ਪੰਜਾਬ ਸਰਕਾਰ ਝੋਨੇ ਦਾ ਇੱਕ-ਇੱਕ ਦਾਣਾ ਖ਼ਰੀਦਣ ਲਈ ਪੂਰੀ ਤਰ੍ਹਾਂ ਤਿਆਰ: ਬਰਸਟ

ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਨੇ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

ਨਬਜ਼-ਏ-ਪੰਜਾਬ, ਚੰਡੀਗੜ੍ਹ, 12 ਸਤੰਬਰ:
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀਆਂ ਮੰਡੀਆਂ ਵਿੱਚੋਂ ਝੋਨੇ ਦਾ ਇੱਕ-ਇੱਕ ਦਾਣਾ ਖਰੀਦਣ ਲਈ ਪੂਰੀ ਤਰ੍ਹਾਂ ਤਿਆਰ ਹੈ। ਇਹ ਜਾਣਕਾਰੀ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ 16 ਸਤੰਬਰ, 2025 ਤੋਂ ਸ਼ੁਰੂ ਹੋਣ ਵਾਲੇ ਸਾਉਣੀ ਖਰੀਦ ਸੀਜ਼ਨ ਲਈ ਸੁਚਾਰੂ ਅਤੇ ਕੁਸ਼ਲ ਖਰੀਦ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਅੱਜ ਸਮੀਖਿਆ ਮੀਟਿੰਗ ਦੌਰਾਨ ਦਿੱਤੀ।
ਸ. ਬਰਸਟ ਨੇ ਸਕੱਤਰ ਪੰਜਾਬ ਮੰਡੀ ਬੋਰਡ ਸ੍ਰੀ ਰਾਮਵੀਰ ਦੇ ਨਾਲ ਖਰੀਦ ਪ੍ਰਬੰਧਾਂ ਸਬੰਧੀ ਬੋਰਡ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਜ਼ਿਲ੍ਹਾ ਮੰਡੀ ਅਧਿਕਾਰੀਆਂ ਨਾਲ ਉੱਚ ਪੱਧਰੀ ਮੀਟਿੰਗ ਕੀਤੀ।
ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਨਿਰਦੇਸ਼ਾਂ ਉੱਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੂਬੇ ਦੀਆਂ ਸਾਰੀਆਂ 1,822 ਮੰਡੀਆਂ ਅਤੇ ਖਰੀਦ ਕੇਂਦਰ ਝੋਨੇ ਦੀ ਫਸਲ ਦੀ ਸਾਂਭ ਸੰਭਾਲ ਵਾਸਤੇ ਪੁਖਤਾ ਪ੍ਰਬੰਧਾਂ ਨਾਲ ਲੈਸ ਹੋਣ ਤਾਂ ਜੋ ਕਿਸਾਨਾਂ, ਆੜ੍ਹਤੀਆਂ, ਮਜ਼ਦੂਰਾਂ ਅਤੇ ਵਪਾਰੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਨੇ ਅਧਿਕਾਰੀਆਂ ਨੂੰ ਮੰਡੀਆਂ ਦੀ ਸਫਾਈ, ਨਿਰਵਿਘਨ ਬਿਜਲੀ ਸਪਲਾਈ, ਪੀਣ ਵਾਲੇ ਪਾਣੀ ਦੀ ਸਹੂਲਤ, ਪਖਾਨੇ ਅਤੇ ਬੈਠਣ ਲਈ ਛਾਂ ਦੇ ਪ੍ਰਬੰਧ ਸਮੇਤ ਵਿਆਪਕ ਪ੍ਰਬੰਧ ਯਕੀਨੀ ਬਣਾਉਣ ਲਈ ਕਿਹਾ।
ਉਨ੍ਹਾਂ ਅਧਿਕਾਰੀਆਂ ਨੂੰ ਖਰੀਦ ਪ੍ਰਕਿਰਿਆ ਦੌਰਾਨ ਮੰਡੀਆਂ ਵਿੱਚ ਕੰਮ ਕਰਨ ਵਾਲੇ ਮਜ਼ਦੂਰਾਂ ਲਈ ਢੁਕਵੇਂ ਛਾਂਦਾਰ ਖੇਤਰ ਅਤੇ ਬੈਠਣ ਦੇ ਪ੍ਰਬੰਧ ਯਕੀਨੀ ਬਣਾਉਣ ਦੇ ਨਿਰਦੇਸ਼ ਵੀ ਦਿੱਤੇ, ਤਾਂ ਜੋ ਉਨ੍ਹਾਂ ਦੇ ਆਰਾਮ ਅਤੇ ਤੰਦਰੁਸਤੀ ਨੂੰ ਯਕੀਨੀ ਬਣਾਇਆ ਜਾ ਸਕੇ।
ਉਨ੍ਹਾਂ ਨੇ ਜ਼ਿਲ੍ਹਾ ਮੰਡੀ ਅਫਸਰਾਂ ਅਤੇ ਮੁੱਖ ਦਫ਼ਤਰ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਨਿੱਜੀ ਤੌਰ ‘ਤੇ ਮੰਡੀਆਂ ਦਾ ਦੌਰਾ ਕਰਨ, ਜ਼ਮੀਨੀ ਪੱਧਰ ‘ਤੇ ਮੁਲਾਂਕਣ ਕਰਨ ਅਤੇ ਖਰੀਦ ਸੀਜ਼ਨ ਦੌਰਾਨ ਨਿਰੰਤਰ ਨਿਗਰਾਨੀ ਰੱਖਣ ਤਾਂ ਜੋ ਕਿਸੇ ਵੀ ਸਮੱਸਿਆ ਨੂੰ ਤੁਰੰਤ ਹੱਲ ਕੀਤਾ ਜਾ ਸਕੇ।
ਚੇਅਰਮੈਨ ਨੇ ਕਿਸਾਨਾਂ ਲਈ ਅਨੁਕੂਲ ਮਾਹੌਲ ਯਕੀਨੀ ਬਣਾਉਣ ‘ਤੇ ਵੀ ਜ਼ੋਰ ਦਿੱਤਾ ਤਾਂ ਜੋ ਕਿਸਾਨ ਆਪਣੀ ਉਪਜ ਬਿਨਾਂ ਕਿਸੇ ਮੁਸ਼ਕਲ ਦੇ ਵੇਚ ਸਕਣ।
ਇਸ ਦੌਰਾਨ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਨੇ ਪੰਜਾਬ ਸਿਵਲ ਸਕੱਤਰੇਤ ਕਲੱਬ ਦੁਆਰਾ ਕਰਵਾਈ ਜਾ ਰਹੀ ਦੂਜੀ ਸਾਲਾਨਾ ਕਰਮਚਾਰੀ ਕ੍ਰਿਕਟ ਲੀਗ ਲਈ ਬੋਰਡ ਦੀ ਕ੍ਰਿਕਟ ਟੀਮ ਦੀ ਜਰਸੀ ਵੀ ਲਾਂਚ ਕੀਤੀ। ਇਸਦੇ ਨਾਲ ਹੀ ਉਨ੍ਹਾਂ ਨੇ ਆਲ ਇੰਡੀਆ ਸਟੇਟ ਐਗਰੀਕਲਚਰਲ ਮਾਰਕੀਟਿੰਗ ਬੋਰਡਜ਼ ਟੀ-20 ਕ੍ਰਿਕਟ ਟੂਰਨਾਮੈਂਟ ਵਿੱਚ ਦੂਜੇ ਸਥਾਨ ‘ਤੇ ਰਹਿਣ ਵਾਲੀ ਪੰਜਾਬ ਮੰਡੀ ਬੋਰਡ ਦੀ ਕ੍ਰਿਕਟ ਟੀਮ ਦੀ ਹੌਸਲਾ ਅਫ਼ਜਾਈ ਵੀ ਕੀਤੀ। ਇਸ ਦੌਰਾਨ ਟੀਮ ਵੱਲੋਂ ਸ. ਬਰਸਟ ਅਤੇ ਸਕੱਤਰ ਰਾਮਵੀਰ ਨੂੰ ਉਪ ਜੇਤੂ ਰਹਿਣ ਉੱਤੇ ਮਿਲੀ ਟਰਾਫੀ ਵੀ ਭੇਟ ਕੀਤੀ ਗਈ।

Load More Related Articles
Load More By Nabaz-e-Punjab
Load More In Government

Check Also

Punjab Cabinet Approves New Building Bye-laws

Punjab Cabinet Approves New Building Bye-laws Important decisions taken in Punjab Cabinet …