nabaz-e-punjab.com

ਡਰੈਸ ਕੋਡ ਦਾ ਮਾਮਲਾ: ਸਿੱਖਿਆ ਮੰਤਰੀ ਵੱਲੋਂ ਡਿਪਟੀ ਡਾਇਰੈਕਟਰ ਤੇ ਸਹਾਇਕ ਡਾਇਰੈਕਟਰ ਮੁਅੱਤਲ

ਕਿਸੇ ਅਧਿਕਾਰੀ ਨੂੰ ਅਧਿਆਪਕਾਂ ਤੇ ਮਹਿਲਾਵਾਂ ਦੇ ਮਾਣ-ਸਨਮਾਨ ਨੂੰ ਠੇਸ ਪਹੁੰਚਾਉਣ ਦੀ ਇਜ਼ਾਜਤ ਨਹੀਂ ਦਿੱਤੀ ਜਾਵੇਗੀ: ਅਰੁਣਾ ਚੌਧਰੀ

ਅਮਰਜੀਤ ਸਿੰਘ ਸੋਢੀ
ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 9 ਮਈ:
ਮਹਿਲਾ ਅਧਿਆਪਕਾਂ ਲਈ ਡਰੈਸ-ਕੋਡ ਸਬੰਧੀ ਦਿਸ਼ਾ ਨਿਰਦੇਸ਼ਾਂ ਵਾਲੀ ਚਿੱਠੀ ਜਾਰੀ ਕਰਨ ਦੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆ ਸਿੱਖਿਆ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਸਿੱਖਿਆ ਵਿਭਾਗ ਦੇ ਡਿਪਟੀ ਡਾਇਰੈਕਟਰ ਅਮਰੀਸ਼ ਸ਼ੁਕਲਾ ਤੇ ਸਹਾਇਕ ਡਾਇਰੈਕਟਰ ਅਮਰਬੀਰ ਸਿੰਘ ਨੂੰ ਤੁਰੰਤ ਮੁਅੱਤਲ ਕਰਨ ਦੇ ਆਦੇਸ਼ ਦਿੱਤੇ। ਅੱਜ ਇੱਥੇ ਸਿੱਖਿਆ ਮੰਤਰੀ ਸ੍ਰੀਮਤੀ ਚੌਧਰੀ ਨੇ ਕਿਹਾ ਕਿ ਉਨ੍ਹਾਂ ਦੇ ਧਿਆਨ ਵਿੱਚ ਇਹ ਮਾਮਲਾ ਆਇਆ ਹੈ ਕਿ ਸਿੱਖਿਆ ਵਿਭਾਗ ਵੱਲੋਂ ਮਹਿਲਾ ਅਧਿਆਪਕਾਂ ਦੇ ਪਹਿਰਾਵੇ ਸਬੰਧੀ ਡਰੈਸ ਕੋਡ ਵਾਲੀ ਚਿੱਠੀ ਜਾਰੀ ਕੀਤੀ ਗਈ ਜਿਸ ਨਾਲ ਸਮਾਜ ਵਿੱਚ ਸਭ ਤੋਂ ਵੱਧ ਸਨਮਾਨ ਦਾ ਦਰਜਾ ਰੱਖਣ ਵਾਲੇ ਰਾਸ਼ਟਰ ਨਿਰਮਾਤਾ ਅਧਿਆਪਕਾਂ ਅਤੇ ਖਾਸ ਕਰਕੇ ਮਹਿਲਾਵਾਂ ਦੇ ਮਾਨ ਸਨਮਾਨ ਨੂੰ ਵੱਡੀ ਠੇਸ ਪੁੱਜੀ। ਉਨ੍ਹਾਂ ਕਿਹਾ ਕਿ ਇਹ ਹੁਕਮ ਮੁਅੱਤਲ ਕੀਤੇ ਉਕਤ ਦੋਵੇਂ ਅਧਿਕਾਰੀਆਂ ਵੱਲੋਂ ਆਪਣੇ ਪੱਧਰ ਤੇ ਹੀ ਜਾਰੀ ਕੀਤੇ ਗਏ ਜਿਸ ਦੀ ਉਨ੍ਹਾਂ ਨੇ ਕਿਸੇ ਵੀ ਉੱਚ ਅਧਿਕਾਰੀ ਤੋਂ ਸਹਿਮਤੀ ਜਾਂ ਪ੍ਰਵਾਨਗੀ ਨਹੀਂ ਲਈ। ਉਨ੍ਹਾਂ ਕਿਹਾ ਕਿ ਅਜਿਹੀ ਕਾਰਵਾਈ ਕਰਨ ਵਾਲੇ ਦੋਵਾਂ ਅਧਿਕਾਰੀਆਂ ਨੂੰ ਤੁਰੰਤ ਪ੍ਰਭਾਵ ਤੋਂ ਮੁਅੱਤਲ ਕਰਨ ਦੇ ਆਦੇਸ਼ ਦਿੱਤੇ ਗਏ।
ਸਿੱਖਿਆ ਮੰਤਰੀ ਨੇ ਕਿਹਾ ਕਿ ਇੱਕਵੀਂ ਸਦੀ ਦੇ ਅਜੋਕੇ ਯੁੱਗ ਵਿੱਚ ਜਿਥੇ ਮਹਿਲਾ ਸਸ਼ਕਤੀਕਰਨ ਦੀ ਗੱਲ ਕੀਤੀ ਜਾ ਰਹੀ ਹੈ ਅਤੇ ਅੌਰਤਾਂ ਹਰ ਖੇਤਰ ਵਿੱਚ ਵੱਡੀਆਂ ਮੱਲ੍ਹਾਂ ਮਾਰ ਰਹੀਆਂ ਹਨ ਉੱਥੇ ਅਜਿਹੀ ਪਿਛਾਂਹ ਖਿੱਚੂ ਸੋਚ ਵਾਲੀ ਮਾਨਸਿਕਤਾ ਨੂੰ ਕਦੇ ਵੀ ਸਹਿਣ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਕਿਸੇ ਵੀ ਅਧਿਕਾਰੀ ਨੂੰ ਅਧਿਆਪਕਾਂ ਅਤੇ ਮਹਿਲਾਵਾਂ ਦੇ ਮਾਨ-ਸਨਮਾਨ ਨੂੰ ਠੇਸ ਪਹੁੰਚਾਉਣ ਦੀ ਆਗਿਆ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਇਸ ਦੇ ਨਾਲ ਹੀ ਵਿਭਾਗ ਦੇ ਅਧਿਕਾਰੀਆਂ ਨੂੰ ਇਹ ਤਾੜਨਾ ਵੀ ਕੀਤੀ ਕਿ ਕੋਈ ਵੀ ਆਦੇਸ਼ ਜਾਂ ਕੋਈ ਵੱਡਾ ਫੈਸਲਾਂ ਆਪਣੇ ਪੱਧਰ ਤੇ ਨਾ ਕੀਤਾ ਜਾਵੇ ਜਿਸ ਨਾਲ ਵਿਭਾਗ ਦਾ ਅਕਸ ਖਰਾਬ ਹੋਵੇ। ਸਿਿੱਖਆ ਮੰਤਰੀ ਨੇ ਡਰੈਸ ਕੋਡ ਵਾਲੀ ਇਸ ਵਿਵਾਦਮਈ ਚਿੱਠੀ ਨੂੰ ਤੁਰੰਤ ਵਾਪਸ ਲੈਣ ਲਈ ਆਦੇਸ਼ ਵੀ ਜਾਰੀ ਕੀਤੇ।
ਜ਼ਿਕਰਯੋਗ ਹੈ ਕਿ ਬੀਤੇ ਕੱਲ੍ਹ ਡੀਪੀਆਈ (ਸੀਨੀਅਰ ਸੈਕੰਡਰੀ) ਨੇ ਰਾਜ ਦੇ ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਨੂੰ ਪੱਤਰ ਲਿਖ ਕੇ ਡਰੈੱਸ ਕੋਡ ਸਬੰਧੀ ਡੀਜੀਐਸਈ ਵੱਲੋਂ 2 ਨਵੰਬਰ 2012 ਦੇ ਹੁਕਮਾਂ ਨੂੰ ਤੁਰੰਤ ਪ੍ਰਭਾਵ ਨਾਲ ਲਾਗੂ ਕਰਨ ਦੇ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ। ਅਧਿਕਾਰੀ ਅਨੁਸਾਰ ਡੀਜੀਐਸਈ ਨੇ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਨੂੰ ਪੱਤਰ ਲਿਖ ਕੇ ਆਖਿਆ ਸੀ ਕਿ ਸਮੇਂ ਸਮੇਂ ਸਿਰ ਸਕੂਲਾਂ ਦੀ ਚੈਕਿੰਗ ਕਰਕੇ ਉਨ੍ਹਾਂ ਨੂੰ ਰਿਪੋਰਟ ਭੇਜੀ ਜਾਵੇ। ਉਨ੍ਹਾਂ ਕਿਹਾ ਕਿ ਪਿਛਲੇ ਕਾਫੀ ਸਮੇਂ ਤੋਂ ਸ਼ਿਕਾਇਤਾਂ ਮਿਲ ਰਹੀਆਂ ਹਨ ਕਿ ਸਰਕਾਰੀ ਸਕੂਲਾਂ ਵਿੱਚ ਅਧਿਆਪਕਾਂ ਵੱਲੋਂ ਖਾਸ ਕਰਕੇ ਅਧਿਆਪਕਾਵਾਂ ਵੱਲੋਂ ਭੜਕੀਲੇ ਪਹਿਰਾਵੇ ਪਾ ਕੇ ਆਪਣੀ ਡਿਊਟੀ ਕੀਤੀ ਜਾਂਦੀ ਹੈ। ਪੱਤਰ ਲਿਖਿਆ ਹੈ ਕਿ ਕਈ ਮਹਿਲਾ ਅਧਿਆਪਕ ਜੀਨਸ ਟਾਪ ਅਤੇ ਹੋਰ ਕਈ ਤਰ੍ਹਾਂ ਦੀ ਉਕਸਾਊ ਫੈਸ਼ਨੇਬਲ ਡਰੈੱਸ ਵਿੱਚ ਸਕੂਲ ਡਿਊਟੀ ਕੀਤੀ ਜਾਂਦੀ ਹੈ। ਜਿਸ ਦਾ ਵਿਦਿਆਰਥੀਆਂ ’ਤੇ ਵੀ ਅਸਰ ਪੈਂਦਾ ਹੈ। ਇਸ ਲਈ ਸਰਕਾਰੀ ਸਕੂਲਾਂ ਵਿੱਚ ਸਖ਼ਤੀ ਨਾਲ ਡਰੈੱਸ ਕੋਡ ਲਾਗੂ ਕੀਤਾ ਜਾਵੇ ਅਤੇ ਇਸ ਸਬੰਧੀ ਸਕੂਲਾਂ ਵਿੱਚ ਸਮੇਂ ਸਮੇਂ ਸਿਰ ਅਚਨਚੇਤ ਚੈਕਿੰਗ ਕਰਕੇ ਆਪਣੀ ਨਿਰਪੱਖ ਰਿਪੋਰਟ ਵਿਭਾਗ ਨੂੰ ਭੇਜੀ ਜਾਵੇ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਯੂਨੀਵਰਸਿਟੀ ਦੇ ਪੁਰਾਣੇ ਸੈਨੇਟ ਪ੍ਰਬੰਧ ਨੂੰ ਬਹਾਲ ਕਰਕੇ ਚੋਣਾਂ ਕਰਵਾਉਣ ਦੀ ਮੰਗ

ਪੰਜਾਬ ਯੂਨੀਵਰਸਿਟੀ ਦੇ ਪੁਰਾਣੇ ਸੈਨੇਟ ਪ੍ਰਬੰਧ ਨੂੰ ਬਹਾਲ ਕਰਕੇ ਚੋਣਾਂ ਕਰਵਾਉਣ ਦੀ ਮੰਗ ਨਬਜ਼-ਏ-ਪੰਜਾਬ, ਚੰਡ…