ਪੰਜਾਬ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਵੱਲੋਂ ਵਿਧਾਨ ਸਭਾ ਵੱਲ ਰੋਸ ਮਾਰਚ, ਪੁਲੀਸ ਨੇ ਰਾਹ ਰੋਕਿਆ
ਸਾਂਝੇ ਫਰੰਟ ਦੇ ਸੱਦੇ ’ਤੇ ਮੁਹਾਲੀ ਵਿੱਚ ਪੰਜਾਬ ਸਰਕਾਰ ਦੇ ਝੂਠੇ ਲਾਰਿਆਂ ਦੇ ਬਜਟ ਦਾ ਵਿਰੋਧ ਜਾਰੀ
ਨਬਜ਼-ਏ-ਪੰਜਾਬ, ਮੁਹਾਲੀੇ/ਚੰਡੀਗੜ੍ਹ, 10 ਮਾਰਚ:
ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਦੇ ਸੱਦੇ ’ਤੇ ਮੰਗਲਵਾਰ ਨੂੰ ਤੀਜੇ ਦਿਨ ਵੀ ਮੁਲਾਜ਼ਮ ਵਿਰੋਧੀ ਬਜਟ ਦਾ ਵਿਰੋਧ ਕਰਦਿਆਂ ਮੁਹਾਲੀ ਦੇ ਫੇਜ਼-6 ਵਿੱਚ ਵਿਸ਼ਾਲ ਰੈਲੀ ਕਰਨ ਉਪਰੰਤ ਪ੍ਰਦਰਸ਼ਨਕਾਰੀਆਂ ਨੇ ਪੰਜਾਬ ਵਿਧਾਨ ਸਭਾ ਵੱਲ ਰੋਸ ਮਾਰਚ ਕਰਨਾ ਚਾਹਿਆ ਪ੍ਰੰਤੂ ਚੰਡੀਗੜ੍ਹ ਪੁਲੀਸ ਨੇ ਸੜਕ ’ਤੇ ਬੈਰੀਕਾਟ ਲਗਾ ਕੇ ਚੰਡੀਗੜ੍ਹ ਦਾਖ਼ਲ ਹੋਣ ਤੋਂ ਪਹਿਲਾਂ ਹੀ ਉਨ੍ਹਾਂ ਦਾ ਰਾਹ ਡੱਕਿਆ ਲਿਆ। ਸਾਂਝੇ ਫਰੰਟ ਦੇ ਸੂਬਾ ਕਨਵੀਨਰਾਂ ਧਨਵੰਤ ਸਿੰਘ ਭੱਠਲ, ਜਰਮਨਜੀਤ ਸਿੰਘ, ਗਗਨਦੀਪ ਸਿੰਘ ਭੁੱਲਰ, ਬਾਜ ਸਿੰਘ ਖਹਿਰਾ, ਸੁਰਜੀਤ ਸਿੰਘ ਗੱਗੜਾ ਅਤੇ ਹਰਭਜਨ ਸਿੰਘ ਖੁੰਗਰ ਨੇ ਕਿਹਾ ਕਿ ਪੰਜਾਬ ਸਰਕਾਰ ਲਗਾਤਾਰ ਮੁਲਾਜ਼ਮਾਂ, ਪੈਨਸ਼ਨਰਾਂ ਅਤੇ ਮਾਣਭੱਤਾ ਵਰਕਰਾਂ ਦੀਆਂ ਮੰਗਾਂ ਨੂੰ ਨਜ਼ਰਅੰਦਾਜ਼ ਕਰ ਰਹੀ ਹੈ, ਜਿਸ ਕਾਰਨ ਸਮੁੱਚੇ ਮੁਲਾਜ਼ਮ ਅਤੇ ਪੈਨਸ਼ਨਰ ਤਿੱਖੇ ਸੰਘਰਸ਼ ਕਰਨ ਲਈ ਮਜ਼ਬੂਰ ਹੋਂ ਗਏ ਹਨ।
ਆਗੂਆਂ ਨੇ ਕਿਹਾ ਕਿ ਜਿੱਥੇ ਮਾਣਭੱਤਾ ਵਰਕਰਾਂ ਤੇ ਘੱਟੋ-ਘੱਟ ਉਜ਼ਰਤਾਂ ਕਾਨੂੰਨ ਲਾਗੂ ਨਾ ਕੀਤੇ ਜਾਣ, ਪੰਜਾਬ ਦੇ ਵੱਖ-ਵੱਖ ਸਰਕਾਰੀ ਵਿਭਾਗਾਂ, ਬੋਰਡਾਂ ਤੇ ਕਾਰਪੋਰੇਸ਼ਨਾਂ ਵਿੱਚ ਕੰਮ ਕਰਦੇ ਸਮੂਹ ਕੱਚੇ, ਠੇਕਾ ਅਧਾਰਿਤ ਤੇ ਆਉਟਸੋਰਸ ਅਧੀਨ ਕੰਮ ਕਰਦੇ ਕਰਮਚਾਰੀਆਂ ਨੂੰ ਰੈਗੂਲਰ ਨਾ ਕੀਤੇ ਜਾਣ, ਪੈਨਸ਼ਨਰਾਂ ਉੱਤੇ 2.59 ਦਾ ਗੁਣਾਕ ਲਾਗੂ ਨਾ ਕੀਤੇ ਜਾਣ, 16,% ਮਹਿੰਗਾਈ ਭੱਤਾ ਜਾਰੀ ਨਾ ਕੀਤੇ ਜਾਣ, ਜਨਵਰੀ 2004 ਤੋਂ ਬਾਅਦ ਭਰਤੀ ਮੁਲਾਜ਼ਮਾਂ ਤੇ ਪੁਰਾਣੀ ਪੈਨਸ਼ਨ ਸਕੀਮ ਲਾਗੂ ਨਾ ਕੀਤੇ ਜਾਣ, 17 ਜੁਲਾਈ 2020 ਤੋਂ ਬਾਅਦ ਭਰਤੀ ਮੁਲਾਜ਼ਮਾਂ ਨੂੰ ਪੰਜਾਬ ਦੇ ਮੁਲਾਜ਼ਮਾਂ ਤੇ ਪੰਜਾਬ ਦੇ ਤਨਖਾਹ ਸਕੇਲ ਲਾਗੂ ਨਾ ਕੀਤੇ ਜਾਣ ਖ਼ਿਲਾਫ਼ ਪੰਜਾਬ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਵਿੱਚ ਭਾਰੀ ਰੋਸ ਸੀ ਉੱਥੇ ਆਪਣੇ ਆਖਰੀ ਬਜ਼ਟ ਵਿੱਚ ਵੀ ਪੰਜਾਬ ਸਰਕਾਰ ਵੱਲੋਂ ਕੋਈ ਐਲਾਨ ਨਾ ਕਰਕੇ ਉਨ੍ਹਾਂ ਦੇ ਜ਼ਖ਼ਮਾਂ ’ਤੇ ਨਮਕ ਛਿੜਕਣ ਦਾ ਕੰਮ ਕੀਤਾ ਹੈ।
ਸਾਂਝੇ ਫਰੰਟ ਦੇ ਆਗੂਆਂ ਅਤਿੰਦਰਪਾਲ ਘੱਗਾ, ਪਰਮਜੀਤ ਕੌਰ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਨਾਲ-ਨਾਲ ਜੁੜੀਆਂ ਮੰਗਾਂ ਦੇ ਨਾਲ ਨਾਲ ਨਵੀਂ ਸਿੱਖਿਆ ਨੀਤੀ 2020, ਬਿਜਲੀ ਬਿੱਲ ਸੋਧ 2025 ਅਤੇ ਚਾਰ ਲੇਬਰ ਕੋਡ ਰੱਦ ਕਰਨ ਆਦਿ ਲੋਕ ਤੇ ਮੁਲਾਜ਼ਮ ਵਿਰੋਧੀ ਨੀਤੀਆਂ ਖ਼ਿਲਾਫ਼ ਸੰਘਰਸ਼ ਜਾਰੀ ਰੱਖਿਆ ਜਾਵੇਗਾ। ਇਸ ਮੌਕੇ ਰਾਕੇਸ਼ ਸਰਮਾ, ਲਵਪੀਝਤ ਬੱਲੀ, ਕੁਲਦੀਪ ਸਿੰਘ, ਹਰਦੀਪ ਟੋਡਰਪੁਰ, ਐਨਡੀ ਤਿਵਾੜੀ, ਮਲਾਗਰ ਖਮਾਣੋਂ, ਵਿਕਰਮ ਦੇਵ ਸਿੰਘ ਖੰਨਾ, ਸੁਰਿੰਦਰ ਕੰਬੋਜ, ਹਰਦੀਪ ਸ਼ਰਮਾ, ਬਿਕਰ ਸਿੰਘ ਮਾਖਾ, ਗੁਲਜਾਰ ਖਾਨ, ਚਰਨਜੀਤ ਸਿੱਧੂ, ਸਤਨਾਮ ਸਿੰਘ ਰੰਧਾਵਾ, ਸੁਖਵਿੰਦਰ ਸਿੰਘ ਦੋਦਾ, ਹੰਸ ਰਾਜ ਗਰਗ, ਹਰਪ੍ਰੀਤ ਸਿੰਘ, ਸੋਮ ਸਿੰਘ, ਸੰਧੂ, ਜ਼ੈਲ ਸਿੰਘ ਅਤੇ ਅਵਿਨਾਸ਼ ਸ਼ਰਮਾ ਮੌਜੂਦ ਸਨ।