ਬਿਜਲੀ ਸੋਧ ਬਿੱਲ-2025 ਦੇ ਵਿਰੋਧ ਵਿੱਚ ਰੋਸ ਰੈਲੀ, ਸਰਕਾਰ ਦਾ ਪੁਤਲਾ ਸਾੜਿਆ
ਨਬਜ਼-ਏ-ਪੰਜਾਬ, ਮੁਹਾਲੀ, 10 ਮਾਰਚ:
ਸਪੈਸ਼ਲ ਮੰਡਲ ਮੁਹਾਲੀ ਵਿਖੇ ਐਸ.ਕੇ.ਐਮ. ਅਤੇ ਸਾਂਝੀ ਤਾਲਮੇਲ ਕਮੇਟੀ ਸਰਕਲ ਮੁਹਾਲੀ ਵੱਲੋਂ ਬਿਜਲੀ ਸੋਧ ਬਿੱਲ-2025 ਦੇ ਖ਼ਿਲਾਫ਼ ਭਰਵੀਂ ਰੋਸ ਰੈਲੀ ਕੀਤੀ ਗਈ ਅਤੇ ਸਰਕਾਰ ਦਾ ਪੁਤਲਾ ਸਾੜ ਕੇ ਨਾਅਰੇਬਾਜੀ ਕੀਤੀ। ਰੈਲੀ ਨੂੰ ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ)ਦੇ ਸੀਨੀਅਰ ਆਗੂ ਨਛੱਤਰ ਸਿੰਘ ਬੈਦਵਾਨ, ਐਸੋਸੀਏਸ਼ਨ ਆਫ ਜੂਨੀਅਰ ਇੰਜੀਨੀਅਰ ਵੱਲੋਂ ਸੰਦੀਪ ਕੁਮਾਰ, ਆਰ.ਐਸ. ਭੁੱਲਰ, ਹਰਵਿੰਦਰ ਸਿੰਘ ਗਿੱਲ, ਟੀਐਸਯੂ ਭੰਗਲ ਵੱਲੋਂ ਲੱਖਾ ਸਿੰਘ, ਗੁਰਬਖ਼ਸ਼ ਸਿੰਘ, ਬਲਵਿੰਦਰ ਸਿੰਘ, ਸੀ.ਐਚ.ਬੀ. ਪਾਵਰਕੌਮ ਅਤੇ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਵੱਲੋਂ ਜੋਰਾਵਰ ਸਿੰਘ, ਹਰਦੀਪ ਸਿੰਘ, ਮਨਪ੍ਰੀਤ ਸਿੰਘ, ਪੈਨਸ਼ਨਰਜ਼ ਐਸੋਸੀਏਸ਼ਨ ਵੱਲੋਂ ਪਰਮਜੀਤ ਸਿੰਘ, ਸੋਹਣ ਸਿੰਘ, ਸਤਵੰਤ ਸਿੰਘ, ਬ੍ਰਿਜ ਮੋਹਨ ਸ਼ਰਮਾ, ਬਲਵਿੰਦਰ ਕੁਮਾਰ, ਪੀ.ਐਸ.ਈ.ਬੀ. ਇੰਪਲਾਈਜ਼ ਫੈਡਰੇਸ਼ਨ ਏਟਕ ਵੱਲੋਂ ਹਰਪ੍ਰੀਤ ਸਿੰਘ, ਰਣਜੀਤ ਸਿੰਘ ਅਤੇ ਮੋਹਨ ਸਿੰਘ ਗਿੱਲ ਨੇ ਸੰਬੋਧਨ ਕੀਤਾ।
ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਸੰਸਦ ਵਿੱਚ ਇਹ ਬਿੱਲ ਪੇਸ਼ ਕੀਤਾ ਜਾ ਰਿਹਾ ਹੈ, ਜਿਸ ਦੇ ਵਿਰੋਧ ਵਿੱਚ ਇਹ ਰੋਸ ਰੈਲੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਇਸ ਤੋਂ ਇਲਾਵਾ ਬੀਜ ਬਿੱਲ, ਜੈ ਰਾਮ ਜੀ ਬਿੱਲ ਅਤੇ ਹੋਰ ਕਈ ਲੋਕ ਵਿਰੋਧੀ ਬਿੱਲ ਸੰਸਦ ਵਿੱਚ ਪੇਸ਼ ਕਰਕੇ ਪਾਸ ਕਰਨ ਦੀ ਤਾਕ ਵਿੱਚ ਹੈ। ਉਨ੍ਹਾਂ ਕਿਹਾ ਕਿ ਜੇਕਰ ਬਿਜਲੀ ਸੋਧ ਬਿੱਲ 2025 ਪਾਰਲੀਮੈਂਟ ਵਿੱਚ ਪੇਸ਼ ਕਰਕੇ ਪਾਸ ਕਰਦੀ ਹੈ ਤਾਂ ਬਿਜਲੀ ਸੋਧ ਬਿੱਲ 2026 ਵਿੱਚ ਮਾਨਤਾ ਮਿਲ ਜਾਵੇਗੀ। ਇਸ ਦੇ ਲਾਗੂ ਹੋਣ ਨਾਲ ਪ੍ਰਾਈਵੇਟ ਘਰਾਣਿਆਂ ਨੂੰ ਬਿਜਲੀ ਖੇਤਰ ਵਿੱਚ ਦਾਖ਼ਲ ਹੋ ਕੇ ਖਪਤਕਾਰਾਂ ਅਤੇ ਬਿਜਲੀ ਮੁਲਾਜ਼ਮਾਂ ਦੀ ਤਿੱਖੀ ਲੁੱਟ ਕਰਨ ਦੀ ਖੁੱਲ੍ਹ ਮਿਲ ਜਾਵੇਗੀ।
ਬਿਜਲੀ ਸੋਧ ਬਿਲ ਜਿੱਥੇ ਕਾਰਪੋਰੇਟ ਘਰਾਣਿਆਂ ਦੇ ਮੁਨਾਫਿਆਂ ਵਿੱਚ ਥੋਕ ਵਾਧੇ ਦਾ ਆਧਾਰ ਸਿਰਜ ਕੇ ਹੋਰ ਵੱਧ ਸਹਾਈ ਹੋਵੇਗਾ, ਉੱਥੇ ਇਹ ਬਿਜਲੀ ਖੇਤਰ ਦੇ ਖਪਤਕਾਰਾਂ, ਮੁਲਾਜ਼ਮਾਂ ਦੀ ਹੋਰ ਵੀ ਵੱਧ ਤਬਾਹੀ ਦਾ ਆਧਾਰ ਬਣੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ 2026-2027 ਲਈ ਪੇਸ਼ ਕੀਤੇ ਬਜਟ ਦੀ ਨਿਖੇਧੀ ਕਰਦਿਆਂ ਕਿਹਾ ਕਿ ਬਜਟ ਵਿੱਚ ਮੁਲਾਜ਼ਮਾਂ ਦੀ ਕੋਈ ਵੀ ਮੰਗ ਪੂਰੀ ਨਹੀਂ ਕੀਤੀ ਗਈ ਹੈ ਅਤੇ ਇਹ ਬਜਟ ਸਿਰਫ਼ ਲੋਕ ਲੁਭਾਵਣੀਆਂ ਸਕੀਮਾਂ ਦਾ ਬਜਟ ਬਣ ਕੇ ਰਹਿ ਗਿਆ ਹੈ ਜਿਸ ਵਿੱਚ ਮੁਫਤਖੋਰੀ ਨੂੰ ਵਧ ਬੜਾਵਾ ਦਿੱਤਾ ਗਿਆ ਹੈ। ਉਹਨਾਂ ਕਿਹਾ ਕਿ ਸਾਲ 2025 ਵਿੱਚ ਵੀ ਮੁਲਾਜ਼ਮਾਂ ਨੂੰ ਕੋਈ ਵੀ ਡੀ.ਏ. ਦੀ ਬਕਾਇਆ ਕਿਸ਼ਤ ਜਾਰੀ ਨਹੀਂ ਕੀਤੀ ਗਈ ਅਤੇ ਨਾ ਹੀ ਬਜਟ ਵਿੱਚ ਇਸ ਸਬੰਧੀ ਕੋਈ ਗੱਲ ਕੀਤੀ ਗਈ। ਉਨ੍ਹਾਂ ਕਿਹਾ ਕਿ ਪੰਜਾਬ ਦਾ ਕਰਜ਼ਾ ਲਗਪਗ 4 ਲੱਖ ਕਰੋੜ ਤੋਂ ਟੱਪ ਚੁੱਕਾ ਹੈ, ਜੋ ਭਾਰਤ ਵਿੱਚ ਦੂਜੇ ਨੰਬਰ ’ਤੇ ਹੈ। ਜੇਕਰ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਨੇ ਮੁਲਾਜ਼ਮ ਮੰਗਾਂ ਦਾ ਨਿਪਟਾਰਾ ਨਹੀਂ ਕੀਤਾ ਤਾਂ ਇਸ ਵਿਰੁੱਧ ਹੋਰ ਵੀ ਤਿੱਖਾ ਸੰਘਰਸ਼ ਕੀਤਾ ਜਾਵੇਗਾ।