Nabaz-e-punjab.com

ਜ਼ਿਲ੍ਹਾ ਪੰਚਾਇਤ ਯੂਨੀਅਨ ਦੀ ਅਗਵਾਈ ਹੇਠ ਪੀੜਤਾਂ ਵੱਲੋਂ ਸੋਹਾਣਾ ਥਾਣੇ ਦਾ ਘਿਰਾਓ

ਪ੍ਰਦਰਸ਼ਨਕਾਰੀਆਂ ਵੱਲੋਂ ਪੁਲੀਸ ਨੂੰ ਹਫ਼ਤੇ ਦਾ ਅਲਟੀਮੇਟਮ, ਐਸਐਸਪੀ ਦਫ਼ਤਰ ਦਾ ਘਿਰਾਓ ਕਰਨ ਦੀ ਚਿਤਾਵਨੀ

ਥਾਣਾ ਮੁਖੀ ਨੇ ਜਾਂਚ ਅਧਿਕਾਰੀ ਬਦਲਿਆ, ਸਬ ਇੰਸਪੈਕਟਰ ਬਰਮਾ ਸਿੰਘ ਸੌਂਪੀ ਨੂੰ ਜਾਂਚ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 23 ਜੁਲਾਈ:
ਇੱਥੋਂ ਦੇ ਸੈਕਟਰ-79 ਵਿੱਚ ਬੀਤੀ 11 ਜੁਲਾਈ ਨੂੰ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਨੌਜਵਾਨ ਦੀਆਂ ਲੱਤਾਂ ਅਤੇ ਬਾਂਹਾਂ ਤੋੜਨ ਦੇ ਮਾਮਲੇ ਵਿੱਚ ਹੁਣ ਤੱਕ ਹਮਲਾਵਰਾਂ ਦੇ ਖ਼ਿਲਾਫ਼ ਕਾਰਵਾਈ ਨਾ ਕੀਤੇ ਜਾਣ ਦੇ ਖ਼ਿਲਾਫ਼ ਪੀੜਤ ਪਰਿਵਾਰ ਵੱਲੋਂ ਅੱਜ ਸ਼ਾਮ ਨੂੰ ਜ਼ਿਲ੍ਹਾ ਪੰਚਾਇਤ ਯੂਨੀਅਨ ਮੁਹਾਲੀ ਦੇ ਪ੍ਰਧਾਨ ਬਲਵਿੰਦਰ ਸਿੰਘ ਕੁੰਭੜਾ ਦੇ ਅਗਵਾਈ ਵਿੱਚ ਸੋਹਾਣਾ ਥਾਣੇ ਦਾ ਘਿਰਾਓ ਕੀਤਾ ਗਿਆ। ਪੀੜਤਾਂ ਨੇ ਨਾਅਰੇਬਾਜ਼ੀ ਕਰਦਿਆਂ ਜਾਂਚ ਅਧਿਕਾਰੀ ਨੂੰ ਬਦਲਣ ਦੀ ਮੰਗ ਕੀਤੀ।
ਇਸ ਮੌਕੇ ਬਲਵਿੰਦਰ ਸਿੰਘ ਕੁੰਭੜਾ ਨੇ ਦੱਸਿਆ ਕਿ ਰਤਨ ਸਿੰਘ ਵਾਸੀ ਪਿੰਡ ਕੁੰਭੜਾ ਨੇ ਦੱਸਿਆ ਕਿ ਉਸ ਦਾ ਬੇਟਾ ਮਲਕੀਤ ਸਿੰਘ ਸੈਕਟਰ-79 ਵਿੱਚ ਮੀਟ ਦੀ ਦੁਕਾਨ ਕਰਦਾ ਹੈ ਅਤੇ ਬੀਤੀ 11 ਜੁਲਾਈ ਦੀ ਰਾਤ ਨੂੰ ਕਰੀਬ 10 ਵਜੇ ਕੁਝ ਵਿਅਕਤੀਆਂ ਨੇ ਹਮਲਾ ਕਰਕੇ ਮਲਕੀਤ ਦੀ ਇੱਕ ਲੱਤ ਅਤੇ ਦੋਵੇਂ ਬਾਂਹਾਂ ਤੋੜ ਦਿੱਤੀਆਂ ਸਨ। ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਨ ਕਰਕੇ ਉਸ ਦਾ ਬੇਟਾ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ ਸੀ। ਇਸ ਮਾਮਲੇ ਦੀ ਜਾਂਚ ਏਐਸਆਈ ਇਕਬਾਲ ਸਿੰਘ ਕਰ ਰਹੇ ਸੀ ਅਤੇ ਪੀੜਤ ਪਰਿਵਾਰ ਵੱਲੋਂ ਹਮਲਾਵਰਾਂ ਦੇ ਨਾਂ ਦੱਸੇ ਜਾਣ ਦੇ ਬਾਵਜੂਦ ਪੁਲੀਸ ਨੇ ਉਨ੍ਹਾਂ ਨੂੰ ਨਾਮਜ਼ਦ ਕਰਕੇ ਗ੍ਰਿਫ਼ਤਾਰ ਨਹੀਂ ਕੀਤਾ ਗਿਆ। ਜਿਸ ਕਾਰਨ ਉਨ੍ਹਾਂ ਨੂੰ ਵਿਰੋਧ ਪ੍ਰਦਰਸ਼ਨ ਕਰਨ ਲਈ ਮਜਬੂਰ ਹੋਣ ਪਿਆ ਹੈ। ਉਨ੍ਹਾਂ ਪੁਲੀਸ ਨੂੰ ਇਕ ਹਫ਼ਤੇ ਦਾ ਅਲਟੀਮੇਟਮ ਦਿੰਦਿਆਂ ਚਿਤਾਵਨੀ ਦਿੱਤੀ ਕਿ ਜੇਕਰ ਇਸ ਦੌਰਾਨ ਹਮਲਾਵਰਾਂ ਦੇ ਖ਼ਿਲਾਫ਼ ਕਾਨੂੰਨੀ ਕਾਰਵਾਈ ਨੂੰ ਅਮਲ ਵਿੱਚ ਨਹੀਂ ਲਿਆ ਗਿਆ ਤਾਂ ਪੀੜਤ ਪਰਿਵਾਰ ਵੱਲੋਂ ਐਸਐਸਪੀ ਦਫ਼ਤਰ ਦਾ ਘਿਰਾਓ ਕੀਤਾ ਜਾਵੇਗਾ।
ਉਧਰ, ਥਾਣਾ ਸੋਹਾਣਾ ਦੇ ਐਸਐਚਓ ਮਨਫੂਲ ਸਿੰਘ ਨੇ ਪੀੜਤ ਪਰਿਵਾਰ ਦੀ ਸ਼ਿਕਾਇਤ ਨੂੰ ਗੰਭੀਰਤਾ ਨਾਲ ਲੈਂਦਿਆਂ ਇਸ ਮਾਮਲੇ ਦੀ ਪੜਤਾਲ ਕਰ ਰਹੇ ਜਾਂਚ ਅਧਿਕਾਰੀ ਇਕਬਾਲ ਸਿੰਘ ਨੂੰ ਬਦਲ ਕੇ ਇਸ ਮਾਮਲੇ ਦੀ ਜਾਂਚ ਅਡੀਸ਼ਨਲ ਐਸਐਚਓ ਸਬ ਇੰਸਪੈਕਟਰ ਬਰਮਾ ਸਿੰਘ ਨੂੰ ਸੌਂਪੀ ਗਈ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਛੇਤੀ ਹੀ ਹਮਲਾਵਰਾਂ ਦੇ ਖ਼ਿਲਾਫ਼ ਬਣਦੀ ਕਾਰਵਾਈ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਜਾਵੇਗਾ।

Load More Related Articles
Load More By Nabaz-e-Punjab
Load More In General News

Check Also

ਕਿਸਾਨਾਂ ਦੀ ਸਹਿਮਤੀ ਨਾਲ ਹੀ ਜ਼ਮੀਨਾਂ ਐਕਵਾਇਰ ਕੀਤੀਆਂ ਜਾਣਗੀਆਂ: ਕੁਲਵੰਤ ਸਿੰਘ

ਕਿਸਾਨਾਂ ਦੀ ਸਹਿਮਤੀ ਨਾਲ ਹੀ ਜ਼ਮੀਨਾਂ ਐਕਵਾਇਰ ਕੀਤੀਆਂ ਜਾਣਗੀਆਂ: ਕੁਲਵੰਤ ਸਿੰਘ ਭਾਰਤੀ ਕਿਸਾਨ ਮਜ਼ਦੂਰ ਸੰਘਰਸ਼…