ਦੀਵਾਲੀ ਅਤੇ ਗੁਰਪੁਰਬ ਮੌਕੇ ਕੇਵਲ ਦੋ ਘੰਟਿਆਂ ਲਈ ਚਲਾਏ ਜਾ ਸਕਣਗੇ ਪਟਾਕੇ

ਮੁਹਾਲੀ ਜ਼ਿਲ੍ਹੇ ਵਿੱਚ ਪਟਾਕਿਆਂ ਦੀ ਵਿਕਰੀ ਲਈ 44 ਆਰਜ਼ੀ ਲਾਇਸੈਂਸ ਜਾਰੀ

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਲੋਕਾਂ ਦੀ ਮੌਜੂਦਗੀ ਵਿੱਚ ਕੱਢਿਆ ਗਿਆ ਡਰਾਅ

ਨਬਜ਼-ਏ-ਪੰਜਾਬ, ਮੁਹਾਲੀ, 9 ਅਕਤੂਬਰ:
ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿੱਚ ਪਟਾਕਿਆਂ ਦੀ ਵਿੱਕਰੀ ਲਈ ਅਰਜ਼ੀਆਂ ਦੇਣ ਵਾਲੇ ਲੋਕਾਂ ਨੂੰ 44 ਆਰਜ਼ੀ ਲਾਇਸੈਂਸ ਜਾਰੀ ਕਰਨ ਲਈ ਗਠਿਤ ਕੀਤੀ ਗਈ ਕਮੇਟੀ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸੈਕਟਰ-76 ਵਿੱਚ ਲਾਇਸੈਂਸ ਜਾਰੀ ਕਰਨ ਲਈ ਅੱਜ ਡਰਾਅ ਮੁਹਾਲੀ ਦੇ ਡਿਪਟੀ ਕਮਿਸ਼ਨਰ ਸ੍ਰੀਮਤੀ ਕੋਮਲ ਮਿੱਤਲ, ਏਡੀਸੀ (ਜਨਰਲ) ਸ੍ਰੀਮਤੀ ਗੀਤਿਕਾ ਸਿੰਘ, ਐਸਡੀਐਮ ਦਮਨਦੀਪ ਕੌਰ, ਸਹਾਇਕ ਕਮਿਸ਼ਨਰ (ਜ) ਡਾ. ਅੰਕਿਤਾ ਕਾਂਸਲ, ਤਹਿਸੀਲਦਾਰ ਖਰੜ, ਗੁਰਵਿੰਦਰ ਕੌਰ ਤੇ ਹੋਰ ਅਧਿਕਾਰੀਆਂ, ਕਰਮਚਾਰੀਆਂ ਅਤੇ ਆਮ ਨਾਗਰਿਕਾਂ ਦੀ ਹਾਜ਼ਰੀ ਵਿੱਚ ਮੁਕੰਮਲ ਵੀਡੀਓਗਰਾਫ਼ੀ ਹੇਠ ਕੱਢਿਆ ਗਿਆ। ਪਾਰਦਰਸ਼ੀ ਤੇ ਨਿਰਪੱਖ ਪਹੁੰਚ ਅਪਣਾਉਂਦਿਆਂ, ਡਰਾਅ ਕੱਢਣ ਦੀ ਪ੍ਰਕਿਰਿਆ ਆਮ ਲੋਕਾਂ ਦੀ ਹਾਜ਼ਰੀ ਵਿੱਚ ਨੇਪਰੇ ਚਾੜ੍ਹੀ ਗਈ।
ਜ਼ਿਕਰਯੋਗ ਹੈ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਆਪਣੇ ਹੁਕਮ ਅਤੇ ਪੰਜਾਬ ਸਰਕਾਰ ਇੰਡਸਟਰੀ ਅਤੇ ਕਮਰਸ ਵਿਭਾਗ ਵੱਲੋਂ ਸਮੇਂ ਸਮੇਂ ਤੇ ਜਾਰੀ ਹਦਾਇਤਾਂ ਅਨੁਸਾਰ ਸਾਲ 2016 ਵਿੱਚ ਜਾਰੀ ਹੋਏ ਲਾਇਸੈਂਸਾਂ ਦੇ ਮੁਕਾਬਲੇ ਸਿਰਫ਼ 20 ਫੀਸਦੀ ਲਾਇਸੈਂਸ ਜਾਰੀ ਕਰਨ ਦੇ ਨਿਰਦੇਸ਼ ਦਿੱਤੇ ਹੋਏ ਹਨ।
ਡਰਾਅ ਤੋਂ ਬਾਅਦ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟਰੇਟ ਸ੍ਰੀਮਤੀ ਕੋਮਲ ਮਿੱਤਲ ਨੇ ਦੱਸਿਆ ਕਿ ਮੁਹਾਲੀ ਪ੍ਰਸ਼ਾਸਨ ਨੂੰ ਜ਼ਿਲ੍ਹੇ ਭਰ ਦੇ 44 ਆਰਜ਼ੀ ਲਾਇਸੈਂਸਾਂ ਲਈ ਕੁੱਲ 1260 ਅਰਜ਼ੀਆਂ ਪ੍ਰਾਪਤ ਹੋਈਆਂ ਸਨ, ਜਿਸ ’ਚੋਂ 1180 ਸਹੀ ਪਾਈਆਂ ਗਈਆਂ। ਉਨ੍ਹਾਂ ਦੱਸਿਆ ਕਿ ਮੁਹਾਲੀ ਅਤੇ ਬਨੂੜ ਵਿੱਚ ਪਟਾਕਿਆਂ ਦੀ ਵਿੱਕਰੀ ਲਈ 18 ਲਾਇਸੈਂਸਾਂ ਲਈ 1042 ਅਰਜ਼ੀਆਂ ਮਿਲੀਆਂ, ਖਰੜ, ਕੁਰਾਲੀ ਅਤੇ ਨਵਾਂ ਗਰਾਓਂ ਵਿੱਚ ਪਟਾਕਿਆਂ ਦੀ ਵਿੱਕਰੀ ਲਈ 8 ਲਾਇਸੈਂਸਾਂ ਲਈ 19 ਅਰਜ਼ੀਆਂ ਮਿਲੀਆਂ ਜਦੋਂਕਿ ਡੇਰਾਬੱਸੀ ਵਿੱਚ 6 ਲਾਇਸੈਂਸਾਂ ਲਈ 187 ਅਰਜ਼ੀਆਂ ਮਿਲੀਆਂ। ਇਸ ਤੋਂ ਇਲਾਵਾ ਲਾਲੜੂ ਅਤੇ ਜ਼ੀਰਕਪੁਰ ਵਿੱਚ ਪਟਾਕਿਆਂ ਦੀ ਵਿੱਕਰੀ ਲਈ 12 ਲਾਇਸੈਂਸਾਂ ਲਈ ਸਿਰਫ਼ 12 ਅਰਜ਼ੀਆਂ ਹੀ ਪ੍ਰਾਪਤ ਹੋਣ ਕਰਕੇ ਡਰਾਅ ਨਹੀਂ ਕੱਢਿਆ ਗਿਆ, ਪ੍ਰਾਪਤ ਅਰਜ਼ੀਆਂ ਅਨੁਸਾਰ ਹੀ ਪ੍ਰਾਰਥੀਆਂ ਨੂੰ ਲਾਇਸੈਂਸ ਜਾਰੀ ਕਰ ਦਿੱਤੇ ਗਏ।
ਜ਼ਿਲ੍ਹੇ ਵਿੱਚ ਪਟਾਕਿਆਂ ਦੀ ਵਿੱਕਰੀ ਨੂੰ ਸੁਚਾਰੂ ਕਰਨ ਦੀ ਆਪਣੀ ਵਚਨਬੱਧਤਾ ਦੁਹਰਾਉਂਦਿਆਂ ਸ੍ਰੀਮਤੀ ਕੋਮਲ ਮਿੱਤਲ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਪਟਾਕਿਆਂ ਦੀ ਵਿੱਕਰੀ ਲਈ ਸਿਰਫ਼ 13 ਥਾਵਾਂ ਨਿਰਧਾਰਿਤ ਹਨ। ਇਨ੍ਹਾਂ ਥਾਵਾਂ ਤੋਂ ਇਲਾਵਾ ਕਿਤੇ ਵੀ ਹੋਰ ਪਟਾਕਿਆਂ ਦੀ ਵਿੱਕਰੀ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਜ਼ਿਲ੍ਹਾ ਮੈਜਿਸਟਰੇਟ ਨੇ ਸਪੱਸ਼ਟ ਕੀਤਾ ਕਿ ਕਿਸੇ ਨੂੰ ਵੀ ਨਿਸ਼ਚਤ ਸਮੇਂ ਤੇ ਮਿਤੀ ਤੋਂ ਪਹਿਲਾਂ ਜਾਂ ਬਾਅਦ ਵਿੱਚ ਪਟਾਕੇ ਚਲਾਉਣ ਅਤੇ ਬਿਨਾਂ ਲਾਇਸੈਂਸ ਤੋਂ ਪਟਾਕਿਆਂ ਦੀ ਵਿੱਕਰੀ ਦੀ ਇਜਾਜ਼ਤ ਨਹੀਂ ਹੋਵੇਗੀ। ਜ਼ਿਕਰਯੋਗ ਹੈ ਕਿ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਅਦਾਲਤ ਦੀ ਮਨਜ਼ੂਰੀ ਤੋਂ ਬਿਨਾਂ ਪਟਾਕਿਆਂ ਦੇ ਵਪਾਰੀਆਂ ਨੂੰ ਸਥਾਈ ਲਾਇਸੈਂਸ ਜਾਰੀ ਕਰਨ ਤੋਂ ਰੋਕ ਲਾਈ ਹੋਈ ਹੈ। ਇਸ ਤੋਂ ਇਲਾਵਾ ਆਰਜ਼ੀ ਲਾਇਸੰਸ ਜਾਰੀ ਕਰਨ ਦੀ ਗਿਣਤੀ ਵੀ ਸੀਮਤ ਕਰ ਦਿੱਤੀ ਹੈ।
ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ 20 ਅਕਤੂਬਰ ਨੂੰ ਦਿਵਾਲੀ ਵਾਲੇ ਦਿਨ, ਸ਼ਾਮ 8.00 ਵਜੇ ਤੋਂ 10.00 ਵਜੇ ਤੱਕ ਅਤੇ ਮਿਤੀ 5 ਨਵੰਬਰ ਨੂੰ ਗੁਰਪੁਰਬ ਵਾਲੇ ਦਿਨ ਸਵੇਰੇ 4 ਵਜੇ ਤੋਂ 5 ਵਜੇ ਤੱਕ ਅਤੇ ਰਾਤ ਨੂੰ 9 ਵਜੇ ਤੋਂ 10 ਵਜੇ ਤੱਕ, ਨਿਰਧਾਰਿਤ ਅਵਾਜ ਅੰਦਰ ਹੀ ਫਾਇਰ ਕਰੈਕਰਜ਼/ਪਟਾਕੇ ਚਲਾਉਣ ਦੀ ਆਗਿਆ ਹੋਵੇਗੀ। ਇਸ ਮਿਤੀ ਅਤੇ ਸਮੇਂ ਤੋਂ ਪਹਿਲਾਂ ਜਾਂ ਬਾਅਦ ਵਿੱਚ ਕੋਈ ਵੀ ਵਸਨੀਕ ਫਾਇਰ ਕਰੈਕਰਜ਼/ਪਟਾਕੇ ਨਹੀਂ ਚਲਾਏਗਾ ਅਤੇ ਅਦਾਲਤ ਦੇ ਹੁਕਮਾਂ ਦੀ ਸਵੈ-ਪਾਲਣਾ ਵੀ ਕਰੇਗਾ।
ਉਨ੍ਹਾਂ ਦੱਸਿਆ ਕਿ ਦੀਵਾਲੀ ਮੌਕੇ ਪਟਾਕੇ ਵੇਚਣ ਲਈ ਮਿਤੀ 18, 19 ਅਤੇ 20 ਅਕਤੂਬਰ ਨੂੰ ਸਵੇਰੇ 10 ਵਜੇ ਤੋਂ ਸ਼ਾਮ 7.30 ਵਜੇ ਤੱਕ ਅਤੇ ਗੁਰਪੁਰਬ ਮੌਕੇ 5 ਨਵੰਬਰ ਨੂੰ ਸਵੇਰੇ 10 ਵਜੇ ਤੋਂ ਸ਼ਾਮ 7.30 ਵਜੇ ਤੱਕ ਨਿਰਧਾਰਤ ਸਥਾਨਾਂ ’ਤੇ ਹੀ ਸਟਾਲ ਲਗਾਉਣ ਦੀ ਆਗਿਆ ਹੋਵੇਗੀ। ਕੋਈ ਵੀ ਵਿਅਕਤੀ ਗੈਰ ਕਾਨੂੰਨੀ ਤਰੀਕੇ ਨਾਲ ਫਾਇਰ ਕਰੈਕਰਜ਼/ ਪਟਾਕਿਆਂ ਦੀ ਸਟੋਰੇਜ ਨਹੀਂ ਕਰੇਗਾ ਅਤੇ ਬਿਨਾਂ ਲਾਇਸੈਂਸ ਤੋਂ ਵਿੱਕਰੀ ਨਹੀਂ ਕਰੇਗਾ। ਪਟਾਕੇ ਵੇਚਣ ਸਬੰਧੀ ਨਿਰਧਾਰਤ ਥਾਵਾਂ, ਪ੍ਰਮੁੱਖ ਸ਼ਰਤਾਂ ਅਤੇ ਵਧੇਰੇ ਜਾਣਕਾਰੀ ਜ਼ਿਲ੍ਹਾ ਪ੍ਰਸ਼ਾਸਨ ਦੀ ਵੈਬਸਾਈਟ www.sasnagar.nic.in ’ਤੇ ਦੇਖੀ ਜਾ ਸਕਦੀ ਹੈ।

Load More Related Articles
Load More By Nabaz-e-Punjab
Load More In Festivals

Check Also

ਦੁਸਹਿਰਾ: ਰਾਵਣ ਦੇ ਨਾਲ ਨਸ਼ਿਆਂ ਦਾ ਪੁਤਲਾ ਫੂਕਿਆ

ਦੁਸਹਿਰਾ: ਰਾਵਣ ਦੇ ਨਾਲ ਨਸ਼ਿਆਂ ਦਾ ਪੁਤਲਾ ਫੂਕਿਆ ਡੀਸੀ ਆਸ਼ਿਕਾ ਜੈਨ ਨੇ ਲੋਕਾਂ ਨੂੰ ਪੰਜਾਬ ਦੀ ਧਰਤੀ ਤੋਂ …