇ ਵਿਕਾਸ ਲਈ 85 ਕਰੋੜ ਰੁਪਏ ਦੀ ਲਾਗਤ ਵਾਲੇ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਣ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਆਪ ਦੇ ਕੌਮੀ ਕਨਵੀਨਰ ਨੇ ਕਿਹਾ ਕਿ ਸ਼ਹੀਦ ਊਧਮ ਸਿੰਘ ਨੇ ਆਪਣੇ ਦੇਸ਼ ਨੂੰ ਗੁਲਾਮੀ ਦੀ ਦਲਦਲ ਵਿੱਚੋਂ ਬਾਹਰ ਕੱਢਣ ਲਈ ਲਾਮਿਸਾਲ ਕੁਰਬਾਨੀ ਦਿੱਤੀ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਮਹਾਨ ਸ਼ਹੀਦ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਲਈ ਰੱਖੇ ਸਮਾਗਮ ਵਿੱਚ ਸ਼ਿਰਕਤ ਕਰਨਾ ਉਨ੍ਹਾਂ ਲਈ ਬਹੁਤ ਮਾਣ ਤੇ ਸਕੂਨ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਆਜ਼ਾਦੀ ਸੰਘਰਸ਼ ਦੌਰਾਨ ਵੱਡੀ ਗਿਣਤੀ ਵਿੱਚ ਪਰਵਾਨਿਆਂ ਨੇ ਕੁਰਬਾਨੀਆਂ ਦਿੱਤੀਆਂ ਤਾਂ ਕਿ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਕੀਤੀ ਜਾ ਸਕੇ ਜਿਸ ਨਾਲ ਕਮਜ਼ੋਰ ਅਤੇ ਦੱਬੇ-ਕੁਚਲੇ ਵਰਗਾਂ ਦੀ ਭਲਾਈ ਯਕੀਨੀ ਬਣਾਈ ਜਾ ਸਕੇਗੀ। ਆਪ ਦੇ ਕੌਮੀ ਕਨਵੀਨਰ ਨੇ ਕਿਹਾ ਕਿ ਇਹ ਬਹੁਤ ਮੰਦਭਾਗੀ ਗੱਲ ਹੈ ਕਿ ਆਜ਼ਾਦੀ ਦੇ 75 ਸਾਲ ਬਾਅਦ ਵੀ ਸ਼ਹੀਦਾਂ ਦੇ ਸੁਪਨੇ ਅਜੇ ਅਧੂਰੇ ਹਨ ਕਿਉਂਕਿ ਸੱਤਾ ਭੋਗਣ ਵਾਲੇ ਲੋਕਾਂ ਨੇ ਸਰਕਾਰੀ ਖਜ਼ਾਨੇ ਦੀ ਲੁੱਟ ਕੀਤੀ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਨਸ਼ਿਆਂ ਅਤੇ ਭ੍ਰਿਸ਼ਟਾਚਾਰ ਦੀਆਂ ਅਲਾਮਤਾਂ ਨਾਲ ਪੰਜਾਬ ਨੂੰ ਬਰਬਾਦ ਕਰ ਦਿੱਤਾ। ਉਨ੍ਹਾਂ ਕਿਹਾ ਕਿ ਇਨ੍ਹਾਂ ਸਿਆਸਤਦਾਨਾਂ ਨੇ ਆਪਣੇ ਨਿੱਜੀ ਹਿੱਤਾਂ ਲਈ ਲੋਕਾਂ ਦੇ ਪੈਸੇ ਨੂੰ ਬੇਰਹਿਮੀ ਨਾਲ ਲੁੱਟਿਆ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸਕੂਲਾਂ ਅਤੇ ਹਸਪਤਾਲਾਂ ਦੀ ਹਾਲਤ ਬਦ ਤੋਂ ਬਦਤਰ ਹੋ ਗਈ ਸੀ ਕਿਉਂਕਿ ਪਿਛਲੀਆਂ ਸਰਕਾਰਾਂ ਨੇ ਆਮ ਲੋਕਾਂ ਨੂੰ ਮਿਆਰੀ ਸਿਹਤ ਅਤੇ ਸਿੱਖਿਆ ਮੁਹੱਈਆ ਕਰਵਾਉਣ ਲਈ ਕਦੇ ਪ੍ਰਵਾਹ ਹੀ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਇਨ੍ਹਾਂ ਲੀਡਰਾਂ ਨੇ ਹੀ ਸੂਬੇ ਵਿੱਚ ਨਸ਼ਿਆਂ ਦਾ ਜਾਲ ਫੈਲਾਇਆ ਜਿਸ ਨੇ ਸਾਡੀ ਪੀੜ੍ਹੀਆਂ ਬਰਬਾਦ ਕਰ ਦਿੱਤੀਆਂ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸੂਬੇ ਵਿੱਚ ਇਮਾਨਦਾਰ ਸਰਕਾਰ ਨੇ ਬਦਨਾਮ ਅਤੇ ਖਤਰਨਾਕ ਨਸ਼ਾ ਸਰਗਣਾ ਨੂੰ ਜੇਲ੍ਹ ਦੀਆਂ ਸ਼ਲਾਖਾਂ ਪਿੱਛੇ ਸੁੱਟਿਆ ਹੈ। ਆਪ ਦੇ ਕੌਮੀ ਕਨਵੀਨਰ ਨੇ ਕਿਹਾ ਕਿ ਕੋਈ ਵੀ ਸਰਕਾਰ ਇਸ ਰਸੂਖਵਾਨ ਸਿਆਸੀ ਲੀਡਰ ਨੂੰ ਹੱਥ ਲਾਉਣ ਦੀ ਹਿੰਮਤ ਨਹੀਂ ਕਰਦੀ ਸੀ ਜੋ ਸੂਬੇ ਵਿੱਚ ਨਸ਼ੇ ਫੈਲਾਉਣ ਦਾ ਸੂਤਰਧਾਰ ਸੀ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸੂਬਾ ਸਰਕਾਰ ਨੇ ਨਸ਼ਿਆਂ ਵਿਰੁੱਧ ਮਿਸਾਲੀ ਕੰਮ ਕੀਤਾ ਅਤੇ ਨਸ਼ੇ ਦੇ ਕਾਰੋਬਾਰ ਦੀਆਂ ਵੱਡੀਆਂ ਮੱਛੀਆਂ ਨੂੰ ਜੇਲ੍ਹ ਭੇਜਿਆ। ਉਨ੍ਹਾਂ ਕਿਹਾ ਕਿ ਅਜਿਹੇ ਹੋਰ ਲੋਕਾਂ ਖਿਲਾਫ਼ ਵੀ ਸਖ਼ਤ ਕਾਰਵਾਈ ਕੀਤੀ ਜਾਵੇਗੀ ਜਿਨ੍ਹਾਂ ਨੇ ਸਾਡੇ ਨੌਜਵਾਨਾਂ ਦਾ ਭਵਿੱਖ ਤਬਾਹ ਕਰ ਦਿੱਤਾ। ਉਨ੍ਹਾਂ ਕਿਹਾ ਕਿ ਇਸ ਘਿਨਾਉਣੇ ਅਪਰਾਧ ਨਾਲ ਜੁੜੇ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿ ਦੇਸ਼ ਦੀ ਖਾਤਰ ਆਪਣੀਆਂ ਜਾਨਾਂ ਵਾਰਨ ਵਾਲੇ ਸ਼ਹੀਦਾਂ ਨੂੰ ਸੱਚੀ ਸ਼ਰਧਾਂਜਲੀ ਭੇਟ ਕਰਨਾ ਸੂਬਾ ਸਰਕਾਰ ਦਾ ਫਰਜ਼ ਹੈ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਇਨ੍ਹਾਂ ਮਹਾਨ ਸ਼ਹੀਦਾਂ ਦੇ ਨਾਮ ‘ਤੇ ਹਵਾਈ ਅੱਡਿਆਂ, ਯੂਨੀਵਰਸਿਟੀਆਂ ਅਤੇ ਹੋਰ ਸੰਸਥਾਵਾਂ ਦਾ ਨਾਮ ਰੱਖਣਾ ਇਨ੍ਹਾਂ ਨਾਇਕਾਂ ਦੀ ਸ਼ਾਨਾਮੱਤੀ ਵਿਰਾਸਤ ਨੂੰ ਕਾਇਮ ਰੱਖਣ ਲਈ ਮਹੱਤਵਪੂਰਨ ਕਦਮ ਹੈ। ਉਨ੍ਹਾਂ ਕਿਹਾ ਕਿ ਸ਼ਹੀਦ ਊਧਮ ਸਿੰਘ ਵਰਗੇ ਮਹਾਨ ਨਾਇਕਾਂ ਦੀਆਂ ਕੁਰਬਾਨੀਆਂ ਸਦਕਾ ਹੀ ਦੇਸ਼ ਵਾਸੀ ਅੱਜ ਆਜ਼ਾਦੀ ਦੇ ਫਲ ਦਾ ਆਨੰਦ ਮਾਣ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਸ਼ਹੀਦ ਊਧਮ ਸਿੰਘ ਨੇ ਜਲ੍ਹਿਆਂਵਾਲਾ ਬਾਗ ਕਤਲੇਆਮ ਦਾ ਬਦਲਾ ਲੈਣ ਲਈ ਲੰਡਨ ਦੇ ਕੈਕਸਟਨ ਹਾਲ ਵਿੱਚ ਜਾ ਕੇ ਸਰ ਮਾਈਕਲ ਓ’ਡਵਾਇਰ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਸੀ। ਉਨ੍ਹਾਂ ਕਿਹਾ ਕਿ ਅੰਗਰੇਜ਼ਾਂ ਦੀ ਕਠਪੁਤਲੀ ਬਣ ਕੇ ਚੱਲਣ ਵਾਲਿਆਂ ਨੂੰ ਉਹ ਸਰ ਦਾ ਖਿਤਾਬ ਦਿੰਦੇ ਸਨ ਅਤੇ ਅਜਿਹਾ ਹੀ ਇਕ ਖਿਤਾਬ ਉਸ ਪਰਿਵਾਰ ਨੂੰ ਵੀ ਦਿੱਤਾ ਗਿਆ ਸੀ ਜਿਸ ਨੇ ਅਪ੍ਰੈਲ 1919 ਵਿੱਚ ਜਲ੍ਹਿਆਂਵਾਲਾ ਬਾਗ ਕਤਲੇਆਮ ਦੀ ਰਾਤ ਜਨਰਲ ਡਾਇਰ ਲਈ ਖਾਣੇ ਦੀ ਮੇਜ਼ਬਾਨੀ ਕੀਤੀ ਸੀ। ਉਨ੍ਹਾਂ ਕਿਹਾ ਕਿ ਇਹ ਮੰਦਭਾਗਾ ਹੈ ਕਿ ਆਜ਼ਾਦੀ ਦੇ 75 ਵਰ੍ਹੇ ਤੋਂ ਵੀ ਵੱਧ ਸਮਾਂ ਬੀਤ ਜਾਣ ਦੇ ਬਾਵਜੂਦ ਹਾਲੇ ਤੱਕ ਆਜ਼ਾਦੀ ਦਾ ਫਲ ਅਸਲ ਮਾਇਨੇ ਵਿੱਚ ਹਰ ਘਰ ਤੱਕ ਨਹੀਂ ਪਹੁੰਚਿਆ। ਭਗਵੰਤ ਮਾਨ ਨੇ ਕਿਹਾ ਕਿ ਬੀਤੇ ਸਮਿਆਂ ਵਿੱਚ ਸੱਤਾ ਵਿੱਚ ਬੈਠੇ ਲੋਕਾਂ ਨੇ ਚਿੱਟੇ ਵਰਗੇ ਨਸ਼ੇ ਫੈਲਾਉਣ, ਲੋਕਾਂ ਦੀ ਲੁੱਟ-ਖਸੁੱਟ ਕਰਨ, ਭ੍ਰਿਸ਼ਟਾਚਾਰ ਅਤੇ ਹੋਰ ਲਾਹਨਤਾਂ ਨੂੰ ਉਤਸ਼ਾਹਿਤ ਕਰਨ ਲਈ ਆਜ਼ਾਦੀ ਦੀ ਦੁਰਵਰਤੋਂ ਕੀਤੀ। ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਸ਼ਹੀਦ ਊਧਮ ਸਿੰਘ ਦੇ ਵਾਰਸਾਂ ਨੂੰ ਸਨਮਾਨਿਤ ਵੀ ਕੀਤਾ। ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਮੁੱਖ ਮੰਤਰੀ ਅਤੇ ਹੋਰ ਪਤਵੰਤਿਆਂ ਦਾ ਇਸ ਪਵਿੱਤਰ ਧਰਤੀ ‘ਤੇ ਆਉਣ ਲਈ ਸਵਾਗਤ ਕੀਤਾ। ਇਸ ਮੌਕੇ ਕੈਬਨਿਟ ਮੰਤਰੀ ਅਮਨ ਅਰੋੜਾ, ਹਰਪਾਲ ਸਿੰਘ ਚੀਮਾ, ਲਾਲਜੀਤ ਸਿੰਘ ਭੁੱਲਰ, ਡਾ. ਰਵਜੋਤ, ਗੁਰਮੀਤ ਸਿੰਘ ਖੁੱਡੀਆਂ, ਹਰਭਜਨ ਸਿੰਘ ਈ.ਟੀ.ਓ., ਬਰਿੰਦਰ ਕੁਮਾਰ ਗੋਇਲ ਅਤੇ ਹਰਦੀਪ ਸਿੰਘ ਮੁੰਡੀਆਂ, ਸੀਨੀਅਰ ‘ਆਪ’ ਨੇਤਾ ਮਨੀਸ਼ ਸਿਸੋਦੀਆ, ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਜੈ ਕਿਸ਼ਨ ਸਿੰਘ ਰੋੜੀ, ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਜਗਦੀਪ ਕੰਬੋਜ ਗੋਲਡੀ, ਪ੍ਰੋਫੈਸਰ ਬਲਜਿੰਦਰ ਕੌਰ ਅਤੇ ਹੋਰ ਸ਼ਖਸੀਅਤਾਂ ਵੀ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ