ਅਕਾਲੀ ਦਲ ਨੂੰ ਝਟਕਾ: ਕਈ ਆਗੂ ਅਤੇ ਸਮਰਥਕ ਕਾਂਗਰਸ ਵਿੱਚ ਸ਼ਾਮਲ
ਜੀਤੀ ਸਿੱਧੂ ਨੇ ਕੀਤਾ ਸਵਾਗਤ, ਕਿਹਾ ਪੰਜਾਬ ’ਚ ਕਾਂਗਰਸ ਦੀ ਸਰਕਾਰ ਬਣਨਾ ਤੈਅ
ਨਬਜ਼-ਏ-ਪੰਜਾਬ, ਮੁਹਾਲੀ, 22 ਅਗਸਤ:
ਮੁਹਾਲੀ ਨਗਰ ਨਿਗਮ ਦੇ ਸਾਬਕਾ ਮੇਅਰ ਅਤੇ ਸੀਨੀਅਰ ਕਾਂਗਰਸ ਆਗੂ ਅਮਰਜੀਤ ਸਿੰਘ ਜੀਤੀ ਸਿੱਧੂ ਦੀ ਅਗਵਾਈ ਹੇਠ ਪਿੰਡ ਜੁਝਾਰ ਨਗਰ ਵਿੱਚ ਅਕਾਲੀ ਦਲ ਨੂੰ ਉਸ ਸਮੇਂ ਝਟਕਾ ਲੱਗਾ ਜਦੋਂ ਪਾਰਟੀ ਦੇ ਸੀਨੀਅਰ ਆਗੂ ਗੁਰਮੀਤ ਸਿੰਘ ਢੀਂਡਸਾ ਆਪਣੇ ਸਮਰਥਕਾਂ ਸਮੇਤ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਗਏ। ਜੀਤੀ ਸਿੱਧੂ ਨੇ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਸਾਰੇ ਆਗੂਆਂ ਅਤੇ ਸਮਰਥਕਾਂ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਪਾਰਟੀ ਵਿੱਚ ਬਣਦਾ ਮਾਣ-ਸਨਮਾਨ ਦੇਣ ਦਾ ਭਰੋਸਾ ਦਿੱਤਾ।
ਇਸ ਮੌਕੇ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਆਪਣੇ ਵਰਕਰਾਂ ਅਤੇ ਆਮ ਲੋਕਾਂ ਨੂੰ ਨਾਲ ਲੈ ਕੇ ਚੱਲਣ ਵਾਲੀ ਪਾਰਟੀ ਰਹੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਦੇ ਵਫ਼ਾਦਾਰ ਅਤੇ ਮਿਹਨਤੀ ਵਰਕਰਾਂ ਨੂੰ ਪਾਰਟੀ ਵਿੱਚ ਹਮੇਸ਼ਾ ਬਣਦਾ ਸਨਮਾਨ ਮਿਲਿਆ ਹੈ ਅਤੇ ਉਹ ਖੁਦ ਇਸ ਦੀ ਇੱਕ ਉਦਾਹਰਨ ਹਨ। ਉਨ੍ਹਾਂ ਕਿਹਾ ਕਿ ਪਾਰਟੀ ਨਾਲ ਲੰਬੇ ਸਮੇਂ ਤੱਕ ਇਮਾਨਦਾਰੀ ਨਾਲ ਜੁੜੇ ਰਹਿਣ ਕਾਰਨ ਉਨ੍ਹਾਂ ਨੂੰ ਮੁਹਾਲੀ ਨਗਰ ਨਿਗਮ ਦੇ ਮੇਅਰ ਵਜੋਂ ਸੇਵਾ ਕਰਨ ਦਾ ਮੌਕਾ ਮਿਲਿਆ।
ਜੀਤੀ ਸਿੱਧੂ ਨੇ ਕਿਹਾ ਕਿ ਉਨ੍ਹਾਂ ਦੇ ਵੱਡੇ ਭਰਾ ਬਲਬੀਰ ਸਿੰਘ ਸਿੱਧੂ ਨੇ ਵੀ ਕਾਂਗਰਸ ਪਾਰਟੀ ਵੱਲੋਂ ਤਿੰਨ ਵਾਰ ਵਿਧਾਇਕ ਵਜੋਂ ਸੇਵਾ ਨਿਭਾਈ ਅਤੇ ਪੰਜਾਬ ਦੇ ਸਿਹਤ ਮੰਤਰੀ ਵਜੋਂ ਵੀ ਜ਼ਿੰਮੇਵਾਰੀ ਸੰਭਾਲੀ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੀ ਸਭ ਤੋਂ ਵੱਡੀ ਤਾਕਤ ਇਸ ਦੇ ਜ਼ਮੀਨੀ ਪੱਧਰ ’ਤੇ ਕੰਮ ਕਰਨ ਵਾਲੇ ਵਰਕਰ ਹਨ ਅਤੇ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਹਰੇਕ ਆਗੂ ਤੇ ਵਰਕਰ ਨੂੰ ਪੂਰਾ ਮਾਣ-ਸਨਮਾਨ ਦਿੱਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਹੁਣ ਪਿਛਲੇ ਕੁਝ ਸਾਲਾਂ ਦੀ ਸਿਆਸੀ ਕਾਰਗੁਜ਼ਾਰੀ ਨੂੰ ਬਾਰੀਕੀ ਨਾਲ ਦੇਖ ਰਹੇ ਹਨ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਕੀਤੇ ਗਏ ਵਾਅਦਿਆਂ ਅਤੇ ਜ਼ਮੀਨੀ ਹਕੀਕਤ ਵਿਚਲੇ ਫ਼ਰਕ ਨੂੰ ਵੀ ਸਮਝ ਰਹੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਲੋਕਾਂ ਵਿੱਚ ਮੌਜੂਦਾ ਸਰਕਾਰ ਪ੍ਰਤੀ ਨਿਰਾਸ਼ਾ ਵਧ ਰਹੀ ਹੈ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਪੰਜਾਬ ਦੇ ਲੋਕ ਬਦਲਾਅ ਦੇ ਹੱਕ ਵਿੱਚ ਫ਼ੈਸਲਾ ਦੇਣਗੇ।
ਜੀਤੀ ਸਿੱਧੂ ਨੇ ਕਿਹਾ ਕਿ ਮਿਸ਼ਨ 2027 ਤਹਿਤ ਕਾਂਗਰਸ ਪਾਰਟੀ ਵੱਲੋਂ ਪੰਜਾਬ ਦੇ ਹਰ ਹਲਕੇ ਅਤੇ ਹਰ ਪਿੰਡ ਵਿੱਚ ਵਰਕਰਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਮਜ਼ਬੂਤ ਜਥੇਬੰਦਕ ਢਾਂਚੇ, ਲੋਕਾਂ ਨਾਲ ਸਿੱਧੇ ਸੰਪਰਕ ਅਤੇ ਪੰਜਾਬ ਦੇ ਵਿਕਾਸ ਦੇ ਏਜੰਡੇ ਨਾਲ ਅੱਗੇ ਵਧ ਰਹੀ ਹੈ। ਉਨ੍ਹਾਂ ਭਰੋਸਾ ਜਤਾਇਆ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਪਾਰਟੀ ਵੱਡੀ ਗਿਣਤੀ ਵਿੱਚ ਸੀਟਾਂ ਜਿੱਤ ਕੇ ਪੰਜਾਬ ਵਿੱਚ ਸਰਕਾਰ ਬਣਾਏਗੀ ਅਤੇ ਸੂਬੇ ਨੂੰ ਮੁੜ ਵਿਕਾਸ ਅਤੇ ਤਰੱਕੀ ਦੀ ਲੀਹ ’ਤੇ ਲੈ ਕੇ ਜਾਵੇਗੀ।ਇਸ ਮੌਕੇ ਹੈਪੀ ਮਲਿਕ, ਬਾਬਾ ਕਸ਼ਮੀਰਾ, ਮੁਖਤਿਆਰ ਸਿੰਘ ਸਮੇਤ ਹੋਰ ਪਤਵੰਤੇ ਅਤੇ ਪਾਰਟੀ ਵਰਕਰ ਹਾਜ਼ਰ ਸਨ।