ਜਾਅਲੀ ਕਾਗਜ ਤਿਆਰ ਕਰਕੇ ਸੇਵਾਮੁਕਤ ਕਰਨਲ ਦੀ 10 ਏਕੜ ਜ਼ਮੀਨ ਵੇਚੀ, ਗ੍ਰਿਫ਼ਤਾਰ

ਲੋਕਾਂ ਨਾਲ ਕਰੋੜਾਂ ਰੁਪਏ ਦੀਆਂ ਠੱਗੀਆਂ ਮਾਰਨ ਵਾਲਾ ਵਿਅਕਤੀ ਗ੍ਰਿਫ਼ਤਾਰ

ਨਬਜ਼-ਏ-ਪੰਜਾਬ, ਮੁਹਾਲੀ, 17 ਸਤੰਬਰ:
ਮੁਹਾਲੀ ਪੁਲੀਸ ਨੇ ਭੋਲੇ-ਭਾਲੇ ਲੋਕਾਂ ਨਾਲ ਕਰੋੜਾਂ ਰੁਪਏ ਦੀਆਂ ਠੱਗੀਆਂ ਕਰਨ ਵਾਲੇ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਅੱਜ ਇੱਥੇ ਇਸ ਸਬੰਧੀ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਮੁਹਾਲੀ ਦੇ ਡੀਐਸਪੀ (ਸਿਟੀ-2) ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਮੁਲਜ਼ਮ ਦੀ ਪਛਾਣ ਬਲਵੰਤ ਸਿੰਘ ਵਾਸੀ ਭਦੋੜ (ਬਰਨਾਲਾ) ਵਜੋਂ ਹੋਈ ਹੈ, ਜੋ ਆਪਣੇ ਸਾਥੀਆਂ ਨਾਲ ਮਿਲ ਕੇ ਭੋਲੇ-ਭਾਲੇ ਲੋਕਾਂ ਨਾਲ ਉਨ੍ਹਾਂ ਦੀ ਜ਼ਮੀਨ ਦੇ ਜਾਅਲੀ ਕਾਗਜਾਤ ਤਿਆਰ ਕਰਕੇ ਉਨ੍ਹਾਂ ਨਾਲ ਧੋਖਾਧੜੀ ਕਰਦਾ ਹੈ।
ਡੀਐਸਪੀ ਬੱਲ ਨੇ ਦੱਸਿਆ ਕਿ ਮੁਲਜ਼ਮ ਨੂੰ ਥਾਣਾ ਆਈ.ਟੀ.ਸਿਟੀ ਦੇ ਐਸਐਚਓ ਇੰਸਪੈਕਟਰ ਸਤਵਿੰਦਰ ਸਿੰਘ ਦੀ ਅਗਵਾਈ ਵਾਲੀ ਟੀਮ ਵੱਲੋਂ ਬੀਐਨਐਸ ਦੀ ਧਾਰਾ 316(2), 318 (4),336 (2), 338, 336 (3),340 (2),339, 61 (2) ਤਹਿਤ ਬੀਤੀ 9 ਸਤੰਬਰ ਨੂੰ ਦਰਜ ਇੱਕ ਮਾਮਲੇ ਤਹਿਤ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲੀਸ ਵੱਲੋਂ ਉਸ ਦੇ ਬਾਕੀ ਸਾਥੀਆਂ ਦੀ ਭਾਲ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਵੱਲੋਂ ਵੱਖ-ਵੱਖ ਥਾਵਾਂ ’ਤੇ ਜਾਇਦਾਦ ਮਾਲਕਾਂ ਦੇ ਨਾਮ ਉੱਤੇ ਜਾਅਲੀ ਆਧਾਰ ਕਾਰਡ ਅਤੇ ਪੈਨ ਕਾਰਡ ਬਣਾ ਕੇ ਉਨ੍ਹਾਂ ਦੀ ਜ਼ਮੀਨ ਦੇ ਜਾਅਲੀ ਕਾਗਜਾਤ ਤਿਆਰ ਕਰਕੇ ਉਨ੍ਹਾਂ ਨਾਲ ਧੋਖਾਧੜੀ ਕਰਦਾ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿਅਕਤੀਆਂ ਵੱਲੋਂ ਕਰੋੜਾਂ ਰੁਪਏ ਦੀ ਠੱਗੀ ਮਾਰੀ ਗਈ ਹੈ।
ਡੀਐਸਪੀ ਬੱਲ ਨੇ ਦੱਸਿਆ ਕਿ ਉਕਤ ਵਿਅਕਤੀ ਵੱਲੋਂ ਆਪਣੇ ਸਾਥੀਆਂ ਨਾਲ ਮਿਲ ਕੇ ਇੱਕ ਸੇਵਾਮੁਕਤ ਕਰਨਲ ਐਨਜੇਐਸ ਪੰਨੂ ਅਤੇ ਉਨ੍ਹਾਂ ਦੇ ਭਰਾ ਦੇ ਜਾਅਲੀ ਕਾਗਜ ਤਿਆਰ ਕਰਕੇ ਉਨ੍ਹਾਂ ਦੀ ਪਿੰਡ ਤੰਗੌਰੀ ਵਿੱਚ ਸਥਿਤ 10 ਏਕੜ ਜ਼ਮੀਨ ਵੇਚ ਦਿੱਤੀ। ਜਿਸ ਸਬੰਧੀ ਸੇਵਾਮੁਕਤ ਕਰਨਲ ਵੱਲੋਂ ਅਪਰਾਧਿਕ ਪਰਚਾ ਦਰਜ ਕਰਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਤਫ਼ਤੀਸ਼ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਬਲਵੰਤ ਸਿੰਘ ਵਾਸੀ ਭਦੋੜ, ਬਰਨਾਲਾ ਆਪਣੇ ਸਾਥੀਆਂ ਨਾਲ ਮਿਲ ਕੇ ਭੋਲੇ-ਭਾਲੇ ਲੋਕਾਂ ਨਾਲ ਠੱਗੀਆਂ ਮਾਰਦਾ ਹੈ। ਪੁਲੀਸ ਨੇ ਬਲਵੰਤ ਸਿੰਘ ਨੂੰ ਗ੍ਰਿਫ਼ਤਾਰ ਕਰਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪਲੀਸ ਅਨੁਸਾਰ ਮੁਲਜ਼ਮ ਬਲਵੰਤ ਸਿੰਘ ਦੇ ਖ਼ਿਲਾਫ਼ ਪਹਿਲਾ ਵੀ ਕਈ ਪਰਚੇ ਦਰਜ ਹਨ।

Load More Related Articles
Load More By Nabaz-e-Punjab
Load More In Crime & Police

Check Also

ਮੁਹਾਲੀ ਪੁਲੀਸ ਨੇ ਸੁਲਝਾਈ ਅੰਨੇ ਕਤਲ ਦੀ ਗੁੱਥੀ, ਦੋ ਮੁਲਜ਼ਮ ਗ੍ਰਿਫ਼ਤਾਰ, ਇੱਕ ਫ਼ਰਾਰ

ਮੁਹਾਲੀ ਪੁਲੀਸ ਨੇ ਸੁਲਝਾਈ ਅੰਨੇ ਕਤਲ ਦੀ ਗੁੱਥੀ, ਦੋ ਮੁਲਜ਼ਮ ਗ੍ਰਿਫ਼ਤਾਰ, ਇੱਕ ਫ਼ਰਾਰ ਮੁਲਜ਼ਮਾਂ ਨੇ ਕਤਲ ਤੋਂ ਬ…