ਪੰਜਾਬ ਦੇ ਕਿਸਾਨਾਂ ਦੀ ਇੱਕ ਵੀ ਇੰਚ ਜ਼ਮੀਨ ਦੀ ਕੁਰਕੀ ਨਹੀਂ ਕੀਤੀ ਜਾਵੇਗੀ: ਕੈਪਟਨ ਅਮਰਿੰਦਰ ਸਿੰਘ

ਕੁਰਕੀ ਵਿਰੋਧੀ ਬਿਲ ਬਜ਼ਟ ਸ਼ੈਸਨ ਦੌਰਾਨ ਪੇਸ਼ ਕੀਤਾ ਜਾਵੇਗਾ, 31 ਹਜ਼ਾਰ ਕਰੋੜ ਅੰਨ ਘੁਟਾਲੇ ਦੀ ਜਾਂਚ ਵਿਜੀਲੈਂਸ ਨੂੰ ਸੌਂਪਣ ਦਾ ਐਲਾਨ

ਅਮਰਦੀਪ ਸਿੰਘ ਸੋਢੀ
ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 29 ਮਾਰਚ:
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸਪੱਸ਼ਟ ਸ਼ਬਦਾਂ ਵਿੱਚ ਆਖਿਆ ਕਿ ਕਿਸਾਨਾਂ ਦੀ ਇਕ ਵੀ ਇੰਚ ਜ਼ਮੀਨ ਕਿਸੇ ਵੀ ਕੀਮਤ ’ਤੇ ਕੁਰਕ ਨਹੀਂ ਹੋਣ ਦਿੱਤੀ ਜਾਵੇਗੀ ਤੇ ਸੂਬਾ ਸਰਕਾਰ ਜ਼ਮੀਨਾਂ ਦੀ ਕੁਰਕੀ ਨੂੰ ਰੋਕਣ ਲਈ ਅਗਾਮੀ ਬਜ਼ਟ ਸ਼ੈਸ਼ਨ ਵਿੱਚ ਬਿੱਲ ਲਿਆਵੇਗੀ। ਕੈਪਟਨ ਅਮਰਿੰਦਰ ਸਿੰਘ ਨੇ 31,000 ਕਰੌੜ ਦੇ ਅੰਨ ਘੋਟਾਲੇ ਦੀ ਜਾਂਚ ਸੂਬੇ ਦੀ ਵਿਜੀਲੈਂਸ ਬਿਊਰੋ ਨੂੰ ਸੌਂਪਣ ਦਾ ਐਲਾਨ ਕਰਦੇ ਹੋਏ ਆਖਿਆ ਕਿ ਉਨ੍ਹਾਂ ਦੀ ਸਰਕਾਰ ਇਸ ਘੋਟਾਲੇ ਦੀ ਜੜ੍ਹ ਤੱਕ ਜਾਵੇਗੀ ਅਤੇ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਯਕੀਨੀ ਬਣਾਈ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੀ ਮਾੜੀ ਆਰਥਿਕ ਹਾਲਤ ਤੇ ‘ਵਾਈਟ ਪੇਪਰ’ ਛੇਤੀ ਹੀ ਜਨਤਕ ਕੀਤਾ ਜਾਵੇਗਾ ਤਾਂ ਜੋ ਪੰਜਾਬ ਦੀ ਆਰਥਿਕ ਹਾਲਤ ਲਈ ਦੋਸ਼ੀ ਲੋਕਾਂ ਦੀ ਜ਼ਿੰਮੇਵਾਰੀ ਤੈਅ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਇਹ ‘ਵਾਈਟ ਪੇਪਰ’ ਲੋਕਾਂ ਦੀਆਂ ਅੱਖਾਂ ਖੋਲੇਗਾ ਅਤੇ ਉਨ੍ਹਾਂ ਨੂੰ ਤਤਕਾਲੀ ਅਕਾਲੀ ਭਾਜਪਾ ਸਰਕਾਰ ਦੇ ਇੱਕ ਦਹਾਕੇ ਦੇ ਲੰਬੇ ਕਾਰਜਕਾਲ ਦੀਆਂ ਬੇਨਿਯਮੀਆਂ ਤੋਂ ਜਾਣੂ ਕਰਵਾਏਗਾ।
ਪੰਜਾਬ ਵਿਧਾਨ ਸਭਾ ਦੇ ਇਜਲਾਸ ਨੂੰ ਅਣਮਿੱਥੇ ਸਮੇਂ ਲਈ ਉਠਾ ਦੇਣ ਉਪਰੰਤ ਪ੍ਰੈਸ ਗੈਲਰੀ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕਿਸਾਨਾਂ ਦੀ ਇੱਕ ਇੰਚ ਜ਼ਮੀਨ ਦੀ ਕੁਰਕੀ ਕਿਸੇ ਕੀਮਤ ’ਤੇ ਨਹੀਂ ਕੀਤੀ ਜਾਵੇਗੀ ਅਤੇ ਸੂਬਾ ਸਰਕਾਰ ਛੇਤੀ ਹੀ ਇੱਕ ਕਾਨੂੰਨ ਲਿਆ ਕੇ ਕਿਸਾਨਾਂ ਦੇ ਹਿੱਤਾਂ ਨੂੰ ਸੁਰੱਖਿਅਤ ਕਰੇਗੀ ਅਤੇ ਇਹ ਯਕੀਨੀ ਬਣਾਏਗੀ ਕਿ ਕੋਈ ਵੀ ਬੈਂਕ ਕਿਸੇ ਵੀ ਕਿਸਾਨ ਨੂੰ ਬਕਾਇਆ ਕਰਜ਼ਾ ਮੋੜਨ ਲਈ ਤੰਗ ਨਾ ਕਰੇ। ਉਨ੍ਹਾਂ ਕਿਹਾ ਕਿ ਬੈਂਕਾਂ ਨੂੰ ਇਹ ਨਿਰਦੇਸ਼ ਦੇ ਦਿੱਤੇ ਗਏ ਹਨ ਕਿ ਉਹ ਬਕਾਇਆ ਨਾ ਦੇਣ ਦੀ ਸੂਰਤ ਵਿੱਚ ਕਿਸਾਨਾਂ ਖਿਲਾਫ ਨਲਾਮੀ ਨੋਟਿਸ ਜਾਰੀ ਨਾ ਕਰਨ। ਕਿਸਾਨਾਂ ਦੀ ਜ਼ਮੀਨ ਦੀ ਕੁਰਕੀ ਸਬੰਧ ਪ੍ਰੈਸ ਰਿਪੋਰਟਾਂ ਨੂੰ ਪੂਰੀ ਤਰ੍ਹਾਂ ਆਧਾਰਹੀਣ ਅਤੇ ਤੱਥਾਂ ਤੋਂ ਕੋਹਾਂ ਦੂਰ ਕਰਾਰ ਦਿੱਤਾ। ਉਨ੍ਹਾਂ ਨੇ ਮੀਡੀਆ ਨੂੰ ਆਪਣੀ ਖਬਰ ਸਬੰਧਤ ਅਥਾਰਟੀ ਤੋਂ ਤੱਥਾਂ ਦੀ ਪੜਚੋਲ ਕਰਕੇ ਲਾਉਣੀ ਚਾਹੀਦੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਕਿਸਾਨਾਂ ਦੇ ਕਰਜ਼ੇ ਸਬੰਧੀ ਬੈਂਕਾਂ ਨਾਲ ਗੱਲਬਾਤ ਕਰੇਗੀ।
ਉਨ੍ਹਾਂ ਇਹ ਵੀ ਦੱਸਿਆ ਕਿ ਕਣਕ ਦੀ ਖ਼ਰੀਦ ਲਈ ਕੇਂਦਰ ਸਰਕਾਰ ਕਿਸੇ ਵੀ ਵੇਲੇ ਨਗਦ ਹੱਦ ਕਰਜ਼ਾ ਜਾਰੀ ਕਰ ਦੇਵੇਗੀ। ਪੰਜਾਬ ਤੋਂ ਚੰਡੀਗੜ੍ਹ ਪ੍ਰਸ਼ਾਸਨ ਲਈ ਭੇਜੇ ਜਾਣ ਵਾਲੇ ਅਫ਼ਸਰਾਂ ਸਬੰਧੀ ਪੁੱਛੇ ਗਏ ਸਵਾਲ ਦਾ ਜਵਾਬ ਦਿੰਦਿਆ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਆਪਣੇ ਮੁੱਖ ਪ੍ਰਮੁੱਖ ਸਕੱਤਰ ਨੂੰ ਆਖਿਆ ਹੈ ਕਿ ਉਹ ਇਹ ਯਕੀਨੀ ਬਣਾਉਣ ਕਿ ਪੰਜਾਬ ਤੇ ਹਰਿਆਣਾ ਪੁਨਰਗਠਨ ਦੇ ਅਨੁਸਾਰ ਚੰਡੀਗੜ੍ਹ ਵਿਚ ਮੌਜੂਦਾ 60:40 ਦਾ ਅਨੁਪਾਤ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਲੋੜ ਪੈਣ ਤੇ ਉਹ ਇਸ ਸਬੰਧੀ ਪੰਜਾਬ ਦੇ ਰਾਜਪਾਲ ਜੋ ਕਿ ਚੰਡੀਗੜ੍ਹ ਦੇ ਪ੍ਰਸ਼ਾਸਕ ਵੀ ਹਨ ਦੇ ਨਾਲ ਵੀ ਗੱਲ ਕਰਨਗੇ। ਇੱਕ ਹੋਰ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਹੋਈਆਂ ਬੇਅਦਬੀ ਦੀਆਂ ਸਾਰੀਆਂ ਘਟਨਾਵਾਂ ਨੂੰ ਵੀ ਸੂਬਾ ਸਰਕਾਰ ਜਾਂਚ ਰਹੀ ਹੈ।
ਆਮ ਆਦਮੀ ਪਾਰਟੀ ਵੱਲੋਂ ਵਿਧਾਨ ਸਭਾ ਵਿੱਚ ਕੀਤੇ ਗਏ ਵਿਖਾਵੇ ਦੇ ਸਬੰਧ ਵਿੱਚ ਮੁੱਖ ਮੰਤਰੀ ਨੇ ਆਪ ਨੂੰ ਇੱਕ ਅਰਾਜਕਤਾਵਾਦੀ ਪਾਰਟੀ ਦੱਸਦਿਆਂ ਕਿਹਾ ਕਿ ਅਜਿਹਾ ਕਰਨਾ ਇਸ ਪਾਰਟੀ ਦੇ ਆਗੂਆਂ ਦਾ ਸੁਭਾਅ ਹੈ। ਉਨ੍ਹਾਂ ਕਿਹਾ ਕਿ ਇਹ ਸਾਰਾ ਰੌਲਾ ਬੈਂਸ ਭਰਾਵਾਂ ਦੀਆਂ ਸੀਟਾਂ ਦੇ ਮਸਲੇ ਤੇ ਕੀਤਾ ਗਿਆ। ਇੱਕ ਹੋਰ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਕੰਦੂਖੇੜਾ ਪਿੰਡ ਨਾਲ ਉਨ੍ਹਾਂ ਦਾ ਨਿੱਜੀ ਸਬੰਧ ਹੈ ਅਤੇ ਉਹ ਇਸ ਪਿੰਡ ਦੇ ਵਿਕਾਸ ਲਈ ਲੋੜੀਂਦੇ ਕਦਮ ਚੁੱਕਣਗੇ। ਉਨ੍ਹਾਂ ਕਿਹਾ ਕਿ ਇਸ ਇਤਿਹਾਸਕ ਪਿੰਡ ਦੇ ਵਿਕਾਸ ਲਈ ਛੇਤੀ ਹੀ ਉਪਰਾਲੇ ਕੀਤੇ ਜਾਣਗੇ। ਇਸ ਮੌਕੇ ਤੇ ਮੁੱਖ ਮੰਤਰੀ ਨਾਲ ਉਨ੍ਹਾਂ ਦੇ ਮੀਡੀਆ ਸਲਾਹਕਾਰ ਸ੍ਰੀ ਰਵੀਨ ਠੁਕਰਾਲ, ਮੁੱਖ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ ਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਡਾਇਰੈਕਟਰ ਸ੍ਰੀ ਵਰੁਣ ਰੂਜਮ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In Politics

Check Also

ਸਾਬਕਾ ਗ੍ਰਹਿ ਮੰਤਰੀ ਸਵਰਗੀ ਬੂਟਾ ਸਿੰਘ ਪ੍ਰਤੀ ਵਰਤੀ ਭੱਦੀ ਸ਼ਬਦਾਵਲੀ ਦੀ ਨਿਖੇਧੀ

ਸਾਬਕਾ ਗ੍ਰਹਿ ਮੰਤਰੀ ਸਵਰਗੀ ਬੂਟਾ ਸਿੰਘ ਪ੍ਰਤੀ ਵਰਤੀ ਭੱਦੀ ਸ਼ਬਦਾਵਲੀ ਦੀ ਨਿਖੇਧੀ ਨਬਜ਼-ਏ-ਪੰਜਾਬ, ਮੁਹਾਲੀ, 4…