nabaz-e-punjab.com

ਬੇਰੁਜ਼ਗਾਰ ਕਾਮਿਆਂ ਵੱਲੋਂ ਸਿਹਤ ਮੰਤਰੀ ਦੀ ਕੋਠੀ ਬਾਹਰ ਲੜੀਵਾਰ ਧਰਨਾ ਸ਼ੁਰੂ ਕਰਨ ਦਾ ਐਲਾਨ

ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ’ਤੇ ਵਾਅਦਾਖ਼ਿਲਾਫ਼ੀ ਦਾ ਦੋਸ਼

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 20 ਜੁਲਾਈ:
ਸਿਹਤ ਵਿਭਾਗ ਪੰਜਾਬ ਵਿੱਚ ਮਲਟੀਪਰਪਜ਼ ਹੈਲਥ ਵਰਕਰਾਂ ਦੀ ਨਵੀਂ ਭਰਤੀ ਦੀ ਮੰਗ ਨੂੰ ਲੈ ਕੇ ਬੇਰੁਜ਼ਗਾਰ ਸਿਹਤ ਮੁਲਾਜ਼ਮ ਯੂਨੀਅਨ ਵੱਲੋਂ 5 ਅਗਸਤ ਤੋਂ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੀ ਕੋਠੀ ਕੋਲ ਪੱਕਾ ਧਰਨਾ ਲਗਾਉਣ ਦਾ ਐਲਾਨ ਕੀਤਾ ਹੈ। ਇਹ ਫੈਸਲਾ ਬੇਰੁਜ਼ਗਾਰ ਮਲਟੀਪਰਪਜ਼ ਹੈਲਥ ਵਰਕਰ ਯੂਨੀਅਨ ਪੰਜਾਬ ਦੇ ਸੂਬਾਈ ਪ੍ਰਧਾਨ ਸੁਖਵਿੰਦਰ ਸਿੰਘ ਢਿੱਲਵਾਂ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਲਿਆ ਗਿਆ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਅਤੇ ਸਿਹਤ ਮੰਤਰੀ ਵੱਲੋਂ ਸਿਹਤ ਵਰਕਰ (ਮੇਲ) ਦੀਆਂ ਖਾਲੀ ਅਸਾਮੀਆਂ ਦਾ ਇਸ਼ਤਿਹਾਰ ਜਾਰੀ ਕਰਨ ਵਿੱਚ ਜਾਣਬੁਝ ਕੇ ਆਨਾਕਾਨੀ ਕੀਤੀ ਜਾ ਰਹੀ ਹੈ। ਜਿਸ ਕਾਰਨ ਵੱਡੀ ਗਿਣਤੀ ਵਿੱਚ ਬੇਰੁਜ਼ਗਾਰ ਓਵਰ ਏਜ ਹੋ ਰਹੇ ਹਨ।
ਸ੍ਰੀ ਢਿੱਲਵਾਂ ਨੇ ਕਿਹਾ ਕਿ ਪੰਜਾਬ ਵਿੱਚ 3800 ਤੋਂ ਵੱਧ ਬੇਰੁਜ਼ਗਾਰ ਸਿਹਤ ਵਰਕਰ ਹਨ ਅਤੇ ਇਨ੍ਹਾਂ ’ਚੋਂ ਕਾਫੀ ਵਰਕਰ ਉਮਰ ਹੱਦ ਪੁਗਾ ਚੁੱਕੇ ਹਨ ਜਦੋਂਕਿ ਸਿਹਤ ਵਿਭਾਗ ਵਿੱਚ ਸਿਹਤ ਵਰਕਰ (ਮੇਲ) ਦੀਆਂ ਹਜ਼ਾਰਾਂ ਅਸਾਮੀਆਂ ਖਾਲੀ ਪਈਆ ਹਨ। ਇਸ ਦੇ ਬਾਵਜੂਦ ਸਰਕਾਰ ਮੁਲਾਜ਼ਮਾਂ ਦੀ ਬਾਂਹ ਫੜਨ ਨੂੰ ਤਿਆਰ ਨਹੀਂ ਹੈ। ਉਨ੍ਹਾਂ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ’ਤੇ ਵਾਅਦਾਖ਼ਿਲਾਫ਼ੀ ਦਾ ਦੋਸ਼ ਲਗਾਉਂਦਿਆਂ ਦੱਸਿਆ ਕਿ ਮਹੀਨਾ ਪਹਿਲਾਂ ਪੰਜਾਬ ਭਰ ਵਿੱਚ ਕੈਬਨਿਟ ਮੰਤਰੀਆਂ ਅਤੇ ਵਿਧਾਇਕਾਂ ਦੇ ਘਰਾਂ ਦੇ ਬਾਹਰ ਧਰਨੇ ਦੇ ਕੇ ਆਪਣੀਆਂ ਮੰਗਾਂ ਸਬੰਧੀ ਪੰਜਾਬ ਸਰਕਾਰ ਨੂੰ ਮੰਗ ਪੱਤਰ ਭੇਜੇ ਗਏ ਸੀ ਅਤੇ ਸਿਹਤ ਮੰਤਰੀ ਦੀ ਕੋਠੀ ਦੇ ਬਾਹਰ ਦਿੱਤੇ ਧਰਨੇ ਦੌਰਾਨ ਸ੍ਰੀ ਸਿੱਧੂ ਨੇ 11 ਮੈਂਬਰੀ ਵਫ਼ਦ ਨੂੰ ਭਰੋਸਾ ਦਿੱਤਾ ਸੀ ਕਿ ਜਲਦੀ ਹੀ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਪ੍ਰਵਾਨ ਕਰਕੇ ਸਰਕਾਰੀ ਨੇਮਾਂ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ। ਲੇਕਿਨ ਹੁਣ ਤੱਕ ਕੋਈ ਕਾਰਵਾਈ ਨਹੀਂ ਹੋਈ।
ਉਨ੍ਹਾਂ ਦੱਸਿਆ ਕਿ ਬੇਰੁਜ਼ਗਾਰ ਸਿਹਤ ਵਰਕਰ 5 ਅਗਸਤ ਨੂੰ ਸਵੇਰੇ 11 ਵਜੇ ਇੱਥੋਂ ਦੇ ਫੇਜ਼-7 ਸਥਿਤ ਕਮਿਊਨਟੀ ਸੈਂਟਰ ਨੇੜੇ ਇਕੱਠੇ ਹੋਣਗੇ। ਇਸ ਮਗਰੋਂ ਸਿਹਤ ਮੰਤਰੀ ਦੀ ਕੋਠੀ ਵੱਲ ਮਾਰਚ ਕੀਤਾ ਜਾਵੇਗਾ ਅਤੇ ਉੱਥੇ ਪੱਕਾ ਮੋਰਚਾ ਲਗਾ ਕੇ ਲੜੀਵਾਰ ਧਰਨਾ ਸ਼ੁਰੂ ਕੀਤਾ ਜਾਵੇਗਾ।
ਇਸ ਮੌਕੇ ਅਮਰੀਕ ਬਠਿੰਡਾ, ਸੋਨੀ ਪਾਇਲ, ਗੁਰਪਿਆਰ ਮਾਨਸਾ, ਕਮਲਜੀਤ ਜਲੰਧਰ, ਤਰਲੋਚਨ ਸੰਗਰੂਰ, ਹਰਵਿੰਦਰ ਨਾਭਾ, ਜਸਮੇਲ ਮੁਹਾਲੀ, ਲਖਵੀਰ ਬਰਨਾਲਾ, ਦਵਿੰਦਰ ਮੁਹਾਲੀ, ਸੁਖਦੇਵ ਫਾਜ਼ਿਲਕਾ, ਸਵਰਨ ਫਿਰੋਜ਼ਪੁਰ, ਪਲਵਿੰਦਰ ਹੁਸ਼ਿਆਰਪੁਰ, ਰਮਨਪ੍ਰੀਤ ਸਿੰਘ, ਪੰਜਾਵਾ ਸਿੰਘ, ਬਲਵਿੰਦਰ ਸਿੰਘ, ਪੱਪੂ ਬਾਲਿਆਂਵਾਲੀ, ਬਿੰਦਰ ਮੌੜ, ਇਕਬਾਲ ਸਿੰਘ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ Nabaz-e-Punjab, ਲੁਧਿਆਣਾ, 24 ਅਪ੍ਰੈਲ, 20…