Nabaz-e-punjab.com

ਰੁਜ਼ਗਾਰ ਦੇਣ ਦੇ ਮਾਮਲੇ ਵਿੱਚ ਸੂਬੇ ਭਰ ’ਚੋਂ ਮੋਹਰੀ ਰਹਿਣ ’ਤੇ ਮੁੱਖ ਮੰਤਰੀ ਵੱਲੋਂ ਮੁਹਾਲੀ ਦਾ ਵਿਸ਼ੇਸ਼ ਸਨਮਾਨ

ਜ਼ਿਲ੍ਹਾ ਰੁਜ਼ਗਾਰ ਅਫ਼ਸਰ ਹਰਪ੍ਰੀਤ ਕੌਰ ਬਰਾੜ ਤੇ ਡਿਪਟੀ ਸੀਈਓ ਮਨਜੇਸ਼ ਕੁਮਾਰ ਨੇ ਮੁੱਖ ਮੰਤਰੀ ਤੋਂ ਹਾਸਲ ਕੀਤਾ ਸਨਮਾਨ

ਪੰਜਵੇਂ ਰੁਜ਼ਗਾਰ ਮੇਲਿਆਂ ਦੌਰਾਨ ਜ਼ਿਲ੍ਹੇ ਵਿੱਚ 13 ਹਜ਼ਾਰ 300 ਨੌਜਵਾਨਾਂ ਨੂੰ ਮਿਲੀਆਂ ਨੌਕਰੀਆਂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 5 ਅਕਤੂਬਰ:
ਮੁਹਾਲੀ ਦੇ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਦੀ ਅਗਵਾਈ ਹੇਠ ਜ਼ਿਲ੍ਹਾ ਐਸ.ਏ.ਐਸ. ਨਗਰ (ਮੁਹਾਲੀ) ਨੇ ਉਦੋਂ ਇਕ ਹੋਰ ਮਾਅਰਕਾ ਮਾਰਿਆ, ਜਦੋਂ ਰੁਜ਼ਗਾਰ ਮੇਲਿਆਂ ਦੌਰਾਨ ਨੌਜਵਾਨਾਂ ਨੂੰ ਨੌਕਰੀਆਂ ਮੁਹੱਈਆ ਕਰਨ ਦੇ ਮਾਮਲੇ ਵਿੱਚ ਸੂਬੇ ਭਰ ’ਚੋਂ ਮੋਹਰੀ ਰਹਿਣ ’ਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਮੁੱਖ ਮੰਤਰੀ ਤੋਂ ਮੁਹਾਲੀ ਪ੍ਰਸ਼ਾਸਨ ਵੱਲੋਂ ਇਹ ਸਨਮਾਨ ਜ਼ਿਲ੍ਹਾ ਰੁਜ਼ਗਾਰ ਅਫ਼ਸਰ ਸ੍ਰੀਮਤੀ ਹਰਪ੍ਰੀਤ ਕੌਰ ਬਰਾੜ ਅਤੇ ਡਿਪਟੀ ਸੀਈਓ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਉਰੋ ਮਨਜੇਸ਼ ਕੁਮਾਰ ਨੇ ਹਾਸਲ ਕੀਤਾ।
ਇੱਥੇ ਇਹ ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਦੀ ‘ਘਰ ਘਰ ਰੁਜ਼ਗਾਰ ਤੇ ਕਾਰੋਬਾਰ ਮਿਸ਼ਨ’ ਤਹਿਤ ਪੰਜਵੇਂ ਰੁਜ਼ਗਾਰ ਮੇਲੇ ਦੌਰਾਨ ਮੁਹਾਲੀ ਜ਼ਿਲ੍ਹੇ ਅੰਦਰ 11 ਦਿਨਾਂ ’ਚ ਸੱਤ ਥਾਵਾਂ ’ਤੇ ਲੱਗੇ ਰੁਜ਼ਗਾਰ ਮੇਲਿਆਂ ਦੌਰਾਨ 13 ਹਜ਼ਾਰ 300 ਨੌਜਵਾਨਾਂ ਨੂੰ ਨਾਮੀ ਕੰਪਨੀਆਂ ਨੇ ਨੌਕਰੀਆਂ ਲਈ ਚੁਣਿਆ ਗਿਆ ਹੈ, ਜਦੋਂਕਿ 3808 ਨੂੰ ਨੌਜਵਾਨਾਂ ਦੀ ਸਵੈ ਰੁਜ਼ਗਾਰ ਲਈ ਚੋਣ ਕੀਤੀ ਗਈ ਹੈ। ਇਸ ਸਨਮਾਨ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕਰਦਿਆਂ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਦੱਸਿਆ ਕਿ ਜ਼ਿਲ੍ਹੇ ਭਰ ਵਿੱਚ 20 ਤੋਂ 30 ਸਤੰਬਰ ਤੱਕ ਵੱਖ ਵੱਖ ਸਿੱਖਿਆ ਸੰਸਥਾਵਾਂ ਵਿੱਚ ਰੁਜ਼ਗਾਰ ਮੇਲੇ ਲਗਵਾਏ ਗਏ ਸੀ। ਇਨ੍ਹਾਂ ਰੋਜ਼ਗਾਰ ਮੇਲਿਆਂ ਦੌਰਾਨ 21,977 ਉਮੀਦਵਾਰਾਂ ਨੇ ਸ਼ਿਰਕਤ ਕੀਤੀ। ਜਿਨ੍ਹਾਂ ’ਚੋਂ 13,300 ਨੌਜਵਾਨ ਨੌਕਰੀਆਂ ਲਈ ਚੁਣੇ ਗਏ, ਜਦੋਂਕਿ 441 ਨੌਜਵਾਨਾਂ ਨੂੰ ਵੱਖ ਵੱਖ ਬਹੁਕੌਮੀ ਤੇ ਕੌਮੀ ਕੰਪਨੀਆਂ ਨੇ ਸ਼ਾਰਟ ਲਿਸਟ ਕੀਤਾ ਗਿਆ। ਉਨ੍ਹਾਂ ਕਿਹਾ ਕਿ 3808 ਉਮੀਦਵਾਰਾਂ ਦੀ ਸਵੈ ਰੁਜ਼ਗਾਰ ਲਈ ਚੋਣ ਕੀਤੀ ਗਈ, ਜਦੋਂਕਿ 520 ਦੀ ਹੁਨਰ ਸਿਖਲਾਈ ਲਈ ਚੋਣ ਕੀਤੀ।
ਇਸ ਦੌਰਾਨ ਏਡੀਸੀ (ਜਨਰਲ) ਸ੍ਰੀਮਤੀ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਅਣਥੱਕ ਕੋਸ਼ਿਸ਼ਾਂ ਸਦਕਾ ਇਨ੍ਹਾਂ ਰੁਜ਼ਗਾਰ ਮੇਲਿਆਂ ਵਿੱਚ ਕਈ ਨਾਮੀ ਕੰਪਨੀਆਂ ਪੁੱਜੀਆਂ ਅਤੇ ਨੌਜਵਾਨਾਂ ਨੇ ਆਪਣੀ ਪਸੰਦ ਮੁਤਾਬਕ ਕੰਪਨੀਆਂ ਵਿੱਚ ਨੌਕਰੀਆਂ ਹਾਸਲ ਕੀਤੀਆਂ। ਉਨ੍ਹਾਂ ਦੱਸਿਆ ਕਿ ਇਨ੍ਹਾਂ ਰੁਜ਼ਗਾਰ ਮੇਲਿਆਂ ਵਿੱਚ ਐਮੇਜ਼ੋਨ, ਮਾਰੂਤੀ ਸੁਜ਼ੂਕੀ, ਆਈਸੀਆਈਸੀਆਈ ਬੈਂਕ, ਪੁਜਾਰਾ ਹੈਲਥਕੇਅਰ ਅਤੇ ਮਹਿੰਦਰਾ ਤੇ ਮਹਿੰਦਰਾ ਵਰਗੀਆਂ ਕੰਪਨੀਆਂ ਪੁੱਜੀਆਂ ਸਨ।

Load More Related Articles
Load More By Nabaz-e-Punjab
Load More In Government

Check Also

ਪੰਜਾਬ ਦੇ ਪਾਣੀਆਂ ਦਾ 1.44 ਲੱਖ ਕਰੋੜ ਰੁਪਏ ਦਾ ਬਕਾਇਆ ਅਦਾ ਕਰੇ ਜਾਂ ਪਾਣੀ ਲੈਣਾ ਬੰਦ ਕਰੇ ਰਾਜਸਥਾਨ ਸਰਕਾਰ: ਭਗਵੰਤ ਮਾਨ

ਪੰਜਾਬ ਦੇ ਪਾਣੀਆਂ ਦਾ 1.44 ਲੱਖ ਕਰੋੜ ਰੁਪਏ ਦਾ ਬਕਾਇਆ ਅਦਾ ਕਰੇ ਜਾਂ ਪਾਣੀ ਲੈਣਾ ਬੰਦ ਕਰੇ ਰਾਜਸਥਾਨ ਸਰਕਾਰ…