Share on Facebook Share on Twitter Share on Google+ Share on Pinterest Share on Linkedin ਕਰੋਨਾਵਾਇਰਸ: ਮੁਹਾਲੀ ਦੀਆਂ 32 ਰਿਪੋਰਟ ਪੈਂਡਿੰਗ, ਬਾਕੀ ਸਾਰੀਆਂ ਰਿਪੋਰਟਾਂ ਨੈਗੇਟਿਵ ਸਿਹਤ ਵਿਭਾਗ ਦੀ ਟੀਮ ਵੱਲੋਂ ਸੈਕਟਰ-91 ਵਿੱਚ 167 ਘਰਾਂ ਦਾ ਸਰਵੇ, 524 ਲੋਕਾਂ ਦੀ ਕੀਤੀ ਜਾਂਚ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 5 ਅਪਰੈਲ: ਮੁਹਾਲੀ ਵਿੱਚ ਐਤਵਾਰ ਨੂੰ ਵੱਖ-ਵੱਖ 30 ਵਿਅਕਤੀਆਂ ਦੇ ਸੈਂਪਲਾਂ ਦੀ ਰਿਪੋਰਟ ਨੈਗੇਟਿਵ ਆਉਣ ਨਾਲ ਸਿਹਤ ਵਿਭਾਗ ਦੇ ਅਧਿਕਾਰੀਆਂ ਨੇ ਸੁੱਖ ਦਾ ਸਾਹ ਲਿਆ ਹੈ। ਜਦੋਂਕਿ 32 ਸੈਂਪਲਾਂ ਦੀ ਰਿਪੋਰਟ ਆਉਣੀ ਹਾਲੇ ਬਾਕੀ ਹੈ। ਉਮੀਦ ਕੀਤੀ ਜਾ ਰਹੀ ਹੈ ਕਿ ਇਨ੍ਹਾਂ ਸੈਂਪਲਾਂ ਦੀ ਰਿਪੋਰਟਾਂ ਭਲਕੇ ਸੋਮਵਾਰ ਨੂੰ ਮਿਲ ਜਾਣਗੀਆਂ। ਸਿਵਲ ਸਰਜਨ ਡਾ. ਮਨਜੀਤ ਸਿੰਘ ਅਤੇ ਜ਼ਿਲ੍ਹਾ ਐਪੀਡੀਮੋਲੋਜਿਸਟ ਤੇ ਨੋਡਲ ਅਫ਼ਸਰ ਡਾ. ਹਰਮਨਦੀਪ ਕੌਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਦਹਿਸ਼ਤ ਵਿੱਚ ਨਾ ਆਉਣ ਅਤੇ ਮੁਹਾਲੀ ਜ਼ਿਲ੍ਹੇ ਵਿੱਚ ਹੁਣ ਸਥਿਤੀ ਪੂਰੀ ਤਰ੍ਹਾਂ ਕਾਬੂ ਹੇਠ ਹੈ। ਉਨ੍ਹਾਂ ਦੱਸਿਆ ਕਿ ਬੀਤੇ ਦਿਨੀ ਇੱਥੋਂ ਦੇ ਸਰਕਾਰੀ ਹਸਪਤਾਲ ਫੇਜ਼-6 ਸਮੇਤ ਪਿੰਡ ਮੌਲੀ ਬੈਦਵਾਨ ਅਤੇ ਕੁੰਭੜਾ ਵਿੱਚ 62 ਸ਼ੱਕੀ ਵਿਅਕਤੀਆਂ ਦੇ ਖੂਨ ਦੇ ਸੈਂਪਲ ਲਏ ਗਏ ਸਨ। ਇਨ੍ਹਾਂ ’ਚੋਂ 30 ਵਿਅਕਤੀਆਂ ਦੀ ਰਿਪੋਰਟ ਨੈਗੇਟਿਵ ਆਈ ਹੈ ਅਤੇ 32 ਸੈਂਪਲਾਂ ਦੀ ਰਿਪੋਰਟ ਸੋਮਵਾਰ ਨੂੰ ਮਿਲੇਗੀ। ਉਨ੍ਹਾਂ ਦਾਅਵਾ ਕੀਤਾ ਕਿ ਕੁੰਭੜਾ, ਮੌਲੀ ਬੈਦਵਾਨ, ਜਗਤਪੁਰਾ ਅਤੇ ਨਵਾਂ ਗਉਂ ਵਿੱਚ ਹਾਲਾਤ ਪੂਰੀ ਤਰ੍ਹਾਂ ਠੀਕ ਹਨ। ਸਿਹਤ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਬੀਤੇ ਦਿਨੀਂ ਇੱਥੋਂ ਦੇ ਸੈਕਟਰ-91 ਵਿੱਚ ਦੋ ਪਾਜ਼ੇਟਿਵ ਕੇਸ ਸਾਹਮਣੇ ਆਉਣ ਤੋਂ ਬਾਅਦ ਵੱਖ ਵੱਖ ਟੀਮਾਂ ਵੱਲੋਂ ਅੱਜ ਸਰਕਾਰੀ ਛੁੱਟੀ ਹੋਣ ਦੇ ਬਾਵਜੂਦ ਸਰਵੇ ਦਾ ਕੰਮ ਜਾਰੀ ਰੱਖਿਆ। ਉਨ੍ਹਾਂ ਦੱਸਿਆ ਕਿ ਮੁੱਢਲਾ ਸਿਹਤ ਕੇਂਦਰ ਘੜੂੰਆਂ ਦੀ ਐਸਐਮਓ ਡਾ. ਕੁਲਜੀਤ ਕੌਰ ਦੀ ਅਗਵਾਈ ਹੇਠ ਐਤਵਾਰ ਨੂੰ ਸਿਹਤ ਮੁਲਾਜ਼ਮਾਂ ਦੀਆਂ ਟੀਮਾਂ ਨੇ ਸੈਕਟਰ-91 ਵਿੱਚ 167 ਘਰਾਂ ਵਿੱਚ ਦਸਤਕ ਦਿੱਤੀ ਅਤੇ 524 ਵਿਅਕਤੀਆਂ ਦੀ ਜਾਂਚ ਕੀਤੀ ਗਈ। ਜਿਨ੍ਹਾਂ ਵਿੱਚ ਬਜ਼ੁਰਗ ਅਤੇ ਬੱਚੇ ਵੀ ਸ਼ਾਮਲ ਹਨ। ਲੋਕਾਂ ਕੋਲੋਂ ਖੰਘ, ਜ਼ੁਕਾਮ, ਬੁਖ਼ਾਰ ਹੋਣ ਬਾਰੇ ਜਾਣਕਾਰੀ ਲਈ ਗਈ ਅਤੇ ਕਿਸੇ ਵੀ ਵਿਅਕਤੀ ਵਿੱਚ ਕਰੋਨਾਵਾਇਰਸ ਦੀ ਬਿਮਾਰੀ ਦੇ ਲੱਛਣ ਨਜ਼ਰ ਨਹੀਂ ਆਏ ਹਨ। ਸਿਹਤ ਟੀਮਾਂ ਨੇ ਘਰ-ਘਰ ਜਾ ਕੇ ਲੋਕਾਂ ਨੂੰ ਸਮਾਜਿਕ ਦੂਰੀ ਰੱਖਣ, ਵਾਰ-ਵਾਰ ਹੱਥ ਧੋਣ, ਚੰਗੀ ਖ਼ੁਰਾਕ ਖਾਣ ਅਤੇ ਬਾਹਰ ਨਾ ਨਿਕਲਣ ਲਈ ਪ੍ਰੇਰਿਤ ਕੀਤਾ। ਸਿਵਲ ਸਰਜਨ ਅਤੇ ਨੋਡਲ ਅਫ਼ਸਰ ਨੇ ਦੱਸਿਆ ਕਿ ਪਿੰਡ ਜਵਾਹਰਪੁਰ ਵਿੱਚ ਕਰੋਨਾਵਾਇਰਸ ਤੋਂ ਪੀੜਤ ਕੇਸ ਸਾਹਮਣੇ ਆਉਣ ਤੋਂ ਬਾਅਦ ਜ਼ਿਲ੍ਹਾ ਪ੍ਰਸ਼ਾਸਨ ਨੇ ਪਿੰਡ ਨੂੰ ਸੀਲ ਕਰ ਦਿੱਤਾ ਹੈ। ਇੰਜ ਹੀ ਕੁੰਭੜਾ, ਮੌਲੀ ਬੈਦਵਾਨ, ਨਵਾਂ ਗਉਂ ਅਤੇ ਜਗਤਪੁਰਾ ਵਿੱਚ ਹਾਲੇ ਤੱਕ ਸੀਲ ਕੀਤੇ ਹੋਏ ਹਨ। ਉਨ੍ਹਾਂ ਦੱਸਿਆ ਕਿ ਜਵਾਹਰਪੁਰ ਵਿੱਚ ਪੀੜਤ ਵਿਅਕਤੀ ਦੇ ਸੰਪਰਕ ਵਿੱਚ ਆਉਣ ਵਾਲੇ ਵਿਅਕਤੀਆਂ ਨੂੰ ਅਹਿਤਿਆਤ ਵਜੋਂ ਦੂਜੇ ਪਰਿਵਾਰਕ ਮੈਂਬਰਾਂ ਤੋਂ ਅਲੱਗ-ਅਲੱਗ ਕਰਕੇ ਹਾਊਸ ਆਈਸੋਲੇਟ ਕੀਤਾ ਗਿਆ ਹੈ। ਅੱਜ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਸੈਂਕੜੇ ਵਿਅਕਤੀਆਂ ਦੀ ਮੈਡੀਕਲ ਜਾਂਚ ਕੀਤੀ ਗਈ। ਜਿਨ੍ਹਾਂ ’ਚੋਂ ਦੋ ਦਰਜਨ ਤੋਂ ਵੱਧ ਸ਼ੱਕੀ ਵਿਅਕਤੀਆਂ ਦੇ ਖੂਨ ਦੇ ਸੈਂਪਲ ਲਏ ਗਏ ਹਨ। ਉਨ੍ਹਾਂ ਦੱਸਿਆ ਕਿ ਸਮੁੱਚੇ ਪਿੰਡ ਵਿੱਚ ਸਰਵੇ ਦਾ ਕੰਮ ਜਾਰੀ ਹੈ। ਸਿਹਤ ਕਾਮਿਆਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਵਿਅਕਤੀ ਨੂੰ ਖੰਘ, ਜ਼ੁਕਾਮ, ਤੇਜ਼ ਬੁਖ਼ਾਰ, ਸਾਹ ਲੈਣ ਵਿੱਚ ਕੋਈ ਤਕਲੀਫ਼ ਹੋਵੇ ਤਾਂ ਤੁਰੰਤ ਸਿਹਤ ਵਿਭਾਗ ਦੇ ਹੈਲਪਲਾਈਨ ਨੰਬਰ 104 ’ਤੇ ਸੰਪਰਕ ਕਰ ਕੇ ਸੂਚਨਾ ਦਿੱਤੀ ਜਾਵੇ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ