Share on Facebook Share on Twitter Share on Google+ Share on Pinterest Share on Linkedin ਬੰਦੀ ਸਿੰਘਾਂ ਦੀ ਰਿਹਾਈ: ਰਾਜਪਾਲ ਦੇ ਹਾਊਸ ਦੇ ਘਿਰਾਓ ਲਈ ਸਿੱਖਾਂ ਦੀ ਲਾਮਬੰਦੀ ਨਬਜ਼-ਏ-ਪੰਜਾਬ, ਮੁਹਾਲੀ, 26 ਜੁਲਾਈ: ਬੰਦੀ ਸਿੰਘਾਂ ਦੀ ਰਿਹਾਈ, ਬੇਅਦਬੀ ਦੀਆਂ ਘਟਨਾਵਾਂ ਅਤੇ ਬਹਿਬਲ ਕਲਾਂ ਗੋਲ਼ੀਕਾਂਡ ਆਦਿ ਮੁੱਦਿਆਂ ’ਤੇ ਮੁਹਾਲੀ-ਚੰਡੀਗੜ੍ਹ ਦੀ ਸਾਂਝੀ ਉੱਤੇ ਪਿਛਲੇ ਲੰਬੇ ਸਮੇਂ ਤੋਂ ਪੱਕਾ ਮੋਰਚਾ ਲਗਾ ਕੇ ਬੈਠੇ ਸਿੱਖਾਂ ਦਾ ਰੋਹ ਲਗਾਤਾਰ ਭਖਦਾ ਜਾ ਰਿਹਾ ਹੈ। ਸਿੱਖ ਜਥੇਬੰਦੀਆਂ ਵੱਲੋਂ 15 ਅਗਸਤ ਨੂੰ ਆਜ਼ਾਦੀ ਦਿਹਾੜੇ ਵਾਲੇ ਦਿਨ ਪੰਜਾਬ ਦੇ ਰਾਜਪਾਲ ਹਾਊਸ ਵੱਲ ਮਾਰਚ ਕੀਤਾ ਜਾਵੇਗਾ ਅਤੇ ਆਰ-ਪਾਰ ਦੀ ਲੜਾਈ ਲੜੀ ਜਾਵੇਗੀ। ਇਸ ਸਬੰਧੀ ਸਿੱਖ ਸੰਸਥਾਵਾਂ ਦੇ ਨੁਮਾਇੰਦਿਆਂ ਅਤੇ ਇਨਸਾਫ਼ ਪਸੰਦ ਵਿਅਕਤੀਆਂ ਦੀ ਲਾਮਬੰਦੀ ਜੰਗੀ ਪੱਧਰ ’ਤੇ ਕੀਤੀ ਜਾ ਰਹੀ ਹੈ। ਐਤਵਾਰ ਨੂੰ ਇੱਥੇ ਹੋਈ ਬੈਠਕ ਵਿਚ ਭਾਈ ਗੁਰਦੀਪ ਸਿੰਘ ਬਠਿੰਡਾ, ਗੁਰਿੰਦਰ ਸਿੰਘ ਭੰਗੂ, ਬਲਵਿੰਦਰ ਸਿੰਘ ਕਾਲਾਝਾੜ ਸਾਹਿਬ, ਬਲਵਿੰਦਰ ਸਿੰਘ ਫਿਰੋਜ਼ਪੁਰ, ਪਾਲ ਸਿੰਘ ਘੜੂਆਂ, ਬਾਬਾ ਪਰਮਜੀਤ ਸਿੰਘ, ਜੀਤ ਸਿੰਘ ਔਲਖ, ਬਾਬਾ ਬਲਦੇਵ ਸਿੰਘ, ਭਾਈ ਅਮਨਦੀਪ ਸਿੰਘ, ਰੇਸ਼ਮ ਸਿੰਘ, ਬੀਬੀ ਜਸਵਿੰਦਰ ਕੌਰ ਰੂਪਨਗਰ, ਬਲਜੀਤ ਸਿੰਘ ਭਾਊ, ਜਗਤਾਰ ਸਿੰਘ, ਬਲਜਿੰਦਰ ਸਿੰਘ ਖ਼ਾਲਸਾ, ਲਵਪ੍ਰੀਤ ਸਿੰਘ, ਤਜਿੰਦਰ ਸਿੰਘ ਹਾਈ ਜੈਕਰ, ਬੀਬੀ ਰਜਿੰਦਰ ਕੌਰ ਸਰਾਂ, ਸੰਤੋਖ ਸਿੰਘ, ਬੀਬੀ ਜਸਬੀਰ, ਬੀਬੀ ਕੁਲਵੰਤ ਕੌਰ ਚੰਡੀਗੜ੍ਹ, ਕਰਮਜੀਤ ਕੌਰ, ਮੱਖਣ ਸਿੰਘ, ਗੁਰਦੀਪ ਸਿੰਘ ਕੁੰਬੜਾ, ਅਵਤਾਰ ਸਿੰਘ ਬੜੈਲ ਅਤੇ ਕੁਲਵੀਰ ਸਿੰਘ ਨੇ ਵੀ ਸ਼ਮੂਲੀਅਤ ਕੀਤੀ। ਗੁਰਿੰਦਰ ਸਿੰਘ ਭੰਗੂ ਨੇ ਦੱਸਿਆ ਕਿ 28 ਜੁਲਾਈ ਨੂੰ ਸਵੇਰੇ 11 ਵਜੇ ਕਿਸਨ ਭਵਨ ਚੰਡੀਗੜ੍ਹ ਵਿਖੇ ਅਹਿਮ ਬੈਠਕ ਬੁਲਾਈ ਗਈ ਹੈ। ਜਿਸ ਵਿਚ 15 ਅਗਸਤ ਨੂੰ ਰਾਜਪਾਲ ਹਾਊਸ ਵੱਲ ਕੀਤੇ ਜਾਣ ਵਾਲੇ ਮਾਰਚ ਅਤੇ ਆਰ-ਪਾਰ ਦੀ ਲੜਾਈ ਲੜਨ ਬਾਰੇ ਸੰਘਰਸ਼ ਦੀਆਂ ਤਿਆਰੀਆਂ ਨੂੰ ਅੰਤਿਮ ਰੂਪ ਦਿੱਤਾ ਜਾਵੇਗਾ ਅਤੇ ਪੰਥ ਦਰਦੀ, ਸਮਾਜਿਕ ਜਥੇਬੰਦੀਆਂ, ਅਤੇ ਆਮ ਨਾਗਰਿਕਾਂ ਦੀ ਲਾਮਬੰਦੀ ਲਈ ਆਗੂਆਂ ਨੂੰ ਵੱਖ-ਵੱਖ ਜ਼ਿੰਮੇਵਾਰੀਆਂ ਅਤੇ ਡਿਊਟੀਆਂ ਸੌਂਪੀਆਂ ਜਾਣਗੀਆਂ। ਕੌਮੀ ਇਨਸਾਫ਼ ਮੋਰਚਾ ਨੇ ਸਮੂਹ ਧਾਰਮਿਕ, ਸਮਾਜਿਕ ਅਤੇ ਕਿਸਾਨ ਜਥੇਬੰਦੀਆਂ, ਨਿਹੰਗ ਸਿੰਘ ਜਥੇਬੰਦੀਆਂ, ਸਾਰੀਆਂ ਸੰਪਰਦਾਵਾਂ, ਸੰਤ-ਮਹਾਂਪੁਰਸ਼ਾਂ, ਢਾਡੀ ਜਥਿਆਂ, ਰਾਗੀ ਸਿੰਘਾਂ, ਪਾਠੀ ਸਿੰਘਾਂ, ਇਨਸਾਫ਼-ਪਸੰਦ ਲੋਕਾਂ ਅਤੇ ਸਮੂਹ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ 28 ਜੁਲਾਈ ਨੂੰ ਕਿਸਾਨ ਭਵਨ ਚੰਡੀਗੜ੍ਹ ਵਿਖੇ ਵੱਡੀ ਗਿਣਤੀ ’ਚ ਸ਼ਾਮਲ ਹੋਣ ਅਤੇ ਆਜ਼ਾਦੀ ਦਿਹਾੜੇ ਮੌਕੇ ਕੀਤੇ ਜਾਣ ਵਾਲੇ ਸ਼ਾਂਤਮਈ ਰੋਸ ਪ੍ਰਦਰਸ਼ਨ ਨੂੰ ਕਾਮਯਾਬ ਬਣਾਉਣ ਲਈ ਪਰਿਵਾਰਾਂ ਸਣੇ ਸ਼ਮੂਲੀਅਤ ਕਰਨ। ਆਗੂਆਂ ਨੇ ਇਹ ਵੀ ਅਪੀਲ ਕੀਤੀ ਕਿ ਹਰੇਕ ਪਿੰਡ ਅਤੇ ਸ਼ਹਿਰ ’ਚੋਂ ਘੱਟੋ-ਘੱਟ 5 ਤੋਂ 10 ਸਾਥੀ ਆਜ਼ਾਦੀ ਦਿਹਾੜੇ ਵਾਲੇ ਦਿਨ ਕੌਮੀ ਇਨਸਾਫ਼ ਮੋਰਚੇ ਦੀ ਅਪੀਲ ’ਤੇ ਪਹੁੰਚ ਕੇ ਏਕਤਾ ਦਾ ਸਬੂਤ ਦੇਣ ਤਾਂ ਜੋ ਬੰਦੀ ਸਿੰਘਾਂ ਦੀ ਰਿਹਾਈ ਲਈ ਸਰਕਾਰ ’ਤੇ ਦਬਾਅ ਬਣਾਇਆ ਜਾ ਸਕੇ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ