Share on Facebook Share on Twitter Share on Google+ Share on Pinterest Share on Linkedin ਮੁਹਾਲੀ ਸ਼ਹਿਰ ਵਿੱਚ ਪੀਣ ਵਾਲੇ ਪਾਣੀ ਦਾ ਸੰਕਟ ਗਹਿਰਾਇਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 23 ਜੂਨ: ਪਿਛਲੇ ਕੁੱਝ ਦਿਨਾਂ ਦੌਰਾਨ ਵਾਤਾਵਰਨ ਵਿੱਚ ਦੁਬਾਰਾ ਵਧੀ ਗਰਮੀ ਨੇ ਇੱਕ ਵਾਰ ਫਿਰ ਮੁਹਾਲੀ ਵਿੱਚ ਪੀਣ ਵਾਲੇ ਪਾਣੀ ਦੀ ਸਪਲਾਈ ’ਤੇ ਬੁਰਾ ਅਸਰ ਪਾਇਆ ਹੈ। ਜਿਸ ਕਾਰਨ ਆਮ ਲੋਕਾਂ ਨੂੰ ਤਪਦੀ ਗਰਮੀ ਵਿੱਚ ਲੋੜੀਂਦਾ ਪਾਣੀ ਹਾਸਿਲ ਨਹੀਂ ਹੋ ਰਿਹਾ ਹੈ। ਸ਼ਹਿਰ ਦੀਆਂ ਮਾਰਕੀਟਾਂ ਵਿੱਚ ਪੀਣ ਵਾਲੇ ਪਾਣੀ ਦੀ ਸਪਲਾਈ ਨਾ ਹੋਣ ਕਾਰਨ ਦੁਕਾਨਦਾਰਾਂ ਨੂੰ ਟੈਂਕਰ ਮੰਗਵਾ ਕੇ ਕੰਮ ਚਲਾਉਣਾ ਪੈ ਰਿਹਾ ਹੈ ਅਤੇ ਟੈਂਕਰ ਵਾਲਿਆਂ ਵੱਲੋਂ ਮਨਮਰਜੀ ਦੇ ਦਾਅ ਵਸੂਲ ਕੀਤੇ ਜਾ ਰਹੇ ਹਨ। ਸ਼ਹਿਰ ਵਿਚਲੀ ਪੀਣ ਵਾਲੇ ਪਾਣੀ ਦੀ ਸਪਲਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੈ ਅਤੇ ਆਮ ਲੋਕਾਂ ਨੂੰ ਲੋੜੀਂਦੀ ਪਾਣੀ ਸਪਲਾਈ ਨਾ ਮਿਲਣ ਕਾਰਨ ਉਹਨਾਂ ਦੀਆਂ ਮੁਸ਼ਕਲਾਂ ਵੱਧ ਗਈਆਂ ਹਨ। ਹਾਲਾਤ ਇਹ ਹਨ ਕਿ ਪਿਛਲੇ ਕੁੱਝ ਦਿਨਾਂ ਤੋਂ ਉੱਪਰਲੀਆਂ ਮੰਜ਼ਲਾਂ ਵਿੱਚ ਪਾਣੀ ਦੀ ਸਪਲਾਈ ਪੂਰੀ ਤਰ੍ਹਾਂ ਠੱਪ ਹੋ ਚੁੱਕੀ ਹੈ। ਹੇਠਲੀ ਮੰਜ਼ਲ ਵਿੱਚ ਵੀ ਪਾਣੀ ਦੀ ਸਪਲਾਈ ਸਵੇਰੇ ਸ਼ਾਮ ਦੋ ਤਿੰਨ ਘੰਟੇ ਸੀਮਤ ਹੋ ਕੇ ਰਹਿ ਗਈ ਹੈ। ਮੌਸਮ ਦੀ ਇਸ ਤਪਸ਼ ਨਾਲ ਲੱਗਦਾ ਹੈ ਕਿ ਗਰਮੀ ਹੁਣੇ ਕੁੱਝ ਦਿਨ ਹੋਰ ਜਾਰੀ ਰਹਿਣੀ ਹੈ। ਇਸ ਵਾਰ ਜਿੱਥੇ ਗਰਮੀ ਨੇ ਪੁਰਾਣੇ ਸਾਰੇ ਰਿਕਾਰਡ ਤੋੜ ਦਿੱਤੇ ਹਨ ਉੱਥੇ ਬਿਜਲੀ ਅਤੇ ਪਾਣੀ ਦੀ ਲੋੜੀਂਦੀ ਸਹੂਲੀਅਤ ਹਾਸਲ ਨਾ ਹੋਣ ਕਾਰਨ ਆਮ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਸਹਿਣੀ ਪਈ ਹੈ। ਮਿਉਂਸਪਲ ਕੌਂਸਲਰ ਕੁਲਜੀਤ ਸਿੰਘ ਬੇਦੀ ਕਹਿੰਦੇ ਹਨ ਕਿ ਸ਼ਹਿਰ ਵਿੱਚ ਆ ਰਹੀ ਪੀਣ ਵਾਲੇ ਪਾਣੀ ਦੀ ਇਸ ਕਿਲੱਤ ਲਈ ਪੂਰੀ ਤਰ੍ਹਾਂ ਸਰਕਾਰੀ ਅਧਿਕਾਰੀਆਂ ਦੀ ਲਾਪਰਵਾਹੀ ਨੂੰ ਹੀ ਜ਼ਿੰਮੇਵਾਰ ਠਹਿਰਾਇਆ ਜਾ ਸਕਦਾ ਹੈ ਜਿਹਨਾਂ ਵੱਲੋਂ ਪੀਣ ਵਾਲੇ ਪਾਣੀ ਦੀ ਸਪਲਾਈ ਲਈ ਲੋੜੀਂਦੀ ਕਾਰਵਾਈ ਕਰਨ ਦੀ ਥਾਂ ਟਾਲਮਟੋਲ ਦਾ ਰਵਈਆ ਅਖ਼ਤਿਆਰ ਕੀਤੇ ਜਾਣ ਕਾਰਨ ਸ਼ਹਿਰ ਵਾਸੀਆਂ ਨੂੰ ਹਰ ਸਾਲ ਪੀਣ ਵਾਲੇ ਪਾਣੀ ਦੀ ਗੰਭੀਰ ਕਮੀ ਦਾ ਸਾਹਮਣਾ ਕਰਨਾ ਪੈਂਦਾ ਹੈ ਪ੍ਰੰਤੂ ਸਬੰਧਤ ਅਧਿਕਾਰੀ ਇੱਕ ਦੂਜੇ ਉੱਪਰ ਜ਼ਿੰਮੇਵਾਰੀ ਸੁੱਟ ਦੇ ਪੱਲਾ ਝਾੜਦੇ ਦਿਖਦੇ ਹਨ। ਉਹਨਾਂ ਕਿਹਾ ਕਿ ਸ਼ਹਿਰ ਵਿੱਚ ਬੁਨਿਆਦੀ ਸੁਵਿਧਾਵਾਂ ਮੁਹਈਆ ਕਰਵਾਉਣ ਦੀ ਜ਼ਿੰਮੇਵਾਰੀ ਨਿਭਾਉਣ ਵਾਲੇ ਗਮਾਡਾ (ਗਰੇਟਰ ਮੁਹਾਲੀ ਡਿਵਲਪਮੈਂਟ ਅਥਾਰਟੀ) ਵੱਲੋਂ ਸ਼ਹਿਰ ਦੀ ਪੀਣ ਵਾਲੇ ਪਾਣੀ ਦੀ ਲੋੜ ਅਨੁਸਾਰ ਪਾਣੀ ਦੀ ਸਪਲਾਈ ਦੇ ਪ੍ਰਬੰਧ ਨੂੰ ਕਦੇ ਵੀ ਗੰਭੀਰਤਾ ਨਾਲ ਨਹੀਂ ਲਿਆ ਗਿਆ। ਦੂਜੇ ਪਾਸੇ ਸ਼ਹਿਰ ਵਿੱਚ ਲੋੜੀਂਦੀਆਂ ਸੁਵਿਧਾਵਾਂ ਮੁਹਈਆ ਕਰਵਾਉਣ ਦੀ ਜ਼ਿੰਮੇਵਾਰੀ ਨਿਭਾਉਣ ਵਾਲੇ ਨਗਰ ਨਿਗਮ (ਪਹਿਲਾਂ ਨਗਰ ਕੌਂਸਲ) ਵੱਲੋਂ ਸ਼ਹਿਰ ਵਿੱਚ ਪੀਣ ਵਾਲੇ ਪਾਣੀ ਦੀ ਸਪਲਾਈ ਲਈ ਜਿਹੜੇ ਟਿਊਬਵੈਲ ਲਗਵਾਏ ਜਾਂਦੇ ਹਨ ਉਹਨਾਂ ਦੀ ਮਿਆਦ ਵੀ ਥੋੜ੍ਹੇ ਸਮੇਂ ਬਾਅਦ ਮੁੱਕ ਜਾਂਦੀ ਹੈ ਅਤੇ ਉਹ ਵੀ ਪਾਣੀ ਦੇਣਾ ਛੱਡ ਜਾਂਦੇ ਹਨ। ਸ਼ਹਿਰ ਵਿੱਚ ਪਾਣੀ ਦੀ ਲੋੜ ਅਤੇ ਪ੍ਰਸ਼ਾਸਨ ਵੱਲੋਂ ਸ਼ਹਿਰ ਵਿੱਚ ਸਪਲਾਈ ਕੀਤੇ ਜਾਣ ਵਾਲੇ ਪਾਣੀ ਦੀ ਮਾਤਰਾ ਵਿਚਲੇ ਖੱਪੇ ਦੀ ਗੱਲ ਕਰੀਏ ਤਾਂ ਹਾਲਾਤ ਇਹ ਹਨ ਕਿ ਸ਼ਹਿਰ ਵਾਸੀਆਂ ਨੂੰ ਉਹਨਾਂ ਦੀ ਲੋੜ ਤੋੱ ਅੱਧਾ ਪਾਣੀ ਵੀ ਹਾਸਿਲ ਨਹੀਂ ਹੁੰਦਾ। ਗਰਮੀ ਦੇ ਮੌਸਮ ਵਿੱਚ ਜਦੋਂ ਪਾਣੀ ਦੀ ਲਾਗਤ ਵਿੱਚ ਭਾਰੀ ਵਾਧਾ ਹੋ ਜਾਂਦਾ ਹੈ ਪਾਣੀ ਲਈ ਹਾਹਾਕਾਰ ਮਚ ਜਾਂਦੀ ਹੈ। ਇਹ ਵਰਤਾਰਾ ਹਰ ਸਾਲ ਹੀ ਸਾਮ੍ਹਣੇ ਆਉਂਦਾ ਹੈ ਪ੍ਰੰਤੂ ਪ੍ਰਸ਼ਾਸਨ ਵੱਲੋਂ ਇਸ ਸਬੰਧੀ ਕੋਈ ਠੋਸ ਕਾਰਵਾਈ ਨਾ ਕੀਤੇ ਜਾਣ ਕਾਰਨ ਇਹ ਸਮੱਸਿਆ ਇਸੇ ਤਰ੍ਹਾਂ ਹੀ ਜਾਰੀ ਰਹਿੰਦੀ ਹੈ। ਇਸ ਸਬੰਧੀ ਕੁਲਜੀਤ ਸਿੰਘ ਬੇਦੀ ਵੱਲੋਂ ਕਈ ਸਾਲ ਪਹਿਲਾਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਗਮਾਡਾ, ਜਨਸਿਹਤ ਵਿਭਾਗ ਅਤੇ ਪੰਜਾਬ ਸਰਕਾਰ ਦੇ ਖਿਲਾਫ ਅਦਾਲਤ ਵਿੱਚ ਕੇਸ ਵੀ ਪਾਇਆ ਗਿਆ ਸੀ ਅਤੇ ਉਹਨਾਂ ਵੱਲੋਂ ਪਾਈ ਗਈ ਜਨਹਿਤ ਪਟੀਸ਼ਨ ਤੇ ਹੋਈ ਸੁਣਵਾਈ ਤੋਂ ਬਾਅਦ ਪੰਜ ਸਾਲ ਸਾਲ ਪਹਿਲਾਂ (ਜੁਲਾਈ 2013 ਵਿੱਚ) ਗਮਾਡਾ ਨੇ ਅਦਾਲਤ ਵਿੱਚ ਬਾਕਾਇਦਾ ਹਲਫ਼ਨਾਮਾ ਦੇ ਕੇ ਸ਼ਹਿਰ ਵਿੱਚ ਪੀਣ ਵਾਲੇ ਪਾਣੀ ਦੀ ਕਮੀ ਨੂੰ ਪੂਰਾ ਕਰਨ ਲਈ ਦੋ ਸਾਲਾਂ ਦੇ ਵਿੱਚ ਕਜੌਲੀ ਵਾਟਰ ਵਰਕਸ ਤੋਂ 40 ਐਮਜੀਡੀ ਪਾਣੀ ਦੀ ਸਪਲਾਈ ਲਾਈਨ ਪਾਉਣ ਦੀ ਗੱਲ ਕੀਤੀ ਸੀ। ਪ੍ਰੰਤੂ ਹੁਣ ਤੱਕ ਕਜੌਲੀ ਤੋਂ ਸ਼ਹਿਰ ਵਿੱਚ ਸਪਲਾਈ ਕਰਨ ਵਾਲੀ ਪਾਈਪਲਾਈਨ ਦਾ ਕੋਈ ਅਤਾ ਪਤਾ ਨਹੀਂ ਹੈ ਅਤੇ ਇਸ ਸਾਲ ਤਾਂ ਕੀ ਅਗਲੇ ਸਾਲ ਵੀ ਸ਼ਹਿਰ ਵਾਸੀਆਂ ਨੂੰ ਇਸ ਪਾਈਪਲਾਈਨ ਤੋਂ ਪਾਣੀ ਦੀ ਸਪਲਾਈ ਹਾਸਲ ਹੋਣ ਦੀ ਕੋਈ ਸੰਭਾਵਨਾ ਨਜ਼ਰ ਨਹੀਂ ਆ ਰਹੀ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ