Share on Facebook Share on Twitter Share on Google+ Share on Pinterest Share on Linkedin ਮੁੱਖ ਮੰਤਰੀ ਵੱਲੋਂ ਬਰਗਾੜੀ ਸਮੇਤ ਹੋਰ ਬੇਅਦਬੀ ਤੇ ਗੋਲੀ ਕਾਂਡ ਦੀ ਜਾਂਚ ਸੀਬੀਆਈ ਨੂੰ ਸੌਂਪਣ ਦਾ ਐਲਾਨ ਪੀੜਤਾਂ ਨੂੰ ਵਿੱਤੀ ਇਮਦਾਦ ਦੇਣ ਸਬੰਧੀ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀਆਂ ਸਿਫਾਰਸ਼ਾਂ ਪ੍ਰਵਾਨ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਇਕ-ਇਕ ਕਰੋੜ ਰੁਪਏ ਮੁਆਵਜ਼ਾ ਅਤੇ ਨੌਕਰੀ ਦੇਣ ਦਾ ਐਲਾਨ ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 30 ਜੁਲਾਈ: ਜਸਟਿਸ (ਸੇਵਾ-ਮੁਕਤ) ਰਣਜੀਤ ਸਿੰਘ ਕਮਿਸ਼ਨ ਦੀਆਂ ਸਿਫਾਰਸ਼ਾਂ ਨੂੰ ਪ੍ਰਵਾਨ ਕਰਦਿਆਂ ਪੰਜਾਬ ਦੇ ਮੱੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬਰਗਾੜੀ ਬੇਅਦਬੀ ਘਟਨਾ ਤੋਂ ਬਾਅਦ ਕੋਟਕਪੂਰਾ ਅਤੇ ਬਹਿਬਲ ਕਲਾਂ ਵਿੱਚ ਵਾਪਰੇ ਗੋਲੀ ਕਾਂਡ ਦੀ ਜਾਂਚ ਸੂਬਾ ਸਰਕਾਰ ਵੱਲੋਂ ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਨੂੰ ਸੌਂਪਣ ਦੇ ਫੈਸਲੇ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਨੇ 14 ਅਕਤੂਬਰ, 2015 ਨੂੰ ਕੋਟਕਪੂਰਾ ਅਤੇ ਬਹਿਬਲ ਕਲਾਂ ਵਿਖੇ ਵਾਪਰੇ ਪੁਲੀਸ ਗੋਲੀ ਕਾਂਡ ਦੇ ਪੀੜਤਾਂ/ਪਰਿਵਾਰਾਂ ਲਈ ਮੁਆਵਜ਼ੇ ਅਤੇ ਨੌਕਰੀਆਂ ਦਾ ਵੀ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਕਮਿਸ਼ਨ ਵੱਲੋਂ ਕੀਤੀ ਸਿਫਾਰਸ਼ ਮੁਤਾਬਕ ਮੁਆਵਜ਼ਾ ਰਾਸ਼ੀ ਵਧਾਉਣ ਦਾ ਫੈਸਲਾ ਲਿਆ ਹੈ। ਸਰਕਾਰ ਵੱਲੋਂ ਕਮਿਸ਼ਨ ਦੀ ਰਿਪੋਰਟ ਵਿਚਾਰਨ ਕਰਨ ਤੋਂ ਪਹਿਲਾਂ ਇਸ ਨੂੰ ਐਡਵੋਕੇਟ ਜਨਰਲ ਅਤੁਲ ਨੰਦਾ ਵੱਲੋਂ ਕਾਨੂੰਨੀ ਤੌਰ ’ਤੇ ਘੋਖਿਆ ਗਿਆ ਹੈ। ਅੱਜ ਇੱਥੇ ਪ੍ਰੈਸ ਕਾਨਫਰੰਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਕਮਿਸ਼ਨ ਵੱਲੋਂ ਜਿਨ੍ਹਾਂ ਵਿਅਕਤੀਆਂ ’ਤੇ ਇਨ੍ਹਾਂ ਘਟਨਾਵਾਂ ਵਿੱਚ ਸ਼ਾਮਲ ਹੋਣ ਦੀ ਸ਼ੰਕਾ ਪ੍ਰਗਟਾਈ ਗਈ ਹੈ, ਉਨ੍ਹਾਂ ਵਿਰੁੱਧ ਆਈ. ਆਈ.ਪੀ.ਸੀ. ਦੀ ਧਾਰਾ 307 ਅਧੀਨ ਕੇਸ ਦਰਜ ਕਰਨ ਤੋਂ ਬਾਅਦ ਇਸ ਦੀ ਜਾਂਚ ਸੀ.ਬੀ.ਆਈ ਨੂੰ ਇਸ ਕਰਕੇ ਦਿੱਤੀ ਗਈ ਹੈ ਤਾਂ ਕਿ ਨਿਰਪੱਖ ਅਤੇ ਉਦੇਸ਼ਪੂਰਨ ਜਾਂਚ ਨੂੰ ਯਕੀਨੀ ਬਣਾਇਆ ਜਾ ਸਕੇ। ਮੁੱਖ ਮੰਤਰੀ ਨੇ ਕਿਹਾ ਕਿ ਕਮਿਸ਼ਨ ਵੱਲੋਂ ਇਨ੍ਹਾਂ ਘਟਨਾਵਾਂ ਵਿੱਚ ਸ਼ਾਮਲ ਜਿਨ੍ਹਾਂ ਪੁਲੀਸ ਅਫਸਰਾਂ ਦੇ ਨਾਵਾਂ ਦਾ ਜ਼ਿਕਰ ਕੀਤਾ ਗਿਆ ਹੈ, ਉਨ੍ਹਾਂ ਦੀ ਜਾਂਚ ਸੀ.ਬੀ.ਆਈ. ਵੱਲੋਂ ਕੀਤੀ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਘਟਨਾਵਾਂ ਨਾਲ ਸਬੰਧਤ ਸਾਰੇ ਦਸਤਾਵੇਜ਼ ਕੇਂਦਰੀ ਜਾਂਚ ਏਜੰਸੀ ਦੇ ਹਵਾਲੇ ਕਰ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਇਨ੍ਹਾਂ ਘਟਨਾਵਾਂ ਵਿੱਚ ਕਈ ਸੀਨੀਅਰ ਅਫਸਰ ਵੀ ਸ਼ਾਮਲ ਹੋ ਸਕਦੇ ਹਨ ਜਿਸ ਕਰਕੇ ਇਹ ਮਹਿਸੂਸ ਕੀਤਾ ਗਿਆ ਕਿ ਇਸ ਨਾਜ਼ੁਕ ਮਾਮਲੇ ਦੀ ਜਾਂਚ ਸੀ.ਬੀ.ਆਈ. ਪਾਸੋਂ ਕਰਵਾਈ ਜਾਵੇ। ਇਹ ਜ਼ਿਕਰਯੋਗ ਹੈ ਕਿ ਸੀ.ਬੀ.ਆਈ. ਪਵਿੱਤਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਹੋਰ ਵੱਖ-ਵੱਖ ਮਾਮਲਿਆਂ ਦੀ ਪਹਿਲਾਂ ਹੀ ਜਾਂਚ ਕਰ ਰਹੀ ਹੈ ਜਿਨ੍ਹਾਂ ਮਾਮਲਿਆਂ ਨੂੰ ਸੂਬਾ ਸਰਕਾਰ ਵੱਲੋਂ ਕੇਂਦਰੀ ਜਾਂਚ ਏਜੰਸੀ ਨੂੰ ਸੌਂਪਿਆ ਗਿਆ ਸੀ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਜਸਟਿਸ (ਸੇਵਾ-ਮੁਕਤ) ਰਣਜੀਤ ਸਿੰਘ ਦੀ ਅਗਵਾਈ ਵਾਲੇ ਜਾਂਚ ਕਮਿਸ਼ਨ ਵੱਲੋਂ 30 ਜੂਨ, 2018 ਨੂੰ ਪਹਿਲੀ ਰਿਪੋਰਟ (ਪਹਿਲਾ ਹਿੱਸਾ) ਸੌਂਪੀ ਗਈ ਸੀ। ਉਨ੍ਹਾਂ ਕਿਹਾ ਕਿ ਭਾਵੇਂ ਕਮਿਸ਼ਨ ਦੀ ਪੂਰੀ ਰਿਪੋਰਟ ਅਜੇ ਆਉਣੀ ਹੈ, ਸਰਕਾਰ ਨੇ ਕਮਿਸ਼ਨ ਵੱਲੋਂ ਹੁਣ ਤੱਕ ਕੀਤੀਆਂ ਸਿਫਾਰਸ਼ਾਂ ਨੂੰ ਪ੍ਰਵਾਨ ਕਰਨ ਦਾ ਫੈਸਲਾ ਲਿਆ ਹੈ। ਕਮਿਸ਼ਨ ਵੱਲੋਂ ਆਪਣੀ ਜਾਂਚ ਪ੍ਰਕ੍ਰਿਆ ਮੁਕੰਮਲ ਕਰ ਲੈਣ ਤੋਂ ਬਾਅਦ ਇਸ ਰਿਪੋਰਟ ਨੂੰ ਵਿਧਾਨ ਸਭਾ ਦੇ ਆਗਾਮੀ ਇਜਲਾਸ ਵਿੱਚ ਪੇਸ਼ ਕੀਤਾ ਜਾਵੇਗਾ। ਇਕ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਕਮਿਸ਼ਨ ਦੀ ਪੂਰੀ ਰਿਪੋਰਟ ਹਾਸਲ ਕਰਨ ਤੋਂ ਬਾਅਦ ਹੀ ਸਰਕਾਰ ਵਿਸ਼ੇਸ਼ ਇਜਲਾਸ ਸੱਦ ਸਕਦੀ ਹੈ ਕਿਉਂਕਿ ਰਿਪੋਰਟ ਦੇ ਇਕ ਹਿੱਸੇ ਦੀ ਕਾਰਵਾਈ ਰਿਪੋਰਟ ਨੂੰ ਸਦਨ ਵਿੱਚ ਪੇਸ਼ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਕਮਿਸ਼ਨ ਦੀ 182 ਪੰਨਿਆਂ ਦੀ ਰਿਪੋਰਟ ਨਾਲ ਹਜ਼ਾਰਾਂ ਪੰਨੇ ਸਬੂਤਾਂ ਦੇ ਵੀ ਹਨ ਅਤੇ ਇਹ ਰਿਪੋਰਟ ਚਾਰ ਹਿੱਸਿਆਂ ਵਿੱਚ ਹੋਵੇਗੀ ਜਿਨ੍ਹਾਂ ਨੂੰ ਕਾਰਵਾਈ ਰਿਪੋਰਟ ਨਾਲ ਸਦਨ ਵਿੱਚ ਪੇਸ਼ ਕੀਤਾ ਜਾਵੇਗਾ। ਰਿਪੋਰਟ ਦੇ ਪਹਿਲੇ ਹਿੱਸੇ ਵਿੱਚ ਕਮਿਸ਼ਨ ਨੇ 01 ਜੂਨ, 2015, 26 ਸਤੰਬਰ, 2015 ਅਤੇ 12 ਅਕਤੂਬਰ, 2015 ਦੇ ਨੇੜਲੇ ਸਮੇਂ ਵਿੱਚ ਪਿੰਡ ਬੁਰਜ ਜਵਾਹਰ ਸਿੰਘ ਵਾਲਾ, ਬਰਗਾੜੀ, ਗੁਰੂਸਰ ਅਤੇ ਮੱਲਕੇ ਪਵਿੱਤਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਵਾਪਰੀਆਂ ਘਟਨਾਵਾਂ ਨੂੰ ਆਪਣੀ ਜਾਂਚ ਵਿੱਚ ਸ਼ਾਮਲ ਕੀਤਾ ਹੈ। ਇਸ ਤਰ੍ਹਾਂ 14 ਅਕਤੂਬਰ, 2015 ਨੂੰ ਕੋਟਕਪੂਰਾ ਅਤੇ ਬਹਿਬਲ ਕਲਾਂ ਵਿੱਚ ਵਾਪਰੇ ਗੋਲੀ ਕਾਂਡ ਸਮੇਤ ਪੁਲੀਸ ਦੀ ਕਾਰਵਾਈ ਨੂੰ ਜਾਂਚ ਦਾ ਹਿੱਸਾ ਬਣਾਇਆ ਜਿਸ ਨਾਲ ਦੋ ਵਿਅਕਤੀਆਂ ਦੀ ਮੌਤ ਅਤੇ ਹੋਰ ਕਈ ਜ਼ਖਮੀ ਹੋ ਗਏ ਸਨ। ਕੈਪਟਨ ਅਮਰਿੰਦਰ ਸਿੰਘ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਪੀੜਤ ਵਿਅਕਤੀਆਂ ਨੂੰ ਕਮਿਸ਼ਨ ਵੱਲੋਂ ਵਿੱਤੀ ਮੁਆਵਜ਼ਾ ਅਤੇ ਨੌਕਰੀਆਂ ਦੇਣ ਦੀਆਂ ਸਿਫਾਰਸ਼ਾਂ ਪ੍ਰਤੀ ਸਰਕਾਰ ਨੇ ਪੂਰੀ ਤਰ੍ਹਾਂ ਸਹਿਮਤੀ ਪ੍ਰਗਟਾਈ ਹੈ। ਮੁੱਖ ਮੰਤਰੀ ਨੇ ਦੱਸਿਆ ਕਿ ਕਮਿਸ਼ਨ ਵੱਲੋਂ ਦੋਵਾਂ ਮ੍ਰਿਤਕਾਂ ਦੇ ਪਰਿਵਾਰਾਂ ਲਈ 75-75 ਲੱਖ ਰੁਪਏ ਦੀ ਸਿਫਾਰਸ਼ ਕੀਤੀ ਗਈ ਮੁਆਵਜ਼ੇ ਦੀ ਰਾਸ਼ੀ ਨੂੰ ਵਧਾ ਕੇ ਸਰਕਾਰ ਨੇ ਇਕ ਕਰੋੜ ਰੁਪਏ ਕਰ ਦਿੱਤਾ ਗਿਆ ਹੈ ਜਦਕਿ ਗੰਭੀਰ ਜ਼ਖਮੀ ਬੇਅੰਤ ਸਿੰਘ ਲਈ ਕਮਿਸ਼ਨ ਨੇ 35 ਲੱਖ ਰੁਪਏ ਮੁਆਵਜ਼ਾ ਰਾਸ਼ੀ ਤੈਅ ਕੀਤੀ ਸੀ ਜਿਸ ਨੂੰ ਸਰਕਾਰ ਨੇ ਵਧਾ ਕੇ 50 ਲੱਖ ਰੁਪਏ ਕਰ ਦਿੱਤਾ ਗਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਦੇ ਪਰਿਵਾਰਾਂ ਦੇ ਇਕ-ਇਕ ਜੀਅ ਨੂੰ ਸਰਕਾਰੀ ਨੌਕਰੀ ਵੀ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਅਜੀਤ ਸਿੰਘ ਜੋ ਜੀਵਨ ਭਰ ਲਈ ਨਕਾਰਾ ਹੋ ਗਏ ਸਨ, ਲਈ ਮੁਆਵਜ਼ਾ ਵੀ 40 ਲੱਖ ਰੁਪਏ ਤੋਂ ਵਧਾਕੇ 60 ਲੱਖ ਰੁਪਏ ਕੀਤਾ ਗਿਆ ਹੈ। ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਅਜੀਤ ਸਿੰਘ ਨੂੰ ਇਲਾਜ ’ਤੇ ਆਉਣ ਵਾਲੇ ਖਰਚ ਦੀ ਪ੍ਰਤੀਪੂਰਤੀ ਕਰਨ ਦੇ ਨਾਲ-ਨਾਲ ਦੇਖਭਾਲ ਲਈ ਇਕ ਅਟੈਂਡੈਂਟ ਵੀ ਉਪਲਬਧ ਕਰਵਾਇਆ ਜਾਵੇਗਾ। ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਲੋਕਾਂ ਵਿੱਚ ਨਿਆਂ ਪ੍ਰਤੀ ਵਿਸ਼ਵਾਸ਼ ਪੈਦਾ ਕਰਨ ਦੇ ਯਤਨਾਂ ਵਜੋਂ ਗੋਲੀਬਾਰੀ ਵਿੱਚ ਜ਼ਖਮੀ ਹੋਏ ਵਿਅਕਤੀਆਂ ਨੂੰ ਵੀ 10-10 ਲੱਖ ਰੁਪਏ ਮੁਆਵਜ਼ਾ ਦੇਣ ਦਾ ਫੈਸਲਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜਿਹੜੇ ਲੋਕਾਂ ਨੇ ਇਸ ਮੰਦਭਾਗੀ ਘਟਨਾ ਵਿਚ ਆਪਣੀਆਂ ਜਾਨਾਂ ਗੁਆ ਦਿੱਤੀਆਂ, ਉਨ੍ਹਾਂ ਨੂੰ ਵਾਪਸ ਨਹੀਂ ਲਿਆਇਆ ਜਾ ਸਕਦਾ ਪਰ ਪੰਜਾਬ ਸਰਕਾਰ ਵਲੋਂ ਆਪਣੇ ਯਤਨਾਂ ਨਾਲ ਲੋਕਾਂ ਵਿੱਚ ਨਿਆਂ ਵਿਵਸਥਾ ਪ੍ਰਤੀ ਵਿਸ਼ਵਾਸ਼ ਬਹਾਲੀ ਦੇ ਯਤਨ ਕੀਤੇ ਜਾ ਰਹੇ ਹਨ। ਮÎੁੱਖ ਮੰਤਰੀ ਨੇ ਕਿਹਾ ਕਿ ਕਮਿਸ਼ਨ ਵਲੋਂ ਆਪਣੀ ਪਹਿਲੀ ਰਿਪੋਰਟ ਵਿੱਚ ਉਸ ਸਮੇਂ ਕੋਟਕਪੂਰਾ ਦੇ ਐਸ.ਡੀ.ਐਮ. ਵਿਰੁੱਧ ਢੁਕਵੀਂ ਕਾਰਵਾਈ ਕਰਨ ਦੀ ਸਿਫਾਰਸ਼ ਕੀਤੀ ਗਈ ਸੀ ਜਦਕਿ ਜਿਹੜੇ ਪੁਲਿਸ ਅਧਿਕਾਰੀ ਕਿਸੇ ਅਪਰਾਧਿਕ ਕਾਰਵਾਈ ਲਈ ਜ਼ਿੰਮੇਵਾਰ ਨਹੀਂ ਸਨ, ਉਹ ਕਿਸੇ ਪੁਲਿਸ ਕਾਰਵਾਈ ਲਈ ਜ਼ਿੰਮੇਵਾਰ ਨਹੀਂ ਸਨ। ਉਨ੍ਹਾਂ ਕਿਹਾ ਕਿ ਕੁਝ ਪੁਲਿਸ ਅਧਿਕਾਰੀ ਬੇਅਦਬੀ ਦੀਆਂ ਘਟਨਾਵਾਂ ਤੋਂ ਇਲਾਵਾ ਕੋਟਕਪੂਰਾ ਤੇ ਬਹਿਬਲ ਕਲਾਂ ਵਿਖੇ ਬਲ ਦੀ ਵਰਤੋਂ ਕਰਨ ਸਬੰਧੀ ਦਰਜ ਕੇਸਾਂ ਦੀ ਯੋਗ ਤੇ ਨਿਰਪੱਖ ਜਾਂਚ ਨਾ ਕਰਨ ਦੇ ਜ਼ਿੰਮੇਵਾਰ ਪਾਏ ਗਏ ਹਨ। ਮੁੱਖ ਮੰਤਰੀ ਨੇ ਕਿਹਾ ਕਿ ਕਮਿਸ਼ਨ ਵੱਲੋਂ ਅਜਿਹੇ ਅਧਿਕਾਰੀਆਂ ਵਿਰੁੱਧ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਕਰਨ ਦੀ ਸਿਫਾਰਸ਼ ਕੀਤੀ ਗਈ ਹੈ। ਕਮਿਸ਼ਨ ਵੱਲੋਂ ਖਾਸ ਤੌਰ ’ਤੇ ਇੰਸਪੈਕਟਰ ਪਰਦੀਪ ਸਿੰਘ, ਸਬ ਇੰਸਪੈਕਟਰ ਅਰਿਆਰਜੀਤ ਸਿੰਘ ਤੇ ਐਸ.ਪੀ. ਬਿਕਰਮਜੀਤ ਸਿੰਘ ਦਾ ਜ਼ਿਕਰ ਕਰਦਿਆਂ ਉਨ੍ਹਾਂ ਦੇ ਨਾਂ ਪੁਲੀਸ ਸਟੇਸ਼ਨ ਬਾਜਾਖਾਨਾ ਵਿਖੇ ਦਰਜ ਐਫ.ਆਈ.ਆਰ. ਨੰਬਰ 130 ਵਿੱਚ ਸ਼ਾਮਲ ਕਰਨ ਦੀ ਸ਼ਿਫਾਰਸ਼ ਕੀਤੀ ਗਈ ਹੈ ਅਤੇ ਉਨ੍ਹਾਂ ਦੀ ਭੂਮਿਕਾ ਦੀ ਵਿਸਥਾਰਤ ਜਾਂਚ ਕਰਨ ਲਈ ਵੀ ਕਿਹਾ ਗਿਆ ਹੈ, ਜੋ ਕਿ ਅਜੇ ਤੱਕ ਨਹੀਂ ਕੀਤੀ ਗਈ। ਇਸ ਤੋਂ ਇਲਾਵਾ ਕਮਿਸ਼ਨ ਵੱਲੋਂ ਮੋਗਾ ਦੇ ਤਤਕਾਲੀ ਜ਼ਿਲ੍ਹਾ ਪੁਲੀਸ ਮੁਖੀ ਚਰਨਜੀਤ ਸਿੰਘ ਸ਼ਰਮਾ ਦੀ ਭੂਮਿਕਾ ਬਾਰੇ ਵੀ ਇਸੇ ਸੰਦਰਭ ਵਿੱਚ ਜ਼ਿਕਰ ਕਰਦਿਆਂ ਨਾਲ ਹੀ ਕਾਂਸਟੇਬਲਾਂ ਸ਼ਮਸ਼ੇਰ ਸਿੰਘ, ਹਰਪ੍ਰੀਤ ਸਿੰਘ, ਗੁਰਪ੍ਰੀਤ ਸਿੰਘ, ਪਰਮਿੰਦਰ ਸਿੰਘ, ਐਸ.ਐਚ.ਓ. ਲਾਡੋਵਾਲ ਇੰਸਪੈਕਟਰ ਹਰਪਾਲ ਸਿੰਘ ਦੇ ਰੋਲ ਦੀ ਵੀ ਬਾਰੀਕੀ ਨਾਲ ਜਾਂਚ ਕਰਨ ਦੀ ਸਿਫਾਰਸ਼ ਕੀਤੀ ਗਈ ਹੈ ਕਿਉਂ ਜੋ ਉਨ੍ਹਾਂ ਕੋਲ ਬਹਿਬਲ ਕਲਾਂ ਵਿਖੇ ਅਸਾਲਟ ਰਾਇਫਲਾਂ ਸਨ। ਇਸ ਤੋਂ ਇਲਾਵਾ ਕਮਾਂਡੋ ਪੁਲਿਸ ਦੀ ਭੂਮਿਕਾ ਨੂੰ ਵੀ ਜਾਂਚਣ ਦੀ ਸ਼ਿਫਾਰਸ਼ ਕੀਤੀ ਗਈ ਕਿਉਂਕਿ ਉਸ ਵਲੋਂ ਅੰਨੇ੍ਹਵਾਹ ਲਾਠੀਚਾਰਜ ਕਰਨ ਕਰਕੇ ਅਨੇਕਾਂ ਲੋਕ ਜ਼ਖਮੀ ਹੋ ਗਏ ਸਨ ਕਿਉਂ ਜੋ ਇਸ ਦੀ ਅਜੇ ਤੱਕ ਜਾਂਚ ਨਹੀਂ ਕੀਤੀ ਗਈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿਛਲੇ ਸਾਲ ਅਪ੍ਰੈਲ ਵਿੱਚ ਜਸਟਿਸ (ਸੇਵਾ-ਮੁਕਤ) ਰਣਜੀਤ ਸਿੰਘ ਕਮਿਸ਼ਨ ਦੀ ਸਥਾਪਨਾ ਕੀਤੀ ਗਈ ਸੀ ਤਾਂ ਜੋ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਦੀ ਜਾਂਚ ਕੀਤੀ ਜਾ ਸਕੇ। ਸਰਕਾਰ ਨੇ ਪਿਛਲੀ ਅਕਾਲੀ ਸਰਕਾਰ ਵੱਲੋਂ ਸਥਾਪਿਤ ਜ਼ੋਰਾ ਸਿੰਘ ਕਮਿਸ਼ਨ ਦੀਆਂ ਸ਼ਿਫਾਰਸ਼ਾਂ ਨੂੰ ਰੱਦ ਕਰ ਦਿੱਤਾ ਹੈ ਕਿਉਂਕਿ ਉਸ ਦੀ ਜਾਂਚ ‘ਬੇਸਿੱਟਾ’ ਸੀ। ਇਸ ਮੌਕੇ ਮੁੱਖ ਤੌਰ ’ਤੇ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਅਰੁਣਾ ਚੌਧਰੀ, ਭਾਰਤ ਭੂਸ਼ਣ ਆਸ਼ੂ, ਸਾਬਕਾ ਵਿਦੇਸ਼ ਰਾਜ ਮੰਤਰੀ ਮਹਾਰਾਣੀ ਪ੍ਰਨੀਤ ਕੌਰ, ਕਾਂਗਰਸ ਪਾਰਟੀ ਦੇ ਪੰਜਾਬ ਮਾਮਲਿਆਂ ਦੀ ਇੰਚਾਰਜ ਆਸ਼ਾ ਕੁਮਾਰੀ, ਮੁੱਖ ਮੰਤਰੀ ਦੇ ਸੀਨੀਅਰ ਸਲਾਹਕਾਰ ਲੈਫ. ਜਨਰਲ (ਸੇਵਾ ਮੁਕਤ) ਟੀ.ਐਸ. ਸ਼ੇਰਗਿੱਲ, ਮੀਡੀਆ ਸਲਾਹਕਾਰ ਰਵੀਨ ਠੁਕਰਾਲ, ਐਡਵੋਕੇਟ ਜਨਰਲ ਅਤੁਲ ਨੰਦਾ, ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਗੁਰਕਿਰਤ ਕ੍ਰਿਪਾਲ ਸਿੰਘ, ਵਧੀਕ ਮੁੱਖ ਸਕੱਤਰ (ਗ੍ਰਹਿ) ਐਨ.ਐਸ. ਕਲਸੀ ਤੇ ਸਕੱਤਰ ਗ੍ਰਹਿ ਕੁਮਾਰ ਰਾਹੁਲ ਵੀ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ