Share on Facebook Share on Twitter Share on Google+ Share on Pinterest Share on Linkedin ਸਿਵਲ ਤੇ ਪੁਲੀਸ ਦੇ ਕੰਮਕਾਜ ਵਿੱਚ ਸਿਆਸੀ ਦਖ਼ਲਅੰਦਾਜ਼ੀ ਸਹਿਣ ਨਹੀਂ ਕੀਤੀ ਜਾਵੇਗੀ: ਕੈਪਟਨ ਅਮਰਿੰਦਰ ਸਿੰਘ ਮੁਕਤਸਰ ਦੇ ਪੱਤਰਕਾਰ ਨੂੰ ਸੁਰੱਖਿਆ ਮੁਹੱਈਆ ਕਰਵਾਉਣ ਦੇ ਹੁਕਮ, ਕਾਨੂੰਨ ਮੁਤਾਬਕ ਕਾਰਵਾਈ ਦਾ ਭਰੋਸਾ ਅਮਰਜੀਤ ਸਿੰਘ ਸੋਢੀ ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 16 ਅਪਰੈਲ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸਰਕਾਰੀ ਅਧਿਕਾਰੀਆਂ ਅਤੇ ਪਾਰਟੀ ਸਾਥੀਆਂ ਨੂੰ ਪ੍ਰਸ਼ਾਸਨਿਕ ਤੇ ਪੁਲੀਸ ਦੇ ਕੰਮਕਾਜ ਵਿੱਚ ਦਖ਼ਲਅੰਦਾਜ਼ੀ ਨਾ ਕਰਨ ਦੀ ਤਾੜਨਾ ਕਰਦਿਆਂ ਆਖਿਆ ਕਿ ਅਜਿਹੇ ਮਾਮਲਿਆਂ ਨੂੰ ਹਰਗਿਜ਼ ਸਹਿਣ ਨਹੀਂ ਕੀਤਾ ਜਾਵੇਗਾ। ਨਾਲ ਹੀ ਉਨ੍ਹਾਂ ਨੇ ਸਾਰੇ ਵਿਭਾਗਾਂ ਨੂੰ ਵੀ ਆਪਣੀ ਡਿਊਟੀ ਦੌਰਾਨ ਸਿਆਸੀ ਦਬਾਅ ਅੱਗੇ ਨਾ ਝੁਕਣ ਦਾ ਸਖ਼ਤ ਸੁਨੇਹਾ ਦਿੱਤਾ। ਮੁੱਖ ਮੰਤਰੀ ਨੇ ਮੁਕਤਸਰ ਦੇ ਇਕ ਪੱਤਰਕਾਰ ’ਤੇ ਕਥਿਤ ਹਮਲੇ ਦੀ ਘਟਨਾ ਨੂੰ ਗੰਭੀਰਤਾ ਨਾਲ ਲੈਂਦਿਆਂ ਸਬੰਧਤ ਅਧਿਕਾਰੀਆਂ ਨੂੰ ਇਹ ਮਾਮਲਾ ਸਿਰਫ ਮੈਰਿਟ ਨੂੰ ਆਧਾਰ ਬਣਾ ਕੇ ਨਿਪਟਾਉਣ ਦੇ ਹੁਕਮ ਦਿੰਦਿਆਂ ਆਖਿਆ ਕਿ ਬਿਨਾਂ ਕਿਸੇ ਸਿਆਸੀ ਪ੍ਰਭਾਵ ਤੋਂ ਇਨਸਾਫ ਮੁਹੱਈਆ ਕਰਵਾਉਣ ਨੂੰ ਯਕੀਨੀ ਬਣਾਇਆ ਜਾਵੇ। ਇਹ ਜਾਣਕਾਰੀ ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਸ੍ਰੀ ਰਵੀਨ ਠੁਕਰਾਲ ਨੇ ਦਿੱਤੀ। ਸ੍ਰੀ ਠੁਕਰਾਲ ਨੇ ਦੱਸਿਆ ਕਿ ਉਨ੍ਹਾਂ ਨੇ ਸਬੰਧਤ ਪੱਤਰਕਾਰ ਨਾਲ ਗੱਲ ਕਰਕੇ ਦੱਸ ਦਿੱਤਾ ਹੈ ਕਿ ਮੁੱਖ ਮੰਤਰੀ ਨੇ ਭਰੋਸਾ ਦਿੱਤਾ ਹੈ ਕਿ ਇਸ ਮਾਮਲੇ ਵਿੱਚ ਕਾਨੂੰਨ ਆਪਣਾ ਕੰਮ ਕਰੇਗਾ ਅਤੇ ਨਿਰਪੱਖ ਜਾਂਚ ਰਾਹੀਂ ਦੋਸ਼ੀਆਂ ਖਿਲਾਫ਼ ਕਾਰਵਾਈ ਕੀਤੀ ਜਾਵੇਗੀ। ਮੁੱਖ ਮੰਤਰੀ ਨੇ ਸੂਬੇ ਦੇ ਪੁਲੀਸ ਮੁਖੀ ਨੂੰ ਪੱਤਰਕਾਰ ਵੱਲੋਂ ਆਪਣੇ ਪਰਿਵਾਰ ਦੀ ਸੁਰੱਖਿਆ ਬਾਰੇ ਜ਼ਾਹਰ ਕੀਤੇ ਖਦਸ਼ੇ ਦੇ ਮੱਦੇਨਜ਼ਰ ਪੱਤਰਕਾਰ ਤੇ ਉਸ ਦੇ ਪਰਿਵਾਰ ਨੂੰ ਸੁਰੱਖਿਆ ਮੁਹੱਈਆ ਕਰਵਾਉਣ ਦੇ ਹੁਕਮ ਦਿੱਤੇ। ਪੱਤਰਕਾਰ ਨੂੰ ਸਥਾਨਕ ਸਰਕਾਰੀ ਹਸਪਤਾਲ ਵਿੱਚ ਮੁਫ਼ਤ ਇਲਾਜ ਵੀ ਮੁਹੱਈਆ ਕਰਵਾਇਆ ਜਾ ਰਿਹਾ ਹੈ। ਮੁੱਖ ਮੰਤਰੀ ਨੇ ਸਾਫ ਸ਼ਬਦਾਂ ਵਿੱਚ ਚਿਤਾਵਨੀ ਦਿੰਦਿਆਂ ਆਖਿਆ ਕਿ ਸਿਆਸੀ ਲੀਡਰਾਂ ਦੇ ਇਸ਼ਾਰੇ ’ਤੇ ਕੰਮ ਕਰਨ ਵਾਲੇ ਅਧਿਕਾਰੀ ਜਿਵੇਂ ਕਿ ਉਹ ਅਕਾਲੀ ਦਲ ਦੀ ਸਰਕਾਰ ਦੌਰਾਨ ਕਰਦੇ ਸਨ, ਨੇ ਜੇਕਰ ਆਪਣਾ ਇਹ ਢੰਗ ਨਾਲ ਬਦਲਿਆ ਤਾਂ ਉਨ੍ਹਾਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਪੁਲੀਸ ਨੂੰ ਲਿਖਤੀ ਰੂਪ ਵਿੱਚ ਸਖ਼ਤ ਸੰਦੇਸ਼ ਦਿੰਦਿਆਂ ਮੁੱਖ ਮੰਤਰੀ ਨੇ ਸੀਨੀਅਰ ਅਧਿਕਾਰੀਆਂ ਨੂੰ ਇਹ ਸੰਦੇਸ਼ ਪੁਲੀਸ ਵਿਭਾਗ ਦੇ ਹੇਠਲੇ ਪੱਧਰ ਤੱਕ ਪਹੁੰਚਾਉਣ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਤਾਂ ਕਿ ਕਾਂਗਰਸ ਵੱਲੋਂ ਚੋਣ ਮਨੋਰਥ ਪੱਤਰ ਵਿੱਚ ਕੀਤੇ ਵਾਅਦ ਮੁਤਾਬਕ ਪੁਲੀਸ ਦੇ ਕੰਮਕਾਜ ਨੂੰ ਹੋਰ ਵਧੇਰੇ ਪਾਰਦਰਸ਼ੀ ਬਣਾਇਆ ਜਾ ਸਕੇ। ਅੱਜ ਇੱਥੇ ਜਾਰੀ ਬਿਆਨ ਵਿਚ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਹਲਕਾ ਇੰਚਾਰਜ ਪ੍ਰਣਾਲੀ ਨੂੰ ਤਾਂ ਪਹਿਲਾਂ ਹੀ ਖਤਮ ਕਰ ਦਿੱਤਾ ਹੈ ਪਰ ਪੁਲੀਸ ਦੇ ਕੰਮਕਾਜ ਨੂੰ ਬਦਲਣ ਵਿੱਚ ਥੋੜ੍ਹਾ ਸਮਾਂ ਲੱਗੇਗਾ। ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਪ੍ਰਸ਼ਾਸਨ ਤੇ ਪੁਲੀਸ ਦੇ ਕੰਮਕਾਜ ਵਿੱਚ ਸਿਆਸੀ ਦਖ਼ਲਅੰਦਾਜ਼ੀ ਦੇ ਮਾਮਲਿਆਂ ਵਿੱਚ ਉਹ ਅਸਹਿਣਯੋਗ ਰੁਖ ਅਪਨਾਉਣਗੇ। ਮੁੱਖ ਮੰਤਰੀ ਨੇ ਕਿਹਾ ਕਿ ਕਾਂਗਰਸ ਸਰਕਾਰ ਸਰਕਾਰੀ ਮਸ਼ੀਨਰੀ ਨੂੰ ਸਿਆਸੀ ਬੇੜੀਆਂ ਤੋਂ ਮੁਕਤ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਜੋ ਕਿ ਅਕਾਲੀ-ਭਾਜਪਾ ਸਰਕਾਰ ਦੇ ਸ਼ਾਸਨ ਦੌਰਾਨ ਨੇਮ ਹੀ ਬਣ ਗਿਆ ਸੀ। ਉਨ੍ਹਾਂ ਕਿਹਾ ਕਿ ਪਿਛਲੀ ਬਾਦਲ ਸਰਕਾਰ ਨੇ ਸੂਬੇ ਵਿੱਚ ਸਮੁੱਚੇ ਢਾਂਚੇ ਨੂੰ ਤਹਿਸ-ਨਹਿਸ ਕਰ ਦਿੱਤਾ ਸੀ ਜਿਸ ਨੂੰ ਬਹਾਲ ਕਰਨ ਦੀ ਕਾਰਵਾਈ ਵਿੱਢੀ ਗਈ ਹੈ ਅਤੇ ਇਸ ਦੇ ਮੁਕੰਮਲ ਬਦਲਾਅ ਲਈ ਸਰਕਾਰੀ ਮਸ਼ੀਨਰੀ ਤੇ ਸੂਬੇ ਦੇ ਲੋਕਾਂ ਦੇ ਸਾਂਝੇ ਤੇ ਠੋਸ ਯਤਨਾਂ ਦੀ ਲੋੜ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਜਿਹੜੇ ਲੋਕ ਬਾਦਲ ਸਰਕਾਰ ਦੌਰਾਨ ਆਪਣੇ ਆਪ ਨੂੰ ਦਬਾਅ ਹੇਠ ਮਹਿਸੂਸ ਕਰਦੇ ਸਨ, ਉਨ੍ਹਾਂ ਨੂੰ ਕਾਨੂੰਨ ਆਪਣੇ ਹੱਥਾਂ ਵਿੱਚ ਲੈਣ ਤੋਂ ਸੰਜਮ ਵਿੱਚ ਰਹਿਣਾ ਚਾਹੀਦਾ ਹੈ। ਇਸ ਦੀ ਬਜਾਏ ਪਿਛਲੇ 10 ਸਾਲਾਂ ਵਿੱਚ ਗੁਨਾਹ ਕਰਨ ਵਾਲੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਲਈ ਕਾਨੂੰਨੀ ਰਾਹ ਅਖਤਿਆਰ ਕੀਤਾ ਜਾਵੇ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੁਲੀਸ ਦੇ ਕੰਮਕਾਜ ਵਿੱਚ ਸਿਆਸੀ ਦਖਲਅੰਦਾਜ਼ੀ ਖਤਮ ਕਰਨ ਦੀ ਦਿਸ਼ਾ ਵੱਲ ਹਲਕਾ ਇੰਚਾਰਜ ਨੂੰ ਖਤਮ ਕਰਕੇ ਪਹਿਲਾ ਕਦਮ ਚੁੱਕਿਆ ਗਿਆ ਹੈ। ਉਨ੍ਹਾਂ ਕਿਹਾ ਕਿ ਪੁਲੀਸ ਦੇ ਕੰਮਕਾਜ ਨੂੰ ਨਿਰਪੱਖ ਅਤੇ ਬਿਨਾਂ ਕਿਸੇ ਪੱਖਪਾਤ ਤੋਂ ਯਕੀਨੀ ਬਣਾਉਣ ਲਈ ਛੇਤੀ ਹੀ ਹੋਰ ਸੁਧਾਰਾਂ ਦਾ ਐਲਾਨ ਕੀਤਾ ਜਾਵੇਗਾ। ਸ੍ਰੀ ਠੁਕਰਾਲ ਨੇ ਦੱਸਿਆ ਕਿ ਸੂਬਾ ਭਰ ਦੇ ਉਚ ਪੁਲੀਸ ਅਧਿਕਾਰੀਆਂ ਨੂੰ ਮੁੱਖ ਮੰਤਰੀ ਵੱਲੋਂ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਕਿਸੇ ਵੀ ਸ਼ੱਕੀ ਜਾਂ ਦੋਸ਼ੀ ਦੀ ਸਿਆਸੀ ਨੇੜਤਾ ਨੂੰ ਨਜ਼ਰਅੰਦਾਜ਼ ਕਰਕੇ ਸਾਰੇ ਕੇਸਾਂ ਨੂੰ ਮੈਰਿਟ ਦੇ ਆਧਾਰ ’ਤੇ ਨਿਪਟਣ ਨੂੰ ਯਕੀਨੀ ਬਣਾਇਆ ਜਾਵੇ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ