ਨਸ਼ਿਆਂ ਵਿਰੁੱਧ ਜੰਗ ਦੇ ‘ਜਰਨੈਲ’ ਬਣ ਕੇ ਪਿੰਡਾਂ ਤੇ ਸ਼ਹਿਰਾਂ ਦੀ ਰਾਖੀ ਕਰਨਗੇ ਡਿਫੈਂਸ ਕਮੇਟੀਆਂ ਦੇ ਮੈਂਬਰ: ਮੁੱਖ ਮੰਤਰੀ

ਪੰਜਾਬ ਦੀ ਅਣਖ, ਗੌਰਵ ਅਤੇ ਸਵੈ-ਮਾਣ ਬਹਾਲ ਕਰਾਂਗੇ, *ਡਿਫੈਂਸ ਕਮੇਟੀਆਂ ਦੇ ਮੈਂਬਰਾਂ ਨੂੰ ਸ਼ਨਾਖਤੀ ਕਾਰਡ ਵੰਡੇ

ਨਾਭਾ ਜੇਲ੍ਹ ਵਿੱਚ ਬੰਦ ਸਿਆਸੀ ਆਗੂ ਖਿਲਾਫ਼ ਅਹਿਮ ਸਬੂਤ ਮਿਲੇ, ਅਦਾਲਤ ਵਿੱਚ ਕਰਾਂਗੇ ਪੇਸ਼

ਨਬਜ਼-ਏ-ਪੰਜਾਬ, ਲੁਧਿਆਣਾ, 4 ਅਗਸਤ 2025:
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਵਿੱਚ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅੰਤਿਮ ਦੌਰ ਵਿੱਚ ਪਹੁੰਚ ਚੁੱਕੀ ਹੈ ਅਤੇ ਪਿੰਡਾਂ ਤੇ ਸ਼ਹਿਰਾਂ ਲਈ ਡਿਫੈਂਸ ਕਮੇਟੀਆਂ ਪੰਜਾਬ ਵਿੱਚੋਂ ਨਸ਼ਾ ਤਸਕਰੀ ਦਾ ਖੁਰਾ-ਖੋਜ ਮਿਟਾ ਦੇਣਗੀਆਂ। ਅੱਜ ਇੱਥੇ ਪਿੰਡਾਂ ਅਤੇ ਸ਼ਹਿਰਾਂ ਲਈ ਡਿਫੈਂਸ ਕਮੇਟੀਆਂ ਦੇ ਗਠਨ ਦੀ ਸ਼ੁਰੂਆਤ ਮੌਕੇ ਮੈਂਬਰਾਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਲੰਘੀ 4 ਫਰਵਰੀ ਤੋਂ ਸੂਬੇ ਵਿੱਚ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੀ ਸ਼ੁਰੂਆਤ ਕੀਤੀ ਸੀ, ਜਿਸ ਤਹਿਤ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਪੁੱਟਣ ਵਿੱਚ ਵੱਡੀ ਸਫਲਤਾ ਹਾਸਲ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਨਾਲ ਨਸ਼ਿਆਂ ਦੀ ਸਪਲਾਈ ਲਾਈਨ ਲਗਪਗ ਟੁੱਟ ਚੁੱਕੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਇਸ ਗੱਲ ਲਈ ਸਾਰੇ ਪੰਜਾਬੀਆਂ ਦਾ ਧੰਨਵਾਦ ਕਰਦੇ ਹਨ ਕਿ ਸਰਕਾਰ ਦੇ ਇਸ ਨੇਕ ਕਾਰਜ ਵਿੱਚ ਸਮੂਹ ਪੰਜਾਬੀ ਵਧ-ਚੜ੍ਹ ਕੇ ਸਹਿਯੋਗ ਦੇ ਰਹੇ ਹਨ। ਇਸ ਦੌਰਾਨ ਮੁੱਖ ਮੰਤਰੀ ਨੇ ਡਿਫੈਂਸ ਕਮੇਟੀਆਂ ਦੇ ਮੈਂਬਰਾਂ ਨੂੰ ਸ਼ਨਾਖਤੀ ਕਾਰਡ ਜਾਰੀ ਕੀਤੇ।
ਮੁੱਖ ਮੰਤਰੀ ਨੇ ਕਿਹਾ ਕਿ ਹੁਣ ਪਿੰਡਾਂ ਅਤੇ ਸ਼ਹਿਰਾਂ ਨੂੰ ਭਵਿੱਖ ਵਿੱਚ ਨਸ਼ਿਆਂ ਦੀ ਲਾਹਨਤ ਤੋਂ ਮੁਕਤ ਰੱਖਣ ਲਈ ਡਿਫੈਂਸ ਕਮੇਟੀਆਂ ਦਾ ਗਠਨ ਕੀਤਾ ਗਿਆ ਹੈ। ਭਗਵੰਤ ਸਿੰਘ ਮਾਨ ਨੇ ਡਿਫੈਂਸ ਕਮੇਟੀਆਂ ਦੇ ਮੈਂਬਰਾਂ ਨੂੰ ਮੁਖਾਤਿਬ ਹੁੰਦਿਆਂ ਕਿਹਾ, “ਮੈਨੂੰ ਪੂਰਾ ਵਿਸ਼ਵਾਸ ਹੈ ਕਿ ਤੁਸੀਂ ਨਸ਼ਿਆਂ ਵਿਰੁੱਧ ਜੰਗ ਦੇ ਜਰਨੈਲ ਬਣ ਕੇ ਪਿੰਡਾਂ ਤੇ ਸ਼ਹਿਰਾਂ ਦੀ ਰਾਖੀ ਕਰੋਗੇ। ਅਸੀਂ ਪੰਜਾਬ ਨੂੰ ਮੁੜ ‘ਰੰਗਲਾ ਪੰਜਾਬ’ ਬਣਾਉਣ ਦਾ ਸੁਪਨਾ ਦੇਖਿਆ ਹੈ ਅਤੇ ਤੁਹਾਡੇ ਸਾਰਿਆਂ ਦੇ ਸਹਿਯੋਗ ਨਾਲ ਇਸ ਸੁਪਨੇ ਨੂੰ ਸਾਕਾਰ ਕਰਨ ਵਿੱਚ ਦੁਨੀਆ ਦੀ ਕੋਈ ਤਾਕਤ ਨਹੀਂ ਰੋਕ ਸਕਦੀ। ਅਸੀਂ ਪੰਜਾਬ ਦੀ ਅਣਖ, ਗੌਰਵ ਅਤੇ ਸਵੈ-ਮਾਣ ਨੂੰ ਬਹਾਲ ਕਰਨ ਦਾ ਸੰਕਲਪ ਲੈਂਦੇ ਹਾਂ।”
ਮੁੱਖ ਮੰਤਰੀ ਨੇ ਅੱਗੇ ਦੱਸਿਆ ਕਿ ਵਿਲੇਜ ਡਿਫੈਂਸ ਕਮੇਟੀਆਂ ਅਤੇ ਵਾਰਡ ਡਿਫੈਂਸ ਕਮੇਟੀਆਂ ਦਾ ਗਠਨ ਚਾਰ ਮੈਂਬਰੀਂ ਕਮੇਟੀ ਕਰੇਗੀ ਜਿਨ੍ਹਾਂ ਵਿੱਚ ਪਿੰਡ ਦਾ ਸਰਪੰਚ ਜਾਂ ਵਾਰਡ ਦਾ ਕੌਂਸਲਰ, ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਮੈਂਬਰ, ਬੀ.ਡੀ.ਪੀ.ਓ. ਜਾਂ ਬੀ.ਡੀ.ਪੀ.ਓ. ਦਾ ਨੁਮਾਇੰਦਾ ਅਤੇ ਐਸ.ਐਚ.ਓ. ਜਾਂ ਐਸ.ਐਚ.ਓ. ਦਾ ਨੁਮਾਇੰਦਾ ਸ਼ਾਮਲ ਹੋਵੇਗਾ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕਮੇਟੀਆਂ ਵਿੱਚ ਆਬਾਦੀ ਦੇ ਹਿਸਾਬ ਨਾਲ 10 ਤੋਂ 20 ਮੈਂਬਰ ਹੋਣਗੇ। ਇਨ੍ਹਾਂ ਡਿਫੈਂਸ ਕਮੇਟੀਆਂ ਵਿੱਚ ਨਸ਼ਿਆਂ ਦੀ ਅਲਾਮਤ ਦੇ ਖਿਲਾਫ਼ ਕੰਮ ਕਰ ਰਹੇ ਸਾਫ ਸੁਥਰੇ ਅਕਸ ਵਾਲੇ ਲੋਕਾਂ ਨੂੰ ਸ਼ਾਮਲ ਕੀਤਾ ਜਾਵੇਗਾ ਜਿਨ੍ਹਾਂ ਵਿੱਚ ਸੇਵਾ-ਮੁਕਤ ਫੌਜੀਆਂ, ਅਧਿਆਪਕਾਂ ਅਤੇ ਨੰਬਰਦਾਰਾਂ ਨੂੰ ਤਰਜੀਹ ਦਿੱਤੀ ਜਾਵੇਗੀ।
ਪੰਜਾਬ ਨੂੰ ਨਸ਼ਿਆਂ ਦੀ ਦਲਦਲ ਵਿੱਚ ਧੱਕਣ ਵਾਲੀਆਂ ਰਵਾਇਤੀ ਸਿਆਸੀ ਪਾਰਟੀਆਂ ਨੂੰ ਸਿੱਧੇ ਤੌਰ ’ਤੇ ਜ਼ਿੰਮੇਵਾਰ ਠਹਿਰਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਸੂਬੇ ਦੇ ਮੱਥੇ ਤੋਂ ਨਸ਼ਿਆਂ ਦਾ ਕਲੰਕ ਲਾਹੁਣ ਲਈ ‘ਯੁੱਧ ਨਸ਼ਿਆਂ ਵਿਰੁੱਧ’ ਵਰਗੀਆਂ ਮੁਹਿੰਮਾਂ ਚਲਾਉਣੀਆਂ ਪੈ ਰਹੀਆਂ ਹਨ। ਮਾਨ ਨੇ ਕਿਹਾ, “ਜੇਕਰ ਪਿਛਲੀਆਂ ਸਰਕਾਰਾਂ ਨੇ ਨਸ਼ਾ ਤਸਕਰਾਂ ਨੂੰ ਨੱਥ ਪਾਈ ਹੁੰਦੀ ਤਾਂ ਸਾਨੂੰ ਅੱਜ ਇਹੋ ਜਿਹੇ ਸਮਾਗਮ ਕਰਵਾਉਣ ਦੀ ਲੋੜ ਨਹੀਂ ਸੀ।

ਨਾਭਾ ਜੇਲ੍ਹ ਵਿੱਚ ਬੰਦ ਸਾਬਕਾ ਅਕਾਲੀ ਮੰਤਰੀ ਦੇ ਹੱਕ ਵਿੱਚ ਆਏ ਰਵਾਇਤੀ ਪਾਰਟੀਆਂ ਦੇ ਆਗੂਆਂ ਉਤੇ ਤਿੱਖਾ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਕਿੰਨੀ ਹੈਰਾਨੀ ਦੀ ਗੱਲ ਹੈ ਕਿ ਜਿਹੜਾ ਆਗੂ ਨਸ਼ਾ ਤਸਕਰੀ ਦੇ ਦੋਸ਼ਾਂ ਦਾ ਸਾਹਮਣਾ ਕਰ ਹੋਵੇ, ਉਸ ਦੇ ਹੱਕ ਵਿੱਚ ਕਾਂਗਰਸੀ ਆਗੂ ਚਰਨਜੀਤ ਸਿੰਘ ਚੰਨੀ, ਪ੍ਰਤਾਪ ਸਿੰਘ ਬਾਜਵਾ, ਸੁਖਪਾਲ ਸਿੰਘ ਖਹਿਰਾ, ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਅਤੇ ਰਵਨੀਤ ਸਿੰਘ ਬਿੱਟੂ ਖੁੱਲ੍ਹ ਕੇ ਬਿਆਨਬਾਜ਼ੀ ਕਰ ਰਹੇ ਹਨ। ਇਸ ਤੋਂ ਰਵਾਇਤੀ ਪਾਰਟੀਆਂ ਦੀ ਆਪਸੀ ਮਿਲੀਭੁਗਤ ਸਾਹਮਣੇ ਆਈ ਹੈ ਜੋ ਸੱਤਾ ਵਿੱਚ ਹੁੰਦੀਆਂ ਇਕ-ਦੂਜੇ ਦੇ ਕਾਲੇ ਕਾਰਨਾਮਿਆਂ ਉਤੇ ਪਰਦਾ ਪਾਉਂਦੀਆਂ ਰਹੀਆਂ ਹਨ। ਉਨ੍ਹਾਂ ਕਿਹਾ ਕਿ ਜੇਲ੍ਹ ਵਿੱਚ ਬੰਦ ਸਾਬਕਾ ਅਕਾਲੀ ਮੰਤਰੀ ਵਿਰੁੱਧ ਅਹਿਮ ਸਬੂਤ ਮਿਲੇ ਹਨ ਜੋ ਅਦਾਲਤ ਵਿੱਚ ਪੇਸ਼ ਕੀਤੇ ਜਾਣਗੇ।
ਇਸ ਮੌਕੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ, ਮਕਾਨ ਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆ, ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਅਤੇ ਡੀ.ਜੀ.ਪੀ ਪੰਜਾਬ ਗੌਰਵ ਯਾਦਵ ਤੇ ਹੋਰ ਸ਼ਖਸੀਅਤਾਂ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

Cyber Fraud Racket Targeting Women to Extort Money Busted in Punjab

Cyber Fraud Racket Targeting Women to Extort Money Busted in Punjab Nabaz-e-Punjab, Chandi…