ਤਾਮਿਲਨਾਡੂ ਦੀ ‘ਮੁੱਖ ਮੰਤਰੀ ਬਰੇਕਫਾਸਟ ਸਕੀਮ’ ਨੂੰ ਪੰਜਾਬ ਵਿੱਚ ਲਾਗੂ ਕਰਨ ਦੀ ਸੰਭਾਵਨਾ ਲੱਭਾਂਗੇ: ਭਗਵੰਤ ਮਾਨ

ਚੇਨਈ ਵਿੱਚ ਸਮਾਗਮ ਦੌਰਾਨ ਸਕੀਮ ਦੇ ਸ਼ਹਿਰੀ ਖ਼ੇਤਰਾਂ ਵਿੱਚ ਵਿਸਤਾਰ ਦੀ ਯੋਜਨਾ ਦੀ ਕੀਤੀ ਸ਼ੁਰੂਆਤ

ਨਬਜ਼-ਏ-ਪੰਜਾਬ, ਚੇਨਈ, 26 ਅਗਸਤ:
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਤਾਮਿਲਨਾਡੂ ਦੀ ‘ਮੁੱਖ ਮੰਤਰੀ ਬਰੇਕਫਾਸਟ ਸਕੀਮ’ ਨੂੰ ਪੰਜਾਬ ਵਿੱਚ ਲਾਗੂ ਕਰਨ ਦੀਆਂ ਸੰਭਾਵਨਾਵਾਂ ਤਲਾਸ਼ੀਆਂ ਜਾਣਗੀਆਂ। ਸ਼ਹਿਰੀ ਖ਼ੇਤਰਾਂ ਵਿੱਚ ਇਸ ਸਕੀਮ ਦੇ ਵਿਸਤਾਰ ਦੀ ਸ਼ੁਰੂਆਤ ਸਬੰਧੀ ਕਰਵਾਏ ਸਮਾਗਮ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਇਸ ਅਹਿਮ ਮੌਕੇ ਹਾਜ਼ਰੀ ਸਾਡੇ ਲਈ ਬਹੁਤ ਮਾਣ ਅਤੇ ਨਿੱਜੀ ਤੌਰ ਉੱਤੇ ਤਸੱਲੀ ਵਾਲੀ ਗੱਲ ਹੈ। ਤਾਮਿਲਨਾਡੂ ਦੇ ਸਾਬਕਾ ਮੁੱਖ ਮੰਤਰੀ ਐਮ. ਕਰੁਨਾਨਿਧੀ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਕੱਦਾਵਰ ਆਗੂ ਨੇ ਲਗਾਤਾਰ ਸੂਬਿਆਂ ਦੇ ਅਧਿਕਾਰਾਂ ਲਈ ਆਵਾਜ਼ ਬੁਲੰਦ ਕੀਤੀ। ਉਨ੍ਹਾਂ ਕਿਹਾ ਕਿ ਹੁਣ ਮੁੱਖ ਮੰਤਰੀ ਐਮ.ਕੇ. ਸਟਾਲਿਨ ਉਸੇ ਸਮਰਪਣ ਨਾਲ ਆਪਣੇ ਪਿਤਾ ਦੀ ਵਿਰਾਸਤ ਨੂੰ ਅੱਗੇ ਲੈ ਕੇ ਜਾ ਰਹੇ ਹਨ।

ਮੁੱਖ ਮੰਤਰੀ ਨੇ ਤਾਮਿਲਨਾਡੂ ਦੇ ਲੋਕਾਂ ਖ਼ਾਸ ਤੌਰ ਉੱਤੇ ਐਮ.ਕੇ. ਸਟਾਲਿਨ ਦਾ ਇਸ ਸਮਾਗਮ ਲਈ ਮੁੱਖ ਮਹਿਮਾਨ ਵਜੋਂ ਸੱਦਣ ਲਈ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਹ ਸੱਦਾ ਸਿਰਫ਼ ਨਿੱਜੀ ਮਾਣ ਵਾਲੀ ਗੱਲ ਨਹੀਂ ਹੈ, ਸਗੋਂ ਇਹ ਸਾਰੇ ਪੰਜਾਬੀਆਂ ਲਈ ਮਾਣ ਦਾ ਪਲ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਸਕੀਮ ਤਹਿਤ ਹੁਣ ਤਾਮਿਲਨਾਡੂ ਦੇ ਸ਼ਹਿਰੀ ਖ਼ੇਤਰਾਂ ਦੇ ਸਾਰੇ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਦੇ ਵਿਦਿਆਰਥੀਆਂ ਨੂੰ ਹੁਣ ਤੋਂ ਸਵੇਰ ਦਾ ਖਾਣਾ ਦਿੱਤਾ ਜਾਵੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਯੋਜਨਾ ਸ਼ੁਰੂ ਵਿੱਚ ਸਤੰਬਰ 2022 ਵਿੱਚ ਪੇਂਡੂ ਪ੍ਰਾਇਮਰੀ ਸਕੂਲਾਂ ਵਿੱਚ ਸ਼ੁਰੂ ਕੀਤੀ ਗਈ ਸੀ, ਜਿਸ ਨਾਲ 34,987 ਸਕੂਲਾਂ ਦੇ 17 ਲੱਖ ਤੋਂ ਵੱਧ ਵਿਦਿਆਰਥੀਆਂ ਨੂੰ ਲਾਭ ਮਿਲਿਆ। ਉਨ੍ਹਾਂ ਕਿਹਾ ਕਿ ਅੱਜ ਤੋਂ ਸ਼ਹਿਰੀ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਦੇ ਵਿਦਿਆਰਥੀਆਂ ਨੂੰ ਵੀ ਇਸ ਸਕੀਮ ਦਾ ਲਾਭ ਹੋਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਕੈਬਨਿਟ ਹੁਣ ਪੰਜਾਬ ਵਿੱਚ ਵੀ ਇਸੇ ਤਰ੍ਹਾਂ ਦੀ ਪਹਿਲਕਦਮੀ ਸ਼ੁਰੂ ਕਰਨ ਬਾਰੇ ਵਿਚਾਰ ਕਰੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਜਾਣ ਕੇ ਖ਼ੁਸ਼ੀ ਹੋਈ ਕਿ ਇਸ ਯੋਜਨਾ ਨੇ ਤਾਮਿਲਨਾਡੂ ਵਿੱਚ ਸ਼ਾਨਦਾਰ ਨਤੀਜੇ ਦਿੱਤੇ ਹਨ, ਜਿਸ ਨਾਲ ਵਿਦਿਆਰਥੀਆਂ ਦੀ ਹਾਜ਼ਰੀ ਵਿੱਚ ਸੁਧਾਰ, ਸਿੱਖਣ ਵਿੱਚ ਸੁਧਾਰ, ਕੁਪੋਸ਼ਣ ਵਿੱਚ ਕਮੀ ਅਤੇ ਪ੍ਰਾਇਮਰੀ ਸਕੂਲ ਦੇ ਵਿਦਿਆਰਥੀਆਂ ਵਿੱਚ ਬਿਮਾਰੀ ਦਰ ਵਿੱਚ ਕਮੀ ਆਈ ਹੈ।
ਮੁੱਖ ਮੰਤਰੀ ਨੇ ਆਖਿਆ ਕਿ ਅਜਿਹੀਆਂ ਲੋਕ ਭਲਾਈ ਪਹਿਲਕਦਮੀਆਂ ਸਮੇਂ ਦੀ ਲੋੜ ਹਨ, ਖ਼ਾਸ ਕਰ ਕੇ ਦਬੇ-ਕੁਚਲੇ ਅਤੇ ਹਾਸ਼ੀਏ ਉੱਤੇ ਧੱਕੇ ਭਾਈਚਾਰਿਆਂ ਲਈ ਅਜਿਹੀਆਂ ਸਕੀਮਾਂ ਦੀ ਜ਼ਰੂਰਤ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਨੇ ਹਮੇਸ਼ਾ ਸਿੱਖਿਆ ਤੇ ਸਿਹਤ ਸੰਭਾਲ ਨੂੰ ਤਰਜੀਹ ਦਿੱਤੀ ਹੈ ਅਤੇ ਹੁਣ ਵੱਖ-ਵੱਖ ਸਿਆਸੀ ਪਾਰਟੀਆਂ ਇਨ੍ਹਾਂ ਖ਼ੇਤਰਾਂ ਨੂੰ ਆਪਣੇ ਚੋਣ ਮਨੋਰਥ ਪੱਤਰਾਂ ਵਿੱਚ ਵੀ ਪ੍ਰਮੁੱਖਤਾ ਦੇ ਰਹੀਆਂ ਹਨ। ਭਗਵੰਤ ਸਿੰਘ ਮਾਨ ਨੇ ਸਮਾਜਿਕ ਤੇ ਸਿੱਖਿਆ ਸੁਧਾਰਾਂ ਲਈ ਤਾਮਿਲਨਾਡੂ ਦੀ ਲੀਡਰਸ਼ਿਪ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ‘ਬਰੇਕਫਾਸਟ ਸਕੀਮ’ ਨੂੰ ਇਕ ਹੋਰ ਇਤਿਹਾਸਕ ਕਦਮ ਵਜੋਂ ਯਾਦ ਰੱਖਿਆ ਜਾਵੇਗਾ।
ਪੰਜਾਬ ਵਿੱਚ ਤਰੱਕੀ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਵਿਸ਼ਵ ਪੱਧਰੀ ਸਿੱਖਿਆ ਲਈ ਸਰਕਾਰੀ ਸਕੂਲਾਂ ਨੂੰ ‘ਸਕੂਲ ਆਫ਼ ਐਮੀਨੈਂਸ’ ਵਿੱਚ ਬਦਲਿਆ ਜਾ ਰਿਹਾ ਹੈ। ਉਨ੍ਹਾਂ ਮਾਣ ਨਾਲ ਦੱਸਿਆ ਕਿ ਸਿੱਖਿਆ ਵਿੱਚ ਪ੍ਰਦਰਸ਼ਨ ਦੇ ਮਾਮਲੇ ਵਿੱਚ ਪੰਜਾਬ ਨੇ ਭਾਰਤ ਦੇ ਕੌਮੀ ਅਚੀਵਮੈਂਟ ਸਰਵੇਖਣ ਵਿੱਚ ਕੇਰਲਾ ਨੂੰ ਪਛਾੜ ਕੇ ਪਹਿਲਾ ਸਥਾਨ ਹਾਸਲ ਕੀਤਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਾਡੇ ਸਰਕਾਰੀ ਸਕੂਲਾਂ ਦੇ 848 ਵਿਦਿਆਰਥੀਆਂ ਨੇ ਨੀਟ, 265 ਵਿਦਿਆਰਥੀਆਂ ਨੇ ਜੇ.ਈ.ਈ. ਮੇਨਜ਼ ਅਤੇ 45 ਵਿਦਿਆਰਥੀਆਂ ਨੇ ਜੇ.ਈ.ਈ. ਐਡਵਾਂਸਡ ਦੀ ਪ੍ਰੀਖਿਆ ਪਾਸ ਕੀਤੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਮਿਆਰੀ ਸਿੱਖਿਆ ਤੱਕ ਪਹੁੰਚ ਯਕੀਨੀ ਬਣਾਉਣ ਲਈ ਬੱਚੀਆਂ ਨੂੰ ਸਕੂਲਾਂ ਵਿੱਚ ਲਿਆਉਣ ਵਾਸਤੇ ਵਿਸ਼ੇਸ਼ ਬੱਸਾਂ ਸ਼ੁਰੂ ਕੀਤੀਆਂ ਹਨ। ਉਨ੍ਹਾਂ ਦੱਸਿਆ ਕਿ ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲਾਂ ਤੇ ਅਧਿਆਪਕਾਂ ਨੂੰ ਸਿੰਗਾਪੁਰ, ਫਿਨਲੈਂਡ ਤੇ ਅਹਿਮਦਾਬਾਦ ਦੀਆਂ ਮਿਆਰੀ ਸੰਸਥਾਵਾਂ ਵਿੱਚ ਸਿਖਲਾਈ ਲਈ ਭੇਜਿਆ ਗਿਆ। ਸਿਹਤ ਖ਼ੇਤਰ ਬਾਰੇ ਗੱਲ ਕਰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ‘ਮੁੱਖ ਮੰਤਰੀ ਸਿਹਤ ਯੋਜਨਾ’ ਸ਼ੁਰੂ ਕੀਤੀ ਜਾ ਰਹੀ ਹੈ, ਜਿਸ ਤਹਿਤ ਪੰਜਾਬ ਦੇ ਹਰੇਕ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਡਾਕਟਰੀ ਇਲਾਜ ਮੁਫ਼ਤ ਮਿਲੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਇਸ ਸਕੀਮ ਵਿੱਚ ਕੋਈ ਆਮਦਨ ਹੱਦ ਨਹੀਂ ਲਗਾਈ ਗਈ ਅਤੇ ਇਸ ਨਾਲ ਪੰਜਾਬ ਦੇ ਸਾਰੇ ਤਿੰਨ ਕਰੋੜ ਲੋਕਾਂ ਨੂੰ ਲਾਭ ਹੋਵੇਗਾ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਵਿੱਚ 881 ਆਮ ਆਦਮੀ ਕਲੀਨਿਕ ਪਹਿਲਾਂ ਹੀ ਚੱਲ ਰਹੇ ਹਨ, ਜਿਸ ਤੋਂ ਰੋਜ਼ਾਨਾ 70 ਹਜ਼ਾਰ ਮਰੀਜ਼ਾਂ ਨੂੰ ਸੇਵਾਵਾਂ ਮਿਲ ਰਹੀਆਂ ਹਨ। ਹੁਣ ਮਰੀਜ਼ਾਂ ਦੀ ਸਿਹਤ ਸੰਭਾਲ ਬਾਰੇ ਜਾਣਕਾਰੀ ਤੱਕ ਪਹੁੰਚ ਵਿੱਚ ਸੁਧਾਰ ਲਈ ਨਵੀਂ ਵਟਸਐਪ ਚੈਟਬੋਟ ਸੇਵਾ ਸ਼ੁਰੂ ਕੀਤੀ ਗਈ ਹੈ। ਭਗਵੰਤ ਸਿੰਘ ਮਾਨ ਨੇ ਅੱਗੇ ਐਲਾਨ ਕੀਤਾ ਕਿ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਵਿੱਚ 200 ਨਵੇਂ ਆਮ ਆਦਮੀ ਕਲੀਨਿਕ ਖੋਲ੍ਹੇ ਜਾਣਗੇ ਤਾਂ ਕਿ ਸਿਹਤ ਸੰਭਾਲ ਸੇਵਾਵਾਂ ਤੱਕ ਸਭ ਦੀ ਪਹੁੰਚ ਵਧੇ।
ਮੁੱਖ ਮੰਤਰੀ ਨੇ ਕਿਹਾ ਕਿ ਤਾਮਿਲਨਾਡੂ ਸਰਕਾਰ ਵਾਂਗ ਪੰਜਾਬ ਸਰਕਾਰ ਵੀ ਲੋਕਾਂ ਦੀ ਸੇਵਾ ਲਈ ਮਿਸ਼ਨਰੀ ਭਾਵਨਾ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਲੋਕਾਂ ਦੇ ਸਹਿਯੋਗ ਨਾਲ ‘ਰੰਗਲਾ ਪੰਜਾਬ’ ਬਣਾਉਣ ਲਈ ਵਚਨਬੱਧ ਹੈ ਅਤੇ ਇਸ ਮਹਾਨ ਕਾਰਜ ਲਈ ਹਰ ਹੰਭਲਾ ਮਾਰਿਆ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਨੇ ਸਾਰੇ ਖ਼ੇਤਰਾਂ ਵਿੱਚ ਵੱਡੀ ਤਬਦੀਲੀ ਦਰਜ ਕੀਤੀ ਹੈ, ਜਿਸ ਦਾ ਆਮ ਆਦਮੀ ਨੂੰ ਬੇਹੱਦ ਲਾਭ ਮਿਲ ਰਿਹਾ ਹੈ।

ਐਮ.ਕੇ. ਸਟਾਲਿਨ ਨੂੰ ‘ਸੱਚਾ ਲੋਕ ਆਗੂ’ ਦੱਸਦਿਆਂ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਸੰਤਾਂ, ਗੁਰੂਆਂ, ਪੀਰਾਂ-ਫ਼ਕੀਰਾਂ ਅਤੇ ਸ਼ਹੀਦਾਂ ਦੀ ਧਰਤੀ ਪੰਜਾਬ ਆਉਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਐਮ.ਕੇ. ਸਟਾਲਿਨ ਨੇ ਆਪਣੀ ਦੂਰ-ਦ੍ਰਿਸ਼ਟੀ, ਸਮਰਪਣ ਅਤੇ ਲੋਕ-ਪੱਖੀ ਸ਼ਾਸਨ ਰਾਹੀਂ ਲੋਕਾਂ ਦੇ ਦਿਲਾਂ ਵਿੱਚ ਡੂੰਘੀ ਥਾਂ ਬਣਾਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਜਿਹੇ ਸਮਰਪਿਤ ਆਗੂ ਅਜੋਕੇ ਸਿਆਸੀ ਪਰਿਪੇਖ ਵਿੱਚ ਵਿਰਲੇ ਹਨ।
ਕੌਮੀ ਲੀਡਰਸ਼ਿਪ ਦੀ ਤਿੱਖੀ ਆਲੋਚਨਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਨੂੰ ‘ਜੁਮਲਾਗਿਰੀ ਦਾ ਉਸਤਾਦ’ ਚਲਾ ਰਿਹਾ ਹੈ, ਜੋ ਲਗਾਤਾਰ ਲੋਕਾਂ ਨੂੰ ਗੁਮਰਾਹ ਕਰ ਰਿਹਾ ਹੈ। ‘ਅੱਛੇ ਦਿਨਾਂ’ ਦਾ ਵਾਅਦਾ ਟੁੱਟਣ ਅਤੇ ਹਰੇਕ ਦੇ ਖ਼ਾਤੇ ਵਿੱਚ 15 ਲੱਖ ਰੁਪਏ ਨਾ ਆਉਣ ਦਾ ਹਵਾਲਾ ਦਿੰਦਿਆਂ ਉਨ੍ਹਾਂ ਕਿਹਾ ਕਿ ਅਜਿਹੇ ਝੂਠੇ ਵਾਅਦਿਆਂ ਨਾਲ ਲੋਕਾਂ ਦੇ ਸਿਆਸਤ ਉੱਤੇ ਭਰੋਸੇ ਨੂੰ ਖੋਰਾ ਲੱਗਿਆ ਹੈ। ਭਗਵੰਤ ਸਿੰਘ ਮਾਨ ਨੇ ਚੇਤਾਵਨੀ ਦਿੱਤੀ ਕਿ ਲੋਕਾਂ ਦਾ ਮੋਹ ਭੰਗ ਹੋਣਾ ਜਮਹੂਰੀਅਤ ਲਈ ਚੰਗਾ ਸੰਕੇਤ ਨਹੀਂ ਹੈ।

Load More Related Articles
Load More By Nabaz-e-Punjab
Load More In International

Check Also

Will Explore Feasibility of Replicating Tamil Nadu’s CM Breakfast Scheme in Punjab: CM Mann

Will Explore Feasibility of Replicating Tamil Nadu’s CM Breakfast Scheme in Punjab: CM Man…