ਸ਼ਾਮ 6 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਇਨਾਂ ਨਾਲ ਝੋਨਾ ਕੱਟਣ ’ਤੇ ਪਾਬੰਦੀ ਦੇ ਹੁਕਮ

ਝੋਨੇ ਦੀ ਫ਼ਸਲ ਦੀ ਰਹਿੰਦ ਖੂੰਹਦ ਖੇਤ ਵਿੱਚ ਹੀ ਸਾੜਨ ’ਤੇ ਵੀ ਮਨਾਹੀ

ਨਬਜ਼-ਏ-ਪੰਜਾਬ, ਮੁਹਾਲੀ, 15 ਸਤੰਬਰ:
ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਵਿੱਚ 16 ਸਤੰਬਰ ਤੋਂ ਸ਼ੁਰੂ ਹੋ ਰਹੇ ਝੋਨੇ ਦੇ ਖਰੀਦ ਸੀਜ਼ਨ ਦੇ ਮੱਦੇਨਜ਼ਰ ਮੁਹਾਲੀ ਦੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀਮਤੀ ਕੋਮਲ ਮਿੱਤਲ ਨੇ ਸ਼ਾਮ 6 ਤੋਂ ਸਵੇਰੇ 10 ਵਜੇ ਤੱਕ ਕੰਬਾਇਨਾਂ ਨਾਲ ਝੋਨੇ ਦੀ ਕਟਾਈ ਤੇ ਪਾਬੰਦੀ ਲਾ ਦਿੱਤੀ ਹੈ। ਉਨ੍ਹਾਂ ਅੱਜ ਇੱਥੇ ਕਿਹਾ ਕਿ ਫਸਲ ਦੀ ਕਟਾਈ ਲਈ ਰਾਤ ਨੂੰ ਕੰਬਾਈਨਾਂ ਚਲਾਉਣ ਨਾਲ ਜਿੱਥੇ ਹਾਦਸੇ ਵਾਪਰਨ ਦਾ ਖਤਰਾ ਵੱਧ ਜਾਂਦਾ ਹੈ ਉੱਥੇ ਝੋਨੇ ਦੀ ਫਸਲ ਤੇ ਰਾਤ ਨੂੰ ਤਰੇਲ ਪੈਣ ਅਤੇ ਬੇਮੌਸਮੀ ਬਰਸਾਤ ਕਾਰਨ ਝੋਨਾ ਵੀ ਸਿੱਲਾ ਹੋ ਜਾਂਦਾ ਹੈ। ਇਹ ਕੰਬਾਈਨਾਂ ਜਦੋਂ ਰਾਤ ਵੇਲੇ ਝੋਨੇ ਦੀ ਕਟਾਈ ਕਰਦੀਆਂ ਹਨ ਤਾਂ ਜਿਹੜੀ ਫਸਲ ਚੰਗੀ ਤਰ੍ਹਾਂ ਸੁੱਕੀ ਨਹੀਂ ਹੁੰਦੀ ਭਾਵ ਦਾਣਾ ਕੱਚਾ ਅਤੇ ਹਰਾ ਹੁੰਦਾ ਹੈ, ਜਿਸ ਨਾਲ ਝੋਨੇ ਵਿੱਚ ਵੱਧ ਨਮੀ ਹੋਣ ਕਾਰਨ ਸਿੱਧਾ ਨੁਕਸਾਨ ਕਿਸਾਨਾਂ ਨੂੰ ਹੁੰਦਾ ਹੈ ਅਤੇ ਉਸ ਦਾ ਦੇਸ਼ ਦੇ ਉਤਪਾਦਨ ’ਤੇ ਵੀ ਅਸਰ ਪੈਂਦਾ ਹੈ।
ਇਸੇ ਤਰ੍ਹਾਂ ਝੋਨੇ ਵਿੱਚ ਨਮੀ ਸਰਕਾਰ ਦੀਆਂ ਨਿਰਧਾਰਿਤ ਕੀਤੀਆਂ ਸਪੈਸੀਫਿਕੇਸ਼ਨਜ਼ ਤੋਂ ਉਪਰ ਹੁੰਦੀ ਹੈ ਅਤੇ ਖਰੀਦ ਏਜੰਸੀਆ ਉਸ ਝੋਨੇ ਨੂੰ ਖਰੀਦਣ ਤੋਂ ਅਸਮਰਥ ਹੁੰਦੀਆਂ ਹਨ, ਜਿਸ ਕਰਨ ਕਿਸਾਨਾਂ ਦੀ ਮੰਡੀਆਂ ਵਿੱਚ ਖੱਜਲ-ਖੁਆਰੀ ਤੋ ਇਲਾਵਾ ਅਮਨ-ਕਾਨੂੰਨ ਦੀ ਸਥਿਤੀ ਦੇ ਵਿਗੜਨ ਦੇ ਆਸਾਰ ਵੱਧ ਜਾਂਦੇ ਹਨ। ਇਸ ਤੋਂ ਇਲਾਵਾ ਕੰਬਾਈਨ ਹਾਰਵੈਸਟਰ ਦੇ ਮਾਲਕ ਬਿਨ੍ਹਾਂ ਐਸ.ਐਮ.ਐਸ ਲਗਾਏ ਝੋਨੇ ਦੀ ਕਟਾਈ ਵੀ ਨਾ ਕਰਨ, ਜਿਸ ਨਾਲ ਪ੍ਰਦੂਸ਼ਣ ਫੈਲਦਾ ਹੈ।
ਇਸ ਤੋਂ ਇਲਾਵਾ ਝੋਨੇ ਦੀ ਕਟਾਈ ਤੋਂ ਬਾਅਦ ਕਿਸਾਨਾਂ ਵੱਲੋਂ ਇਸ ਦੀ ਰਹਿੰਦ ਨੂੰ ਅੱਗ ਲਗਾ ਕੇ ਸਾੜਿਆ ਜਾਂਦਾ ਹੈ, ਜਿਸ ਦੇ ਫਲਸਰੂਪ ਇਸ ਵਿੱਚੋਂ ਨਿਕਲਣ ਵਾਲੀਆਂ ਗੈਸਾਂ ਵਾਤਾਵਰਨ ਨੂੰ ਪ੍ਰਦੂਸ਼ਿਤ ਕਰਦੀਆਂ ਹਨ ਅਤੇ ਮਿੱਟੀ ਦੀ ਉਪਜਾਊ ਤਾਕਤ ਦਾ ਨੁਕਸਾਨ ਵੀ ਹੁੰਦਾ ਹੈ। ਇਸ ਸਬੰਧ ਵਿੱਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਸਿਵਲ ਰਿੱਟ ਪਟੀਸ਼ਨ ਨੰਬਰ 10138/06 ਕੈਪਟਨ ਸਰਬਜੀਤ ਸਿੰਘ ਬਨਾਮ ਪੰਜਾਬ ਸਰਕਾਰ ਨੂੰ ਮੁੱਖ ਰੱਖਦੇ ਹੋਏ ਇਨ੍ਹਾਂ ਹੁਕਮਾਂ ਦੀ ਪਾਲਣਾ ਅਧੀਨ ਬਣਾਈ ਗਈ ਕਮੇਟੀ ਦੀ ਸਿਫਾਰਿਸ਼ ਲਾਗੂ ਕਰਨ ਲਈ ਇਹ ਜ਼ਰੂਰੀ ਬਣ ਜਾਂਦਾ ਹੈ ਕਿ ਝੋਨੇ ਦੀ ਕਟਾਈ ਤੋਂ ਬਾਅਦ ਫਸਲਾਂ ਦੀ ਰਹਿੰਦ ਨੂੰ ਸਾੜਨ ਤੇ ਪਾਬੰਦੀ ਲਗਾਈ ਜਾਵੇ ਤਾਂ ਜੋ ਇਸ ਵਿੱਚੋਂ ਨਿਕਲਣ ਵਾਲੀਆਂ ਹਾਨੀਕਾਰਕ ਗੈਸਾਂ ਤੋਂ ਵਾਤਾਵਰਨ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਇਆ ਜਾ ਸਕੇ।
ਉਕਤ ਖਦਸ਼ਿਆਂ ਨੂੰ ਧਿਆਨ ਵਿੱਚ ਰੱਖਦੇ ਹੋਏ ਜ਼ਿਲ੍ਹਾ ਮੈਜਿਸਟ੍ਰੇਟ ਕੋਮਲ ਮਿੱਤਲ ਵੱਲੋਂ, ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮੁਹਾਲੀ ਦੀ ਹਦੂਦ ਅੰਦਰ ਸ਼ਾਮ 6 ਤੋਂ ਸਵੇਰੇ 10 ਵਜੇ ਤੱਕ ਕੰਬਾਇਨਾਂ ਨਾਲ ਝੋਨੇ ਦੀ ਫਸਲ ਦੀ ਕਟਾਈ ਨਾ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਇਸ ਉਪਰੰਤ ਜ਼ਿਲ੍ਹੇ ਵਿੱਚ ਝੋਨੇ ਦੀ ਫਸਲ ਦੀ ਕਟਾਈ ਅਤੇ ਉਸ ਦੀ ਰਹਿੰਦ ਨੂੰ ਸਾੜਨ ਤੇ ਪੂਰਨ ਤੌਰ ਤੇ ਪਾਬੰਦੀ ਰਹੇਗੀ। ਇਸ ਦੇ ਨਾਲ ਹੀ ਕੋਈ ਵੀ ਕੰਬਾਈਨ ਮਾਲਕ ਬਿਨ੍ਹਾਂ ਐਸ.ਐਮ.ਐਸ ਲਗਾਏ ਝੋਨੇ ਦੀ ਕਟਾਈ ਨਹੀਂ ਕਰੇਗਾ। ਇਹ ਹੁਕਮ ਮਿਤੀ 16.09.2025 ਤੋਂ ਮਿਤੀ 15.11.2025 ਤੱਕ ਜ਼ਿਲ੍ਹੇ ਵਿੱਚ ਤੁਰੰਤ ਅਸਰ ਨਾਲ ਲਾਗੂ ਹੋਵੇਗਾ।

Load More Related Articles
Load More By Nabaz-e-Punjab
Load More In Agriculture & Forrest

Check Also

ਪੰਜਾਬ ਦੇ ਕਿਸਾਨਾਂ ਦੀਆਂ ਸਮੱਸਿਅਵਾਂ ਦਾ ਫੌਰੀ ਹੱਲ ਕਰੇ ‘ਆਪ’ ਸਰਕਾਰ: ਸੰਯੁਕਤ ਕਿਸਾਨ ਮੋਰਚਾ

ਪੰਜਾਬ ਦੇ ਕਿਸਾਨਾਂ ਦੀਆਂ ਸਮੱਸਿਅਵਾਂ ਦਾ ਫੌਰੀ ਹੱਲ ਕਰੇ ‘ਆਪ’ ਸਰਕਾਰ: ਸੰਯੁਕਤ ਕਿਸਾਨ ਮੋਰਚਾ ਐਸਕੇਐਮ ਦੇ ਆ…