ਘਰ ਚਲਾਉਣ ਵਾਲੀਆਂ ਅੌਰਤਾਂ ਨੂੰ ਹੁਣ ਦੇਸ਼ ਚਲਾਉਣਾ ਚਾਹੀਦਾ: ਭਗਵੰਤ ਮਾਨ
ਉੱਦਮੀ ਮਹਿਲਾਵਾਂ ਨੂੰ ਸਨਮਾਨਿਤ ਕਰਨ ਮੌਕੇ ਅੌਰਤਾਂ ਨੂੰ ਸਿਆਸਤ ਵਿੱਚ ਵੱਡੀ ਭੂਮਿਕਾ ਨਿਭਾਉਣ ਦਾ ਸੱਦਾ
ਨਬਜ਼-ਏ-ਪੰਜਾਬ, ਮੁਹਾਲੀ, 18 ਮਾਰਚ 2026:
ਪੰਜਾਬ ਦੇ ਸ਼ਾਨਾਮੱਤੇ ਵਿਕਾਸ ਦੇ ਸਫ਼ਰ ਵਿੱਚ ਔਰਤਾਂ ਦੇ ਅਹਿਮ ਸਥਾਨ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪ੍ਰਸ਼ਾਸਨ, ਆਰਥਿਕਤਾ ਅਤੇ ਸਮਾਜ ਵਿੱਚ ਔਰਤਾਂ ਦੀ ਮਹੱਤਵਪੂਰਨ ਭੂਮਿਕਾ ਦੇ ਵਿਲੱਖਣ ਦ੍ਰਿਸ਼ਟੀਕੋਣ ਨੂੰ ਉਚੇਚੇ ਤੌਰ ’ਤੇ ਉਭਾਰਿਆ। ਉਨ੍ਹਾਂ ਕਿਹਾ ਕਿ ਅਸਲ ਵਿੱਚ ਔਰਤਾਂ ਦਾ ਸਸ਼ਕਤੀਕਰਨ ਸਿੱਖਿਆ, ਢੁਕਵੀਂ ਨੁਮਾਇੰਦਗੀ ਅਤੇ ਆਰਥਿਕ ਮੌਕਿਆਂ ਰਾਹੀਂ ਕੀਤਾ ਜਾ ਸਕਦਾ ਹੈ। ਜ਼ਮੀਨੀ ਪੱਧਰ ’ਤੇ ਨਿਵੇਕਲੇ ਹੁਨਰ ਰਾਹੀਂ ਕਾਮਯਾਬ ਹੋਈਆਂ ਮਹਿਲਾ ਉੱਦਮੀਆਂ ਨੂੰ ਸਨਮਾਨਿਤ ਕਰਨ ਲਈ ਅੱਜ ਮੁਹਾਲੀ ਵਿਖੇ ਕਰਵਾਏ ਸਨਮਾਨ ਸਮਾਰੋਹ ਦੌਰਾਨ ਮੁੱਖ ਮੰਤਰੀ ਨੇ ‘ਆਪ’ ਸਰਕਾਰ ਦੀਆਂ ਪਹਿਲਕਦਮੀਆਂ, ਨੌਕਰੀਆਂ ਵਿੱਚ ਰਾਖਵੇਂਕਰਨ ਅਤੇ ਵਿੱਤੀ ਸਹਾਇਤਾ ਦੇ ਨਾਲ ਨਾਲ ਵਿਆਪਕ ਰੋਜ਼ੀ-ਰੋਟੀ ਸਬੰਧੀ ਪ੍ਰੋਗਰਾਮਾਂ ਬਾਰੇ ਜਾਣਕਾਰੀ ਦਿੱਤੀ ਅਤੇ ਔਰਤਾਂ ਨੂੰ ਫੈਸਲਾ ਲੈਣ ਵਾਲੇ ਅਹੁਦਿਆਂ ਤੱਕ ਪਹੁੰਚਣ ਅਤੇ ਸੂਬੇ ਦੇ ਭਵਿੱਖ ਨੂੰ ਸੰਵਾਰਨ ਦੀ ਅਪੀਲ ਕੀਤੀ।
ਮਹਿਲਾ ਉੱਦਮੀਆਂ ਨੂੰ ਸਨਮਾਨਿਤ ਕਰਨ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਬੇਹੱਦ ਜ਼ਰੂਰੀ ਹੈ ਕਿ ਕੁੜੀਆਂ ਅੱਗੇ ਆਉਣ ਅਤੇ ਸਿੱਖਿਆ ਰਾਹੀਂ ਖੁਦ ਨੂੰ ਸਸ਼ਕਤ ਬਣਾਉਣ। ਇਹ ਦੇਸ਼ ਲਈ ਲਾਹੇਵੰਦ ਹੈ ਕਿਉਂਕਿ ਘਰਾਂ ਅਤੇ ਪਰਿਵਾਰਾਂ ਨੂੰ ਬਿਹਤਰ ਢੰਗ ਨਾਲ ਸੰਭਾਲਣ ਵਾਲੀਆਂ ਔਰਤਾਂ ਨੂੰ ਦੇਸ਼ ਦਾ ਵਿਵਸਥਾ ਨੂੰ ਵੀ ਚਲਾਉਣਾ ਚਾਹੀਦਾ ਹੈ। ਸੂਬਾ ਸਰਕਾਰ ਇਸ ਨੇਕ ਕਾਰਜ ਪ੍ਰਤੀ ਵਚਨਬੱਧ ਹੈ ਅਤੇ ਇਸ ਸਬੰਧੀ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ।”
ਸਿਆਸਤ ਵਿੱਚ ਔਰਤਾਂ ਦੀ ਸ਼ਮੂਲੀਅਤ ਨੂੰ ਉਤਸ਼ਾਹਿਤ ਕਰਦਿਆਂ ਉਨ੍ਹਾਂ ਕਿਹਾ, “ਲੜਕੀਆਂ ਨੂੰ ਅੱਗੇ ਆਉਣਾ ਚਾਹੀਦਾ ਹੈ ਅਤੇ ਸਿਆਸਤ ਵਿੱਚ ਪੈਰ ਰੱਖਣਾ ਚਾਹੀਦਾ ਹੈ ਤਾਂ ਜੋ ਉਹ ਫੈਸਲੇ ਲੈਣ ਵਿੱਚ ਸਰਗਰਮ ਭਾਈਵਾਲ ਬਣ ਸਕਣ ਅਤੇ ਸਮਾਜ ਵਿੱਚ ਜ਼ਰੂਰੀ ਬਦਲਾਅ ਲਿਆ ਸਕਣ। ਅੱਜ ਕੁੜੀਆਂ ਲਗਭਗ ਹਰ ਖੇਤਰ ਵਿੱਚ ਮੁੰਡਿਆਂ ਨਾਲੋਂ ਅੱਗੇ ਹਨ ਪਰ ਸਿਆਸਤ ਵਿੱਚ ਅਜੇ ਵੀ ਪਿੱਛੇ ਹਨ। ਇਸ ਖੇਤਰ ਨੂੰ ਲੰਬੇ ਸਮੇਂ ਤੋਂ ਮਰਦਾਂ ਦੀ ਜਾਗੀਰ ਮੰਨਿਆ ਜਾਂਦਾ ਰਿਹਾ ਹੈ ਪਰ ਸਮਾਂ ਆ ਗਿਆ ਹੈ ਕਿ ਔਰਤਾਂ ਸਿਆਸਤ ਵਿੱਚ ਵੀ ਨਾਮਣਾ ਖੱਟਣ। ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਅਤੇ ਜ਼ਮੀਨੀ ਪੱਧਰ ‘ਤੇ ਲੋਕਤੰਤਰ ਨੂੰ ਮਜ਼ਬੂਤ ਕਰਨ ਲਈ ਔਰਤਾਂ ਦੀ ਭਾਈਵਾਲੀ ਜ਼ਰੂਰੀ ਹੈ। ਔਰਤਾਂ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਉਹ ਅਤੇ ਉਨ੍ਹਾਂ ਦੇ ਪਰਿਵਾਰ ਆਪਣੀ ਵੋਟ ਦੀ ਵਰਤੋਂ ਪੂਰੀ ਸਮਝ ਅਤੇ ਧਿਆਨ ਨਾਲ ਕਰਨ ਤਾਂ ਜੋ ਵਿਧਾਨ ਸਭਾ ਅਤੇ ਸੰਸਦ ਲਈ ਯੋਗ ਆਗੂ ਚੁਣੇ ਜਾਣ।”
ਇਸ ਦੌਰਾਨ, ‘ਆਪ’ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ ਨੇ ਕਿਹਾ, “ਪਹਿਲਾਂ ਅਜਿਹੇ ਸਮਾਗਮ ਸਿਰਫ਼ ਧਨਾਢ ਪਰਿਵਾਰਾਂ ਦੀਆਂ ਔਰਤਾਂ ਤੱਕ ਸੀਮਤ ਸਨ। ਪਹਿਲੀ ਵਾਰ ਸਧਾਰਨ ਪਰਿਵਾਰਾਂ ਦੀਆਂ ਔਰਤਾਂ ਨੂੰ ਸਨਮਾਨਿਤ ਕੀਤਾ ਜਾ ਰਿਹਾ ਹੈ। ਇਹ ਲਹਿਰ ਸਸ਼ਕਤੀਕਰਨ ਰਾਹੀਂ ਔਰਤਾਂ ਦੇ ਜੀਵਨ ਨੂੰ ਬਦਲਣ ਅਤੇ ਹੋਰਨਾਂ ਨੂੰ ਰਾਸ਼ਟਰ ਨਿਰਮਾਤਾ ਵਜੋਂ ਅਹਿਮ ਭੂਮਿਕਾ ਨਿਭਾਉਣ ਲਈ ਪ੍ਰੇਰਿਤ ਕਰਨ ਵਿੱਚ ਬਹੁਤ ਮਦਦ ਕਰੇਗੀ।”
ਇਸ ਮੌਕੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਅਤੇ ਹੋਰ ਪਤਵੰਤ ਵੀ ਮੌਜੂਦ ਸਨ।