nabaz-e-punjab.com

ਮੈਰੀਟੋਰੀਅਸ ਅਧਿਆਪਕ ਯੂਨੀਅਨ ਵੱਲੋਂ ਚੰਡੀਗੜ੍ਹ ਵਿੱਚ ਸੰਘਰਸ਼ ਵਿੱਢਣ ਦਾ ਐਲਾਨ

ਪੰਜਾਬ ਸਰਕਾਰ ’ਤੇ ਵਾਰ-ਵਾਰ ਮੀਟਿੰਗਾਂ ਦੇ ਵਾਅਦੇ ਕਰਕੇ ਮੁਕਰਨ ਦਾ ਦੋਸ਼

ਨਬਜ਼-ਏ-ਪੰਜਾਬ, ਮੁਹਾਲੀ, 6 ਮਾਰਚ:
ਮੈਰੀਟੋਰੀਅਸ ਟੀਚਰਜ਼ ਯੂਨੀਅਨ ਪੰਜਾਬ ਵੱਲੋਂ 8 ਮਾਰਚ ਨੂੰ ਚੰਡੀਗੜ੍ਹ ਵਿਖੇ ਸੰਘਰਸ਼ ਵਿੱਢਣ ਦਾ ਐਲਾਨ ਕੀਤਾ ਗਿਆ ਹੈ। ਯੂਨੀਅਨ ਆਗੂਆਂ ਨੇ ਕਿਹਾ ਕਿ ਯੂਨੀਅਨ ਦੀ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨਾਲ ਮੀਟਿੰਗ ਤੈਅ ਸੀ ਅਤੇ ਯੂਨੀਅਨ ਦੇ ਨੁਮਾਇੰਦਿਆਂ ਨੂੰ ਉਮੀਦ ਸੀ ਕਿ ਸਿਖਿਆ ਮੰਤਰੀ ਅਧਿਆਪਕਾਂ ਦੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਬਾਰੇ ਗੰਭੀਰਤਾ ਨਾਲ ਵਿਚਾਰ ਕਰਨਗੇ, ਪਰ ਮੀਟਿੰਗ ਦੌਰਾਨ ਮੰਤਰੀ ਵੱਲੋਂ ਯੂਨੀਅਨ ਨੂੰ ਕੇਵਲ 50 ਸੈਕਿੰਡ ਦਾ ਸਮਾਂ ਦਿੱਤਾ ਗਿਆ ਅਤੇ ਫਿਰ ਕਹਿ ਦਿੱਤਾ ਗਿਆ ਕਿ ਉਹ ਬਹੁਤ ਵਿਅਸਤ ਹਨ।
ਯੂਨੀਅਨ ਆਗੂਆਂ ਨੇ ਇਸ ਨੂੰ ਅਧਿਆਪਕ ਵਰਗ ਦੀ ਬੇਇੱਜ਼ਤੀ ਕਰਾਰ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਵਾਰ-ਵਾਰ ਮੀਟਿੰਗਾਂ ਦੇ ਵਾਅਦੇ ਕਰਕੇ ਵੀ ਮੈਰੀਟੋਰੀਅਸ ਅਧਿਆਪਕਾਂ ਦੀਆਂ ਜਾਇਜ਼ ਮੰਗਾਂ ਨੂੰ ਨਜ਼ਰਅੰਦਾਜ਼ ਕਰ ਰਹੀ ਹੈ ਅਤੇ ਮੀਟਿੰਗਾ ਕਰਨ ਤੋਂ ਭੱਜ ਰਹੀ ਹੈ। ਆਗੂਆਂ ਨੇ ਕਿਹਾ ਕਿ ਸਰਕਾਰ ਦੇ ਇਸ ਅਪਮਾਨਜਨਕ ਰਵੱਈਏ ਦੇ ਵਿਰੋਧ ਵਿੱਚ 8 ਮਾਰਚ (ਮਹਿਲਾ ਦਿਵਸ) ਨੂੰ ਮੈਰੀਟੋਰੀਅਸ ਸਕੂਲਾਂ ਦੀਆਂ ਮਹਿਲਾ ਅਧਿਆਪਕਾਵਾਂ (ਮੁਹਾਲੀ ਅਤੇ ਪਟਿਆਲਾ ਇਕਾਈ) ਵੱਲੋਂ ਪੋਸਟਰ ਪ੍ਰਦਰਸ਼ਨ ਕੀਤਾ ਜਾਵੇਗਾ। ਯੂਨੀਅਨ ਆਗੂ ਡਾ. ਟੀਨਾ ਨੇ ਕਿਹਾ ਕਿ ਇਹ ਪ੍ਰਦਰਸ਼ਨ ਇੱਕ ਚੇਤਾਵਨੀ ਹੈ ਕਿ ਜੇਕਰ ਸਰਕਾਰ ਨੇ ਜਲਦੀ ਮੈਰੀਟੋਰੀਅਸ ਅਧਿਆਪਕਾਂ ਦੀਆਂ ਮੰਗਾਂ ਦਾ ਹੱਲ ਨਾ ਕੀਤਾ ਤਾਂ ਆਉਣ ਵਾਲੇ ਸਮੇੱ ਵਿੱਚ ਪੰਜਾਬ ਸਰਕਾਰ ਦੇ ਵਿਰੁੱਧ ਵੱਡੇ ਪੱਧਰ ਤੇ ਸੰਘਰਸ਼ ਅਤੇ ਪ੍ਰਦਰਸ਼ਨ ਕੀਤੇ ਜਾਣਗੇ।
ਮੈਰੀਟੋਰੀਅਸ ਟੀਚਰਜ਼ ਯੂਨੀਅਨ ਪੰਜਾਬ ਦੇ ਸੀਨੀਅਰ ਮੀਤ ਪ੍ਰਧਾਨ ਵਿਪਨੀਤ ਕੌਰ ਨੇ ਦੱਸਿਆ ਕਿ ਇਸ ਪੌਸਟਰ ਪ੍ਰਦਰਸ਼ਨ ਵਿੱਚ ਪਟਿਆਲਾ ਅਤੇ ਮੁਹਾਲੀ ਇਕਾਈ ਦੀਆਂ ਮਹਿਲਾ ਅਧਿਆਪਕਾ ਵੱਡੀ ਗਿਣਤੀ ਵਿੱਚ ਸ਼ਾਮਲ ਹੋ ਕੇ ਆਪਣੇ ਹੱਕਾਂ ਲਈ ਆਵਾਜ਼ ਬੁਲੰਦ ਕਰਨਗੀਆ। ਉਹਨਾਂ ਦੱਸਿਆ ਕਿ ਮੈਰੀਟੋਰੀਅਸ ਸਕੂਲਾਂ ਦੇ 130 ਵਿਦਿਆਰਥੀਆਂ ਨੇ ਹਾਲ ਹੀ ਵਿੱਚ ਜੇ ਈ ਮੇਨਜ ਦੀ ਪ੍ਰਤੀਯੋਗੀ ਪ੍ਰੀਖਿਆ ਪਾਸ ਕਰਕੇ ਇਹਨਾਂ ਸਕੂਲਾਂ ਅਤੇ ਪੰਜਾਬ ਦਾ ਨਾਮ ਰੌਸ਼ਨ ਕੀਤਾ ਹੈ। ਫਿਰ ਵੀ ਸਰਕਾਰ ਵੱਲੋਂ ਇਨ੍ਹਾਂ ਸਕੂਲਾਂ ਵਿੱਚ ਪੜ੍ਹਾਉਣ ਵਾਲੇ ਅਧਿਆਪਕਾਂ ਦੀਆਂ ਮੰਗਾਂ ਨੂੰ ਨਜ਼ਰਅੰਦਾਜ਼ ਕੀਤਾ ਜਾ ਰਿਹਾ ਹੈ।

Load More Related Articles
Load More By Nabaz-e-Punjab
Load More In School & College

Check Also

ਸੀਜੀਸੀ ਯੂਨੀਵਰਸਿਟੀ ਵਿੱਚ ਰਾਸ਼ਟਰੀ ਵਿਗਿਆਨ ਦਿਵਸ ਮਨਾਇਆ

ਸੀਜੀਸੀ ਯੂਨੀਵਰਸਿਟੀ ਵਿੱਚ ਰਾਸ਼ਟਰੀ ਵਿਗਿਆਨ ਦਿਵਸ ਮਨਾਇਆ ਨਬਜ਼-ਏ-ਪੰਜਾਬ, ਮੁਹਾਲੀ, 6 ਮਾਰਚ: ਸੀਜੀਸੀ ਯੂਨੀਵਰ…