ਮੋਗਾ ਰੈਲੀ ਵਿੱਚ ਗ੍ਰਹਿ ਮੰਤਰੀ ਨੇ ਪੰਜਾਬ ਦੇ ਹਿੰਦੂਆਂ ਦੇ ਮਸਲੇ ਨਜ਼ਰਅੰਦਾਜ਼ ਕੀਤੇ: ਅਰਵਿੰਦ ਗੌਤਮ
ਨਬਜ਼-ਏ-ਪੰਜਾਬ, ਮੁਹਾਲੀ, 16 ਮਾਰਚ:
ਸ਼ਿਵ ਸੈਨਾ ਪੰਜਾਬ ਯੂਥ ਵਿੰਗ ਦੇ ਪੰਜਾਬ ਚੇਅਰਮੈਨ ਅਰਵਿੰਦ ਗੌਤਮ ਨੇ ਅੱਜ ਇੱਥੇ ਕਿਹਾ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਭਾਜਪਾ ਦੀ ਮੋਗਾ ਵਿੱਚ ਹੋਈ ਰੈਲੀ ਦੌਰਾਨ ਪੰਜਾਬ ਦੇ ਹਿੰਦੂਆਂ ਦੇ ਮਸਲਿਆਂ ਨੂੰ ਪੂਰੀ ਤਰ੍ਹਾਂ ਨਜ਼ਰਅੰਦਾਜ਼ ਕੀਤਾ। ਜਿਸ ਕਾਰਨ ਸੂਬੇ ਦੇ ਹਿੰਦੂਆਂ ਵਿੱਚ ਭਾਰੀ ਰੋਸ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਹਿੰਦੂ ਸਮਾਜ ਨੂੰ ਅਮਿਤ ਸਾਹ ਤੋਂ ਵੱਡੀਆਂ ਉਮੀਦਾਂ ਸਨ, ਪਰ ਆਪਣੇ ਭਾਸ਼ਣ ਵਿੱਚ ਗ੍ਰਹਿ ਮੰਤਰੀ ਨੇ ਪੰਜਾਬ ਦੇ ਹਿੰਦੂਆਂ ਦੇ ਕਿਸੇ ਵੀ ਮੁੱਦੇ ਨੂੰ ਨਹੀਂ ਉਠਾਇਆ।
ਸ਼ਿਵ ਸੈਨਾ ਆਗੂ ਨੇ ਕਿਹਾ ਕਿ ਪੰਜਾਬ ਦੇ ਹਿੰਦੂਆਂ ਨੂੰ ਆਸ ਸੀ ਕਿ ਦਹਿਸ਼ਤਗਰਦੀ ਦੇ ਦੌਰ ਵਿੱਚ ਸ਼ਹੀਦ ਹੋਏ ਲੋਕਾਂ ਦੇ ਪਰਿਵਾਰਾਂ ਲਈ ਕੇੱਦਰ ਸਰਕਾਰ ਵੱਲੋੱ ਕਈ ਸਾਲਾਂ ਤੋਂ ਰੋਕਿਆ ਗਿਆ ਫੰਡ ਜਾਰੀ ਕਰਨ ਬਾਰੇ ਐਲਾਨ ਕੀਤਾ ਜਾਵੇਗਾ। ਇਸ ਤੋਂ ਇਲਾਵਾ ਪੰਜਾਬ ਵਿੱਚ ਹਿੰਦੂਆਂ ਨਾਲ ਹੋ ਰਹੀ ਧੱਕੇਸ਼ਾਹੀ ਅਤੇ ਉਨ੍ਹਾਂ ਦੀਆਂ ਮੰਗਾਂ ਨੂੰ ਵੀ ਉਠਾਇਆ ਜਾਵੇਗਾ। ਪਰ ਅਜਿਹਾ ਕੁਝ ਵੀ ਨਹੀਂ ਹੋਇਆ, ਜਿਸ ਨਾਲ ਪੰਜਾਬ ਦਾ ਹਿੰਦੂ ਸਮਾਜ ਆਪਣੇ ਆਪ ਨੂੰ ਠੱਗਿਆ ਹੋਇਆ ਮਹਿਸੂਸ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਚੋਣਾਂ ਦੇ ਸਮੇਂ ਸਾਰੀਆਂ ਸਿਆਸੀ ਪਾਰਟੀਆਂ ਹਿੰਦੂਤਵ ਦੀ ਗੱਲ ਕਰਦੀਆਂ ਹਨ ਪਰ ਚੋਣਾਂ ਤੋਂ ਬਾਅਦ ਉਹ ਹਿੰਦੂਆਂ ਦੀਆਂ ਜਾਇਜ਼ ਅਤੇ ਹੱਕੀ ਮੰਗਾਂ ਨੂੰ ਭੁੱਲ ਜਾਂਦੀਆਂ ਹਨ। ਇਸ ਕਾਰਨ ਪੰਜਾਬ ਦਾ ਹਿੰਦੂ ਭਾਜਪਾ ਤੋਂ ਦੂਰ ਹੁੰਦਾ ਜਾ ਰਿਹਾ ਹੈ।