ਪੰਜਾਬ ਵਿੱਚ ਰਾਜਨੀਤਕ ਬਦਲਾਅ ਲਿਆਏਗੀ ‘‘ਪੰਜਾਬ ਬਚਾਓ ਯਾਤਰਾ’’: ਐਨ.ਕੇ. ਸ਼ਰਮਾ
ਨਬਜ਼-ਏ-ਪੰਜਾਬ, ਡੇਰਾਬੱਸੀ, 13 ਮਾਰਚ:
ਸ਼੍ਰੋਮਣੀ ਅਕਾਲੀ ਦਲ ਦੇ ਖਜ਼ਾਨਚੀ ਅਤੇ ਸਾਬਕਾ ਵਿਧਾਇਕ ਐਨ. ਕੇ. ਸ਼ਰਮਾ ਨੇ ਕਿਹਾ ਹੈ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਸ਼ੁਰੂ ਕੀਤੀ ਗਈ ‘‘ਪੰਜਾਬ ਬਚਾਓ ਯਾਤਰਾ’’ ਪੰਜਾਬ ਦੀ ਰਾਜਨੀਤੀ ਵਿੱਚ ਵੱਡਾ ਬਦਲਾਅ ਲਿਆਏਗੀ। 29 ਮਾਰਚ ਨੂੰ ਡੇਰਾਬੱਸੀ ਪਹੁੰਚਣ ਵਾਲੀ ਯਾਤਰਾ ਸਬੰਧੀ ਪਿੰਡ ਵਾਸੀਆਂ ਨੂੰ ਸੱਦਾ ਦੇਣ ਲਈ ਇਲਾਕੇ ਦੇ ਪਿੰਡਾਂ ਈਸਾਪੁਰ, ਡੇਰਾਜੁਗਾਤੀ, ਪਰਾਗਪੁਰ, ਇਬਰਾਹਿਮਪੁਰ, ਬਹੋੜਾ, ਬਹੋੜੀ, ਬਰੋਲੀ ਸਮੇਤ ਲਗਪਗ ਇੱਕ ਦਰਜਨ ਪਿੰਡਾਂ ਦੇ ਤੂਫ਼ਾਨੀ ਦੌਰਿਆਂ ਦੌਰਾਨ ਪਿੰਡ ਵਾਸੀਆਂ ਨਾਲ ਗੱਲਬਾਤ ਕਰਦਿਆਂ ਅਕਾਲੀ ਆਗੂ ਐਨ. ਕੇ. ਸ਼ਰਮਾ ਨੇ ਕਿਹਾ ਕਿ ਹੁਣ ਝੂਠੀ ਰਾਜਨੀਤੀ ਕਰਨ ਵਾਲਿਆਂ ਨੂੰ ਸੱਤਾ ਤੋਂ ਲਾਭੇ ਕਰਨ ਦਾ ਸਮਾਂ ਆ ਗਿਆ ਹੈ।
ਸ੍ਰੀ ਸ਼ਰਮਾ ਨੇ ਕਿਹਾ ਕਿ ਪਿਛਲੇ ਨੌਂ ਸਾਲਾਂ ਦੌਰਾਨ ਪਹਿਲਾਂ ਕਾਂਗਰਸ ਅਤੇ ਹੁਣ ਆਮ ਆਦਮੀ ਪਾਰਟੀ ਵੱਲੋਂ ਸੂਬੇ ਦੇ ਲੋਕਾਂ ਨੂੰ ਵਿਕਾਸ ਦੇ ਨਾਮ ’ਤੇ ਗੁੰਮਰਾਹ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਡੇਰਾਬੱਸੀ ਹਲਕੇ ਵਿੱਚ ਬੁਨਿਆਦੀ ਢਾਂਚੇ ਦੇ ਵਿਕਾਸ ਦਾ ਜ਼ਿਆਦਾਤਰ ਕੰਮ (ਜਿਨ੍ਹਾਂ ਵਿੱਚ ਪਾਵਰ ਗਰਿੱਡ ਅਤੇ ਪਾਣੀ ਸਪਲਾਈ ਲਾਈਨਾਂ ਵਿਛਾਉਣਾ ਸ਼ਾਮਲ ਹੈ) ਅਕਾਲੀ ਦਲ ਦੀ ਸਰਕਾਰ ਦੌਰਾਨ ਹੀ ਹੋਇਆ ਹੈ। ਉਨ੍ਹਾਂ ਕਿਹਾ ਕਿ ਬਾਅਦ ਵਿੱਚ ਸੱਤਾ ਵਿੱਚ ਆਈ ਕਾਂਗਰਸ ਅਤੇ ਮੌਜੂਦਾ ‘ਆਪ’ ਸਰਕਾਰ ਨੇ ਵਿਕਾਸ ਦੀ ਥਾਂ ਇੱਥੇ ਸਿਰਫ਼ ਉਦਘਾਟਨੀ ਪੱਥਰ ਰੱਖ ਕੇ ਲੋਕਾਂ ਨੂੰ ਗੁੰਮਰਾਹ ਕੀਤਾ ਹੈ। ਉਨ੍ਹਾਂ ਕਿਹਾ ਕਿ ਡੇਰਾਬੱਸੀ ਹਲਕੇ ਦੇ ਵਿਕਾਸ ਲਈ ਸ਼੍ਰੋਮਣੀ ਅਕਾਲੀ ਦਲ ਦਾ ਸੱਤਾ ਵਿੱਚ ਆਉਣਾ ਜ਼ਰੂਰੀ ਹੈ। ਇਸ ਮੌਕੇ ਸਰਕਲ ਪ੍ਰਧਾਨ ਰਜਿੰਦਰ ਸਿੰਘ, ਜ਼ਿਲ੍ਹਾ ਯੂਥ ਪ੍ਰਧਾਨ ਤਰਨਬੀਰ ਸਿੰਘ ਪੂਨੀਆ, ਲੱਕੀ, ਬਲਵਿੰਦਰ ਕੌਰ, ਰਵਿੰਦਰ ਸਿੰਘ, ਕਰਨੈਲ ਸਿੰਘ, ਸੁਰੇਸ਼ ਸ਼ਾਰਦਾ, ਜਸਪਾਲ ਸਿੰਘ ਈਸਾਪੁਰ, ਸੁਖਦੀਪ ਸਿੰਘ ਸੈਦਪੁਰਾ ਸਮੇਤ ਕਈ ਪਤਵੰਤੇ ਮੌਜੂਦ ਸਨ।