ਕਰੋਨਾਵਾਇਰਸ: ਮੁਹਾਲੀ ਵਿੱਚ 132 ਹੋਰ ਨਵੇਂ ਕੇਸ ਸਾਹਮਣੇ ਆਏ, 2 ਮਰੀਜ਼ਾਂ ਦੀ ਮੌਤ
ਮੁਹਾਲੀ ਜ਼ਿਲ੍ਹੇ ਵਿੱਚ ਕਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ ਵੱਧ ਕੇ 2270 ’ਤੇ ਪੁੱਜੀ, 1019 ਐਕਟਿਵ ਕੇਸ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 20 ਅਗਸਤ:
ਮੁਹਾਲੀ ਜ਼ਿਲ੍ਹੇ ਵਿੱਚ ਵੀਰਵਾਰ ਨੂੰ 132 ਹੋਰ ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਤਰ੍ਹਾਂ ਸਮੁੱਚੇ ਮੁਹਾਲੀ ਜ਼ਿਲ੍ਹੇ ਵਿੱਚ ਕਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ ਵੱਧ ਕੇ 2270 ’ਤੇ ਪਹੁੰਚ ਗਈ ਹੈ। ਅੱਜ ਦੋ ਹੋਰ ਕਰੋਨਾ ਪੀੜਤ ਮਰੀਜ਼ਾਂ ਦੀ ਮੌਤ ਹੋ ਗਈ ਹੈ। ਹੁਣ ਤੱਕ 45 ਕਰੋਨਾ ਪੀੜਤ ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ। ਪਿਛਲੇ 38 ਦਿਨਾਂ ਵਿੱਚ 1875 ਨਵੇਂ ਕੇਸ ਸਾਹਮਣੇ ਆ ਚੁੱਕੇ ਹਨ। ਇਸ ਤਰ੍ਹਾਂ ਕਰੋਨਾ ਮੁਕਤ ਐਲਾਨਿਆ ਜਾ ਚੁੱਕਾ ਮੁਹਾਲੀ ਇਕ ਵਾਰ ਫਿਰ ਤੋਂ ਹੌਟਸਪਾਟ ਬਣਦਾ ਜਾ ਰਿਹਾ ਹੈ। ਨਾਲ ਨਾਲ ਪੀੜਤ ਮਰੀਜ਼ ਸਿਹਤਯਾਬ ਹੋ ਕੇ ਆਪਣੇ ਘਰਾਂ ਵਿੱਚ ਪਰਤ ਰਹੇ ਹਨ। ਅੱਜ 33 ਮਰੀਜ਼ਾਂ ਨੂੰ ਠੀਕ ਹੋਣ ਉਪਰੰਤ ਛੁੱਟੀ ਦੇ ਕੇ ਘਰ ਭੇਜ ਦਿੱਤਾ ਹੈ।
ਮੁਹਾਲੀ ਦੇ ਸਿਵਲ ਸਰਜਨ ਡਾ. ਮਨਜੀਤ ਸਿੰਘ ਨੇ ਦੱਸਿਆ ਕਿ ਮੁਹਾਲੀ ਵਿੱਚ ਅੱਜ ਦੋ ਹੋਰ ਕਰੋਨਾ ਪੀੜਤ ਮਰੀਜ਼ਾਂ ਦੀ ਮੌਤ ਹੋ ਗਈ। ਜਿਨ੍ਹਾਂ ਵਿੱਚ ਇੱਥੋਂ ਦੇ ਫੇਜ਼-7 ਦਾ 82 ਸਾਲਾ ਬਜ਼ੁਰਗ ਸ਼ਾਮਲ ਹਨ, ਜੋ ਪਹਿਲਾਂ ਹੀ ਸ਼ੂਗਰ ਤੇ ਹੋਰ ਕਈ ਬਿਮਾਰੀਆਂ ਤੋਂ ਪੀੜਤ ਸੀ ਅਤੇ ਸ਼ਹਿਰ ਦੇ ਇੰਡਸ ਹਸਪਤਾਲ ਵਿੱਚ ਜੇਰੇ ਇਲਾਜ ਸੀ। ਇੰਜ ਹੀ ਖਰੜ ਦੇ 50 ਸਾਲਾ ਵਿਅਕਤੀ ਦੀ ਮੌਤ ਹੋਈ ਹੈ। ਉਹ ਗਿਆਨ ਸਾਗਰ ਹਸਪਤਾਲ ਵਿੱਚ ਦਾਖ਼ਲ ਸੀ ਅਤੇ ਪਹਿਲਾਂ ਤੋਂ ਹੀ ਕਈ ਬਿਮਾਰੀਆਂ ਤੋਂ ਪੀੜਤ ਸੀ।
ਸਿਵਲ ਸਰਜਨ ਨੇ ਦੱਸਿਆ ਕਿ ਅੱਜ 132 ਨਵੇਂ ਮਾਮਲੇ ਸਾਹਮਣੇ ਆਏ ਹਨ। ਜਿਨ੍ਹਾਂ ਵਿੱਚ ਮੁਹਾਲੀ ਸ਼ਹਿਰ ਅਤੇ ਆਸ ਪਾਸ ਇਲਾਕੇ ਦੇ 42 ਵਿਅਕਤੀਆਂ ਦੀ ਕਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ ਜਦੋਂਕਿ ਖਰੜ ਵਿੱਚ 24, ਜ਼ੀਰਕਪੁਰ ਵਿੱਚ 31, ਡੇਰਾਬੱਸੀ ਤੇ ਬਨੂੜ ਵਿੱਚ 8-8 ਕੇਸ, ਲਾਲੜੂ ਵਿੱਚ 6, ਘੜੂੰਆਂ ਬਲਾਕ ਦੇ ਦਿਹਾਤੀ ਖੇਤਰ ਵਿੱਚ 10 ਅਤੇ ਕੁਰਾਲੀ ਵਿੱਚ 7 ਨਵੇਂ ਮਾਮਲੇ ਸਾਹਮਣੇ ਆਏ ਹਨ। ਉਨ੍ਹਾਂ ਦੱਸਿਆ ਕਿ ਇਸ ਸਮੇਂ ਮੁਹਾਲੀ ਜ਼ਿਲ੍ਹੇ ਵਿੱਚ 1019 ਨਵੇਂ ਕੇਸ ਐਕਟਿਵ ਹਨ। ਜਦੋਂਕਿ 1206 ਪੀੜਤ ਮਰੀਜ਼ ਸਿਹਤਯਾਬ ਹੋ ਕੇ ਆਪਣੇ ਘਰ ਪਰਤ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਕਰੋਨਾ ਪੀੜਤ ਮਰੀਜ਼ਾਂ ਦੇ ਪਰਿਵਾਰਕ ਮੈਂਬਰਾਂ ਨੂੰ ਸਾਵਧਾਨੀ ਵਜੋਂ ਆਪਣੇ ਘਰਾਂ ਵਿੱਚ ਇਕਾਂਤਵਾਸ ਵਿੱਚ ਰਹਿਣ ਲਈ ਕਿਹਾ ਗਿਆ ਹੈ। ਉਨ੍ਹਾਂ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਜਿਸ ਤਰ੍ਹਾਂ ਰੋਜ਼ਾਨਾ ਲਗਾਤਾਰ ਕਰੋਨਾ ਮਹਾਮਾਰੀ ਦੇ ਕੇਸ ਵਧ ਰਹੇ ਹਨ। ਉਸ ਨੂੰ ਦੇਖਦੇ ਹੋਏ ਬਹੁਤ ਜ਼ਰੂਰੀ ਕੰਮ ਹੋਵੇ ਤੱਦ ਹੀ ਆਪਣੇ ਘਰਾਂ ਤੋਂ ਬਾਹਰ ਨਿਕਲਣ ਅਤੇ ਘਰ ਤੋਂ ਬਾਹਰ ਜਾਂ ਕੰਮ ’ਤੇ ਜਾਣ ਸਮੇਂ ਆਪਣੇ ਮੂੰਹ ’ਤੇ ਮਾਸਕ ਅਤੇ ਇਕ ਦੂਜੇ ਤੋਂ ਜ਼ਰੂਰੀ ਫਾਸਲਾ ਬਣਾ ਕੇ ਰੱਖਣਾ ਯਕੀਨੀ ਬਣਾਉਣ।